ਦਾਰਸ਼ਨਿਕਤਾ ਲਈ ਪਹਿਲੀ ਲੋੜ ਦਲੇਰ ਤੇ ਅਜ਼ਾਦ ਮਨ ਹੁੰਦੀ ਹੈ

Monday, March 15, 2010

ਆਤਮ ਹੱਤਿਆ ਨਹੀਂ..... ਪ੍ਰਾਪਤੀ ਦੇ ਰਾਹ ਪੈ ਵੇ ਲੋਕਾ....

ਮਨਦੀਪ ਖੁਰਮੀ ਹਿੰਮਤਪੁਰਾ ਪੰਜਾਬੀ ਦੀਆਂ ਵੱਖ ਵੱਖ ਅਖ਼ਬਾਰਾਂ ਤੇ ਸਾਈਟਾਂ 'ਚ ਲਿਖਦੇ ਰਹਿੰਦੇ ਹਨ।ਗੁਲਾਮ ਕਲਮ ਨੂੰ ਉਹਨਾਂ ਨੇ ਆਪਣੀ ਪਹਿਲੀ ਰਚਨਾ ਭੇਜੀ ਹੈ।ਉਮੀਦ ਅੱਗੇ ਤੋਂ ਵੀ ਚੰਗੀਆਂ ਰਚਨਾਵਾਂ ਦਾ ਸਫਰ ਜਾਰੀ ਰਹੇਗਾ।-ਯਾਦਵਿੰਦਰ ਕਰਫਿਊ

ਪਿਆਰੇ ਪੰਜਾਬ ਤੋਂ ਆਉਂਦੀ ਹਰ ਠੰਢੀ ਤੱਤੀ ਹਵਾ ਅਖਬਾਰਾਂ ਰਾਹੀਂ ਮਨ ਉੱਪਰ ਆਪਣਾ ਅਸਰ ਕਰਦੀ ਰਹਿੰਦੀ ਹੈ। ਰਾਜਨੀਤੀਵਾਨਾਂ ਵੱਲੋਂ ਕੀਤੀ ਜਾਂਦੀ ਇੱਕ ਦੂਜੇ ਦੀ ਕੁੱਤ ਪੋਹ ਤੋਂ ਲੈ ਕੇ ਕਤਲਾਂ, ਲੁੱਟਾਂ ਖੋਹਾਂ ਜਾਂ ਫਿਰ ਥਾਂ ਥਾਂ ਨਾਅਰੇ ਮਾਰਦੇ ਲੋਕਾਂ ਦੀਆਂ ਖਬਰਾਂ ਹੀ ਪੜ੍ਹਨ ਨੂੰ ਮਿਲਦੀਆਂ ਨੇ। ਹਰ ਰੋਜ ਅਖਬਾਰ ਦੀ ਪਹਿਲੀ ਸੁਰਖੀ ਦੇਖਣ ਤੋਂ ਪਹਿਲਾਂ ਬੁੱਲ੍ਹਾਂ 'ਤੇ ਇਹੀ ਅਰਦਾਸ ਹੁੰਦੀ ਹੈ ਕਿ "ਹੇ ਮਾਲਕਾ! ਖੈਰ ਸੁੱਖ ਹੋਵੇ.... ਬਰੂਦ ਦੇ ਢੇਰ 'ਤੇ ਬਿਠਾਏ ਪੰਜਾਬ 'ਚ..!" ਪਰ ਹਰ ਰੋਜ਼ ਹੀ ਅਰਦਾਸ ਵੀ ਨਿਸਫਲ ਹੋ ਜਾਂਦੀ ਐ ਜਦੋਂ ਕਿੱਧਰੇ ਕਤਲ ਹੋਇਆ ਸੁਣੀਂਦੈ, ਕਿੱਧਰੇ ਕਿਸੇ ਨੂੰ ਅਗਵਾ ਕਰਕੇ ਫਿਰੌਤੀ ਮੰਗੀ ਸੁਣੀਂਦੀ ਐ, ਕਿੱਧਰੇ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਸਰਕਾਰੀ ਦੱਬੇ ਦੀ ਖ਼ਬਰ ਸੁਣੀਂਦੀ ਐ ਤੇ ਕਿਧਰੇ ਨਵਜੰਮੀ ਬਾਲੜੀ ਦੇ ਗੰਦੇ ਨਾਲੇ ਆਦਿ 'ਚੋਂ ਮਿਲੇ ਭਰੂਣ ਬਾਰੇ ਖ਼ਬਰ ਸੁਣੀਂਦੀ ਐ..! ਕੀ ਹੋ ਗਿਐ ਪੰਜਾਬ ਨੂੰ? ਕਿਸ ਮਾਰੂ ਰੋਗ ਨੇ ਮਾਰ ਲਿਐ ਗੁਲਾਬ ਦਾ ਫੁੱਲ? ਕਿਹਨਾਂ ਦੀਆਂ ਬਦਨੀਤੀਆਂ ਦਾ ਸਿ਼ਕਾਰ ਹੋ ਰਹੇ ਨੇ ਲੋਕ? ਕਿਉਂ ਲੋਕ ਸੰਘਰਸ਼ਾਂ ਦਾ ਰਾਹ
ਛੱਡਕੇ ਖੁਦਕੁਸ਼ੀਆਂ ਦੇ ਰਾਹ ਹੋ ਤੁਰੇ ਨੇ? ਕਿਉਂ... ਕਿਉਂ.... ਕਿਉਂ?

ਇਹਨਾਂ ਸਵਾਲਾ ਦੇ ਜਵਾਬ ਮਨ ਨੂੰ ਅਜੀਬ ਜਿਹੀ ਘੁੰਮਣਘੇਰੀ 'ਚ ਪਾ ਦਿੰਦੇ ਨੇ। ‘ਪੰਜਾਬ ਦੇ ਜੰਮਿਆਂ ਨੂੰ ਨਿੱਤ ਮੁਹਿੰਮਾਂ’ ਬਾਰੇ ਸੁਣਿਆ ਸੀ ਪਰ ਹੁਣ ਤਾਂ ਪੰਜਾਬ ਦੇ ਜਾਏ ਸੰਘਰਸਾਂ ਦਾ ਰਾਹ ਤਿਆਗ ਕੇ ਖੁਦਕੁਸ਼ੀਆਂ ਦੇ ਰਾਹ ਹੋ ਤੁਰੇ ਨੇ। ਚਾਹੇ ਕੋਈ ਈ. ਜੀ. ਐੱਸ. ਵਰਕਰ ਹੋਵੇ ਜਾ ਈ.ਟੀ.ਟੀ. ਹੋਵੇ, ਬੀ. ਐੱਡ. ਅਧਿਆਪਕ ਹੋਵੇ ਜਾਂ ਫਿਰ ਕੋਈ ਹੋਰ ਹੋਵੇ ਜੋ ਅੱਖਰ ਗਿਆਨ ਹਾਸਲ ਕਰਕੇ ਨੌਕਰੀ ਲੈਣ ਤੱਕ ਪੁੱਜਾ ਹੋਵੇ... ਸਭ ਨੂੰ ਇੰਨਾ ਕੁ ਤਾਂ ਗਿਆਨ ਹੋਵੇਗਾ ਹੀ ਕਿ ਰੋਏ ਬਿਨਾਂ ਤਾਂ ਮਾਂ ਵੀ ਦੁੱਧ ਨਹੀਂ ਪਿਆਉਂਦੀ। ਕੀ ਕਿਸੇ ਨੇ ਇਹ ਸੁਣਿਆ ਹੈ ਕਿ ‘ਮਰੇ ਬਿਨਾਂ ਮਾਂ ਦੁੱਧ ਨਹੀਂ ਪਿਆਉਂਦੀ?’..... ਇਹ ਕਹਿਣ ਦਾ ਮਤਲਬ ਇਹ ਹੈ ਕਿ ਜੇ ਸਰਕਾਰਾਂ ਤੋਂ ਕੁਝ ਲੈਣਾ ਹੈ ਤਾਂ ਸੰਘਰਸ਼ ਹੀ ਇੱਕੋ ਇੱਕ ਰਾਹ ਹੈ ਜਿਸਦੇ ਜ਼ਰੀਏ ਖੁਦ ਅਤੇ ਦੂਜਿਆਂ ਨੂੰ ਕੁਝ ਹਾਸਲ ਹੋ ਸਕਦਾ ਹੈ।

ਖੁਦ ਨੂੰ ਅੱਗ ਲਗਾ ਕੇ ਰੋਸ ਪ੍ਰਦਰਸ਼ਨ ਕਰਨਾ ਕਿੱਥੋਂ ਕੁ ਦੀ ਸਿਆਣਪ ਹੈ? ਪੰਜਾਬ ਵਿੱਚ ਹੱਕਾਂ ਦੀ ਪ੍ਰਾਪਤੀ ਲਈ ਜੂਝ ਰਹੇ ਵੀਰੋ, ਭੈਣੋ ਇਤਿਹਾਸ ਗਵਾਹ ਹੈ ਕਿ ਹੱਕ ਸੰਘਰਸ਼ ਕਰਿਆਂ ਹੀ ਪ੍ਰਾਪਤ ਹੋਏ ਹਨ। ਜੇ ਦੇਸ਼ ਦੇ ਆਜਾਦੀ ਸੰਗਰਾਮ ਵੇਲੇ ਵੀ ਗਦਰੀ ਬਾਬੇ, ਕਰਤਾਰ ਸਰਾਭਾ, ਭਗਤ ਸਿੰਘ, ਊਧਮ ਸਿੰਘ ਆਦਿ ਤੁਹਾਡੇ ਵਾਲੇ ‘ਖੁਦਕੁਸ਼ੀ ਮਾਰਕਾ ਫਾਰਮੂਲੇ’ ਵਰਤਣ ਲੱਗਦੇ ਤਾਂ ਸ਼ਾਇਦ ਹੀ ਐਡੀ ਤਕੜੀ ਲਾਮਬੰਦੀ ਹੋਣੀ ਸੀ ਕਿਉਂਕਿ ਲਾਮਬੰਦੀ ਕਰਨ ਵਾਲਿਆਂ ਨੇ ਤਾਂ ਪਹਿਲਾਂ ਹੀ ਖੁਦ ਨੂੰ ਅੱਗ ਲਾ ਕੇ ਸੜ ਮਰਨਾ ਸੀ। ਬੜਾ ਦੁਖੀ ਕੀਤਾ ਈ. ਜੀ. ਐੱਸ. ਵਲੰਟੀਅਰ ਭੈਣ ਕਿਰਨਜੀਤ ਕੌਰ ਦੀ ਮੌਤ ਨੇ... ਉਸ ਤੋਂ ਵੀ ਵਧੇਰੇ ਦੁੱਖ ਉਦੋਂ ਹੋਇਆ ਜਦੋਂ ਪੜ੍ਹੇ ਲਿਖੇ ਵਰਗ ਦੇ ਫੂਹੜ ਆਗੂ ਦਾ ਦੂਜੇ ਦਿਨ ਹੀ ਅਖਬਾਰੀ ਬਿਆਨ ਪੜ੍ਹਿਆ ਕਿ ‘ਕਿਰਨਜੀਤ ਵਾਂਗ ਕੁਰਬਾਨੀ ਲਈ ਹੋਰ ਵੀ ਬਹੁਤ ਤਿਆਰ ਹਨ।’ ਅਜਿਹੇ ਬਿਆਨ ਖਾਸ ਕਰਕੇ ਅਧਿਆਪਕ ਵਰਗ ਦੇ ਮੂੰਹੋਂ ਨਿਕਲਣੇ ਹੀ ਦਰਸਾ ਦਿੰਦਾ ਹੈ ਕਿ ਭਵਿੱਖ ਦੇ ਨੇਤਾਵਾਂ ਨੂੰ ਉਹ ਕਿਹੋ ਜਿਹੀ ਨਰੋਈ ਸੇਧ ਦੇ ਦੇਣਗੇ। ਖੁਦਕੁਸ਼ੀਆਂ ਰਾਹੀਂ ਆਪਣੇ ਹੱਕ ਲੈਣ ਦੇ ਭੁਲੇਖੇ ਵਿੱਚ ਵਿਚਰ ਰਹੇ ਮੇਰੇ ਵੀਰ ਭੈਣਾਂ ਕੀ ਆਪਣੇ ਚੇਲੇ ਬਾਲਕਿਆਂ ਨੂੰ ਵੀ ਇਹੀ ਸਿੱਖਿਆ ਦੇਣਗੇ ਕਿ ਜਦੋਂ ਤੁਹਾਡੀ ਗੱਲ ਨਾ ਸੁਣੀ ਜਾਂਦੀ ਹੋਵੇ ਤਾਂ ਚੁੱਕੋ ਮਿੱਟੀ ਦੇ ਤੇਲ ਦੀ ਬੋਤਲ, ਪਿੰਡੇ ‘ਤੇ ਛਿੜਕੋ ਤੇ ਲਾਓ ਤੀਲੀ....? ਘੱਟੋ ਘੱਟ ਇਹੋ ਜਿਹਾ ਰੁਝਾਨ ਇੱਕ ਪੜ੍ਹੇ ਲਿਖੇ ਵਰਗ ਦੇ ਜਿਹਨ ਦਾ ਹਿੱਸਾ ਬਣਨਾ ਦੇਸ਼ ਦੇ ਸਿੱਖਿਆਤੰਤਰ ਦੀਆਂ ਜੜ੍ਹਾਂ ਵਿੱਚ ਘੁਣ ਨਹੀਂ ਤਾਂ ਹੋਰ ਕੀ ਕਿਹਾ ਜਾਵੇਗਾ? ਇੱਕ ਅਧਿਆਪਕ ਤੋਂ ਨਰੋਏ ਸਮਾਜ ਦੀ ਸਥਾਪਨਾ ਦੀ ਆਸ ਰੱਖੀ ਜਾਂਦੀ ਹੈ, ਪਰ ਖੁਦਕੁਸ਼ੀਆਂ ਦੇ ਡਰਾਵੇ ਜਾਂ ਖੁਦਕੁਸ਼ੀਆਂ ਕਰ ਕੇ ਅਧਿਆਪਕ ਬਣਿਆਂ ਤੋਂ ਕੀ ਆਸ ਰੱਖੀ ਜਾ ਸਕਦੀ ਹੈ? ਆਪਣੀ ਹੱਕੀ ਆਵਾਜ ਸੁਣਾਉਣ ਲਈ ਉੱਚੀਆਂ ਥਾਵਾਂ ਦੀ ਲੋੜ ਨਹੀਂ ਹੁੰਦੀ ਸਗੋਂ ਨਿੱਗਰ ਦਲੀਲਾਂ, ਬੁਲੰਦ ਹੌਸਲਿਆਂ ਅਤੇ ਆਤਮ ਵਿਸ਼ਵਾਸ ਦੀ ਲੋੜ ਹੁੰਦੀ ਹੈ ਨਾ ਕਿ ਪਾਣੀ ਵਾਲੀਆਂ ਟੈਂਕੀਆਂ ਦੀ। ਆਪਣੀਆਂ ਮੰਗਾਂ ਮਨਵਾਉਣ ਲਈ ਕਿੰਨਾ ਉਚਿਤ ਸਾਧਨ ਲੱਭਿਆ ਹੈ ਪੰਜਾਬ ਦੇ ਪੜ੍ਹੇ ਲਿਖੇ ਵਰਗ ਨੇ...... ਉਹ ਨੇ ਪਾਣੀ ਵਾਲੀਆਂ ਟੈਂਕੀਆਂ। ਕਦੇ ਕੋਈ ਅਧਿਆਪਕ ਟੈਂਕੀ ‘ਤੇ ਚੜ੍ਹ ਜਾਂਦੈ ਤੇ ਕਦੇ ਦੇਖਾ ਦੇਖੀ ਬੇਰੁਜ਼ਗਾਰ ਲਾਈਨਮੈਨ ਟੈਂਕੀ ‘ਤੇ ਜਾ ਚੜ੍ਹੇ। ਵਾਹ ਬਈ ਵਾਹ! ਸੰਘਰਸ਼ ਨੂੰ ਹੀ ਕਿੰਨਾ ਹਾਸੋਹੀਣਾ ਬਣਾ ਦਿੱਤੈ ਸਾਡੇ ਪੜ੍ਹੇ ਲਿਖੇ ਸੰਘਰਸ਼ਸੀਲਾਂ ਨੇ... ਜਿਹਨਾਂ ਨੇ ਸੰਘਰਸ਼ਾਂ ਨੂੰ ਹੀ ਖੁਦਕੁਸ਼ੀਆਂ ਦਾ ਮੁਲੰਮ੍ਹਾ ਚਾੜ੍ਹ ਦਿੱਤੈ।

ਓਏ ਮਾਂ ਦਿਓ ਮਲਾਈ ਖਾਣਿਉ! ਥੋਨੂੰ ਕੌਣ ਸਮਝਾਵੇ ਕਿ ਖੁਦਕੁਸ਼ੀਆਂ ਰਾਹੀਂ ਜਿੰਦਗੀ ਤੋਂ ਛੁਟਕਾਰਾ ਪਾਉਣ ਨਾਲੋਂ ਸੰਘਰਸ਼ਾਂ ਰਾਹੀਂ ਹੱਕ ਪ੍ਰਾਪਤ ਕਰਕੇ ਸ਼ਾਨ ਨਾਲ ਹਿੱਕ ਚੌੜੀ ਕਰਕੇ ਜਿਉਣ ‘ਚ ਜੋ ਮਜ਼ਾ ਹੈ, ਉਹ ਮਿੱਟੀ ਦੇ ਤੇਲ ਨਾਲ ਖੁਦ ਨੂੰ ਅੱਗ ਲਾ ਕੇ ਨਹੀਂ। ਉਮੀਦ ਹੈ ਕਿ ਮੇਰੇ ਸੋਹਣੇ ਪੰਜਾਬ ਦਾ ਸਿਆਣਾ ਵਰਗ ਇਸ ਰੁਝਾਨ ਨੂੰ ਸ਼ਹਿ ਦੇਣ ਨਾਲੋਂ ਆਪਣੇ ਹੱਥਾਂ ਨੂੰ ਨਾਅਰਿਆਂ ਰਾਹੀਂ ਆਵਾਜ਼ ਬੁਲੰਦ ਕਰਨ ਦੇ ਆਹਰ ਲਾਵੇਗਾ ਨਾ ਕਿ ਮਿੱਟੀ ਦੇ ਤੇਲ ਦੀ ਬੋਤਲ ਜਾਂ ਤੀਲੀ ਫੜ੍ਹਨ ਲਈ..! ਅਕਸਰ ਹੀ ਕਿਹਾ ਜਾਂਦੈ ਕਿ ਜਦੋਂ ਦੋ ਏਕੇ ‘ਕੱਠੇ ਹੋ ਜਾਣ ਤਾਂ ਗਿਆਰਾਂ ਬਣ ਜਾਂਦੇ ਨੇ, ਜੇ ਤਿੰਨ ਹੋਣ ਤਾਂ ਇੱਕ ਸੌ ਗਿਆਰਾਂ... ਇਸੇ ਤਰ੍ਹਾਂ ਹੀ ਜੇ ਇੱਕ ਕਰਕੇ ਸੰਘਰਸ਼ ਦੇ ਰਾਹ ਤੁਰਿਆ ਜਾਵੇ ਤਾ ਇਸ ਗੱਲ ਦੀ ਗਾਰੰਟੀ ਮੈਂ ਦਿੰਦਾ ਹਾ ਕਿ ਤੁਹਾਡੇ ਹੱਕ ਖੋਹਣ ਦੀ ਕੋਈ ਵੀ ਹਿੰਮਤ ਨਹੀਂ ਕਰੇਗਾ। ਪਰ ਜੇ ਇਹੀ ‘ਏਕੇ’ ਖੁਦਕੁਸ਼ੀਆਂ ਕਰਦਿਆਂ ਅੰਕੜੇ ਵਧਾਉਣ ਲੱਗ ਗਏ ਤਾਂ ਉਹ ਦਿਨ ਵੀ ਦੂਰ ਨਹੀਂ ਜਦੋਂ ਪੰਜਾਬ ਜਿਉਂਦੇ ਮਨੁੱਖਾਂ ਨਾਲੋਂ ਖੁਦਕੁਸ਼ੀਆਂ ਕਰਨ ਵਾਲੇ ‘ਸ਼ਹੀਦਾਂ’ ਕਰਕੇ ਜਿ਼ਆਦਾ ਜਾਣਿਆ ਜਾਵੇਗਾ। ਹੁਣ ਫੈਸਲਾ ਤੁਸੀਂ ਕਰਨਾ ਹੈ ਕਿ ਦੁਜਿਆਂ ਨੂੰ ਲਾਮਬੰਦ ਕਰਕੇ ਹੱਕ ਪ੍ਰਾਪਤੀ ਦੇ ਰਾਹ ਵੱਲ ਤੁਰਨਾ ਹੈ ਜਾਂ ਫਿਰ ‘ਸ਼ਹੀਦ’ ਬਣਕੇ ਦੋ ਤਿੰਨ ਇੱਟਾਂ ਦੀ ਮਟੀ ਦੀ ਵਲਗਣ ‘ਚ ਕੈਦ ਹੋ ਕੇ ਰਹਿਣਾ ਹੈ। ਪੰਜਾਬ ਦੇ ਲੋਕ ਤੁਹਾਡੇ ਕੋਲੋ਼ ਸਾਕਾਰਾਤਮਕ ਹੁੰਗਾਰੇ ਦੀ ਆਸ ਰੱਖਣਗੇ। ਮਿੱਤਰੋ! ਅੱਜ ਵੇਲਾ ਖੁਦਕੁਸ਼ੀਆਂ ਕਰਨ ਦਾ ਨਹੀਂ ਸਗੋਂ ਇਹ ਆਵਾਜ ਬੁਲੰਦ ਕਰਨ ਦਾ ਹੈ ਕਿ
“ਆਓ ਉੱਚਾ ਕਰੀਏ ਹੋਕਾ,
ਆਤਮ ਹੱਤਿਆ ਨਹੀਂ....
ਪ੍ਰਾਪਤੀ ਦੇ ਰਾਹ ਪੈ ਵੇ ਲੋਕਾ।

ਲੇਖਕ-ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)

3 comments:

  1. ਗੀਤ

    ਢਾਹ ਦੇਣਾ ਜਿਸ ਦਿਨ ਸੋਨੇ ਦੇ ਬਨੇਰੇ ਨੂੰ
    ਉਸ ਦਿਨ ਜਿੱਤਣਾ ਏ ਕਿਰਨਾਂ ਹਨੇਰੇ ਨੂੰ

    ਲੁੱਟ ਲਿਆ ਦੇਸ਼ ਥੋਡਾ ਕਾਲਿਆਂ ਫਰੰਗੀਆਂ
    ਨੋਟਾਂ ਨਾਲ਼ ਭਰੀਆਂ ਨੇ ਇਹਨਾਂ ਦੀਆਂ ਅੰਗੀਆਂ
    ਤਬਾਹ ਕੀਤਾ ਜਿਸ ਦਿਨ ਚੰਬਲੀ ਬਸੇਰੇ ਨੂੰ
    ਉਸ ਦਿਨ ਜਿੱਤਣਾ ਏ ਕਿਰਨਾਂ ਹਨੇਰੇ ਨੂੰ

    ਰੁਜ਼ਗਾਰਾਂ ਨੂੰ ਉਡੀਕਦੇ ਨਾ ਉਮਰਾਂ ਗੁਜਾਰਾਂਗੇ
    ਬਾਂਦਰਾਂ ਦੇ ਸਿਰੋਂ ਜਦ ਟੋਪੀਆਂ ਉਤਾਰਾਂਗੇ
    ਜਿਸ ਦਿਨ ਕੀਤਾ ਨੰਗਾ ਝੂਠਿਆਂ ਦੇ ਡੇਰੇ ਨੂੰ
    ਉਸ ਦਿਨ ਜਿੱਤਣਾ ਏ ਕਿਰਨਾਂ ਹਨੇਰੇ ਨੂੰ

    ਹੱਥ ਨਹੀਂ ਪੈਣਾ ਫਿਰ ਇੱਜਤਾਂ ਨੂੰ ਖਾਕੀ ਦਾ
    ਹੱਥ ਜਿੱਦੇਂ ਉੱਠ ਗਿਆ ਮੇਰੇ ਦੇਸ਼ ਵਾਸੀ ਦਾ
    ਵਕੀਲੀ ਵਾਲ਼ੇ ਫਿਰ ਉਸ ਤੋੜ ਦੇਣਾ ਘੇਰੇ ਨੂੰ
    ਉਸ ਦਿਨ ਜਿੱਤਣਾ ਏ ਕਿਰਨਾਂ ਹਨੇਰੇ ਨੂੰ

    ਫਿਰ ਨਹੀਂ ਟੈਂਕੀਆਂ ਤੇ ਚਿਤਾ ਕੋਈ ਜਲੇਗੀ
    ਜਿਸ ਦਿਨ ਚਿਤਾ ਇਹੀ ਦਿਲਾਂ 'ਚ ਬਲ਼ੇਗੀ
    ਜਾਗ ਆਉਣੀ ਜਿਸ ਦਿਨ ਭਗਤ ਗਵੇਰੇ* ਨੂੰ
    ਉਸ ਦਿਨ ਜਿੱਤਣਾ ਏ ਕਿਰਨਾਂ ਹਨੇਰੇ ਨੂੰ

    ਹੁਣ ਕੱਲੇ ਕੱਲੇ ਜਾਨਾਂ ਕਿਉਂ ਗੁਆਈਏ ਦੋਸਤੋ
    ਰਲ਼ ਮਜ਼ਦੂਰਾਂ ਨਾਲ਼ ਮੋਰਚੇ ਬਣਾਈਏ ਦੋਸਤੋ
    ਕੱਠੇ ਹੋ ਕੇ ਲਿਆਉਣਾ ਅਸਾਂ ਸੱਜਰੇ ਸਵੇਰੇ ਨੂੰ
    ਫਿਰ ਜਾ ਕੇ ਜਿੱਤਣਾ ਏ ਕਿਰਨਾਂ ਹਨੇਰੇ ਨੂੰ

    ਢਾਹ ਦੇਣਾ ਜਿਸ ਦਿਨ ਸੋਨੇ ਦੇ ਬਨੇਰੇ ਨੂੰ
    ਉਸ ਦਿਨ ਜਿੱਤਣਾ ਏ ਕਿਰਨਾਂ ਹਨੇਰੇ ਨੂੰ.....

    ReplyDelete
  2. Bai g Bahut wadhyia hai. Thuhada welcome article bahut sahi hai. Punjabi sngharshsheel kaum han te mar ke snagharsh sire nahi lagde, ayo apa ral ke jan jagriti te so called GOONDAS of Politicians and Beaureaucrats or Police nu khatam kariaye. Nale je if a teacher is Unable to get just 50% in +2 that was the condition imposed on the EGS workers, than how we can think that our Children are in safe hands. I request don't do agitation just for the sake of Publicity come up with real life Problems. Punjabis are getting degrees of PTU, Vinakya.. ICSe balla balla but in case of knowledge we are well behind. U all remember how many join in B.A Ist year and how many take degree in B.A.3. So we should fight with the real problem. thanks
    vishavdeep brar

    ReplyDelete
  3. suicide nahi sirr char ke maro.jinne kisana ne punjab ch khudkhasia ketia ne j oh ek ek lok dokhi leader,corrupt officers,soodkhore arthia nu mar ke marde ta yakeenan punjab da adha gandh nikal janda.

    ReplyDelete