ਦਾਰਸ਼ਨਿਕਤਾ ਲਈ ਪਹਿਲੀ ਲੋੜ ਦਲੇਰ ਤੇ ਅਜ਼ਾਦ ਮਨ ਹੁੰਦੀ ਹੈ

Sunday, March 21, 2010

ਭਗਤ ਸਿੰਘ ਵੈਲੀ ਜਾਂ ਕਾਤਲ ਨਹੀਂ... ਸਗੋਂ ਚੇਤੰਨ ਨੌਜਵਾਨ ਸੀ


ਭਗਤ ਸਿੰਘ ਕੁੰਢੀਆਂ ਮੁੱਛਾਂ ਜਾਂ ਸਿਰ ਲੜ ਛੱਡਵੀਂ ਪੱਗ ਬੰਨ੍ਹਦੇ ਨੌਜਵਾਨ ਦਾ ਹੀ ਨਾਂ ਨਹੀਂ ਸੀ। ਭਗਤ ਸਿੰਘ ਸਿਰ ਤਿਰਛੀ ਟੋਪੀ ਲੈਂਦੇ ਕਿਸੇ ਫਿਲਮੀ ਕਲਾਕਾਰਾਂ ਵਾਂਗ ਨਜਰੀਂ ਪੈਂਦਾ ਨੌਜਵਾਨ ਵੀ ਨਹੀਂ ਸੀ ਸਗੋਂ ਭਗਤ ਸਿੰਘ ਤਾਂ ਇੱਕ ਵਿਸ਼ਾਲ ਸੋਚ ਦਾ ਨਾਂ ਹੈ... ਉਸ ਵਿਸ਼ਾਲ ਫਲਸਫੇ ਦਾ ਨਾਂ ਹੈ ਜਿਸਦੇ ਆਮ ਜਨਜੀਵਨ 'ਤੇ ਲਾਗੂ ਹੋਣ ਨਾਲ ਹਰ ਘਰ ਵਿੱਚ ਖੁਸ਼ਹਾਲੀ ਆ ਸਕਦੀ.....ਸੀ। 'ਸੀ' ਸ਼ਬਦ ਨੂੰ ਇੰਨਾ ਪਿਛਾਂਹ ਕਰਕੇ ਲਿਖਣਾ ਵੀ ਸ਼ਾਇਦ ਧਿਆਨ ਮੰਗਦਾ ਹੋਵੇਗਾ। ਬਿਲਕੁਲ ਸਹੀ ਸੋਚਿਆ ਤੁਸੀਂ..ਕਿਉਂਕਿ ਭਗਤ ਸਿੰਘ ਦੀ ਸੋਚ ਹੀ ਅਜਿਹੀ ਸੀ ਕਿ ਉਸਦੇ ਵਿਚਾਰਾਂ ਨੂੰ ਹੁਣ ਤੱਕ ਜੇ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਗਿਆ ਹੁੰਦਾ ਤਾਂ ਇਸ ਤ੍ਰੇੜਾਂ ਖਾਧੇ, ਭੁੱਖਮਰੀ ਦੇ ਮਾਰੇ, ਤੰਗੀਆਂ ਤੁਰਸੀਆਂ ਦੇ ਝੰਬੇ ਸਮਾਜ ਵਿੱਚ ਸਮਾਜਿਕ ਨਾ-ਬਰਾਬਰੀ ਹਰਗਿਜ ਨਹੀਂ ਸੀ ਰਹਿਣੀ। ਭਗਤ ਸਿੰਘ ਨੂੰ ਫਾਂਸੀ ਟੰਗ ਕੇ ਬੇਸ਼ੱਕ ਸਰਮਾਏਦਾਰਾਂ ਦਾ ਲਾਣਾ ਕੱਛਾਂ ਵਜਾ ਰਿਹਾ ਹੋਵੇ ਪਰ ਉਹ ਅਣਜਾਣ ਕੀ ਜਾਨਣ ਕਿ ਬਚਪਨ ਵਿੱਚ 'ਦਮੂਖਾਂ' ਬੀਜਣ ਵਾਲਾ ਭਗਤ ਸਿੰਘ ਆਪਣੀ ਸ਼ਹਾਦਤ ਤੱਕ ਇੰਨੇ ਕੁ 'ਦਿਮਾਗ' ਬੀਜ ਗਿਆ ਹੈ ਜੋ ਉਸ ਦੀ ਸੋਚ ਨੂੰ ਕਦਮ ਦਰ ਕਦਮ ਅੱਗੇ ਲਿਜਾਣ ਦੇ ਉਪਰਾਲੇ ਕਰਦੇ ਰਹਿਣਗੇ। ਭਗਤ ਸਿੰਘ ਨੂੰ ਸਿਰਫ ਸ਼ਹੀਦ ਸ਼ਬਦ ਦਾ ਰੁਤਬਾ ਦੇ ਕੇ ਹਰ ਸਾਲ ਉਸਦੇ ਬੁੱਤਾਂ 'ਤੇ ਗੇਂਦੇ ਦੇ ਫੁੱਲ ਚੜ੍ਹਾ ਕੇ ਅਖਬਾਰਾਂ ਰਾਹੀਂ ਆਪਣੀ ਬੱਲੇ ਬੱਲੇ ਕਰਵਾਉਣ ਵਾਲੇ ਲੀਡਰ ਕੀ ਜਾਨਣ ਕਿ ਜਦੋਂ ਕਿਸੇ ਮਾਂ ਦਾ ਪੁੱਤ ਲੋਕਾਂ ਲਈ ਫਾਂਸੀ ਚੜ੍ਹਦਾ ਹੈ ਤਾਂ ਉਸ ਮਾਂ ਉੱਪਰ ਕੀ ਬੀਤਦੀ ਹੋਵੇਗੀ। ਜਿਸਨੇ ਆਪਣੇ ਜਿਗਰ ਦਾ ਟੁਕੜਾ ਦੇਸ਼ ਲਈ ਕੁਰਬਾਨ ਕਰ ਦਿੱਤਾ। ਜੇ ਅੱਜ ਭਗਤ ਸਿੰਘ ਸਰੀਰਕ ਤੌਰ 'ਤੇ ਜੀਵਿਤ ਇਸ ਅਜੋਕੇ ਭਾਰਤ ਵਿੱਚ ਵਿਚਰ ਰਿਹਾ ਹੁੰਦਾ ਤਾਂ ਸ਼ਾਇਦ ਉਸ ਨੂੰ 'ਮਰਨ' ਲਈ ਵੀ ਥਾਂ ਨਹੀਂ ਸੀ ਲੱਭਣੀ ਕਿਉਂਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਮੁੱਲ ਵੱਟਣ ਵਾਲੇ ਰਾਜਭਾਗ ਦੇ ਨਜਾਰੇ ਲੈ ਰਹੇ ਹਨ ਤੇ ਲੋਕਾਂ ਲਈ ਜਿੰਦਗੀਆਂ ਵਾਰਨ ਵਾਲੇ ਬਹੁਤ ਸਾਰੇ ਆਜਾਦੀ ਘੁਲਾਟੀਏ ਅਜੇ ਵੀ ਪੈਨਸ਼ਨਾਂ ਲਗਵਾਉਣ ਲਈ ਸਰਕਾਰੇ ਦਰਬਾਰੇ ਠੇਡੇ ਖਾਂਦੇ ਫਿਰਦੇ ਹਨ।

ਭਗਤ ਸਿੰਘ ਦੀ ਸੋਚ ਨਾਲ ਖਿਲਵਾੜ ਹੋਣਾ ਕੋਈ ਨਵੀਂ ਗੱਲ ਨਹੀਂ। ਤਖਤਾਂ ਉੱਪਰ ਕਾਬਜ ਲੋਕ ਜਾਣਦੇ ਹਨ ਕਿ ਜੇ ਭਗਤ ਸਿੰਘ ਦੀ ਅਸਲ ਵਿਚਾਰਧਾਰਾ ਆਮ ਲੋਕਾਂ ਦੇ ਜਿਹਨ ਦਾ ਹਿੱਸਾ ਬਣ ਗਈ ਤਾਂ ਰਾਜਨੀਤੀ ਸਿਰੋਂ ਉਹਨਾਂ ਦਾ ਚਲਦਾ ਤੋਰੀ-ਫੁਲਕਾ ਹਮੇਸ਼ਾ ਹਮੇਸ਼ਾ ਲਈ ਖੁੱਸ ਜਾਵੇਗਾ। ਫਿਰ ਉਹਨਾਂ ਦੇ ਆਪਣੇ ਲੋਲੂ-ਭੋਲੂ ਨਹੀਂ ਸਗੋਂ ਆਮ ਲੋਕਾਂ ਦੇ ਪੁੱਤ ਨੇਤਾ ਬਣ ਜਾਣਗੇ ਤੇ ਉਹਨਾਂ ਨੂੰ ਕਿਸੇ ਨੇ ਬੇਰਾਂ ਵੱਟੇ ਨਹੀਂ ਪਛਾਨਣਾ। ਇਹੀ ਕਾਰਨ ਹੈ ਕਿ ਗੋਰੇ ਅੰਗਰੇਜਾਂ ਤੋਂ ਬਾਦ ਹੁਣ ਸਾਡੇ ਆਪਣੇ ਹੀ 'ਦੇਸੀ ਅੰਗਰੇਜ' ਭਗਤ ਸਿੰਘ ਦੀ ਵਿਚਾਰਧਾਰਾ ਉੱਪਰ ਮਿੱਟੀ ਮੋੜਨ ਦੇ ਆਹਰ 'ਚ ਰੁੱਝੇ ਹੋਏ ਹਨ। ਕਦੇ ਕੋਈ 'ਸਿਆਣਾ' ਆਗੂ ਬਿਆਨ ਦਾਗਦਾ ਹੈ ਕਿ 'ਭਗਤ ਸਿੰਘ ਸਹੀਦ ਹੀ ਨਹੀਂ.' ਕਦੇ ਕੋਈ ਭਗਤ ਸਿੰਘ ਨੂੰ ਸਿੱਖ, ਕਦੇ ਕੋਈ ਹਿੰਦੂ ਮਤ ਵਿੱਚ ਗਲਤਾਨ ਹੋਇਆ ਦੱਸਦਾ ਹੈ ਜਦੋਂਕਿ ਭਗਤ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਦੱਸਿਆ ਹੈ ਕਿ ਉਹ ਨਾਸਤਿਕ ਸੀ। ਸਿਰਫ ਨਾਸਤਿਕ ਸ਼ਬਦ ਆਪਣੇ ਨਾਲ ਜੋੜ ਲੈਣਾ ਹੀ ਤਾਂ ਭਗਤ ਸਿੰਘ ਦਾ ਗੁਨਾਂਹ ਨਹੀਂ? ਜਿਸਦੇ ਇਵਜ 'ਚ ਭਗਤ ਸਿੰਘ ਨੂੰ ਇਤਿਹਾਸ 'ਚੋਂ ਪਾਸੇ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਕਦੇ ਪੋਸਟਰ ਜਾਰੀ ਹੁੰਦੇ ਹਨ ਜਿਹਨਾਂ 'ਤੇ ਭਗਤ ਸਿੰਘ ਨੂੰ ਕਿਸੇ ਵੈਲੀ ਮੁੰਡੇ ਵਾਂਗ ਮੁੱਛ ਨੂੰ ਵਟ ਚਾੜ੍ਹਦੇ ਦਿਖਾਇਆ ਜਾਂਦਾ ਹੈ, ਕਿਸੇ ਪੋਸਟਰ 'ਚ ਉਸਨੂੰ ਹੱਥ ਪਿਸਤੌਲ ਫੜਾ ਕੇ ਕਤਲੋਗਾਰਦ ਕਰਨ ਲਈ ਕਾਹਲੇ ਨੌਜਵਾਨ ਵਜੋਂ ਪੇਸ਼ ਕੀਤਾ ਜਾਂਦਾ ਹੈ। ਕਦੇ ਭਗਤ ਸਿੰਘ ਦੀ ਫੋਟੋ ਵਾਲੇ ਸਟਿੱਕਰ ਵਿਕਣੇ ਆਉਂਦੇ ਹਨ ਜਿਹਨਾਂ 'ਤੇ ਲਿਖਿਆ ਮਿਲਦਾ ਹੈ ਕਿ
÷ਲੋਹੜਿਆਂ ਦੇ ਸ਼ਰੀਫ ਹਾਂ,
ਸਿਰੇ ਦੇ ਲਫੰਗੇ ਹਾਂ।
ਮਾੜਿਆਂ ਨਾਲ ਮਾੜੇ ਹਾਂ,
ਤੇ ਚੰਗਿਆਂ ਨਾਲ ਚੰਗੇ ਹਾਂ।÷

ਤੇ ਕਦੇ ਭਗਤ ਸਿੰਘ ਨੂੰ ਜੱਟਵਾਦ ਨਾਲ ਜੋੜ ਕੇ 'ਟੈਟੂ' ਬਣਾ ਕੇ ਡੌਲਿਆਂ 'ਤੇ ਉੱਕਰ ਦਿੱਤਾ ਜਾਂਦਾ ਹੈ। ਜਦੋਂਕਿ ਲੋੜ ਭਗਤ ਸਿੰਘ ਦੀਆਂ ਫੋਟੋਆਂ ਦੇ ਗੋਂਦਨੇ ਗੁੰਦਵਾਉਣ ਦੀ ਨਹੀਂ ਸਗੋਂ ਭਗਤ ਸਿੰਘ ਦੇ ਵਿਚਾਰਾਂ ਨੂੰ ਮਨੋਂ ਧਾਰਨ ਕਰਨ ਦੀ ਹੈ। ਅਜੇ ਤੱਕ ਅਜਿਹਾ ਪੋਸਟਰ ਕਦੇ ਵੀ ਵਿਕਣਾ ਨਹੀਂ ਆਇਆ ਜਿਸ ਵਿੱਚ ਭਗਤ ਸਿੰਘ ਨੂੰ ਹਿੱਕ ਨਾਲ ਕਿਤਾਬਾਂ ਲਾਈ ਖੜ੍ਹਾ ਦਿਖਾਇਆ ਗਿਆ ਹੋਵੇ ਜਦੋਂਕਿ ਇਹ ਗੱਲ ਜੱਗ ਜਾਹਿਰ ਹੈ ਕਿ ਭਗਤ ਸਿੰਘ ਆਪਣੀ ਜਿੰਦਗੀ ਦੇ ਆਖਰੀ ਪਲਾਂ 'ਚ ਵੀ ਕਿਤਾਬ ਪੜ੍ਹਨ 'ਚ ਮਸ਼ਰੂਫ ਸੀ। ਭਗਤ ਸਿੰਘ ਦੀਆਂ ਜੱਜਾਂ ਵਕੀਲਾਂ ਨਾਲ ਹੋਈ ਦਲੀਲਬਾਜੀ ਵੀ ਉਸ ਦੇ ਕੀਤੇ ਅਧਿਐਨ ਦੀ ਮੂੰਹੋਂ ਬੋਲਦੀ ਤਸਵੀਰ ਹੈ। ਗਿਆਨ ਵਿਹੂਣਾ ਮਨੁੱਖ ਮੂੰਹ ਵਿੱਚ ਘੁੰਗਣੀਆਂ ਜਰੂਰ ਪਾ ਸਕਦਾ ਹੈ, ਦਲੀਲਬਾਜੀ ਨਾਲ ਗੱਲ ਨਹੀਂ ਕਰ ਸਕਦਾ। ਭਗਤ ਸਿੰਘ ਦਾ ਹੀ ਕਥਨ ਸੀ (ਹੈ) ਕਿ 'ਅਧਿਐਨ ਕਰ ਤਾਂ ਕਿ ਤੂੰ ਵਿਰੋਧੀਆਂ ਦੀਆਂ ਦਲੀਲਾਂ ਦਾ ਜਵਾਬ ਦੇ ਸਕੇਂ...।' ਪਰ ਸੋਚਣ ਵਾਲੀ ਗੱਲ ਹੈ ਕਿ ਦੂਜਿਆਂ ਨੂੰ ਅਧਿਐਨ ਕਰਨ ਦੀਆਂ ਮੱਤਾਂ ਦੇਣ ਵਾਲੇ ਉਸ ÷ਪਰਮਗੁਣੀ ਭਗਤ ਸਿੰਘ÷ ਨੂੰ ਕਿਉਂ ਇੱਕ ਕਾਤਲ,ਵੈਲੀ ਜਾਂ ਲਫੰਗਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ? ਕਿਉਂ.. ਕਿਉਂ?

ਇਸਦਾ ਜਵਾਬ ਸ਼ਾਇਦ ਇਹੀ ਹੋਵੇਗਾ ਕਿ ਜੇ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਹੂਬਹੂ ਲਾਗੂ ਕਰਨ ਦੀ ਕੋਈ ਵੀ ਸਰਕਾਰ 'ਗਲਤੀ' ਕਰਦੀ ਹੈ ਤਾਂ ਉਸਦਾ ਫਾਇਦਾ ਸਿੱਧੇ ਤੌਰ 'ਤੇ ਦੱਬੀ ਕੁਚਲੀ ਜਨਤਾ ਨੂੰ ਹੋਵੇਗਾ ਜਦੋਂਕਿ ਅਸਿੱਧੇ ਤੌਰ 'ਤੇ ਖਮਿਆਜਾ ਕੁਰਸੀਆਂ ਵੱਲ ਕੁੱਤੇਝਾਕ ਲਾਈ ਬੈਠੇ ਰਾਜਨੀਤਕ ਪਰਿਵਾਰਾਂ ਨੂੰ ਭੁਗਤਣਾ ਪਵੇਗਾ। ਕਿਉਂਕਿ ਅੰਗਰੇਜਾਂ ਤੋਂ ਬਾਦ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ 'ਤੇ ਹੁਣ ਦੇਸੀ ਅੰਗਰੇਜਾਂ ਦੇ ਹੀ 'ਕਾਕੇ' ਪਲਦੇ ਹਨ। ਜੇ ਭਗਤ ਸਿੰਘ ਦੀ ਸੋਚ ਦੇ ਹਾਣ ਦਾ ਸਮਾਜ ਸਿਰਜਣ ਦੀ ਗੱਲ ਤੁਰਦੀ ਹੈ ਤਾਂ ਗਾਂਧੀਆਂ, ਅਬਦੁੱਲਿਆਂ, ਬਾਦਲਾਂ, ਕੈਪਟਨਾਂ ਦੇ ਪੁੱਤ ਪੋਤਰੇ ਪਿਤਾ ਪੁਰਖੀ ਕੁਰਸੀਆਂ 'ਤੇ ਰਾਜ ਨਹੀਂ ਕਰ ਸਕਣਗੇ ਸਗੋਂ ਲੋਕਾਂ ਦੇ ਪੁੱਤ ਉਹਨਾਂ ਕੁਰਸੀਆਂ 'ਤੇ ਚੜ੍ਹ ਸਕਦੇ ਹਨ। ਸਮਾਜਿਕ ਨਾ-ਬਰਾਬਰੀ ਵਾਲੇ ਖੁਸ਼ਹਾਲ ਸਮਾਜ ਵਿੱਚ ਹਰ ਕਿਸੇ ਕੋਲ ਰੁਜਗਾਰ ਹੋਵੇਗਾ, ਵਿੱਦਿਅਕ ਪੱਖੋਂ ਹਰ ਕੋਈ ਪੂਰਾ ਸੂਰਾ ਹੋਵੇਗਾ। ਕਿਸੇ ਜੁਆਕ ਦੇ ਹੱਥ ਹੋਟਲਾਂ 'ਤੇ ਜੂਠੇ ਭਾਂਡੇ ਮਾਂਜਣ 'ਚ ਨਹੀਂ ਸਗੋਂ ਕਿਤਾਬਾਂ ਜਾ ਖਿਡੌਣਿਆਂ ਨਾਲ ਚਿੱਤ ਪਰਚਾਉਣ ਦੇ ਕਾਬਲ ਹੋਣਗੇ। ਬਾਲਗ ਨੌਜਵਾਨ ਰੁਜਗਾਰ ਨਾ ਮਿਲਣ ਦੀਆਂ ਚਿੰਤਾਵਾਂ 'ਚ ਫਸ ਕੇ ਨਸ਼ਿਆਂ ਦੀ ਦਲਦਲ 'ਚ ਫਸਣ ਨਾਲੋਂ ਖੁਸ਼ਹਾਲ ਜੀਵਨ ਜਿਉਣ ਵੱਲ ਧਿਆਨ ਦੇਣਗੇ। ਬਜੁਰਗ ਬੁਢਾਪੇ ਨੂੰ ਸ਼ਰਾਪ ਵਾਂਗ ਹੰਢਾਉਂਦੇ ਬੁਢਾਪਾ ਪੈਨਸ਼ਨਾਂ ਲਈ ਦਰ ਦਰ ਦੀਆਂ ਠੋਕਰਾਂ ਨਹੀਂ ਖਾਣਗੇ। ਭਵਿੱਖ ਦੀ ਸਾਫ ਨਜਰ ਪੈਂਦੀ ਤਸਵੀਰ ਨੂੰ ਹਕੀਕਤ 'ਚ ਕੋਈ ਵੀ ਸਿਆਸੀ ਆਗੂ ਬਦਲਦੀ ਨਹੀਂ ਦੇਖਣੀ ਚਾਹੁੰਦਾ। ਇਹੀ ਵਜ੍ਹਾ ਹੈ ਕਿ ਸਭ ਭਗਤ ਸਿੰਘ ਨੂੰ ਲੋਕ ਮਨਾਂ 'ਚ ਪ੍ਰਵੇਸ਼ ਪਾਉਣੋਂ ਰੋਕਣ ਲਈ ਆਪਣਾ ਬਣਦਾ ਜੋਰ ਲਾ ਰਹੇ ਹਨ। ਇਸੇ ਅੰਦਰੇ ਅੰਦਰ ਬੁਣੀ ਜਾ ਰਹੀ ਬੁਣਤੀ ਦਾ ਹੀ ਹਿੱਸਾ ਹੈ ਕਿ ਜਿਹੜੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ 31 ਮਾਰਚ ਦੇ ਦਿਨ ਨਾਲ ਲੰਮੇ ਸਮੇਂ ਤੋਂ ਜੁੜੀ ਹੋਈ ਸੀ, ਉਹ ਨਿਲਾਮੀ ਵੀ ਹੁਣ 23 ਮਾਰਚ ਨੂੰ ਹੋਣੀ ਦੱਸੀ ਜਾ ਰਹੀ ਹੈ। ਇਹ ਉਹੀ ਤੇਈ ਮਾਰਚ ਹੈ ਜਿਸ ਦਿਨ ਲੋਕ ਆਪਣੇ ਮਹਿਬੂਬ 'ਪਰਮਗੁਣੀ ਸ਼ਹੀਦ ਭਗਤ ਸਿੰਘ' ਨੂੰ ਯਾਦ ਕਰਨਗੇ।

ਭਗਤ ਸਿੰਘ ਨੂੰ ਲੋਕ ਮਨਾਂ 'ਚੋਂ ਪਾਸੇ ਕਰਨ ਵੱਲ ਤੁਰੇ ਕਦਮਾਂ 'ਚੋਂ ਹੀ ਇੱਕ ਕਦਮ ਇਹ ਹੈ ਕਿ ਪੰਜਾਬ ਦੇ ਲੋਕ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਮਨਾਉਣ ਨਾਲੋਂ ਸਸਤੀ ਸ਼ਰਾਬ ਖਰੀਦਣ ਲਈ ਵਧੇਰੇ ਲਟਾਪੀਂਘ ਹੋਏ ਨਜਰ ਆਉਣਗੇ। ਪੰਜਾਬ ਵਿੱਚ ਰਣਜੀਤ ਸਿੰਘ ਵਰਗਾ ਰਾਜ ਦੇਣ ਦੀਆਂ ਟਾਹਰਾਂ ਮਾਰਨ ਵਾਲੇ ਪਿਉ ਪੁੱਤ ਦੀ ਸਰਕਾਰ ਨੂੰ ਸ਼ਾਬਾਸ਼ ਦੇਣੀ ਬਣਦੀ ਹੈ ਜੋ ਉਸ ਅਧਿਐਨ ਪਸੰਦ ਲੋਕ ਨਾਇਕ ਦੇ ਸ਼ਹੀਦੀ ਦਿਨ 'ਤੇ ਲੋਕਾਂ ਨੂੰ 'ਸਿਆਣੇ' ਕਰਨ ਨਾਲੋਂ ਸਸਤੀ ਸ਼ਰਾਬ ਦੀ ਲੋਰ 'ਚ ਮਸਤ ਹੋਣ ਦਾ ਇੰਤਜਾਮ ਕਰ ਰਹੀ ਹੈ। ਫੈਸਲਾ ਲੋਕਾਂ ਨੇ ਕਰਨਾ ਹੈ ਕਿ ਉਹ ਇਸ ਤਰ੍ਹਾਂ ਦੀਆਂ ਚਾਲਾਂ ਨੂੰ ਕਿੱਥੋਂ ਕੁ ਤੱਕ ਕਾਮਯਾਬ ਹੋਣ ਦਿੰਦੇ ਹਨ ਜਾਂ ਫਿਰ ਭਗਤ ਸਿੰਘ ਦੀ ਸੋਚ ਦੇ ਹਾਣ ਦਾ ਸਮਾਜ ਸਿਰਜਣ ਦੇ ਰਾਹ ਤੁਰਦੇ ਹਨ। ਅੰਤ ਵਿੱਚ ਭਗਤ ਸਿੰਘ ਦੇ ਕਥਨ ਨਾਲ ਇਜਾਜਤ ਚਾਹਾਗਾ ਕਿ ÷ ਗਰੀਬਾਂ ਨੂੰ ਦਾਨ ਦੇਣ ਦੀ ਬਜਾਏ ਅਜਿਹਾ ਸਮਾਜ ਸਿਰਜੋ, ਜਿੱਥੇ ਨਾ ਗਰੀਬ ਹੋਣ ਨਾ ਦਾਨੀ।÷ ਪਰ ਸਮਾਜ ਨੂੰ ਇਹਨਾਂ ਹਾਲਾਤਾਂ ਤੱਕ ਪਹੁੰਚਣੋਂ ਰੋਕਣ ਵਾਲਿਆਂ ਦਾ ਵੀ ਧੁੰਨੀ ਤੱਕ ਜੋਰ ਲੱਗਿਆ ਹੋਇਆ ਹੈ। ਦੇਖਣਾ ਹੈ ਕਿ ਸ਼ਹੀਦ ਦੇ ਵਾਰਸ ਆਪਣੇ ਮਕਸਦ ਵਿੱਚ ਕਾਮਯਾਬ ਹੁੰਦੇ ਹਨ ਜਾਂ ਫਿਰ ਲੋਕਾਂ ਨੂੰ ਬੁੱਧੂ ਬਣਾ ਕੇ ਆਪਣਾ ਤੋਰੀ-ਫੁਲਕਾ ਚਲਾਉਣ ਵਾਲੇ ਨੇਤਾਗਣ...।

ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)
Mob.- 0044 (0) 75191 12312
E mail:- khurmi13deep@yahoo.in

4 comments:

  1. hhaha (London)
    i read whole article and i was impressed and ready to adopt some of His ideology if i can as a resolution on Martyrdom Day, but in the end "(London)" word shake me and told to concentrate on ur career, there z nothing calld Bhagat Singh or whatevr, Mostly people start finding limitations in Indian Political Architecture when they got settled in Abroad, we cannot do anything for nation because that is the work of Politicians whome we choose, what d best can we do is stick to this poor corrupt nation called india and pay ur taxes nevr encourage Bribe, donate Blood anything that is good for this nation , but be here

    Premjeet Singh
    PRI-Permanent Resident of India

    ReplyDelete
  2. ਬਹੁਤ ਹੀ ਵਧੀਆ ਤਰਕ ਮਾਰਿਐ ਵੀਰ ਪਰੇਮਜੀਤ ਸਿੰਘ {ਭਾਰਤ ਦੇ ਪੱਕੇ ਵਸਨੀਕ} ਨੇ। ਬੜੀ ਖੁਸ਼ੀ ਹੋਈ ਕਿ ਵੀਰ ਨੇ ਪੜ੍ਹ ਕੇ ਕੋਈ ਤਾਂ ਨਘੋਚ ਕੱਢੀ। ਦਿਲੀਂ ਧੰਨਵਾਦ...।
    ਸਤਿਕਾਰਯੋਗ ਵੀਰ ਜੀ, ਸਾਵਣ ਮਹੀਨੇ ਦੇ ਅੰਨ੍ਹੇ ਨੂੰ ਬਾਦ 'ਚ ਵੀ ਸਭ ਕੁਝ ਹਰਾ- ਹਰਾ ਜਿਹਾ ਹੀ ਪ੍ਰਤੀਤ ਹੁੰਦਾ ਰਹਿੰਦਾ ਹੈ, ਮੇਰਾ ਵੀ ਬਿਲਕੁਲ ਉਹੀ ਹਾਲ ਹੈ। ਮੇਰੇ ਨਾਂ ਨਾਲ 'ਹਿੰਮਤਪੁਰਾ'ਲਿਖਿਆ ਹੋਣਾ ਸਬੂਤ ਹੈ ਕਿ ਮੈਂ ਵੀ ਭਾਰਤੀ {ਪੰਜਾਬੀ} ਹਾਂ ਤੇ ਬਾਦ 'ਚ 'ਲੰਡਨ' ਲਿਖਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਫਿਲਹਾਲ ਮੇਰੀ ਕਰਮ-ਭੂਮੀ ਲੰਡਨ ਹੈ। ਤੁਹਾਡੇ 'ਹਾ-ਹਾ ਲੰਡਨ' ਅਤੇ ਵਿਦੇਸ਼ ਬੈਠਿਆਂ ਭਾਰਤ ਦੇ ਰਾਜਨੀਤਕ ਪ੍ਰਬੰਧ ਵਿੱਚ ਖਾਮੀਆਂ ਕੱਢਣ ਦੀ ਕਹੀ ਗੱਲ ਦਾ ਜਵਾਬ ਹੈ ਕਿ ਜਿੰਨਾ ਚਿਰ ਤੁਸੀਂ ਕਿਸੇ ਵੀ ਪ੍ਰਬੰਧ ਦੀਆਂ ਖਾਮੀਆਂ ਜਾਂ ਵਿਸ਼ੇਸ਼ਤਾਵਾਂ 'ਤੇ ਟੀਕਾ ਟਿੱਪਣੀ ਨਹੀਂ ਕਰਦੇ ਓਨਾ ਚਿਰ ਨਾ ਤਾਂ ਉਹਨਾਂ ਖਾਮੀਆਂ ਵਿੱਚ ਸੁਧਾਰ ਆਉਣ ਦੀ ਗੁੰਜਾਇਸ਼ ਰਹਿੰਦੀ ਹੈ ਅਤੇ ਨਾ ਹੀ ਵਿਸ਼ੇਸ਼ਤਾਵਾਂ ਬਦਲੇ ਹੱਲਾਸ਼ੇਰੀ ਮਿਲਦੀ ਹੈ ।ਜਰੂਰੀ ਨਹੀਂ ਕਿ ਵਿਦੇਸ਼ ਬੈਠਿਆਂ ਖਾਮੀਆਂ ਲਿਖਣਾ ਭਾਰਤ ਨੂੰ ਭੰਡਣਾ ਹੈ। ਜੇ ਮੈਂ ਵਿਦੇਸ਼ 'ਚ ਹਾਂ ਤਾਂ ਇਸ ਦਾ ਪਿੱਠਵਰਤੀ ਕਾਰਨ ਵੀ ਮੇਰੀ ਲਿਆਕਤ ਦਾ ਉਚਿਤ ਮੁੱਲ ਨਾ ਪੈਣਾ ਹੈ। ਡੇਢ ਕੁ ਐੱਮ. ਏ., ਬੀ. ਐੱਡ., ਪੀ. ਜੀ. ਡੀ. ਸੀ. ਏ. {ਫਸਟ ਡਿਵੀਜਨ} ਕਰਕੇ ਵੀ ਰੁਜਗਾਰ ਤੋਂ ਵਾਂਝਾ ਰਿਹਾ। ਨੌਕਰੀ ਖ੍ਰੀਦਣ ਦੀ ਗੁੰਜਾਇਸ਼ ਨਹੀਂ ਸੀ ਜਦ ਨੌਕਰੀ ਮਿਲੀ ਤਾਂ ਪਿਉ ਦੀ ਮੌਤ ਤੋਂ ਬਾਦ 'ਤਰਸ ਦੇ ਆਧਾਰ 'ਤੇ' ਪੰਜਾਬ ਰੋਡਵੇਜ ਦੀ 'ਕੰਡਕਟਰੀ' ਮਿਲੀ। ਜੇ ਤੁਸੀਂ ਲੰਡਨ ਨੂੰ 'ਹਾ-ਹਾ ਲੰਡਨ' ਇਸ ਕਰਕੇ ਲਿਖਿਆ ਹੈ ਕਿ ਗੋਰਿਆਂ ਨੇ ਸਾਡੇ ਭਾਰਤ ਨਾਲ ਚੰਗੀ ਨਹੀਂ ਕੀਤੀ ਤਾਂ ਇਹ ਵੀ ਸੋਚੋ ਕਿ ਗੋਰਿਆਂ ਨੂੰ ਭਾਰਤ ਵਿੱਚ ਵਾੜਨ ਵਾਲੇ ਵੀ ਤਾਂ ਉਸੇ ਭਾਰਤ ਦੇ ਪ੍ਰਬੰਧ ਦੇ ਜਿੰਮੇਵਾਰ ਆਗੂ ਹੀ ਸਨ ਜਿਸਦੇ ਤੁਸੀਂ ਪੱਕੇ ਵਸਨੀਕ ਹੋ ਤੇ ਮੈਂ ਹੁਣ ਅੱਧ ਪਚੱਧਾ ਜਿਹਾ...। ਤੁਹਾਡੇ ਬਹੁਤ ਹੀ ਨਜਦੀਕ ਦੀ ਉਦਾਹਰਣ ਹੈ ਕਿ ਜੇ ਵੀਰ ਯਾਦਵਿੰਦਰ ਕਰਫਿਊ ਮੇਰੇ ਵਾਂਗ ਹੀ ਬਰੈਕਟ ਵਿੱਚ 'ਨਵੀਂ ਦਿੱਲੀ' ਲਿਖਦਾ ਹੈ ਕੀ ਇਸਦਾ ਮਤਲਬ ਇਹ ਹੈ ਕਿ ਉਹ ਦਿੱਲੀ ਰਹਿ ਕੇ ਪੰਜਾਬ ਦੇ ਰਾਜਨੀਤਕ ਹਾਲਾਤਾਂ 'ਤੇ ਟੀਕਾ ਟਿੱਪਣੀ ਨਹੀਂ ਕਰ ਸਕਦਾ?ਇਹ ਵੀ ਸਭ ਨੂੰ ਪਤਾ ਹੈ ਕਿ ਭਾਰਤ ਦੀ ਦਿੱਲੀ ਨੇ ਵੀ ਭਾਰਤ ਦੇ ਪੰਜਾਬ ਨਾਲ ਕਦੇ ਚੰਗੀ ਨਹੀਂ ਕੀਤੀ।
    ਵਾਅਦਾ ਹੈ ਕਿ ਜਿਸ ਤਰਾਂ ਭਾਰਤ ਰਹਿੰਦੇ ਪੱਕੇ ਵਸਨੀਕ ਲੋਕਾਂ ਦੀ ਮਾਤ ਭਾਸ਼ਾ 'ਤੇ ਲੰਡਨ ਦੇ ਗੋਰਿਆਂ ਦੀ ਅੰਗਰੇਜੀ ਹਾਵੀ ਹੋਈ ਪਈ ਹੈ ਪਰ ਲੰਡਨ ਰਹਿੰਦਿਆਂ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪਹਿਰੇਦਾਰ ਬਣਕੇ ਪੱਲਾ ਕਦੇ ਨਹੀਂ ਛੱਡਾਂਗਾ।
    ਵਿਚਾਰਾਂ ਪੱਖੋਂ ਤੁਹਾਡਾ ਛੋਟਾ ਵੀਰ,
    ਮਨਦੀਪ ਖੁਰਮੀ ਹਿੰਮਤਪੁਰਾ {ਲੰਡਨ}

    ReplyDelete
  3. bohat changa lageya tuhada lekh...jo gallan tusi bhagat bare likhian oh pata si par onhan te is taran kade gaur nahi si kiti..sachi main kade v bhagat nu hath 'ch kitab nal imagine nahin kita si...par tuhade lekh ne ik navin soch ditti hai...great writing

    thanks

    ReplyDelete
  4. well said mandeep ji asi bhave dur hi baithe ha par media ena ho chukiya ki pal-pal di khabar pahuncdi aa sade tak joo v tusi likya sahi likhya hai te eh tuhada post tusi mere wall post facebook to v check kar sakde ho jithe punjabiyan vallo bahut hi salaya gya tuhada naam tuhadi photo nal nathi kar ditti gyi hai taki tuhade vichar tuhade hi rehn ...................thanks brother

    ReplyDelete