ਦਾਰਸ਼ਨਿਕਤਾ ਲਈ ਪਹਿਲੀ ਲੋੜ ਦਲੇਰ ਤੇ ਅਜ਼ਾਦ ਮਨ ਹੁੰਦੀ ਹੈ

Saturday, March 16, 2013

ਪੰਜਾਬ ਨੂੰ ਭਵਿੱਖ ਵੱਲ ਦੇਖਣ ਦੀ ਲੋੜ--ਗੁਰਬਚਨ

'ਫ਼ਿਲਹਾਲ' ਰਸਾਲੇ ਦੇ ਸੰਪਾਦਕ ਗੁਰਬਚਨ ਨੇ ਰਸਾਲੇ ਦੇ ਨਵੇਂ ਅੰਕ 'ਚ 'ਏਜੰਡਾ ਪੰਜਾਬ' ਨਾਂਅ ਹੇਠ ਪੰਜ-ਛੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲੇਖ ਛਾਪੇ ਹਨ,ਜਿਸ 'ਚ ਮੁੱਖ ਲੇਖ ਸੀਨੀਅਰ ਪੱਤਰਕਾਰ ਜਸਪਾਲ ਸਿੱਧੂ ਦਾ 'ਭਾਰਤੀ 'ਨੇਸ਼ਨ ਸਟੇਟ' ਦੇ ਸੰਦਰਭ 'ਚ ਪੰਜਾਬ ਦੀ ਖੱਬੀ ਲਹਿਰ ਦਾ ਮੁਲਾਂਕਣ' ਹੈ,ਇਸੇ 'ਤੇ ਗੁਰਬਚਨ ਹੋਰਾਂ ਨੇ ਇਹ ਟਿੱਪਣੀ ਵੀ ਲਿਖੀ ਹੈ।ਜਸਪਾਲ ਸਿੱਧੂ ਦਾ ਲੇਖ ਇਸ ਟਿੱਪਣੀ ਤੋਂ ਹੇਠਾਂ ਹੈ।-ਗੁਲਾਮ ਕਲਮ

'ਨੇਸ਼ਨ ਸਟੇਟ' ਭਾਰਤ ਦੇ ਪ੍ਰਸੰਗ 'ਚ ਸਾਕਾਰ ਹੋ ਚੁੱਕੀ ਵਾਸਤਵਿਕਤਾ (fait accompli) ਹੈ। ਸੰਕਟ 'ਨੇਸ਼ਨ ਸਟੇਟ' ਦਾ ਨਹੀਂ, ਸੰਕਟ ਇਹਨੂੰ ਊਰਜਿਤ ਕਰਨ ਵਾਲੀ ਵਿਚਾਰਧਾਰਾ ਦਾ ਹੈ। ਜਿਸ ਦੇਸ਼ ਵਿਚ ਧਰਮ, ਜਾਤੀ, ਭਾਸ਼ਾ ਦੇ ਏਨੇ ਵਖੇਵੇਂ ਹੋਣ, ਉੱਥੇ ਕਿਸੇ ਇਕ ਧਰਮ ਜਾਂ ਭਾਸ਼ਾ ਦੀ ਹੈਜਮਨੀ ਸਵੀਕਾਰ ਨਹੀਂ ਹੋ ਸਕਦੀ, ਨਾ ਇਹ ਜਮਹੂਰੀਅਤ ਦੇ ਸੰਕਲਪ ਦੀ ਅਨੁਸਾਰੀ ਹੁੰਦੀ ਹੈ। ਭਾਰਤ ਵਿਚ ਨੇਸ਼ਨ ਸਟੇਟ ਦੇ ਤਸੱਵਰ ਨੂੰ ਹਿੰਦੂਤਵ ਦੇ ਬ੍ਰਾਹਮਣੀ ਅਵਚੇਤਨ ਨੇ ਊਰਜਿਤ ਕੀਤਾ ਹੋਇਆ ਹੈ। ਇਹਨੇ ਦੇਸ਼ ਵਿਚ ਅਨੇਕਾਂ ਅੰਤਰ-ਵਿਰੋਧਾਂ ਨੂੰ ਭਖਾਇਆ ਹੈ। ਦੋ ਮਹਾਂ-ਦੁਖਾਂਤ ਇਸ ਕਰਕੇ ਹੀ ਪੈਦਾ ਹੋਏ। ਪਹਿਲਾਂ 1947 'ਚ ਤੇ ਬਾਅਦ ਵਿਚ 1984 'ਚ। ਦੋਵੇਂ ਵੇਰ ਪੰਜਾਬ ਲੂਹਿਆ ਗਿਆ। 

ਹਿੰਦੂਤਵ ਹੈਜਮਨੀ ਦੇ ਪ੍ਰਤਿਕਰਮ ਵਜੋਂ ਪੰਜਾਬ ਵਿਚ ਸਿੱਖ ਪਛਾਣ ਦੀ ਰਾਜਨੀਤੀ ਦੇ ਨਤੀਜੇ ਅਜੇ ਤੱਕ ਚੰਗੇ ਨਹੀਂ ਨਿਕਲੇ, ਨਾ ਭਵਿੱਖ ਵਿਚ ਨਿਕਲਣੇ ਹਨ। ਇਹ ਰਾਜਨੀਤੀ ਪ੍ਰਤਿਕਿਰਿਆਵੀ (reactive) ਹੈ। ਧਰਮ ਅਧਾਰਿਤ ਰਾਜਨੀਤੀ ਅੱਜ ਦੀਆਂ ਚੁਣੌਤੀਆਂ ਦਾ ਜੁਆਬ ਨਹੀਂ ਹੈ। ਪੰਜਾਬ 'ਚ ਡੇਰਾਵਾਦ ਤੇ ਦਲਿਤਵਾਦ ਸਿੱਖ ਪਛਾਣ ਦੀ ਰਾਜਨੀਤੀ ਦੇ ਵਿਪ੍ਰੀਤ ਪਰਤੌ ਬਣ ਚੁੱਕੇ ਹਨ, ਜਿਸ ਨਾਲ ਬਖ਼ੇੜੇ ਵਧੇ ਹਨ। ਲੋੜ ਇਸ ਰਾਜਨੀਤੀ ਤੋਂ ਪਾਰ ਜਾਣ ਦੀ ਹੈ। ਜੇ ਆਮ ਮਨੁੱਖ ਦੇ ਅਵਚੇਤਨ 'ਚ ਧਰਮ ਦੀ ਛਾਪ ਹੈ ਤਾਂ ਇਹਨੂੰ ਤੀਬਰ ਕਰਨ ਦੀ ਜਗ੍ਹਾ ਜ਼ਰੂਰਤ ਆਧੁਨਿਕ ਤਰਜ਼ ਦੇ ਨਵ-ਜਾਗਰਨ ਦਾ ਰਾਹ ਫੜਨ ਦੀ ਹੈ ਜੋ ਪੰਜਾਬ ਦੀ ਸਥਾਨਿਕਤਾ ਨੂੰ ਬੌਧਿਕ ਜੁਗਤਾਂ ਨਾਲ ਮਜ਼ਬੂਤ ਕਰ ਸਕੇ। ਅਜੇ ਤੱਕ ਪੰਜਾਬ ਭਾਵੁਕਤਾ ਦੇ ਭੰਵਰ 'ਚ ਖੁੱਭਾ ਰਿਹਾ ਹੈ। ਏਥੋਂ ਦੀ ਸਥਾਨਿਕਤਾ ਦੇ ਕੇਂਦਰ ਵਿਚ ਪੰਜਾਬੀ ਭਾਸ਼ਾ ਤੇ ਸਭਿਆਚਾਰ ਦਾ ਸੁਆਲ ਹੈ। ਪਛਾਣ ਦੀ ਰਾਜਨੀਤੀ ਨੇ ਬੌਧਿਕ ਪਰੰਪਰਾ ਨੂੰ ਪਨਪਨ ਨਹੀਂ ਦਿੱਤਾ। 



ਫਿਲਹਾਲ ਦੇ ਨਵੇਂ ਅੰਕ ਦਾ ਕਵਰ ਪੇਜ
ਖੱਬੀਆਂ ਧਿਰ ਨੇ ਇਸ ਮਸਲੇ ਵਲ ਕਦੇ ਲੋੜੀਂਦਾ ਧਿਆਨ ਨਹੀਂ ਦਿੱਤਾ। ਪੰਜਾਬ ਦੇ ਭਵਿੱਖ ਬਾਰੇ ਉਨ੍ਹਾਂ ਕੋਲ ਵਿਯਨ ਨਹੀਂ ਹੈ। ਮਾਰਕਸਵਾਦ ਨੂੰ ਸੌੜੇ/ਯੰਤਰੀ ਢੰਗ ਨਾਲ ਲੈਂਦਿਆਂ ਉਨ੍ਹਾਂ ਸਿੱਖ ਧਰਮ ਅਤੇ ਇਤਿਹਾਸ ਦੀ ਏਨੇ ਲੰਮੇ ਸਮੇਂ ਤੋ ਪੰਜਾਬ 'ਚ ਅਸਰਦਾਰ ਮੀਡੀਏਸ਼ਨ ਸਮੇਤ ਪੰਜਾਬੀ ਭਾਸ਼ਾ ਤੇ ਸਭਿਆਚਾਰ ਬਾਰੇ ਬੌਧਿਕ ਸੰਵਾਦ ਪੈਦਾ ਨਹੀਂ ਕੀਤਾ। ਇਤਿਹਾਸਕ ਤੱਥ ਦੱਸਦੇ ਹਨ ਕਿ ਪੰਜਾਬ 'ਚ ਜੋ ਵੀ ਸੰਕਟ ਪੈਦਾ ਹੋਇਆ ਉਹਦੇ ਲਈ ਜ਼ਿੰਮੇਵਾਰ ਕਾਂਗਰਸ ਪਾਰਟੀ ਦੀ ਕੇਂਦਰੀਕਰਨ ਵਾਲੀ ਨੀਤੀ ਹੈ, ਜਿਸ ਦੀ ਤਹਿ 'ਚ ਹਿੰਦੁਤਵੀ/ਬ੍ਰਾਹਮਣੀ ਅਵਚੇਤਨ ਹੈ। ਇਸ ਵਿਚਾਰਧਾਰਾ 'ਤੇ ਹੀ ਇਹਦਾ ਨੇਸ਼ਨ ਸਟੇਟ ਦਾ ਤਸੱਵਰ ਉੱਸਰਿਆ ਹੋਇਆ ਹੈ। ਇਹ ਗੱਲ ਖੱਬਿਆਂ ਨੇ ਨਹੀਂ ਸਮਝੀ। ਜੇ ਸਮਝੀ ਤਾਂ ਕੋਈ ਪੋਜ਼ੀਸ਼ਨ ਨਹੀਂ ਲਈ। ਪੰਜਾਬ 'ਚ ਖਾੜਕੂਵਾਦ ਕਾਂਗਰਸ ਦੀਆਂ ਨੀਤੀਆਂ ਦਾ ਪ੍ਰਤਿ-ਉੱਤਰ ਬਣ ਗਿਆ। ਸਿਆਸਤ ਦੀ ਹਿੰਸਾ ਨੇ ਬੰਦੂਕ ਦੀ ਪ੍ਰਤਿਹਿੰਸਾ ਪੈਦਾ ਕਰ ਦਿੱਤੀ, ਤੇ ਬਲਦੀ ਦੇ ਬੁੱਥੇ 'ਤੇ ਪੰਜਾਬ ਤੇ ਇਸ ਭੂਖੰਡ ਦੇ ਹੱਕ 'ਚ ਭੁਗਤਨ ਵਾਲਾ ਬੰਦਾ ਆ ਗਿਆ। 

ਪੰਜਾਬ ਸੰਕਟ ਦਾ ਟ੍ਰੈਕ ਬਦਲ ਲਿਆ। ਮੰਗਾਂ ਪਿਛਾਂਹ ਰਹਿ ਗਈਆਂ, ਸੁਆਲ ਆਤੰਕ ਨਾਲ ਨਿਪਟਣ ਦਾ ਅਗਾਂਹ ਆ ਗਿਆ। ਪੰਜਾਬ ਦੇ ਹੱਕ ਹਮੇਸ਼ਾਂ ਲਈ ਪਸਤ ਹੋ ਗਏ। ਚੰਡੀਗੜ੍ਹ ਖੁੱਸ ਗਿਆ। ਪੰਜਾਬ ਦੀ ਸਥਾਨਿਕਤਾ ਨੂੰ ਮਜ਼ਬੂਤ ਕਰਨ ਦੀਆਂ ਜੁਗਤਾਂ ਗ਼ਾਇਬ ਹੋ ਗਈਆਂ। ਪੰਜਾਬੀ ਭਾਸ਼ਾ ਦੀ ਅਪ੍ਰਸੰਗਿਕਤਾ ਵਧਣੀ ਸ਼ੁਰੂ ਹੋ ਗਈ। ਅਜੀਬ ਗੱਲ ਇਹ ਹੈ ਕਿ ਪੰਜਾਬ ਦਾ ਵਾਲੀ ਵਾਰਿਸ ਸਿਵਾਏ ਅਕਾਲੀਆਂ ਦੇ ਹੋਰ ਕੋਈ ਨਹੀਂ ਸੀ ਦਿਸ ਰਿਹਾ। ਖੱਬੀਆਂ ਧਿਰਾਂ ਸਾਕਾਰਾਤਮਿਕ ਰੋਲ ਅਦਾ ਕਰ ਸਕਦੀਆਂ ਸਨ। ਪਹਿਲਾਂ ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਆਧਾਰ 'ਤੇ ਸੂਬੇ ਦੀ ਮੰਗ ਨਾ ਕੀਤੀ। ਉਹ ਅਕਾਲੀਆਂ ਦਾ ਵਿਰੋਧ ਕਰਨ ਦੀ ਧੁਨ 'ਚ ਪੰਜਾਬ ਬਾਰੇ ਉੱਕਾ ਬੇਫ਼ਿਕਰੇ ਅਤੇ ਅਲਗਰਜ਼ ਹੋ ਗਏ। ਖਾੜਕੂਵਾਦ ਦੌਰਾਨ ਕਾਂਗਰਸ ਤੇ ਪੰਜਾਬ ਦੀ ਮਹਾਸ਼ਾ ਲੌਬੀ ਦੇ ਸੰਗੀ ਸਾਥੀ ਬਣੇ ਦਿੱਸੇ। ਜਦ ਤੱਕ ਨੇਸ਼ਨ ਸਟੇਟ ਨੂੰ ਕਾਇਮ ਰੱਖਣ ਵਾਲੀ ਵਿਚਾਰਧਾਰਾ ਹਿੰਦੂਤਵੀ ਚੜ੍ਹਤ ਦੇ ਅਵਚੇਤਨ ਦੀ ਸ਼ਿਕਾਰ ਰਹਿੰਦੀ ਹੈ ਤਦ ਤੱਕ ਕੋਈ ਨਾ ਕੋਈ ਸੰਕਟ ਪੈਦਾ ਹੁੰਦਾ ਰਹਿਣਾ ਹੈ। ਪ੍ਰਤਿਕਰਮ ਵਜੋਂ ਦੂਜੀਆਂ ਜਾਤੀਆਂ ਦੀ ਰਾਜਨੀਤੀ ਆਕ੍ਰਮਣੀ ਹੋਣ ਦੀ ਸੰਭਾਵਨਾ ਵੱਧਦੀ ਰਹਿਣੀ ਹੈ। ਪੰਜਾਬ ਵਿਚ ਜਦ ਆਰੀਆ ਸਮਾਜ ਦੀ ਨੀਤੀ ਪੰਜਾਬੀ ਭਾਸ਼ਾ/ਸਭਿਆਚਾਰ ਦਾ ਵਿਰੋਧ ਕਰਨ ਦੀ ਰਹੀ ਤਦ ਹੀ ਸਿੱਖ ਰਾਜਨੀਤੀ ਨੇ ਆਕ੍ਰਮਣੀ ਰੂਪ ਧਾਰਣ ਕੀਤਾ। ਅਜਿਹੀ ਸਥਿਤੀ 'ਚ ਪੰਜਾਬੀ ਕੌਮੀਅਤ ਦਾ ਸੁਆਲ ਅਪ੍ਰਸੰਗਿਕ ਹੋ ਗਿਆ। ਸਿੱਖ ਪਛਾਣ ਦਾ ਸੁਆਲ ਪੰਜਾਬੀ ਕੌਮੀਅਤ ਦਾ ਵਿਕਲਪ ਬਣ ਗਿਆ। 


ਕਾਮਰੇਡ ਇਸ ਸਥਿਤੀ ਦੀ ਤੈਹ ਵਿਚ ਜਾਣ ਤੋਂ ਇਨਕਾਰ ਕਰਦੇ ਰਹੇ, ਤੇ ਘੜੇ ਘੜਾਏ ਨੁਸਖ਼ੇ ਅਨੁਸਾਰ ਕਾਂਗਰਸ ਨੂੰ ਅਕਾਲੀਆਂ ਦੇ ਮੁਕਾਬਲੇ 'ਸੈਕੁਲਰ' ਸਮਝਦੇ ਰਹੇ। ਨਤੀਜਾ : ਪੰਜਾਬ ਦੀਆਂ ਆਰਥਿਕ ਤੇ ਸਭਿਆਚਾਰਕ ਮੰਗਾਂ ਦਾ ਮਾਮਲਾ ਸਿੱਖ ਪਛਾਣ ਦੀ ਆਕ੍ਰਮਣੀ ਰਾਜਨੀਤੀ ਦੀ ਜੱਦ ਵਿਚ ਰਿਹਾ। ਕੁਝ ਇਕ ਕਮਿਊਨਿਸਟ ਨੇਤਾ, ਜਿਨ੍ਹਾਂ ਵਿਚ ਹਰਕਿਸ਼ਨ ਸਿੰਘ ਸੁਰਜੀਤ ਪ੍ਰਮੁੱਖ ਸੀ, ਵਾਪਰ ਰਹੀ ਸਿਆਸੀ ਖੇਡ ਵਿਚ, ball picker ਦਾ ਕਾਰਜ ਹੀ ਨਿਭਾਂਦੇ ਰਹੇ। ਪੰਜਾਬ ਦੀ ਸਥਾਨਿਕਤਾ ਨੂੰ ਮਜ਼ਬੂਤ ਕਰਨ ਵਾਲੀਆਂ ਇਕਾਈਆਂ ਉਨ੍ਹਾਂ ਦੇ ਕਾਰਜ-ਏਜੰਡੇ ਤੋਂ ਦੂਰ ਰਹੀਆਂ। ਉਹ ਇਨ੍ਹਾਂ ਨੂੰ ਆਧੁਨਿਕ ਅਤੇ ਖੱਬੇਪਖੀ ਰੂਪ ਦੇ ਸਕਦੇ ਸਨ। ਇਸ ਨਾਅਹਿਲੀ ਕਰਕੇ ਪੰਜਾਬ ਨਾਲ ਜੁੜੇ ਮਸਲੇ, ਤੇ ਸੱਤਾ ਦੇ ਵਿਕੇਂਦਰੀਕਰਨ ਦਾ ਸੁਆਲ ਆਦਿ, ਅਕਾਲੀਆਂ ਦੇ ਸਿਆਸੀ ਖੇਮੇ 'ਚ ਪਏ ਰਹੇ। ਅਕਾਲੀਆਂ ਲਈ (Idea of Punjab) 'ਪੰਜਾਬ ਦਾ ਤਸੱਵਰ' ਸਿੱਖ ਪਛਾਣ ਦੀ ਸਿਆਸਤ ਥਾਣੀਂ ਹੋ ਕੇ ਗੁਜ਼ਰ ਸਕਦਾ ਸੀ। ਉਹ ਪੰਜਾਬੀ ਭਾਸ਼ਾ ਦੇ ਹੱਕ ਵਿਚ ਕੁਝ ਨਾ ਕਰ ਸਕੇ। ਚੰਡੀਗੜ੍ਹ ਵੀ ਹੱਥੋਂ ਗੰਵਾ ਲਿਆ। ਖੱਬੀ ਧਿਰ ਵਲੋਂ ਚੰਡੀਗੜ੍ਹ ਦੇ ਖੁਸ ਜਾਣ ਦਾ ਖਾਸ ਵਿਰੋਧ ਨਾ ਹੋਇਆ। ਇਸ ਸਥਿਤੀ ਨੇ ਹੀ ਸਿੱਖ ਮਿਲੀਟੈਂਸੀ ਨੂੰ ਪੈਦਾ ਕੀਤਾ। ਕਾਂਗਰਸ ਤੈਹ-ਦਿਲੋਂ ਇਹੀ ਚਾਹੁੰਦੀ ਸੀ। ਹੁਣ ਇਹ ਪੰਜਾਬ ਸੰਕਟ ਨੂੰ ਦੇਸ਼ ਏਕਤਾ ਦੇ ਨਾਂ 'ਤੇ ਨਜਿੱਠ ਸਕਦੀ ਸੀ। 


ਕੁੱਲ ਮਿਲਾ ਕੇ ਅੱਜ ਸੁਆਲ ਪੰਜਾਬ ਦੇ ਭਵਿੱਖ ਦਾ ਹੈ। ਇਸ ਪ੍ਰਸੰਗ ਵਿਚ ਸਿੱਖ ਪਛਾਣ ਦੀ ਸਿਆਸਤ Sikh identity politics ਪਿੱਛਲ-ਮੂੰਹੀ, ਘਟਾਓਵਾਦੀ ਤੇ ਆਪਾ-ਮਾਰੂ ਹੈ। ਇਹ ਸਮਾਂ ਵਿਹਾਜ ਚੁੱਕੀ ਸਿਆਸਤ ਹੈ। ਇਹ ਹਿੰਦੂਤਵੀ ਸਿਆਸੀ ਅਵਚੇਤਨ ਦਾ ਪ੍ਰਤਿਕਰਮ ਜ਼ਰੂਰ ਹੈ, ਜਿਸ ਨੇ ਪਹਿਲਾਂ ਹੀ ਬਖੇੜੇ ਪੈਦਾ ਕੀਤੇ ਹੋਏ ਹਨ। ਕਿਸੇ ਵੀ ਭੂਖੰਡ ਵਿਚ ਧਰਮ-ਅਧਾਰਿਤ ਰਾਜਨੀਤੀ ਕਾਰਗਰ ਸਿੱਧ ਨਹੀਂ ਹੋ ਸਕਦੀ। ਵੈਸੇ ਵੀ, ਵਿਸ਼ਵੀਕਰਨ ਦੇ ਯੁੱਗ 'ਚ, ਆਰਥਿਕਤਾ+ਸਿਆਸਤ ਦਾ ਟ੍ਰੈਕ ਬਦਲ ਚੁੱਕਾ ਹੈ। ਪੰਜਾਬ 'ਚ ਹੋਰ ਤਰ੍ਹਾਂ ਦੇ ਸੰਕਟ ਉਤਪੰਨ ਹੋ ਚੁੱਕੇ ਹਨ। ਸਿੱਖਾਂ ਦਾ ਪੰਜਾਬ ਤੋਂ ਬਾਹਰ ਤੇ ਬਦੇਸ਼ਾਂ 'ਚ ਫੈਲਾਅ ਇਸ ਕਦਰ ਹੋ ਚੁੱਕਾ ਹੈ ਕਿ ਸਿੱਖ ਪਛਾਣ ਦੀਆਂ ਇਕਾਈਆਂ ਸਰਵ-ਆਕਾਰੀ ਨਹੀਂ ਰਹਿ ਸਕਦੀਆਂ। ਪੰਜਾਬ 'ਚ ਬੈਠਾ ਸਿੱਖ ਜਿਸ ਢੰਗ ਨਾਲ ਸੋਚਦਾ ਹੈ, ਦਿੱਲੀ ਜਾਂ ਹੋਰ ਸ਼ਹਿਰਾਂ 'ਚ ਬੈਠਾ ਸਿੱਖ ਓਦਾਂ ਨਹੀਂ ਸੋਚਦਾ। 1984 ਵੇਲੇ ਬਦੇਸ਼ਾਂ 'ਚ ਹੋਏ ਸਿੱਖ ਪ੍ਰਤਿਕਰਮ ਤੋਂ ਬਾਅਦ ਸਥਿਤੀ ਉੱਥੇ ਚੋਖੀ ਬਦਲ ਚੁੱਕੀ ਹੈ। ਜਦੋਂ ਬਦੇਸ਼ਾਂ 'ਚ ਸਿੱਖ 'ਖਾਲਿਸਤਾਨ' ਦੀ ਗੱਲ ਕਰਦੇ ਤਾਂ ਉਹ ਆਪਣੇ ਬੇਘਰੇਪਣ, ਬੇਗ਼ਾਨਗੀ ਤੇ ਪੰਜਾਬ ਤੋਂ ਟੁੱਟੇ ਹੋਣ ਦੀ ਦੋਸ਼-ਭਾਵਨਾ ਨੂੰ ਵੱਧ ਪ੍ਰਗਟ ਕਰਦੇ। ਉਨ੍ਹਾਂ ਦੀ imaginary homeland ਦੀ ਜੋ ਇੱਛਾ ਸੀ ਉਹ ਇਕ ਦੋ ਪੁਸ਼ਤਾਂ ਬਾਅਦ ਗ਼ਾਇਬ ਹੁੰਦੀ ਦਿਸ ਰਹੀ ਹੈ। ਮੈਨੂੰ ਸਾਊਥਾਲ 'ਚ ਅੱਸੀ ਸਾਲ ਦਾ ਉਹ ਬਜ਼ੁਰਗ ਯਾਦ ਆਉਂਦਾ ਜੋ ਬਲੂ ਸਟਾਰ ਤੋਂ ਬਾਅਦ ਗੁਰਦੁਆਰੇ ਦੇ ਬਾਹਰ ਖੜ ਕੇ ਅੱਖਾਂ ਲਾਲ ਕਰੀ ਲਲਕਾਰੇ ਮਾਰ ਕਹਿ ਰਿਹਾ ਸੀ। ਅਨੰਤ ਗੁਬਾਰ ਲਈ ਉਹਨੂੰ ਨਿਕਾਸ ਮਿਲ ਰਿਹਾ ਸੀ। ਉਹ ਕਹੀ ਜਾ ਰਿਹਾ ਸੀ ਅੰਮ੍ਰਿਤਸਰ 'ਚ ਜਾ ਕੇ ਸ਼ਹੀਦੀ ਪਾਉਣੀ ਹੈ। ਜੂਨ 1984 ਦਾ ਤੀਜਾ ਐਤਵਾਰ ਸੀ ਉਹ ਦਿਨ। ਗੁਰਦੁਆਰੇ ਅੰਦਰ ਕੈਨੇਡਾ ਤੋਂ ਆਇਆ ਕੋਈ ਪ੍ਰੋਫੈਸਰ ਦਇਆ ਸਿੰਘ ਖਾੜਕੂ ਭਾਸ਼ਣ ਦੇ ਰਿਹਾ ਸੀ। ਪ੍ਰੋਫੈਸਰ ਦਇਆ ਸਿੰਘ ਅੱਜ ਕਿੱਥੇ ਹੈ? ਸ਼ਹੀਦ ਹੋਣ ਲਈ ਲਲਕਾਰੇ ਮਾਰਦਾ ਬੁੜਾ ਕਿੱਥੇ ਹੈ? 


1984 ਤੋਂ ਬਾਅਦ ਮੈਂ ਚਾਰ ਵੇਰ ਇੰਗਲੈਂਡ ਗਿਆ। ਹਰ ਵੇਰ ਸਾਊਥਾਲ ਘੁੰਮਦਾ ਰਿਹਾ, ਉੱਥੋਂ ਦੇ ਲੋਕਾਂ ਨੂੰ ਦੇਖਦਾ/ਸੁਣਦਾ ਰਿਹਾ। ਸਥਿਤੀ ਬੜੀ ਤੇਜ਼ੀ ਨਾਲ ਬਦਲ ਰਹੀ ਸੀ। ਸਾਊਥਾਲ ਦਾ ਨਕਸ਼ਾ ਬਦਲਦਾ ਜਾ ਰਿਹਾ ਸੀ। ਹੁਣ ਉੱਥੇ ਪਹਿਲਾਂ ਵਾਲੇ ਸਰੋਕਾਰ ਨਹੀਂ ਰਹੇ, ਰਹਿ ਵੀ ਨਹੀਂ ਸੀ ਸਕਦੇ। ਪੁਰਾਣੀਆਂ ਪੁਸ਼ਤਾਂ ਤੁਰ ਗਈਆਂ। ਅੱਜ ਪੰਜਾਬੀ ਸਾਊਥਾਲ 'ਚੋਂ ਨਿਕਲ ਰਹੇ ਹਨ, ਏਸ਼ੀਆ ਅਫਰੀਕਾ ਦੇ ਹੋਰ ਦੇਸਾਂ 'ਚੋਂ ਲੋਕ ਟਿਕਣੇ ਸ਼ੁਰੂ ਹੋ ਗਏ ਹਨ। ਨਵੀ ਪੁਸ਼ਤ ਦਿਨ ਰਾਤ ਕੰਮਾਂ 'ਚ ਵਿਅਸਤ ਹੈ। ਉਹ ਪੰਜਾਬ ਬਾਰੇ ਨਹੀਂ ਸੋਚਦੀ, ਵਲੈਤ 'ਚ ਆਪਣੇ ਵਰਤਮਾਨ ਤੇ ਅਗੇ ਬਾਰੇ ਸੋਚਦੀ ਹੈ। ਪੰਜਾਬ 'ਚ ਗੇੜਾ ਵੀ ਨਹੀਂ ਮਾਰਨਾ ਚਾਹੁੰਦੀ। 


ਅੱਜ-ਕੱਲ੍ਹ ਸਾਊਥਾਲ 'ਚ ਪੰਜਾਬ ਤੋਂ ਜਾਅਲੀ ਆਵਾਸੀ, ਜੋ ਯੂਨੀਵਰਸਟੀ 'ਚ ਪੜ੍ਹਨ ਦੇ ਵੀਜ਼ੇ 'ਤੇ ਗਏ ਤੇ ਗ਼ਾਇਬ ਹੋ ਗਏ, ਰੁਲਦੇ ਫਿਰਦੇ ਹਨ। ਦਿਨੇ ਗੁਰਦੁਆਰੇ 'ਚ ਲੰਗਰ ਛੱਕਦੇ ਹਨ ਤੇ ਰਾਤ ਪਾਰਕਾਂ 'ਚ ਜਾਂ ਆਪਣੇ ਲੋਕਾਂ ਦੇ ਘਰਾਂ ਦੇ ਪਿਛਵਾੜ ਜਾ ਸੌਂਦੇ ਹਨ। ਉਨ੍ਹਾਂ ਨੂੰ ਹਿਕਾਰਤ ਨਾਲ 'ਫੌਜੀ' (ਯਾਨੀਕਿ ਫੋਰਜਡ ਪੇਪਰਾਂ ਵਾਲੇ) ਕਿਹਾ ਜਾਂਦਾ। ਇਹ 'ਫੌਜੀ' ਪੰਜਾਬ ਦੇ ਨਵੇਂ ਸੰਕਟ ਨੂੰ ਪ੍ਰਗਟ ਕਰਦੇ ਹਨ। ਸੰਕਟ ਇਹ ਕਿ ਏਥੇ ਪਿੰਡਾਂ ਦਾ ਯੂਥ ਆਪਣੇ ਪੱਛੜੇ ਮਾਈਕ੍ਰੋ ਸੰਸਾਰ 'ਚ ਘੁਟਣ ਮਹਿਸੂਸ ਕਰ ਰਿਹਾ ਹੈ। ਉਹ ਸਿਆਸੀ ਬੰਦਿਆਂ ਦੀ ਕੁਰੱਪਸ਼ਨ ਤੇ ਬੇਰੁਜ਼ਗਾਰੀ ਤੋਂ ਏਨਾ ਹਤਾਸ਼ ਹੈ ਕਿ ਆਪਣੀ ਭੋਇ ਤੋਂ ਉੱਕਾ ਨਿਰਾਸ਼ ਹੋ ਚੁੱਕਾ ਹੈ। ਗਰੀਬੀ ਦੇ ਤਸ਼ੱਦਦ ਦਾ ਸਤਾਇਆ ਉਹ ਇਸ ਭੋਇੰ ਤੋਂ ਉੱਡ ਜਾਣਾ ਚਾਹੁੰਦਾ ਹੈ ਜਿਵੇਂ ਨੰਦ ਲਾਲ ਨੂਰਪੁਰੀ ਦਾ ਗੀਤ ਹੈ : 'ਏਥੋਂ ਉੱਡ ਜਾ ਭੋਲੇ ਪੰਛੀਆ, ਤੂੰ ਆਪਣੀ ਜਾਨ ਬਚਾ...।'' ਅਜਿਹੀ ਸਥਿਤੀ ਵਿਚ ਕਾਹਦੀ ਧਾਰਮਿਕ ਪਛਾਣ ਤੇ ਕਾਹਦਾ ਗੌਰਵ ਸੰਭਵ ਹੋ ਸਕਦਾ ਹੈ?


ਅੱਜ ਪੰਜਾਬ ਅੱਤ ਗੰਭੀਰ ਸੰਕਟ 'ਚੋਂ ਗੁਜ਼ਰ ਰਿਹਾ ਹੈ। ਇਹਦਾ ਵਜੂਦ ਖਤਰੇ 'ਚ ਹੈ। ਇਹਦੀ ਭਾਸ਼ਾ/ਸਾਹਿਤ ਤੇ ਸਭਿਆਚਾਰ ਫੌਤ ਹੋਣ ਦੇ ਰਾਹੇ ਪਏ ਹੋਏ ਹਨ। ਏਥੋਂ ਦੀ ਬੌਧਿਕਤਾ ਦਾ ਨਾਤਾ ਪੰਜਾਬ ਨਾਲ ਨਹੀਂ ਹੈ। ਪੰਜਾਬ-ਕੇਂਦਰਿਤ ਬੌਧਿਕ ਪਰੰਪਰਾ ਜੇ ਕਿਤੇ ਹੈ ਤਾਂ ਉਹ ਪੰਜਾਬੀ 'ਚ ਲਿਖਣ ਤੋਂ ਇਨਕਾਰੀ ਹੈ। ਪੰਜਾਬੀ ਸਾਹਿਤਕਾਰੀ ਭਾਵੁਕਤਾ ਦੁਆਲੇ ਕਾਇਮ ਹੈ। ਲੇਖਕ-ਜਨ ਅਕਾਦਮੀਆਂ/ਸਰਕਾਰੀ ਅਦਾਰਿਆਂ ਤੋਂ ਫ਼ਾਇਦੇ ਉਗ੍ਰਾਹੁਣ 'ਚ ਰੁੱਝੇ ਹੋਏ ਹਨ। 


ਅਲਪ-ਬੁੱਧ ਲੁੰਪਨੀ ਬੰਦੇ ਅਕਾਦਮੀਆਂ 'ਤੇ ਕਾਬਜ਼ ਹੋ ਰਹੇ ਹਨ। ਪੰਜਾਬੀ ਅਧਿਆਪਨ ਉਨ੍ਹਾਂ ਦੇ ਜ਼ਿੰਮੇ ਹੈ ਜਿਨ੍ਹਾਂ ਨੂੰ ਸੀਮਤ ਸੰਸਾਰ ਤੋਂ ਅਗਾਂਹ ਦੇਖਣ ਦੀ ਤਾਂਘ ਨਹੀਂ ਹੈ। ਪੰਜਾਬੀ ਪਤਰਕਾਰੀ ਖੜੋਤ ਦੀ ਸ਼ਿਕਾਰ ਹੈ। ਸਿਖਰ ਦੀ ਇਸ ਘਟਾਓ ਵਾਲੀ ਸਥਿਤੀ ਵਿਸ਼ਵੀਕਰਨ ਦੀ ਸੁਨਾਮੀ ਦਾ ਕਿਵੇਂ ਮੁਕਾਬਲਾ ਕਰ ਸਕਦੀ ਹੈ? ਇਸ ਸਥਿਤੀ ਦਾ ਜੁਆਬ ਸਿੱਖ ਪਛਾਣ ਦੀ ਰਾਜਨੀਤੀ ਕੋਲ ਵੀ ਕੀ ਹੈ? ਦੂਜੇ ਪਾਸੇ, ਵਿਸ਼ਵੀਕਰਨ ਨੇ ਸਿਆਸਤ ਦੀ ਬਣਤ (morphology) ਹੀ ਨਹੀਂ ਤਬਦੀਲ ਕੀਤੀ, ਮਨੁੱਖ ਨੂੰ ਵੀ ਬਦਲ ਕੇ ਰੱਖ ਦਿੱਤਾ ਹੈ। ਕਾਰਪੋਰੇਸ਼ਨਾਂ ਦਾ ਫੈਲਾਅ ਵਿਸ਼ਵ ਦੇ ਹਰ ਕੋਨੇ 'ਚ ਹੋ ਰਿਹਾ ਹੈ। ਇਹ ਕਾਰਪੋਰੇਸ਼ਨਾਂ ਏਨੀਆਂ ਸੱਤਾਧਾਰੀ ਹੋ ਚੁੱਕੀਆਂ ਕਿ ਇਹਨਾਂ ਨੇ ਪਾਰਗਾਮੀ 'ਹੁਕਮ' ਦਾ ਦਰਜਾ ਅਖਤਿਆਰ ਕਰ ਲਿਆ ਹੈ। ਇਨ੍ਹਾਂ ਦੀ ਸਿਆਸਤ ਕਿਸੇ ਭੂਮੀ ਦੀ ਸਥਾਨਿਕਤਾ ਨੂੰ ਤੋੜਨ ਦੇ ਯਤਨਾਂ ਨੂੰ 'ਸੁਧਾਰ' (reforms) ਕਹਿੰਦੀ ਹੈ। 


ਸਾਡੇ ਦੇਸ਼, ਸਮੇਤ ਪੰਜਾਬ ਦੇ, ਵਿਦਿਆ ਪ੍ਰਣਾਲੀ ਕਾਰਪੋਰੇਸ਼ਨਾਂ ਦੀਆਂ ਲੋੜਾਂ ਪੂਰੀਆਂ ਕਰਨ ਵਲ ਸੇਧਿਤ ਹੈ। ਦੇਸ਼/ਕੌਮ ਦੀ ਤਕਦੀਰ ਦਾ ਫੈਸਲਾ ਕਰਨ ਲਈ ਮਨੁੱਖ ਦੀ ਮੀਡੀਏਸ਼ਨ ਪ੍ਰਾਪਤ ਨਹੀਂ ਹੈ। ਮਨੁੱਖ ਦਾ 'ਹੋਣਾ' ਤੇ ਇਸ ਹੋਣੇ ਦੀ ਸ਼ੈਲੀ, ਵਿਸ਼ਵ ਆਰਥਿਕਤਾ ਦੇ ਠੋਸੇ 'ਸੁਧਾਰਾਂ' ਦੀ ਅਨੁਸਾਰੀ ਹੋ ਚੁੱਕੀ ਹੈ। ਅਜਿਹੀ ਸਥਿਤੀ 'ਚ ਬੰਦਾ ਰੋਬੋਟ ਵਾਂਗ ਕੰਮ ਕਰਦਾ ਹੈ। ਉਹ ਰੋਬੋਟ ਵਾਂਗ ਮੋਬਾਈਲ ਫੋਨ ਤੇ ਟੈਲੀਵਿਯਨ ਦਾ ਬੰਦੀ ਬਣਦਾ ਹੈ। ਰੋਬੋਟ ਵਾਂਗ ਪਿਆਰ ਤੇ ਸੈਕਸ ਕਰਦਾ ਹੈ। ਅਜਿਹੇ ਬੰਦੇ ਲਈ ਇਤਿਹਾਸ ਮਾਅਨੇ ਨਹੀਂ ਰੱਖਦਾ। ਉਹ ਆਪਣੀ ਹੋਣੀ ਬਾਰੇ ਚੇਤੰਨ ਨਹੀਂ ਰਹਿੰਦਾ। ਇਰਦ ਗਿਰਦ ਜੋ ਵਾਪਰਦਾ ਉਹਨੂੰ ਸੂਤਰਬੱਧ ਨਹੀਂ ਕਰ ਸਕਦਾ। ਇਹ ਕੰਮ ਉਹਦੇ ਲਈ ਮੀਡੀਆ ਕਰਦਾ ਤੇ ਮੀਡੀਆ ਕਾਰਪੋਰੇਸ਼ਨਾਂ ਦੀ ਤੂਤਨੀ ਵਜਾਂਦਾ ਹੈ। ਚੇਤਨਾ-ਵਿਹੂਣੀ ਸਥਿਤੀ 'ਚ ਨਰਿੰਦਰ ਮੋਦੀ ਵਰਗੇ ਨੇਤਾ ਦੀ ਚੜ੍ਹਤ ਹੋਣੀ ਤੈਅ ਹੈ। ਕਾਰਪੋਰਟਰੀ ਫਾਸ਼ੀਵਾਦ ਤੇ ਹਿੰਦੂਤਵੀ ਫਾਸ਼ੀਵਾਦ ਦਾ ਸੁਮੇਲ ਆਉਂਦੇ ਸਮੇਂ 'ਚ ਹੋਇਆ ਦਿਖਾਈ ਦੇਵੇਗਾ। 


ਅੱਜ 'ਹਿੰਦੂਤਵ' ਦੀ ਵਿਚਾਰਧਾਰਾ ਸੁਪਰ-ਸਟੇਟ ਦਾ ਰੋਲ ਅਦਾ ਕਰਦੀ ਦਿਖ ਰਹੀ ਹੈ। ਇਹ ਸਿਆਸਤ ਅਤੇ ਆਰਥਿਕਤਾ ਦਾ ਅੱਤਵਾਦ ਹੈ। 


ਸੁਆਲ ਹੈ : ਇਸ ਅੱਤਵਾਦ ਵਿਚ ਪੰਜਾਬ ਦਾ ਭਵਿੱਖ ਕੀ ਹੈ ਜਦ ਕਿ ਇਹਦੀ ਸਥਾਨਿਕਤਾ ਉੱਜੜ ਰਹੀ ਹੈ ਤੇ ਏਥੋਂ ਦੀ ਭਾਸ਼ਾ ਤੇ ਸਾਹਿਤਕਾਰੀ ਫੌਤ ਹੋਣ ਵਲ ਵੱਧ ਰਹੀ ਹੈ ਤੇ ਯੁਵਕ ਏਥੋਂ ਉੱਡ ਜਾਣਾ ਚਾਹੁੰਦਾ ਹੈ? ਅਜਿਹੀ ਸਥਿਤੀ ਵਿਚ ਖੱਬੀਆਂ ਧਿਰਾਂ ਦਾ ਵੀ ਕੀ ਭਵਿੱਖ ਹੈ? 


ਗੁਰਬਚਨ,ਸੰਪਾਦਕ ਫਿਲਹਾਲ

ਮੌਬਾਇਲ: 98725-06926

3 comments:

  1. ਭਾਰਤੀ ਨੇਸ਼ਨ-ਸਟੇਟ ਦੇ ਦਾਹਵੇਂ ਦੇ ਸੰਦਰਭ ਵਿਚ ਕਮਿਉਨਿਸਟਾਂ ਦੀ ਰਾਜਨੀਤੀ ਦਾ ਗਹਿਰ-ਗੰਭੀਰ ਮੁਲਾਂਕਣ ਕਰਦਾ ਜਸਪਾਲ ਸਿੰਘ ਦਾ ਲੇਖ ਇਕ ਆਹਲਾ ਦਰਜੇ ਦੀ ਰਚਨਾ ਹੈ । ਏਸ ਰਚਨਾ ਦੇ ਪਿਛੋਕੜ 'ਚ ਵਿਸ਼ਾਲ ਅਧਿਐਨ ਤੇ ਤੀਖਣ ਰਾਜਸੀ ਸੂਝ-ਬੂਝ ਕਾਰਜਸ਼ੀਲ ਹੈ । ਇਹ ਸਿਧਾਂਤਕ ਰਚਨਾ ਕਾਮਰੇਡ ਲੇਖਕਾਂ ਲਈ ਬੌਧਿਕ ਵੰਗਾਰ ਹੈ , ਹੁਣ ਕਾਮਰੇਡ 'ਵਿਦਵਾਨ' ਕੀ ਜਵਾਬ ਦਿੰਦੇ ਹਨ ਇਹ ਵੇਖਣਾ ਬਹੁਤ ਦਿਲਚਸਪ ਹੋਵੇਗਾ ।

    ਗੁਰਬਚਨ ਨੇ ਆਪਣੇ ਲੇਖ ਵਿਚ ਕਾਮਰੇਡ ਸਿਆਸਤ ਦਾ ਕਾਫੀ ਹੱਦ ਤੱਕ ਠੀਕ ਵਿਸ਼ਲੇਸ਼ਣ ਕੀਤਾ ਹੈ, ਪਰ ਆਪਣੀ ਆਧੁਨਿਕਵਾਦ ਪ੍ਰਤੀ ਉਲਾਰ ਪਹੁੰਚ ਕਾਰਨ ਰਾਸ਼ਟਰਵਾਦ ਦੇ ਸੰਕਲਪ ਨੂੰ ਸਮਝਣ ਵਿਚ ਉਕਾਈ ਕਰਦਾ ਹੈ । ਗੁਰਬਚਨ ਭਾਰਤੀ ਨੇਸ਼ਨ ਨੁੰ ਸਕਾਰ ਵਾਸਤਵਿਕਤਾ ਦੱਸਦਿਆਂ ਇਸ ਤੱਥ ਨੂੰ ਉਕਾ ਹੀ ਅੱਖੋ-ਪਾਰੋਖੇ ਕਰ ਦਿੰਦਾ ਹੈ ਕਿ ਭਾਰਤੀ ਨੇਸ਼ਨ ਸਟੇਟ ਦੇ ਦਾਹਵੇਂ ਨੂੰ ਅੰਦਰੂਨੀ ਤੌਰ 'ਤੇ ਹੀ (ਸਿੱਖ , ਕਸ਼ਮੀਰੀ , ਨਾਂਗੇ ਤੇ ਤਾਮਿਲ ) ਗੰਭੀਰ ਚਣੋਤੀ ਦਾ ਸਾਹਮਣਾ ਕਰਨ ਪੈ ਰਿਹਾ ਹੈ । ਭਾਰਤੀ ਨੇਸ਼ਨ-ਸਟੇਟ ਦਾ ਤਸੱਵਰ ਇਕ ਮਿੱਥ ਹੈ ਜੋ ਬਹੁਤ ਕਮਜੋਰ ਹੋਣ ਕਰਕੇ ਲੜਖੜਾ ਰਿਹਾ ਹੈ । ਭਾਰਤੀ ਨੇਸ਼ਨ ਸਟੇਟ ਵਿਚ ਪੈਦਾ ਹੋ ਰਹੇ ਇਸ ਸੰਕਟ ਨੂੰ ਗੁਰਬਚਨ ਮਹਿਜ ਬ੍ਰਾਹਮਣੀ ਵਿਚਾਰਧਾਰਾ ਦੀ ਪੈਦਾਵਾਰ ਮੰਨਦਾ ਹੈ , ਇਸ ਤੱਥ ਨੂੰ ਵੀ ਸਵੀਕਾਰ ਕਰਦਾ ਹੈ ਕਿ ਕਿਸੇ ਇਕ ਭਾਸ਼ਾ,ਧਰਮ ਦੀ ਹੈਜਮਨੀ ਪ੍ਰਵਾਨ ਨਹੀਂ ਹੋ ਸਕਦੀ ਹੈ । ਪਰ ਉਹ ਆਪਣੇ ਵੱਲੋ ਵਿਕਲਪ ਦੇ ਤੌਰ 'ਤੇ ਪੇਸ਼ ਕੀਤੇ ਜਾ ਰਹੇ ਸੈਕੂਲਰ ਰਾਸ਼ਟਰਵਾਦ ਦੇ ਸਿਧਾਂਤਕ ਅਧਾਰ 'ਤੇ ਕੋਈ ਰੋਸ਼ਨੀ ਨਹੀਂ ਪਾਉਦਾ ਨਾਹੀ ਇਹ ਦੱਸਦਾ ਕਿ ਸੈਕੁਲਰ ਵਿਚਾਰਧਾਰਾ ਦੀ ਹੈਜਮਨੀ ਕਿਵੇਂ ਸਵੀਕਾਰ ਕਰਨ ਯੋਗ ਹੈ ??

    Ravinder Singh

    ReplyDelete
  2. ਗੁਰਬਚਨ ਦੇ ਲੇਖ ਦਾ ਜਵਾਬ ਜੋ ਿਕ ਗੁਲਾਮ ਕਲਮ ਵੱਲੋਂ ਛਾਪਿਅਾ ਨਹੀਂ ਿਗਅਾ: http://www.punjabspectrum.com/2013/05/8395


    Prabhsharandeep Singh

    ReplyDelete
  3. ਗੁਰਬਚਨ ਦੇ ਲੇਖ ਦਾ ਜਵਾਬ ਜੋ ਿਕ ਗੁਲਾਮ ਕਲਮ ਵੱਲੋਂ ਛਾਪਿਅਾ ਨਹੀਂ ਿਗਅਾ: http://www.punjabspectrum.com/2013/05/8395


    Prabhsharandeep Singh

    ReplyDelete