ਦਾਰਸ਼ਨਿਕਤਾ ਲਈ ਪਹਿਲੀ ਲੋੜ ਦਲੇਰ ਤੇ ਅਜ਼ਾਦ ਮਨ ਹੁੰਦੀ ਹੈ

Tuesday, April 30, 2013

ਸਾਡੇ ਸਮਿਆਂ 'ਚ 'ਮਈ ਦਿਹਾੜੇ' ਦੇ ਅਰਥ

ਮਰੀਕਾ ਦੇ ਸ਼ਹਿਰ ਸ਼ਿਕਾਗੋ ਅੰਦਰ 1886 ਵਿਚ ਵਾਪਰੇ ਉਸ ਖੂਨੀ ਸਾਕੇ ਨਾਲ ਜੁੜੇ ਹੋਏ ਸ਼ਾਨਾਮੱਤੇ ਇਤਿਹਾਸ ਦਾ ਨਾਮ ਹੈ ਮਈ ਦਿਵਸ। ਜਦੋਂ ਮਜਦੂਰਾਂ ਕੰਮ ਦੀ ਦਿਹਾੜੀ ਦੇ ਘੰਟੇ ਨਿਰਧਾਰਤ ਕਰਨ ਤੇ ਹੋਰ ਨਿੱਕੀਆਂ ਨਿੱਕੀਆਂ ਮੰਗਾਂ ਲਈ ਪੁਰਅਮਨ ਮੁਜ਼ਾਹਰਾ ਕਰ ਰਹੇ ਸਨ ਤਾਂ ਮੁਜ਼ਾਹਰਾ ਕਾਰੀਆਂ ਉੱਪਰ ਮਿੱਲ ਮਾਲਕਾਂ ਦੀ ਰਖੇਲ ਪੁਲਸ ਦੀਆਂ ਗੋਲੀਆਂ ਦਾ ਮੀਂਹ ਵਰ੍ਹਾਇਆ ਗਿਆ ਸੀ। ਜਿਸ ਵਿਚ ਅਨੇਕਾਂ ਮਜ਼ਦੂਰਾਂ ਸ਼ਹੀਦ ਹੋ ਗਏ। ਗੱਲ ਇੱਥੇ ਹੀ ਖਤਮ ਨਹੀਂ ਹੋਈ ਮਜ਼ਦੂਰ ਆਗੂਆਂ ਉਪਰ ਝੂਠੇ ਕੇਸ ਬਣਾਕੇ ਇਸ ਅੰਦੋਲਨ ਦੇ ਚਾਰ ਆਗੂ ਫਾਂਸੀ ਚਾੜ੍ਹ ਦਿੱਤੇ ਗਏੇ। ਇਹ ਉਹ ਇਤਿਹਾਸਕ ਦਿਨ ਸੀ ਜਦੋਂ ਸ਼ਿਕਾਗੋ ਦੀ ਧਰਤੀ ਉਤੇ ਡੁੱਲ੍ਹੇ ਖ਼ੂਨ ਸਦਕਾ ਮਜ਼ਦੂਰ ਜਮਾਤ ਦੀ ਅਗਵਾਈ ਕਰ ਰਿਹਾ ਚਿੱਟਾ ਝੰਡਾ ਸਦਾ ਸਦਾ ਲਈ ਸੂਹਾ ਹੋ ਗਿਆ।

ਜੇ ਇਤਿਹਾਸ ਦੇ ਝਰੋਖੇ ਉਤੇ ਝਾਤ ਮਾਰੀਏ ਤਾਂ ਪਤਾ ਲਗਦਾ ਹੈ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਜੇਲ੍ਹ ਦੇ ਅੰਦਰ ਖਚਾਖਚ ਭਰੀ ਅਦਾਲਤ ਵਿਚ ਲਾਲ ਝੰਡਾ ਲਹਿਰਾਅ ਕੇ ਇਨਕਲਾਬ ਜਿੰਦਾਬਾਦ ਦੇ ਅਮਰ ਨਾਹਰੇ ਨਾਲ ਇਹ ਮਹਾਨ ਦਿਨ ਮਨਾਇਆ ਸੀ ਤੇ ਆਪਣੇ ਸ਼ਾਨਾਮੱਤੇ ਕਿਰਤੀ ਲਹਿਰ ਦੇ ਇਤਿਹਾਸ ਨੂੰ ਬਰਕਰਾਰ ਰੱਖਣ ਦੀ ਕਸਮ ਖਾਧੀ ਸੀ। ਜਿਸ ਨੂੰ ਦੇਖ ਕੇ ਬਰਤਾਨਵੀ ਹਾਕਮ ਦੰਗ ਰਹਿ ਗਿਆ ਸੀ ਤੇ ਜਿਸ ਦੇ ਬਦਲੇ ਵਿਚ ਭਗਤ ਸਿੰਘ ਤੇ ਸਾਥੀਆਂ ਨੂੰ ਜੱਜ ਦੇ ਸਾਹਮਣੇ ਕੁੱਟਿਆ ਗਿਆ ਸੀ। ਜਿਸ ਮੰਦ ਭਾਗੀ ਘਟਨਾ ਉਪਰ ਜੱਜ ਨੇ ਕੁੱਟਣ ਵਾਲਿਆ 'ਤੇ ਇਤਰਾਜ਼ ਜਾਹਰ ਵੀ ਕੀਤਾ ਸੀ। ਭਾਰਤ ਦੀ ਕਿਰਤੀ ਲਹਿਰ ਕਦੇ ਵੀ ਸੰਸਾਰ ਦੇ ਇਸ ਮਹਾਨ ਦਿਵਸ ਨੂੰ ਮਨਾਉਣ ਤੋਂ ਪਿੱਛੇ ਨਹੀਂ ਰਹੀ।

ਮਈ ਦਿਵਸ ਦੀਆਂ ਇਨਕਲਾਬੀ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਹੋਇਆਂ ਰੂਸ ਅੰਦਰ ਮਜ਼ਦੂਰ ਜਮਾਤ ਦੀ ਅਗਵਾਈ ਵਿਚ 1917 ਵਿਚ ਮਹਾਨ ਅਕਤੂਬਰ ਇਨਕਲਾਬ ਕਾਮਯਾਬ ਹੋਇਆ। ਮਨੁੱਖੀ ਇਤਿਹਾਸ ਦੀ ਇਸ ਮਹਾਨ ਤਬਦੀਲੀ ਰਾਹੀਂ ਮਾਰਕਸਵਾਦ-ਲੈਨਿਨਵਾਦ ਦੀ ਵਿਚਾਰਧਾਰਾ ਨੂੰ ਪ੍ਰਣਾਈ ਹੋਈ ਮਜ਼ਦੂਰ ਜਮਾਤ ਨੇ ਧਰਤੀ ਉਤੇ ਇਕ ਅਜਿਹੀ ਵਿਵਸਥਾ ਦੀ ਕਾਇਮੀ ਕੀਤੀ ਜਿੱਥੇ ਅਮੀਰੀ-ਗਰੀਬੀ ਦੇ ਫਰਕ ਨੂੰ ਮਿਟਾ ਦਿੱਤਾ ਗਿਆ। ਜੇਕਰ 70 ਸਾਲਾਂ ਬਾਅਦ ਸੋਵੀਅਤ ਯੂਨੀਅਨ ਤੇ ਪੂਰਬੀ ਯੂਰਪ ਦੇ ਦੇਸ਼ਾਂ ਅੰਦਰ ਸਮਾਜਵਾਦੀ ਢਾਂਚਾਖੇਰੂੰ ਖੇਰੂੰ ਹੋ ਗਿਆ ਤਾਂ ਇਸ ਦਾ ਇਕ ਕਾਰਨ ਮਈ ਦਿਵਸ ਦੀਆਂ ਇਨਕਲਾਬੀ ਰਵਾਇਤਾਂ ਨੂੰ ਬੇਦਾਵਾ ਦੇਣਾ ਵੀ ਹੈ।


ਜਿਸ ਸਾਮਰਾਜ ਨੂੰ ਆਪਣੀ ਧਰਤੀ ਤੋਂ ਦਫਾ ਕਰਨ ਲਈ ਲੱਖਾਂ ਲੋਕਾਂ ਨੇ ਕੁਰਬਾਨੀਆਂ ਕਰਕੇ ਆਜ਼ਾਦੀ ਹਾਸਲ ਕੀਤੀ, ਅੱਜ ਉਸੇ ਸਾਮਰਾਜ ਨੂੰ ਸਾਡੇ ਹਾਕਮਾਂ ਆਪਣਾ ਅਦਰਸ਼ ਮੰਨੀ ਬੈਠੇ ਹਨ ਜਿਸ ਦੇ ਸਿੱਟੇ ਵਜੋਂ ਅੱਜ ਨਵੀਂ ਕਿਸਮ ਦੀ ਗੁਲਾਮੀ ਦੇ ਬੱਦਲ ਮੰਡਲਾਉਣ ਲੱਗ ਪਏ ਹਨ। ਵਿਸ਼ਵੀਕਰਨ ਦੇ ਉਦਾਰਵਾਦੀ ਦੌਰ ਵਿਚ ਮਜ਼ਦੂਰ ਜਮਾਤ ਦੀਆਂ ਕਠਨਾਈਆਂ ਵੱਧਦੀਆਂ ਹੀ ਜਾ ਰਹੀਆਂ ਹਨ। ਦੇਸ਼ ਦੀ ਸਮੁੱਚੀ ਵੱਸੋਂ ਦਾ 80 ਫੀਸਦੀ ਹਿੱਸਾ ਵਿੱਦਿਆ, ਸਿਹਤ ਸਹੂਲਤਾਂ, ਰਹਿਣ ਯੋਗ ਆਵਾਸ, ਪੀਣ ਯੋਗ ਪਾਣੀ ਆਦਿ ਤੋਂ ਵੀ ਮਹਿਰੂਮ ਹੁੰਦਾ ਜਾ ਰਿਹਾ ਹੈ। ਬੇਰੁਜ਼ਗਾਰਾਂ ਦੀ ਗਿਣਤੀ 20 ਕਰੋੜ ਤੋਂ ਉਪਰ ਪੁੱਜ ਗਈ ਹੈ । ਦੇਸ਼ ਦੀ ਮਜਦੂਰ ਸ਼ਕਤੀ ਨੂੰ ਅੱਜ ਜਾਤਾਂ-ਨਸਲਾਂ ਦੇ ਨਾਮ ਉਪਰ ਵੰਡਿਆ ਜਾ ਰਿਹਾ ਹੈ। ਇਨ੍ਹਾਂ ਸਾਰੀਆਂ ਉਪਰੋਕਤ ਬਿਮਾਰੀਆਂ ਦਾ ਇਲਾਜ ਲੱਭਣ ਵਾਸਤੇ ਮਜ਼ਦੂਰ ਜਮਾਤ ਲਈ ਮਈ ਦਿਵਸ ਇਕ ਢੁਕਵਾਂ ਮੌਕਾ ਹੈ ਕਿ ਮਜਦੂਰ ਆਪਣੇ ਅਹਿਦ ਨੂੰ ਦੁਹਰਾਵੇ ਤੇ ਸੰਘਰਸ਼ਾਂ ਉਪਰ ਟੇਕ ਰੱਖੇ। ਇਸ ਦਾ ਫੈਸਲਾ ਮਜ਼ਦੂਰ ਜਮਾਤ ਨੇ ਕਰਨਾ ਹੈ ਕਿ ਉਸਨੇ ਮੌਜੂਦਾ ਪ੍ਰਬੰਧ ਦੇ ਵਿਰੋਧ ਵਿਚ ਸਮੁੱਚੀਆਂ ਪੀੜਤ ਜਮਾਤਾਂ ਨੂੰ ਇਕਮੁਠ ਕਰਕੇ ਸੰਘਰਸ਼ਾਂ ਦੇ ਮੈਦਾਨ ਵਿਚ ਕਿਵੇਂ ਉਤਰਨਾ ਹੈ?

ਮੁਲਾਜ਼ਮ ਵਰਗ, ਜੋ ਮਜ਼ਦੂਰ ਜਮਾਤ ਦਾ ਹੀ ਇਕ ਅੰਗ ਹੈ, ਆਪਣੀਆਂ ਆਰਥਕ ਤੇ ਜਮਹੂਰੀ ਮੰਗਾਂ ਦੀ ਪ੍ਰਾਪਤੀ ਲਈ ਕਾਫੀ ਸੰਘਰਸ਼ਸ਼ੀਲ ਰਹਿੰਦਾ ਹੈ। ਇਸਦੇ ਸਿੱਟੇ ਵਜੋਂ ਦੇਸ਼ ਪੱਧਰ ਉਤੇ ਮੁਲਾਜ਼ਮ ਲਹਿਰ ਇਕ ਠੋਸ ਸ਼ਕਤੀ ਦੇ ਤੌਰ 'ਤੇ ਉਭਰੀ ਹੈ। ਪ੍ਰੰਤੂ ਲੋੜ ਟਰੇਡ ਯੁਨੀਅਨ ਦੀ ਲੜਈ ਨੂੰ ਸਮਾਜਕ ਲੜਾਈ ਬਣਾਉਣ ਦੀ ਹੈ। ਜ਼ਰੂਰਤ ਇਮਾਨਦਾਰੀ ਤੇ ਤਨਦੇਹੀ ਨਾਲ ਜਨਤਕ ਘੋਲ ਵਿਕਸਤ ਕਰਨ ਦੀ ਹੈ। ਇਸ ਤਰ੍ਹਾਂ ਮਈ ਦਿਵਸ ਨੂੰ ਮਨਾਉਂਦਿਆਂ ਹੋਇਆਂ ਜੇਕਰ ਮਜ਼ਦੂਰ ਜਮਾਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨਾ ਚਾਹੁੰਦੀ ਹੈ, ਤਦ ਇਸਨੂੰ ਮਈ ਦਿਵਸ ਦੀਆਂ ਇਨਕਲਾਬੀ ਰਵਾਇਤਾਂ ਉਤੇ ਪਹਿਰਾ ਦੇਣ ਅਤੇ ਸਮਾਜਕ ਤਬਦੀਲੀ ਲਈ ਉਸਾਰੀ ਜਾ ਰਹੀ ਜੁਗ ਪਲਟਾਊ ਲਹਿਰ ਦੇ ਆਗੂ ਬਣਨ ਦੇ ਯੋਗ ਹੋਣ ਲਈ ਯਤਨਸ਼ੀਲ ਹੋਣਾ ਪਵੇਗਾ। ਇਸਤੋਂ ਬਿਨਾਂ ਸਮਾਜਵਾਦ ਦੀ ਸਥਾਪਨਾ ਦਾ ਸੁਪਨਾ ਵੀ ਨਹੀਂ ਲਿਆ ਜਾ ਸਕਦਾ।



ਉਦਾਰੀਕਰਨ, ਸੰਸਾਰੀਕਰਨ ਤੇ ਨਿੱਜੀਕਰਨ ਦੇ ਨਾਂਅ ਹੇਠ ਇਹਨਾਂ ਨੂੰ ਸ਼੍ਰੀ ਮਨਮੋਹਨ ਸਿੰਘ ਦੀ ਅਗਵਾਈ ਹੇਠ 1991 ਤੋਂ ਪੂਰੀ ਤਰ੍ਹਾਂ ਲਾਗੂ ਕੀਤਾ ਗਿਆ ਸੀ। ਇਹਨਾਂ ਦਾ ਲੋਕਾਂ ਦੀਆਂ ਜੀਵਨ ਹਾਲਤਾਂ ਉਪਰ ਬਹੁਪਰਤੀ ਅਸਰ ਪੈ ਰਿਹਾ ਹੈ। ਇਹਨਾਂ ਨੇ ਕਿਰਤੀ ਲੋਕਾਂ ਦੀਆਂ ਕੇਵਲ ਆਰਥਕ ਤੇ ਸਮਾਜਕ ਮੁਸ਼ਕਲਾਂ ਹੀ ਨਹੀਂ ਵਧਾਈਆਂ ਬਲਕਿ ਰਾਜਨੀਤਕ ਖੇਤਰ ਵਿਚ ਲੋਕਤਾਂਤਰਿਕ ਕਦਰਾਂ ਕੀਮਤਾਂ ਤੇ ਸੰਸਥਾਵਾਂ ਨੂੰ ਵੀ ਭਾਰੀ ਢਾਅ ਲਾਈ ਹੈ ਅਤੇ ਦੇਸ਼ ਅੰਦਰ ਸਭਿਆਚਾਰਕ ਨਿਘਾਰ ਨੂੰ ਵੀ ਚੋਖੀ ਤੇਜ਼ੀ ਪ੍ਰਦਾਨ ਕੀਤੀ ਹੋਈ ਹੈ। ਇਸ ਨਾਲ ਲੋਕਾਂ ਅੰਦਰ ਨਿਰਾਸ਼ਾ ਤੇ ਰੋਹ ਦੀਆਂ ਭਾਵਨਾਵਾਂ ਵਧੀਆਂ ਸਪੱਸ਼ਟ ਦਿਖਾਈ ਦੇ ਰਹੀਆਂ ਹਨ। ਇਹਨਾਂ ਨੀਤੀਆਂ ਅਧੀਨ ਹੀ ਸਾਡੇ ਦੇਸ਼ ਦੀ ਸਰਕਾਰ ਸਮਾਜਿਕ ਭਲਾਈ ਪ੍ਰਤੀ ਆਪਣੀਆਂ ਸਮੁੱਚੀਆਂ ਜਿੰਮੇਵਾਰੀਆਂ ਤੋਂ ਵੱਡੀ ਹੱਦ ਤੱਕ ਭਗੌੜੀ ਹੋ ਗਈ ਹੈ ।

ਭਾਰਤ ਦੇ ਹੀ ਨਹੀਂ ਬਲਕਿ ਸਮੁੱਚੇ ਸੰਸਾਰ ਦੇ ਕਿਰਤੀ ਲੋਕਾਂ ਦੀਆਂ ਬਹੁਤ ਸਾਰੀਆਂ ਮੁਸੀਬਤਾਂ ਲਈ ਅੱਜ ਉਦਾਰੀਕਰਨ, ਸੰਸਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਸਿੱਧੇ ਤੌਰ 'ਤੇ ਜ਼ੁੱਮੇਵਾਰ ਹਨ। ਇਹਨਾਂ ਨੀਤੀਆਂ ਕਾਰਨ ਹੀ ਆਰਥਕਤਾ ਦੇ ਸਮੁੱਚੇ ਖੇਤਰ ਨੂੰ ਮੰਡੀ ਦੀਆਂ ਬੇਲਗਾਮ ਤੇ ਬੇਤਰਸ ਸ਼ਕਤੀਆਂ ਦੇ ਰਹਿਮੋਕਰਮ 'ਤੇ ਛੱਡਿਆ ਜਾ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਮਹਿੰਗਾਈ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਕਿਰਤੀ ਲੋਕਾਂ ਦੀ ਅਸਲ ਕਮਾਈ ਤੇਜ਼ੀ ਨਾਲ ਖੁਰਦੀ ਜਾ ਰਹੀ ਹੈ। ਨਿਰਾਸ਼ਾਵਸ ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਦੇ ਰਾਹੇ ਪੈਣ ਲਈ ਮਜ਼ਬੂਰ ਹੋ ਰਹੇ ਹਨ ਅਤੇ ਜੁਆਨੀ ਨਸ਼ਿਆਂ ਤੇ ਗੈਰ-ਕਾਨੂੰਨੀ ਅਸਮਾਜਿਕ ਧੰਦਿਆਂ ਵਿਚ ਗ਼ਰਕ ਹੋਣ ਲਈ ਮਜ਼ਬੂਰ ਹੋ ਰਹੀ ਹੈ।


ਵਿਸ਼ਵ ਵਪਾਰ ਸੰਸਥਾ ਦੇ ਦਬਾਅ ਕਾਰਨ ਸਾਮਰਾਜੀ ਦੇਸ਼ਾਂ ਦੀਆਂ ਵਪਾਰਕ ਧੱਕੇਸ਼ਾਹੀਆਂ ਅਤੇ ਵਿੱਤੀ ਹੇਰਾਫੇਰੀਆਂ ਵਿਚ ਭਾਰੀ ਵਾਧਾ ਹੋਇਆ ਹੈ, ਹਰ ਖੇਤਰ ਵਿਚ ਨੈਤਿਕ ਕਦਰਾਂ ਕੀਮਤਾਂ ਤਬਾਹ ਹੋ ਰਹੀਆਂ ਹਨ ਅਤੇ ਨਿੱਤ ਨਵੇਂ ਸਕੈਂਡਲ ਜਨਮ ਲੈ ਰਹੇ ਹਨ।


ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਕਿਰਤੀ ਲੋਕਾਂ ਦੀਆਂ ਕੰਮ ਹਾਲਤਾਂ ਦਿਨੋ ਦਿਨ ਹੋਰ ਕਠਿਨ ਹੁੰਦੀਆਂ ਜਾ ਰਹੀਆਂ ਹਨ ਤੇ ਸੇਵਾ ਸੁਰੱਖਿਆ ਦਾ ਸੰਕਲਪ ਲਗਭਗ ਬੀਤੇ ਦੀ ਯਾਦ ਬਣ ਜਾਣ ਵੱਲ ਵੱਧ ਰਿਹਾ ਹੈ, ਠੇਕਾ ਭਰਤੀ ਦੀ ਪ੍ਰਣਾਲੀ ਇਕ ਆਮ ਵਰਤਾਰਾ ਬਣਦੀ ਜਾ ਰਹੀ ਹੈ, ਕਿਰਤ ਕਾਨੂੰਨਾਂ ਦਾ ਤੇਜ਼ੀ ਨਾਲ ਭੋਗ ਪੈ ਰਿਹਾ ਹੈ, ਕਿਰਤੀਆਂ ਉਪਰ ਕੰਮ ਦਾ ਭਾਰ ਵਧਾਇਆ ਜਾ ਰਿਹਾ ਹੈ ਅਤੇ ਕਿਰਤ ਸ਼ਕਤੀ ਦੀ ਲੁੱਟ ਤਿੱਖੀ ਹੁੰਦੀ ਜਾ ਰਹੀ ਹੈ, ਸਮਾਜਕ-ਆਰਥਕ ਤੌਰ 'ਤੇ ਪੱਛੜੇ ਹੋਏ ਦਲਿਤਾਂ ਅਤੇ ਔਰਤਾਂ ਉਪਰ ਸਮਾਜਕ ਜਬਰ ਦਿਨੋਂ ਦਿਨ ਹੋਰ ਵਧੇਰੇ ਘਿਨਾਉਣਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਕਿਰਤੀ ਲੋਕਾਂ ਦੀ ਰੱਤ ਨਿਚੋੜ ਕੇ ਖੜੇ ਕੀਤੇ ਗਏ ਜਨਤਕ ਖੇਤਰ ਵਿਚਲੇ ਸਾਰੇ ਅਦਾਰੇ, ਕਾਰਖਾਨੇ ਤੇ ਖੋਜ ਸੰਸਥਾਵਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਤੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਵੇਚੇ ਜਾ ਰਹੇ ਹਨ; ਜਿਸ ਨਾਲ ਉਹ ਲੁਟੇਰੇ ਤਾਂ ਮਾਲੋ ਮਾਲ ਹੋ ਰਹੇ ਹਨ ਪ੍ਰੰਤੂ ਉਹਨਾਂ ਵਿਚ ਕੰਮ ਕਰਦੇ ਬਹੁਤੇ ਮਜ਼ਦੂਰ ਤੇ ਮੁਲਾਜ਼ਮ ਬੇਰੁਜ਼ਗਾਰਾਂ ਦੀਆਂ ਕਤਾਰਾਂ ਵਿਚ ਸ਼ਾਮਲ ਹੋਣ ਲਈ ਮਜ਼ਬੂਰ ਹੋ ਰਹੇ ਹਨ।


ਇਸੇ ਤਰ੍ਹਾਂ ਧਰਤੀ ਤੇ ਇਸਦੇ ਚੌਗਿਰਦੇ ਲਈ ਨਿੱਤ ਨਵੇਂ ਖਤਰੇ ਵੱਧਦੇ ਜਾ ਰਹੇ ਹਨ, ਏਥੋਂ ਤੱਕ ਕਿ ਇਸ ਧਰਤੀ ਦਾ, ਇਸ ਉਪਰ ਉੱਸਰੀ ਭਾਂਤ ਸੁਭਾਂਤੀ ਕਾਇਨਾਤ ਦਾ ਅਤੇ ਮਨੁੱਖਤਾ ਦਾ ਭਵਿੱਖ ਵੀ ਗੰਭੀਰ ਖਤਰਿਆਂ ਦਾ ਸ਼ਿਕਾਰ ਹੋ ਚੁੱਕਾ ਹੈ।


ਇਨ੍ਹਾਂ ਸਾਰੇ ਮਸਲਿਆਂ ਦੇ ਸਿਆਸੀ ਹੱਲ ਲਈ ਸਾਮਰਾਜੀ ਲੁਟੇਰਿਆਂ ਦੀ ਇਸ ਧੌਂਸਵਾਦੀ ਪਹੁੰਚ ਅਤੇ ਪ੍ਰਭੂਸੱਤਾ ਸੰਪੰਨ ਦੇਸ਼ਾਂ ਵਿਚ ਗੈਰ ਕਾਨੂੰਨੀ ਤੇ ਗੈਰ ਜਮਹੂਰੀ ਦਖਲ ਅੰਦਾਜ਼ੀ ਵਿਰੁੱਧ ਵੀ ਵਿਸ਼ਾਲ ਲੋਕ ਰਾਏ ਜਥੇਬੰਦ ਕਰਨ ਦੀ ਅੱਜ ਭਾਰੀ ਲੋੜ ਹੈ। ਇਸ ਮੰਤਵ ਲਈ ਕਿਰਤੀ ਜਨਸਮੂਹਾਂ ਨੂੰ ਇਕਜੁੱਟ ਕਰਨ ਦੇ ਨਾਲ ਨਾਲ ਸਮੁੱਚੀਆਂ ਦੇਸ਼ ਭਗਤ ਸ਼ਕਤੀਆਂ ਨੂੰ ਵੀ ਨਾਲ ਲੈਣਾ ਜ਼ਰੁਰੀ ਹੋ ਗਿਆ ਹੈ।


ਡਾ ਤੇਜਿੰਦਰ ਵਿਰਲੀ

ਲੇਖਕ ਉਚ ਸਿੱਖਿਆ  ਦੇ ਅਧਿਆਪਨ ਨਾਲ ਜੁੜੇ ਹੋਏ ਹਨ।

Monday, April 29, 2013

ਸਾਹਿਰ : ਯਿਹ ਦੁਨੀਆ ਅਗਰ ਮਿਲ਼ ਭੀ ਜਾਏ ਤੋ ਕਯਾ ਹੈ


ਕੁਲਵਿੰਦਰ ਦਾ ਸਾਹਿਰ ਬਾਰੇ ਲੇਖ ਦੋਸਤਾਂ ਮਿੱਤਰਾਂ ਦੀ ਮੰਗ ਨੂੰ ਧਿਆਨ 'ਚ ਰੱਖਦਿਆਂ ਛਾਪਿਆ ਜਾ ਰਿਹਾ ਹੈ। ਇਹ ਪੰਜਾਬੀ ਦੇ ਸਾਹਿਤਕ ਤੇ ਵਿਚਾਰਕ ਰਸਾਲੇ 'ਫ਼ਿਲਹਾਲ' ਦੇ ਇਸੇ ਅੰਕ 'ਚ ਛਪਿਆ ਸੀ।ਇਸ ਦੀ ਕਾਪੀ ਮੈਗਜ਼ੀਨ ਦੇ ਸੰਪਾਦਕ ਗੁਰਬਚਨ ਹੁਰਾਂ ਨੂੰ ਬੇਨਤੀ ਕਰਕੇ ਮੰਗਵਾਈ ਹੈ।-ਗੁਲਾਮ ਕਲਮ

ਗੁਰੂ ਦੱਤ ਦੀ ਫ਼ਿਲਮ 'ਪਿਆਸਾ' (1957) ਦੀ ਸਿਖ਼ਰ 'ਤੇ ਰਫ਼ੀ ਦੀ ਅਵਾਜ਼ ਵਿਚ ਸਾਹਿਰ ਦੀ ਰਚਨਾ ਅਤੇ ਐਸ. ਡੀ. ਬਰਮਨ ਦੀ ਧੁਨ ਗੂੰਜਦੀ ਹੈ -
ਯਿਹ ਮਹਿਲੋ ਯਿਹ ਤਖ਼ਤੋਂ, ਯਿਹ ਤਾਜੋਂ ਕੀ ਦੁਨੀਆ 
ਯਿਹ ਇਨਸਾਂ ਕੇ ਦੁਸ਼ਮਣ ਸਮਾਜੋਂ ਕੀ ਦੁਨੀਆ 
ਯਿਹ ਦੌਲਤ ਕੇ ਭੂਖੇ ਰਿਵਾਜੋਂ ਕੀ ਦੁਨੀਆ 
ਯਿਹ ਦੁਨੀਆ ਅਗਰ ਮਿਲ਼ ਭੀ ਜਾਏ ਤੋ ਕਯਾ ਹੈ 

ਆਡੀਟੋਰੀਅਮ ਦੇ ਦਰਵਾਜ਼ੇ ਤੇ ਖੜ੍ਹੇ ਵਿਜੇ (ਗੁਰੂ ਦੱਤ) ਵਿਚ ਸੂਲੀ ਟੰਗੇ ਈਸਾ ਦੀ ਝਲਕ ਵੀ ਮਿਲ਼ਦੀ ਹੈ ਅਤੇ ਸਾਹਿਰ ਦੀ ਪਰਛਾਈਂ ਵੀ।

ਸਾਹਿਰ ਦੇ ਅਸਲੀ ਨਾਂ ਅਬਦੁਲ ਹਈ ਬਾਰੇ ਵੀ ਸ਼ਾਨਦਾਰ ਕਿੱਸਾ ਹੈ। ਅੱਖੜ ਜਗੀਰਦਾਰ ਫ਼ਜ਼ਲ ਮੁਹੰਮਦ ਦੀ ਗਿਆਰਵੀਂ ਪਤਨੀ ਸਰਦਾਰ ਬੇਗਮ ਨੇ 8 ਮਾਰਚ, 1921 ਨੂੰ ਮੁੰਡੇ ਨੂੰ ਜਨਮ ਦਿੱਤਾ। ਬਾਪ ਨੇ ਨਾਂ ਰੱਖਿਆ ਅਬਦੁਲ ਹਈ। ਅਬਦੁਲ ਹਈ ਫ਼ਜ਼ਲ ਮੁਹੰਮਦ ਦੇ ਗੁਆਂਢ ਵਿਚ ਵਸਦੇ ਦੁਸ਼ਮਣ ਦਾ ਨਾਂ ਸੀ। ਰੋਜ਼ ਸ਼ਾਮ ਸਾਹਿਰ ਦਾ ਬਾਪ ਗੁਆਂਢੀ ਨੂੰ ਗਾਲ੍ਹਾਂ ਕੱਢਦਾ। ਇਤਰਾਜ਼ ਕਰਨ 'ਤੇ ਉਸ ਦਾ ਜੁਆਬ ਹੁੰਦਾ ਕਿ ਉਹ ਤਾਂ ਆਪਣੇ ਬੇਟੇ ਨੂੰ ਗਾਲ੍ਹਾਂ ਕੱਢ ਰਿਹਾ ਹੈ। ਘਰ ਵਿਚ ਇਕੱਲਾ ਮੁੰਡਾ ਹੋਣ ਕਾਰਣ ਸਾਹਿਰ ਦਾ ਬਚਪਨ ਬੜਾ ਵਧੀਆ ਬੀਤਿਆ। ਸਭ ਕੁਝ ਉਲ਼ਟ ਪੁਲਟ ਗਿਆ ਜਦ ਸਾਹਿਰ ਦੇ ਮਾਂ ਬਾਪ ਵਿਚ ਅਨਬਣ ਹੋ ਗਈ। ਆਪਣੀਆਂ ਜਗੀਰੂ ਰੁਚੀਆਂ ਕਾਰਣ ਬਾਪ ਉਸ ਨੂੰ ਅੱਯਾਸ਼ੀ ਪੱਠਾ ਬਨਾਉਣਾ ਚਾਹੁੰਦਾ ਸੀ। ਮਾਂ ਸਾਹਿਰ ਨੂੰ ਪੜ੍ਹਾ ਲਿਖਾ ਕੇ ਚੰਗਾ ਇਨਸਾਨ ਬਨਾਉਣਾ 'ਤੇ ਅੜੀ ਹੋਈ ਸੀ। ਦੋਨਾਂ ਵਿਚਕਾਰ ਖਿੱਚੋਤਾਨ ਏਨੀ ਵੱਧ ਗਈ ਕਿ ਸਰਦਾਰ ਬੇਗ਼ਮ ਨੇ ਅਦਾਲਤ ਦੀ ਜਾ ਸ਼ਰਣ ਲਈ। ਅਦਾਲਤ ਨੇ ਮਾਂ ਜਾਂ ਬਾਪ ਦੋਵਾਂ ਚੋਂ ਇਕ ਨੂੰ ਚੁਣਨ ਦੀ ਸਾਹਿਰ ਦੀ ਖਾਹਿਸ਼ ਪੁੱਛੀ ਤਾਂ ਉਹਨੇ ਮਾਂ ਨੂੰ ਚੁਣਿਆ। 

ਉਸ ਨੂੰ ਮਾਲਵਾ ਖਾਲਸਾ ਹਾਈ ਸਕੂਲ ਵਿਚ ਦਾਖਲ ਕਰਾ ਦਿੱਤਾ ਗਿਆ। ਉਹ ਵੱਡਾ ਹੋ ਕੇ ਵਕੀਲ ਬਣਨਾ ਚਾਹੁੰਦਾ ਸੀ। ਪੜ੍ਹਾਈ ਲਿਖਾਈ ਤਾਂ ਸ਼ੁਰੂ ਹੋ ਗਈ ਪਰ ਜੀਵਨ ਵਿਚ ਤੰਗੀਆਂ ਤੁਰਸ਼ੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਨੇ ਸਾਹਿਰ ਨੂੰ ਇਰਦ ਗਿਰਦ ਬਾਰੇ ਸੋਚਵਾਨ ਬਣਾ ਦਿੱਤਾ। ਉਸ ਨੂੰ ਜਗੀਰੂ ਕਦਰਾਂ ਕੀਮਤਾਂ ਨਾਲ਼ ਨਫ਼ਰਤ ਹੋ ਗਈ। 

ਸਕੂਲ ਤੋਂ ਬਾਅਦ ਉਸ ਨੇ ਲੁਧਿਆਣੇ ਦੇ ਗੌਰਮਿੰਟ ਕਾਲਿਜ ਵਿਚ ਦਾਖਲਾ ਲਿਆ। ਜੁਆਨੀ ਤੇ ਪੈਰ ਧਰਦਿਆਂ ਆਪਣੇ ਬਾਗ਼ੀ ਸੁਭਾ ਕਾਰਣ ਉਸ ਦੇ ਕੋਮਲ ਹਿਰਦੇ ਨੇ ਮਨੁੱਖੀ ਭਾਵਨਾਵਾਂ ਅਤੇ ਜ਼ਾਲਮ ਸਮਾਜ ਵਿਚਲੇ ਦਵੰਦ ਨੂੰ ਸ਼ਿਅਰਾਂ ਦੇ ਰੂਪ ਵਿਚ ਪ੍ਰਗਟ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਇਕਬਾਲ ਦਾ ਸ਼ਿਅਰ 'ਇਸ ਚਮਨ ਮੇਂ ਹੋਂਗੇ ਪੈਦਾ ਬੁਲਬੁਲ-ਏ-ਮੀਰਾਜ਼ ਭੀ, ਸੈਂਕੜੋ ਸਾਹਿਰ ਭੀ ਹੋਂਗੇ, ਸਾਹਿਬ-ਏ-ਏਜਾਜ਼ ਭੀ' ਪੜ੍ਹਿਆ। ਉਨ੍ਹਾਂ ਸੈਂਕੜਿਆਂ ਚੋਂ ਆਪਣੇ ਆਪ ਨੂੰ ਇੱਕ ਸਮਝਦਿਆਂ ਅਬਦੁਲ ਹਈ ਸ਼ੇਅਰ ਲਿਖਦਾ 'ਸਾਹਿਰ' ਲੁਧਿਆਣਵੀ ਬਣ ਗਿਆ। 

ਇਹ ਦੌਰ ਵੀ ਸਮਾਜੀ ਉਥਲ-ਪੁਥਲ ਦਾ ਸੀ। ਦੇਸ਼ ਨੂੰ ਅਜ਼ਾਦ ਕਰਾਉਣ ਦੀ ਅਵਾਜ਼ ਫ਼ਿਜ਼ਾ ਵਿਚ ਗੂੰਜ ਰਹੀ ਸੀ। ਕਮਿਊਨਿਸਟ ਲਹਿਰ ਪੂਰੀ ਚੜ੍ਹਤ 'ਤੇ ਸੀ। ਸਾਹਿਰ ਮਾਰਕਸਵਾਦੀ ਵਿਚਾਰਧਾਰਾ ਵਲ ਖਿੱਚਿਆ ਗਿਆ। ਉਹਨੇ ਬਰਤਾਨਵੀ ਸਾਮਰਾਜ ਅਤੇ ਭਾਰਤੀ ਜਗੀਰਦਾਰੀ ਦੇ ਖਿਲਾਫ਼ ਨਜ਼ਮਾਂ ਲਿਖਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੀਆਂ ਕਈ ਰਚਨਾਵਾਂ 'ਕਿਰਤੀ' ਅਤੇ ਹੋਰਨਾਂ ਖੱਬੇਪੱਖੀ ਰਸਾਲਿਆਂ ਵਿਚ ਛਪਣ ਲੱਗੀਆਂ। ਬਲਵੰਤ ਗਾਰਗੀ ਦੇ ਸ਼ਬਦਾਂ ਵਿਚ, ''ਉਸ (ਸਾਹਿਰ) ਨੂੰ ਪਤਾ ਸੀ ਕਿ ਉਹ ਵੱਡਾ ਸ਼ਾਇਰ ਹੈ। ਇਸ ਗੱਲ ਦਾ ਗਿਆਨ ਉਸ ਨੂੰ 22 ਸਾਲ ਦੀ ਉਮਰ ਵਿਚ ਹੀ ਹੋ ਗਿਆ ਸੀ।'' ਉਹ ਵਿਦਿਆਰਥੀ ਯੂਨੀਅਨ ਦਾ ਆਗੂ ਬਣ ਗਿਆ। 

ਇਸ ਦੇ ਨਾਲ਼ ਹੀ ਉਸ ਦੇ ਇਸ਼ਕਾਂ ਦੇ ਕਿੱਸੇ ਵੀ ਮਸ਼ਹੂਰ ਹੋਣ ਲੱਗੇ। ਪਹਿਲਾ ਕਿੱਸਾ ਮਹਿੰਦਰ ਚੌਧਰੀ ਨਾਲ਼ ਉਸ ਦੇ ਪ੍ਰੇਮ ਦਾ ਹੈ। ਪਰ ਬਿਮਾਰੀ ਨਾਲ਼ ਮਹਿੰਦਰ ਚੌਧਰੀ ਦੀ ਮੌਤ ਹੋ ਗਈ। ਇਸ ਮੌਤ ਨੇ ਸਾਹਿਰ ਨੂੰ ਇਕ ਵਾਰ ਤਾਂ ਹਿਲਾ ਕੇ ਰੱਖ ਦਿੱਤਾ। ਇਹ ਸ਼ੇਅਰ ਉਸ ਦੀ ਮਨੋਦਸ਼ਾ ਨੂੰ ਬਿਆਨ ਕਰਦਾ ਹੈ - 
ਕੋਸਰ ਮੇਂ ਵੁਹ ਧੁਲੀ ਹੋਈ ਬਾਂਹੇਂ ਭੀ ਜਲ ਗਈ 
ਜੋ ਦੇਖਤੀ ਥੀਂ ਮੁਝ ਕੋ ਵੁਹ ਨਿਗਾਹੋਂ ਭੀ ਜਲ ਗਈ 


ਉਸ ਦਾ ਜਿਗਰੀ ਦੋਸਤ ਕ੍ਰਿਸ਼ਨ ਅਦੀਬ ਲਿਖਦਾ ਹੈ, ''ਮੈਂ ਸਾਹਿਰ ਦੇ ਸੁਭਾ ਨੂੰ ਜਾਣਦਾ ਸੀ। ਕਈ ਵਾਰ ਮੈਨੂੰ ਪਹਿਲਾਂ ਵੀ ਤਜਰਬਾ ਹੋ ਚੁਕਿਆ ਸੀ। ... ਕੁਝ ਦਿਨ ਹੋਰ ਲੰਘ ਗਏ। ਮਹਿੰਦਰ ਦਾ ਤਸੱਵਰ ਸਾਹਿਰ ਦੇ ਦਿਲ ਅਤੇ ਦਿਮਾਗ਼ ਤੋਂ ਉੱਡ ਗਿਆ।''  

ਤਦ ਸਾਹਿਰ ਦਾ ਇਸ਼ਕ ਆਪਣੇ ਕਾਲਿਜ ਦੀ ਇਕ ਹੋਰ ਵਿਦਿਆਰਥਣ ਈਸ਼ਰ ਕੌਰ ਨਾਲ਼ ਹੋ ਗਿਆ। ਕੁਝ ਦਿਨਾਂ ਬਾਅਦ ਈਸ਼ਰ ਕੌਰ ਨੇ ਆਪਣੀ ਮਜਬੂਰੀ ਜ਼ਾਹਿਰ ਕਰ ਦਿੱਤੀ। ਸਾਹਿਰ ਫਿਰ ਆਪਣੇ ਸਫ਼ਰ ਤੇ ਇਕੱਲਾ ਸੀ। ਇਸ ਤੋੜ ਵਿਛੋੜੇ ਦਾ ਜ਼ਿਕਰ ਸਾਹਿਰ ਦੀ ਇਕ ਹੋਰ ਨਜ਼ਮ 'ਕਿਸੀ ਕੋ ਉਦਾਸ ਦੇਖ ਕਰ' ਵਿਚ ਮਿਲਦਾ ਹੈ। ਇਸ਼ਕ ਦੀ ਅਸਫ਼ਲਤਾ ਦੇ ਨਾਲ਼ ਹੀ ਸਾਹਿਰ ਵਿਚ ਆਈ ਵਿਚਾਰਧਾਰਕ ਤਬਦੀਲੀ ਦੀ ਝਲਕ ਇਸ ਨਜ਼ਮ ਵਿਚ ਮਿਲ਼ਦੀ ਹੈ। ਉਹ ਇਸ਼ਕ ਦੀ ਅਸਫ਼ਲਤਾ ਦੇ ਗ਼ਮ ਨੂੰ ਸਮਾਜੀ ਪ੍ਰਬੰਧ ਨਾਲ਼ ਜੋੜਦਾ ਹੈ 
ਗਲੀ ਗਲੀ ਮੇਂ ਯਿਹ ਬਿਕਤੇ ਹੂਏ ਜਵਾਂ ਚਿਹਰੇ ਹਸੀਨ ਆਖੋਂ ਮੇਂ ਯਿਹ ਆਫ਼ਸੁਰਦਗੀ 1 ਸੀ ਛਾਈ ਹੂਈ 
ਯਿਹ ਜੰਗ ਔਰ ਯਿਹ ਮੇਰੇ ਵਤਨ ਕੇ ਸ਼ੋਖ ਜਵਾਂ 
ਖ਼ਰੀਦੀ ਜਾਤੀ ਹੈ ਉਠਤੀ ਜਵਾਨੀਆਂ ਜਿਨ ਕੀ 
ਯਿਹ ਬਾਤ ਬਾਤ ਪੇ ਕਾਨੂਨ-ਓ-ਜ਼ਾਬਤੇ ਕੀ ਗਰਿਫ਼ਤ 
ਯਿਹ ਜ਼ਿੱਲਤੇਂ, ਯਿਹ ਗ਼ੁਲਾਮੀ, ਯਿਹ ਦੌਰੇ ਮਜਬੂਰੀ 
ਯਿਹ ਗ਼ਮ ਬਹੁਤ ਹੈ ਮਿਰੀ ਜ਼ਿੰਦਗੀ ਕੇ ਮਿਟਾਨੇ ਕੋ 
ਉਦਾਸ ਰਹਿ ਕੇ ਮਿਰੇ ਦਿਲ ਕੋ ਔਰ ਰੰਜ ਨ ਦੋ 
1 ਨਿਰਾਸ਼ਾ 
  
ਲਾਹੌਰ ਦਾ ਦਿਆਲ ਸਿੰਘ ਕਾਲਜ ਉਹਦੀ ਅਗਲੀ ਮੰਜ਼ਿਲ ਬਣਿਆ। ਕੌਮੀ ਤੇ ਕੌਮਾਂਤਰੀ ਦੋਵਾਂ ਪੱਧਰਾਂ 'ਤੇ ਹਲਚਲ ਦਾ ਸਿਲਸਿਲਾ ਜਾਰੀ ਸੀ। ਉਹ ਪ੍ਰੋਗਰੇਸਿਵ ਰਾਈਟਰਜ਼ ਐਸੋਸ਼ੀਏਸ਼ਨ ਦਾ ਮੈਂਬਰ ਬਣ ਗਿਆ। 1945 ਵਿਚ ਤਰੱਕੀਪਸੰਦ ਲੇਖਕਾਂ ਦੀ ਹੈਦਰਾਬਾਦ ਵਿਚ ਹੋਈ ਕਾਨਫਰੰਸ ਵਿਚ ਪੰਜਾਬ ਤੋਂ ਸ਼ਾਮਲ ਹੋਣ ਵਾਲ਼ਾ ਲੇਖਕ ਸਿਰਫ਼ ਸਾਹਿਰ ਹੀ ਸੀ। ਉਹਦੀਆਂ ਰਚਨਾਵਾਂ ਲੋਕਾਂ ਵਿਚ ਮਕਬੂਲ ਹੋ ਰਹੀਆਂ ਸਨ। ਇਕ ਪਾਸੇ ਇਨਕਲਾਬੀ ਨਜ਼ਮਾਂ, ਦੂਜੇ ਪਾਸੇ ਉਹਦੇ ਇਸ਼ਕਾਂ ਦੇ ਕਿੱਸੇ। ਚੱਕਰ ਐਸਾ ਚੱਲਿਆ ਕਿ ਉਹ ਪਹਿਲਾਂ ਗੌਰਮਿੰਟ ਕਾਲਜ ਲੁਧਿਆਣਾ ਤੇ ਫਿਰ ਦਿਆਲ ਸਿੰਘ ਕਾਲਜ ਲਾਹੌਰ 'ਚੋਂ ਕੱਢਿਆ ਗਿਆ। ਉਹ ਲਾਹੌਰ ਤੋਂ ਨਿਕਲਦੇ ਅਦਬੀ ਰਸਾਲੇ 'ਅਦਬ-ਏ-ਲਤੀਫ਼' ਦਾ ਸੰਪਾਦਕ ਬਣ ਗਿਆ। 

ਲਾਹੌਰ ਵਿਚ ਆਪਣੀਆਂ ਨਜ਼ਮਾਂ ਨੂੰ ਛਪਾਉਣ ਲਈ ਸਾਹਿਰ ਦੋ ਸਾਲ ਕੋਸ਼ਿਸ਼ ਕਰਦਾ ਰਿਹਾ। ਸੰਨ 1945 ਵਿਚ ਉਸ ਦੀਆਂ ਆਸਾਂ ਨੂੰ ਬੂਰ ਪਿਆ। ਪਹਿਲਾ ਕਾਵਿ ਸੰਗ੍ਰਿਹ 'ਤਲਖ਼ੀਆਂ' ਛਪਿਆ। ਇਸ ਕਿਤਾਬ ਦੇ ਛਪਦੇ ਸਾਰ ਹੀ ਸਾਹਿਰ ਪੂਰੇ ਹਿੰਦੋਸਤਾਨ ਵਿਚ ਮਸ਼ਹੂਰ ਹੋ ਗਿਆ। ਤਲਖ਼ੀਆਂ ਦੀਆਂ ਕਈ ਨਜ਼ਮਾਂ ਮਕਬੂਲ ਹੋਈਆਂ। ਤਾਜ ਮਹਿਲ ਬਾਰੇ ਲਿਖੀ ਉਹਦੀ ਨਜ਼ਮ ਤਰੱਕੀ-ਪਸੰਦ ਹਲਕਿਆਂ 'ਚ ਬਹੁਤ ਚਰਚਿਤ ਹੋਈ - 
ਇਕ ਸ਼ਹਿਨਸ਼ਾਹ ਨੇ ਦੌਲਤ ਕਾ ਸਹਾਰਾ ਲੇਕਰ
ਹਮ ਗਰੀਬੋਂ ਕੀ ਮੁਹਬਤ ਕਾ ਉਡਾਇਆ ਹੈ 
ਮਜ਼ਾਕ ਮੇਰੀ ਮਹਿਬੂਬ! ਕਹੀਂ ਔਰ ਮਿਲਾ ਕਰ ਮੁਝਸੇ। 

ਦਿਲਚਸਪ ਗੱਲ ਇਹ ਹੈ ਕਿ ਸਾਹਿਰ ਨੇ ਅਜੇ ਤੱਕ ਤਾਜ ਮਹਿਲ ਨਹੀਂ ਸੀ ਦੇਖਿਅ। ਬਕੌਲ ਸਾਹਿਰ, ਉਸ ਦੇ ਲਈ ''ਆਗਰੇ ਜਾਣ ਦੀ ਕੀ ਲੋੜ ਸੀ? ਕਾਰਲ ਮਾਰਕਸ ਦਾ ਫਲਸਫਾ ਪੜ੍ਹਿਆ ਹੋਇਆ ਸੀ ਅਤੇ ਜੁਗਰਾਫ਼ੀਆ ਵੀ ਯਾਦ ਸੀ। ਇਹ ਵੀ ਪਤਾ ਸੀ ਕਿ ਤਾਜ ਮਹਿਲ ਜਮਨਾ ਦੇ ਕੰਢੇ, ਸ਼ਾਹਜਹਾਂ ਨੇ ਆਪਣੀ ਬੇਗ਼ਮ ਮੁਮਤਾਜ਼ ਮਹਿਲ ਲਈ ਬਣਵਾਇਆ ਸੀ। ਇਸ ਨਜ਼ਮ ਬਾਰੇ ਬਲਵੰਤ ਗਾਰਗੀ ਬਾਖੂਬ ਲਿਖਦਾ ਹੈ, ''ਸਾਹਿਰ ਵਿਚ ਦਿਵਯ ਗਿਆਨ ਸੀ, ਤੀਜੀ ਅੱਖ! ਸ਼ਾਇਰ ਦਾ ਅਹਿਸਾਸ, ਤਖ਼ਈਅਲ ਤੇ ਸਮਾਜੀ ਚੇਤਨਾ! ਕਈ ਲੋਕ ਤਾਜ ਮਹਿਲ ਦੇ ਅੰਦਰ ਬੈਠੇ ਤਾਜ ਮਹਿਲ ਨਹੀਂ ਦੇਖ ਸਕਦੇ, ਸਾਹਿਰ ਲਾਹੌਰ ਬੈਠਾ ਤਾਜ ਮਹਿਲ ਉਸਾਰ ਸਕਦਾ ਹੈ।

'' ਖੈਰ! ਸ਼ਾਇਰ ਵਜੋਂ ਸਾਹਿਰ ਪ੍ਰਸਿੱਧੀ ਦੀਆਂ ਨਵੀਆਂ ਪੋੜੀਆਂ ਚੜ੍ਹਦਾ ਜਾ ਰਿਹਾ ਸੀ ਪਰ ਘਰੇਲੂ ਤੰਗੀਆਂ ਮੂੰਹ ਅੱਡੀ ਖੜ੍ਹੀਆਂ ਸਨ। ਉਹਨੂੰ ਲੱਗਦਾ ਬੰਬਈ ਦੀ ਫ਼ਿਲਮ ਇੰਡਸਟਰੀ ਉਹਨੂੰ ਬੁਲਾ ਰਹੀ ਹੈ। ਉਸ ਵੇਲੇ ਦੀ ਅਦਬੀ ਦੁਨੀਆਂ ਵਿਚ ਫ਼ਿਲਮੀ ਸ਼ਾਇਰੀ ਨੂੰ ਚੰਗਾ ਨਹੀਂ ਸੀ ਮੰਨਿਆ ਜਾਂਦਾ। ਇਸ ਸੰਕੋਚ ਕਰਕੇ ਉਹ ਲਾਹੌਰ ਵਿਚ ਹੀ ਟਿਕਿਆ ਆ ਰਿਹਾ ਸੀ। ਅਚਾਨਕ ਇਕ ਦਿਨ ਉਹ ਗੱਡੀ 'ਚ ਬੈਠ ਬੰਬਈ ਜਾ ਪਹੁੰਚਾ। ਇਹ 1945 ਦੀ ਗੱਲ ਹੈ।

ਬੰਬਈ ਵਿਚ ਕਲਾ ਮੰਦਰ ਫ਼ਿਲਮਜ਼ ਦੇ ਬੈਨਰ ਤੇ ਲਲਿਤ ਮਹਿਤਾ ਦੇ ਨਿਰਦੇਸ਼ਨ ਹੇਠ 'ਅਜ਼ਾਦੀ ਕੀ ਰਾਹ ਪਰ' ਨਾਂ ਦੀ ਫ਼ਿਲਮ ਬਣ ਰਹੀ ਸੀ। 24 ਸਾਲ ਦੇ ਸਾਹਿਰ ਨੂੰ ਇਸ ਫ਼ਿਲਮ ਦੇ ਗੀਤ ਲਿਖਣ ਦਾ ਮੌਕਾ ਮਿਲ਼ਿਆ। ਇਸ ਫ਼ਿਲਮ ਦਾ ਨਾਇਕ ਪ੍ਰਿਥਵੀ ਰਾਜ ਕੂਪਰ ਸੀ। ਸਾਹਿਰ ਦੇ ਚਾਰ ਗਾਣੇ ਇਸ ਫ਼ਿਲਮ ਵਿਚ ਲਏ ਗਏ, ਜਿਨ੍ਹਾਂ ਵਿਚੋਂ 'ਬਦਲ ਰਹੀ ਹੈ ਜ਼ਿੰਦਗੀ' ਮਸ਼ਹੂਰ ਹੋਇਆ। ਕੁਝ ਅਰਸਾ ਗੁਜ਼ਰਿਆ ਤਾਂ ਬੰਬਈ ਦੀ ਜ਼ਿੰਦਗੀ ਉਹਨੂੰ ਅਵਾਜ਼ਾਰ ਕਰਨ ਲੱਗ ਪਈ, ਉਹਦੇ ਅੰਦਰਲੀ ਤੜਪ ਉਹਨੂੰ ਬੇਚੈਨ ਕਰੀ ਰੱਖਦੀ ਸੀ। ਉਹ ਦਿੱਲੀ ਆ ਗਿਆ ਜਿੱਥੇ ਉਸ ਨੇ 'ਸ਼ਾਹਰਾਹ' ਨਾਂ ਦਾ ਪਰਚਾ ਕੱਢਿਆ। 

ਦਿੱਲੀ 'ਚ ਵੀ ਉਹਦੇ ਲਈ ਕੁਝ ਨਹੀਂ ਸੀ ਪਿਆ ਹੋਇਆ। ਉਹ ਫਿਰ ਬੰਬਈ ਵਾਪਸ ਚਲਾ ਗਿਆ। ਸੰਨ 1947 ਵਿਚ ਅਜ਼ਾਦੀ ਆਉਣ ਦੇ ਨਾਲ਼ ਮੁਲਕ ਵੰਡਿਆ ਗਿਆ। ਸਾਹਿਰ ਬੰਬਈ ਛੱਡ ਲਾਹੌਰ ਚਲਿਆ ਗਿਆ। ਉੱਥੇ ਚੌਧਰੀ ਨਜ਼ੀਰ ਨੇ ਦੁਮਾਸਿਕ ਰਸਾਲਾ 'ਸਵੇਰਾ' ਕੱਢਿਆ ਤਾਂ ਉਹਨੇ ਅਹਿਮਦ ਨਦੀਮ ਕਾਸਮੀ ਅਤੇ ਸਾਹਿਰ ਨੂੰ ਸੰਪਾਦਕੀ ਬੋਰਡ ਵਿਚ ਸ਼ਾਮਲ ਕੀਤਾ। 'ਸਵੇਰਾ ' ਖੱਬੇਪੱਖੀ ਰਸਾਲਾ ਸੀ ਅਤੇ ਹਕੂਮਤ ਦੇ ਖਿਲਾਫ਼ ਅਵਾਜ਼ ਬੁਲੰਦ ਕਰਦਾ ਸੀ। ਸਾਹਿਰ ਦੇ ਕੁਝ ਲੇਖਾਂ ਤੋਂ ਪਾਕਿਸਤਾਨ ਦੀ ਹਾਕਮ ਜਮਾਤ ਘਬਰਾ ਗਈ। ਉਹਦੇ ਖਿਲਾਫ਼ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਹੋ ਗਏ। ਸਾਹਿਰ ਮਾਂ ਨੂੰ ਲੈ ਕੇ ਦਿੱਲੀ ਪਹੁੰਚ ਗਿਆ। 

ਦਿੱਲੀ ਵਿਚ ਉਹਨੇ ਕੁਝ ਦੇਰ 'ਪ੍ਰੀਤਲੜੀ', ਜਦ ਗੁਰਬਖ਼ਸ਼ ਸਿੰਘ ਤੇ ਨਵਤੇਜ ਸਿੰਘ ਕੁਝ ਅਰਸੇ ਲਈ ਪ੍ਰੀਤਨਗਰ ਛੱਡ ਕੇ ਮਹਿਰੋਲੀ ਰਹਿਣ ਲੱਗ ਪਏ ਸਨ, ਵਿਚ ਕੰਮ ਕੀਤਾ। ਬਾਅਦ ਵਿਚ ਯੂਸਫ਼ ਦਿਹਲਵੀ ਦੇ 'ਸ਼ਾਹਰਾਹ' ਦੇ ਸੰਪਾਦਨ ਨਾਲ਼ ਜੁੜ ਗਿਆ। 'ਸ਼ਾਹਰਾਹ' ਦੌਰਾਨ ਸਾਹਿਰ ਨੇ ਚਿੱਲੀ ਦੇ ਸ਼ਾਇਰ ਪਾਬਲੋ ਨੈਰੂਦਾ ਅਤੇ ਸਪੇਨ ਦੇ ਕਵੀ ਲੋਰਕਾ ਉਤੇ ਲੇਖ ਲਿਖੇ, ਜੋ ਬਹੁਤ ਮਕਬੂਲ ਹੋਏ। ਉਦੋਂ ਅਮਨ ਤਹਿਰੀਕ ਤੇ ਕਮਿਊਨਿਸਟ ਲਹਿਰ ਦਾ ਜ਼ੋਰ ਸੀ। ਹਾਲਾਤ ਸੁਖਾਵੇਂ ਨਹੀਂ ਸਨ। ਫੜੋ-ਫੜਾਈ ਚਲ ਰਹੀ ਸੀ। 'ਅਜ਼ਾਦੀ ਕੀ ਰਾਹ ਪਰ' ਫ਼ਿਲਮ, ਜੋ 1949 ਵਿਚ ਰਲੀਜ਼ ਹੋਈ ਸੀ, ਸਫ਼ਲ ਨਹੀਂ ਹੋਈ। ਸਾਹਿਰ ਦੀ ਆਰਥਿਕ ਤੰਗੀ ਤੇ ਪ੍ਰੇਸ਼ਾਨੀ ਵਧਣ ਲੱਗੀ। 

ਵਿਚਾਰਧਾਰਕ ਪੱਖੋਂ ਪ੍ਰੋੜ ਹੋ ਚੁਕੇ ਸਾਹਿਰ ਨੂੰ ਪਤਾ ਸੀ ਕਿ ਸਰਮਾਏਦਾਰੀ ਪ੍ਰਬੰਧ ਵਿਚ ਹਰ ਚੀਜ਼ ਜਿਣਸ ਬਣ ਜਾਂਦੀ ਹੈ। ਤਲਖ਼ੀਆਂ ਵਿਚ ਸ਼ਾਮਲ ਨਜ਼ਮ 'ਫ਼ਨਕਾਰ' ਵਿਚ ਸਾਹਿਰ ਨੇ ਇਨਸਾਨੀ ਰਿਸ਼ਤਿਆਂ ਅਤੇ ਕਲਾਤਮਕ ਪ੍ਰਤਿਭਾ ਦੇ ਜਿਣਸ ਬਣ ਜਾਣ ਨੂੰ ਇਸ ਤਰ੍ਹਾਂ ਬਿਆਨ ਕੀਤਾ ਹੈ - 
ਮੈਂ ਨੇ ਜੋ ਗੀਤ ਤਿਰੇ ਪਿਆਰ ਕੀ ਖਾਤਿਰ ਲਿਖੇ 
ਆਜ ਉਨ ਗੀਤੋਂ ਕੋ ਬਾਜ਼ਾਰ ਮੇਂ ਲੇ ਆਇਆ ਹੂੰ 
ਆਜ ਦੁੱਕਾਨ ਪੇ ਨੀਲਾਮ ਉਠੇਗਾ ਉਨ ਕਾ 
ਤੂ ਨੇ  ਜਿਨ ਗੀਤੋਂ ਪੇ ਰੱਖੀ ਥੀ ਮੁਹੱਬਤ ਕੀ ਅਸਾਸ 1 
ਜ ਚਾਂਦੀ ਕੇ ਤਰਾਜ਼ੂ ਮੇਂ ਤੁਲੇਗੀ ਹਰ ਚੀਜ਼ 
ਮੇਰੇ ਅਫ਼ਕਾਰ, ਮਿਰੀ ਸ਼ਾਇਰੀ ਮਿਰਾ ਅਹਿਸਾਸ 
ਜੋ ਤਿਰੀ ਜ਼ਾਤ ਸੇ ਮਨਸੂਬ ਥੇ ਉਨ ਗੀਤੋਂ ਕੋ 
ਮੁਫ਼ਲਿਸੀ 2 ਜਿਨਸ ਬਨਾਨੇ ਪੇ ਉਤਰ ਆਈ ਹੈ 
ਭੂਕ, ਤਿਰੇ ਰੁਖ਼ੇ ਰੰਗੀਂ ਕੇ ਫ਼ਸਾਨੋ ਕੇ ਇਵਜ਼ 
ਚੰਦ ਅਸ਼ੀਆਏ-ਜ਼ਰੂਰਤ 3 ਤਮੰਨਾਈ 4 ਹੈ 
ਦੇਖ, ਇਸ ਕਾਰਗਹੇ-ਮਿਹਨਤੋ-ਸਰਮਾਇਆ 5 ਮੇਂ 
ਮੇਰੇ ਨਗ਼ਮੇਂ ਭੀ ਮਿਰੇ ਪਾਸ ਨਹੀਂ ਰਹਿ ਸਕਤੇ। 
ਤੇਰੇ ਜਲਵੇ ਕਿਸੀ ਜ਼ਰਦਾਰ ਕੀ ਮੀਰਾਸ 6 ਸਹੀ 
ਤੇਰੇ ਖ਼ਾਕੇ ਭੀ ਮਿਰੇ ਪਾਸ ਨਹੀਂ ਰਹ ਸਕਤੇ। 
 ਆਜ ਉਨ ਗੀਤੋਂ ਕੋ ਬਾਜ਼ਾਰ ਮੇਂ ਲੇ ਆਇਆ ਹੂੰ 
ਮੈਂਨੇ ਜੋ ਗੀਤ ਤਿਰੇ ਪਿਆਰ ਕੀ ਖਾਤਿਰ ਲਿਖੇ 
  1 ਬੁਨਿਆਦ 2 ਗ਼ਰੀਬੀ 3 ਲੋੜੀਂਦੀਆਂ 4 ਚਾਹਵਾਨ 5 ਮਿਹਨਤ ਤੇ ਪੈਸੇ ਦਾ ਕਾਰਖ਼ਾਨਾ 6 ਵਿਰਾਸਤ 

'ਸ਼ਾਹਰਾਹ' ਦੇ ਦੋ ਕੁ ਅੰਕ ਛਪਣ ਬਾਅਦ ਸਾਹਿਰ ਨੇ ਤੀਜੇ ਅੰਕ ਦਾ ਖਰੜਾ ਝੋਲੇ ਵਿਚ ਪਾਇਆ ਤੇ ਬੰਬਈ ਵਲ ਦੋਬਾਰਾ ਚਾਲੇ ਪਾ ਲਏ। ਹਾਲਾਤ ਦਾ ਵਿਅੰਗ ਇਹ ਸੀ ਕਿ ਬੰਬਈ ਦੇ ਨਿਰਮਾਤਾ ਸਾਹਿਰ ਦੀ ਚੰਗੇ ਸ਼ਾਇਰ ਵਜੋਂ ਇੱਜ਼ਤ ਤਾਂ ਕਰਦੇ ਸਨ ਪਰ ਉਸ ਨੂੰ ਕੰਮ ਦੇਣ ਦਾ ਜੋਖ਼ਮ ਉਠਾਉਣਾ ਲਈ ਤਿਆਰ ਨਾ ਹੁੰਦੇ। ਚੰਦ ਰੁਪਿਆਂ ਦੀ ਖਾਤਿਰ ਸਾਹਿਰ ਨੂੰ ਕ੍ਰਿਸ਼ਨ ਚੰਦਰ ਦੀਆਂ ਕਹਾਣੀਆਂ ਨੂੰ ਖੁਸ਼ਖਤ ਕਰਕੇ ਲਿਖਣਾ ਪੈਂਦਾ। ਹੱਦ ਤਾਂ ਇਹ ਹੋ ਗਈ ਕਿ ਜਦ ਉੱਘੇ ਨਿਰਮਾਤਾ ਨਿਰਦੇਸ਼ਕ ਸ਼ਾਹਿਦ ਲਤੀਫ਼ ਨੇ ਸਾਹਿਰ ਤੋਂ ਫ਼ਿਲਮੀ ਗੀਤ ਲਿਖਾਉਣ ਤੋਂ ਇਨਕਾਰ ਕਰਦਿਆਂ ਕਿਹਾ, ''ਸਾਹਿਰ ਸਾਹਿਬ! ਜੇ ਤੁਹਾਡੀ ਆਰਥਿਕ ਦਸ਼ਾ ਚੰਗੀ ਨਹੀਂ ਤਾਂ ਤੁਸੀਂ ਬਿਨਾਂ ਕਿਸੇ ਤੱਕਲਫ਼ ਦੇ ਸਾਡੇ ਘਰ ਦੋ ਵੇਲੇ ਰੋਟੀ ਖਾ ਸਕਦੇ ਹੋ।'' ਦੋ ਵੇਲੇ ਦੀ ਰੋਟੀ ਖਾਤਿਰ ਸਾਹਿਰ ਨੂੰ ਮਾਂ ਦੇ ਗਹਿਣੇ ਵੇਚਣੇ ਪਏ।
ਜਾਨ ਨਿਸਾਰ ਖਾਨ,ਸਾਹਿਰ ਤੇ ਮਹਿੰਦਰ ਰੰਧਾਵਾ

ਉਹਨੇ ਹਾਰ ਨਹੀਂ ਮੰਨੀ। ਇਹ ਵੀ ਤਾਂ ਇਕ ਲੜਾਈ ਸੀ। ਉਹ ਆਪਣੀ ਵਿਚਾਰਧਾਰਾ ਤੇ ਗ਼ੈਰਤ ਦੀ ਖਾਤਿਰ ਭਟਕ ਰਿਹਾ ਸੀ। ਏਨਾ ਬੁਲੰਦ ਸ਼ਾਇਰ ਹਾਰ ਕਿਵੇਂ ਮੰਨ ਸਕਦਾ ਸੀ? ਲੁਧਿਆਣੇ ਦਿਨ ਦੇ ਗਿਆਰਾਂ ਵਜੇ ਉੱਠਣ ਵਾਲਾ ਸਾਹਿਰ ਬੰਬਈ ਵਿਚ ਸਵੇਰੇ ਛੇ ਵਜੇ ਉਠ ਕੰਮ ਦੀ ਤਲਾਸ਼ ਵਿਚ ਜੁਟ ਜਾਂਦਾ। ਮੋਢੇ ਤੇ ਕਾਮਰੇਡੀ ਝੋਲ਼ਾ ਲਟਕਾ ਸਟੂਡੀਓ ਸਟੂਡੀਓ ਹੋਕਾ ਦੇਂਦਾ, ''ਗੀਤ ਲਿਖਵਾ ਲਓ!'' ਫ਼ਿਲਮ ਨਿਰਮਾਤਾ ਗੀਤ ਸੁਣਦੇ, ਸਲਾਹੁੰਦੇ, ਪਰ ਆਪਣੀ ਫ਼ਿਲਮ ਲਈ ਉਨ੍ਹਾਂ ਨੂੰ ਚੁਣਨ ਤੋਂ ਇਨਕਾਰ ਕਰ ਦੇਂਦੇ। ਕੋਈ ਨਾ ਕੋਈ ਬਹਾਨਾ, ਕੋਈ ਡਰ, ਕੋਈ ਘੁਣਤਰ ਉਨ੍ਹਾਂ ਕੋਲ ਹੁੰਦੀ। ਸਾਹਿਰ ਕਦੇ ਆਪਣੇ ਗੀਤਾਂ ਵਲ ਦੇਖਦਾ ਕਦੇ ਫ਼ਿਲਮ ਨਿਰਮਾਤਾਵਾਂ ਦੇ ਚਿਹਰਿਆਂ ਵਲ। ਚਿਹਰੇ ਜੋ ਨੋਟਾਂ ਨਾਲ ਤੂਸੇ ਹੁੰਦੇ। 

ਇਕ ਨਿਰਮਾਤਾ ਨੇ ਜਦ ਸਾਹਿਰ ਨੂੰ ਬਾਰ ਬਾਰ ਚੱਕਰ ਲਗਵਾਏ ਤਾਂ ਤੰਗ ਆ ਕੇ ਸਾਹਿਰ ਨੇ ਆਪਣਾ ਗੀਤ ਇਹ ਕਹਿੰਦਿਆਂ ਪਾੜ ਸੁਟਿਆ - ''ਕੀ ਤੁਸੀਂ ਮੇਰੇ ਗੀਤ ਯੂ.ਐਨ. ਓ ਵਿਚ ਫੈਸਲਾ ਕਰਾਉਣ ਲਈ ਭੇਜ ਰਹੇ ਹੋ?'' 

ਫ਼ਿਲਮੀ ਜਗਤ 'ਚ ਇਹ ਕੋਈ ਨਵੀਂ ਗੱਲ ਨਹੀਂ ਸੀ। ਏਥੇ ਟੇਲੰਟ ਪਹਿਲਾਂ ਰੁਲਦੀ ਹੈ, ਜਾਂ ਉਹਨੂੰ ਰੋਲਿਆ ਜਾਂਦਾ, ਫਿਰ ਅਚਾਨਕ ਜਿਵੇਂ ਕੋਈ ਧਮਾਕਾ ਪੈਦਾ ਹੋ ਜਾਂਦਾ। ਰੁਲਣ ਵਾਲਾ ਮਹਾਨ ਬਣ ਜਾਂਦਾ। ਉਹਦਾ ਗੁਣ ਗਾਇਨ ਹੋਣ ਲੱਗਦਾ। ਸਾਹਿਰ ਨੂੰ ਉਸ ਧਮਾਕੇ ਦੀ ਉਡੀਕ ਸੀ। ਅਜਿਹਾ ਦੌਰ ਜਰਮਨ ਨਾਟਕਕਾਰ ਬਰਤੋਲਤ ਬ੍ਰੈਖ਼ਤ ਤੇ ਵੀ ਆਇਆ ਸੀ ਜਦ ਉਸ ਨੂੰ ਜਰਮਨ ਛੱਡ ਅਮਰੀਕਾ ਜਾਣਾ ਪਿਆ ਸੀ। ਬ੍ਰੈਖ਼ਤ ਹੌਲੀਵੁੱਡ ਵਿਚ ਰੁਜ਼ਗਾਰ ਦੇ ਇਸ ਸੰਘਰਸ਼ ਨੂੰ ਇਸ ਤਰ੍ਹਾਂ ਬਿਆਨ ਕਰਦਾ ਹੈ - 
ਨਿਤ ਮੈਂ ਆਪਣੀ ਰੋਜ਼ੀ ਲਈ ਜਾਂਦਾ ਹਾਂ 
ਬਜ਼ਾਰ ਵਿਚ, ਜਿਥੇ ਝੂਠ ਵਿਕਦੇ ਨੇ 

ਹੌਲੀਵੁੱਡ ਦੀ ਤਰਜ਼ ਤੇ ਬੌਲੀਵੁੱਡ ਕਹੀ ਜਾਂਦੀ ਬੰਬਈ ਦੀ ਮਾਇਆ ਨਗਰੀ ਵਿਚ ਸਾਹਿਰ ਦੀ ਹਾਲਤ ਅਜਿਹੀ ਹੀ ਸੀ। ਨਿਰਮਾਤਾ ਨਿਰਦੇਸ਼ਕ ਮੋਹਨ ਸਹਿਗਲ ਦੀ ਸਲਾਹ 'ਤੇ ਸਾਹਿਰ ਸੰਗੀਤਕਾਰ ਐਸ. ਡੀ. ਬਰਮਨ ਨੂੰ ਮਿਲਿਆ। ਐਸ. ਡੀ. ਬਰਮਨ ਨੂੰ ਅਜਿਹੇ ਗੀਤਕਾਰ ਦੀ ਲੋੜ ਸੀ ਜੋ ਉਸ ਦੀਆਂ ਬਣਾਈਆਂ ਧੁਨਾਂ 'ਤੇ ਗੀਤ ਰਚ ਸਕੇ। ਸਾਹਿਰ ਐਸ. ਡੀ. ਬਰਮਨ ਦੀ ਕਸਵਟੀ ਤੇ ਪੂਰਾ ਉਤਰਿਆ। 1951 ਵਿਚ ਆਈ ਫ਼ਿਲਮ 'ਨੌਜੁਆਨ'' ਫ਼ਿਲਮ ਨੇ ਸਾਹਿਰ ਲਈ ਭਵਿੱਖ ਦੇ ਰਾਹ ਖੋਲ੍ਹ ਦਿੱਤੇ। ਇਸੇ ਹੀ ਸਾਲ ਆਈ ਗੁਰੂ ਦੱਤ ਦੀ ਫ਼ਿਲਮ ''ਬਾਜ਼ੀ'' ਨੇ ਸਾਹਿਰ ਨੂੰ ਫ਼ਿਲਮੀ ਗੀਤਕਾਰ ਵਜੋਂ ਸਥਾਪਤ ਕਰ ਦਿੱਤਾ। ਸਾਹਿਰ-ਬਰਮਨ ਦੀ ਜੋੜੀ ਕਾਇਮ ਹੋ ਚੁੱਕੀ ਸੀ। ਇਕ ਤੋਂ ਬਾਅਦ ਦੂਜੀ ਫ਼ਿਲਮ, ਸਭ ਹਿੱਟ। ਇਤਿਹਾਸ ਰਚ ਦਿੱਤਾ। ਪਰ ਨਿੱਜੀ ਹਉਮੈ ਨੇ ਦੋਵਾਂ ਵਿਚ ਦੂਰੀਆਂ ਵੀ ਪੈਦਾ ਕਰ ਦਿੱਤੀਆਂ। ਦੋਵੇਂ ਫ਼ਿਲਮਾਂ ਦੀ ਸਫ਼ਲਤਾ ਲਈ ਆਪਣੇ ਆਪਣੇ ਦਾਅਵੇ ਠੋਕਣ ਲੱਗੇ। ਮੌਕਾਪ੍ਰਸਤਾਂ ਨੇ ਇਸ ਨੂੰ ਹਵਾ ਦਿੱਤੀ। ਗੁਰੂ ਦੱਤ ਦੀ 'ਪਿਆਸਾ'' (1957) ਇਸ ਵਿਵਾਦ ਦੀ ਸਿਖ਼ਰ ਹੋ ਨਿੱਬੜੀ। ਐਸ. ਡੀ. ਬਰਮਨ ਦਾ ਕਹਿਣਾ ਸੀ ਕਿ ਉਸ ਦੇ ਸੰਗੀਤ ਨੇ ਫ਼ਿਲਮ ਨੂੰ ਏਨੀ ਬੁਲੰਦੀ 'ਤੇ ਪਹੁੰਚਾਇਆ ਹੈ, ਪਰ ਸਾਰੇ ਪਾਸਿਆਂ ਤੋਂ ਸਿਫ਼ਤਾਂ ਸਾਹਿਰ ਦੇ ਗੀਤਾਂ ਦੀਆਂ ਹੋ ਰਹੀਆਂ ਹਨ। ਅੰਤ, ਸਾਹਿਰ ਅਤੇ ਬਰਮਨ ਨੇ ਵੱਖੋ ਵੱਖਰੇ ਰਾਹ ਫੜ ਲਏ। 

ਤਦ ਸਾਹਿਰ ਫ਼ਿਲਮ ਨਿਰਮਾਤਾ ਬੀ.ਆਰ.ਚੋਪੜਾ ਦੇ ਖੇਮੇ ਦਾ ਅਤੁੱਟ ਅੰਗ ਬਣ ਗਿਆ। ਚੋਪੜਾ ਦੀ ਫ਼ਿਲਮ 'ਨਇਆ ਦੌਰ' ਵਿਚ ਸਾਹਿਰ ਦੇ ਗੀਤਾਂ ਨੂੰ ਓ.ਪੀ.ਨਈਅਰ ਨੇ ਸੰਗੀਤ ਨਾਲ ਸਜਾਇਆ। ਸਾਰੇ ਗਾਣੇ ਹਿੱਟ ਹੋ ਗਏ, ਖਾਸ ਕਰਕੇ ਗਾਣਾ 'ਮਾਂਗ ਕੇ ਸਾਥ ਤੁਮ੍ਹਾਰਾ ਮੈਂ ਨੇ ਮਾਂਗ ਲੀਆ ਸੰਸਾਰ' ਤੇ 'ਉੜੇਂ ਜਬ ਜਬ ਜ਼ੁਲਫ਼ੇਂ ਤੇਰੀ ਕਆਰਿਓਂ ਕਾ ਦਿਲ ਫਿਸਲੇ. ..।' ਸਾਹਿਰ ਤਾਂ ਸਵੈਮਾਨੀ ਸੀ ਹੀ, ਓ ਪੀ ਨੱਈਅਰ ਵੀ ਕਿਸੇ ਗੱਲੋਂ ਆਪਣੇ ਆਪ ਨੂੰ ਘਟ ਨਹੀਂ ਸੀ ਸਮਝਦਾ। ਦੋਨਾਂ ਦੀ ਜੋੜੀ ਨੇ ਹਿੱਟ ਗੀਤ ਤਾਂ ਦਿੱਤੇ ਪਰ ਦੋਵਾਂ ਵਿਚਕਾਰ ਠੰਨ ਗਈ। ਇਹ ਗੱਲ ਧਿਆਨ ਮੰਗਦੀ ਹੈ ਕਿ ਸਾਹਿਰ ਦੀ ਸ਼ਾਇਰੀ ਜਜ਼ਬਿਆਂ ਨਾਲ਼ ਲਬਰੇਜ਼ ਹੁੰਦੀ ਪਰ ਕਾਰੋਬਾਰੀ ਮਾਮਲੇ ਵਿਚ ਉਹ ਕਠੋਰ ਹੋ ਜਾਂਦਾ। ਜ਼ਿੰਦਗੀ ਦੇ ਤਲਖ਼ ਤਜਰਬਿਆਂ ਨੇ ਉਸ ਨੂੰ ਇਸ ਖਾਤੇ 'ਚ ਅੜੀਅਲ ਬਣਾ ਦਿੱਤਾ ਸੀ। ਕਾਮਯਾਬੀ ਦੀ ਸਿਖਰ 'ਤੇ ਪੁੱਜਦਿਆਂ ਉਹਨੇ ਫ਼ਿਲਮ ਨਿਰਮਾਤਾਵਾਂ 'ਤੇ ਆਪਣੀਆਂ ਸ਼ਰਤਾਂ ਠੋਕਣੀਆਂ ਸ਼ੁਰੂ ਕਰ ਦਿੱਤੀਆਂ। ਇਹ ਸ਼ਰਤਾਂ ਮੁਆਵਜ਼ੇ ਦੀਆਂ ਵੀ ਹੁੰਦੀਆਂ ਅਤੇ ਸੰਗੀਤਕਾਰਾਂ ਤੇ ਗਾਇਕਾਂ ਦੀ ਚੋਣ ਦੀਆਂ ਵੀ। ਉਹਦੇ ਫ਼ਨ ਅਤੇ ਦਰਸ਼ਕਾਂ ਵਿਚ ਉਹਦੀ ਮਕਬੂਲੀਅਤ ਦਾ ਏਨਾ ਸਿੱਕਾ ਜੰਮ ਚੁੱਕਾ ਸੀ ਕਿ ਨਿਰਮਾਤਾ ਉਸ ਦੀਆਂ ਸ਼ਰਤਾ ਅੱਗੇ ਸਿਰ ਝੁਕਾਉਣ ਲਈ ਤਿਆਰ ਹੋ ਜਾਂਦੇ। ਸਾਹਿਰ ਨੇ ਨਿਰਮਾਤਾਵਾਂ ਨੂੰ ਕਿਹਾ ਕਿ ਉਹ ਉਸ ਨੂੰ ਸੰਗੀਤਕਾਰ ਨਾਲ਼ੋਂ ਵੱਧ ਪੈਸਾ ਦੇਣ, ਉਹ ਤਿਆਰ ਹੋ ਗਏ। ਉਹਦੇ ਜ਼ੋਰ ਦੇਣ 'ਤੇ ਰੇਡੀਓ ਦੇ ਗੀਤਾਂ ਵੇਲੇ ਗੀਤਕਾਰ ਦੇ ਨਾਂ ਨਾਲ ਗੀਤਕਾਰ ਦਾ ਨਾਂ ਵੀ ਦੱਸਿਆ ਜਾਣ ਲੱਗਿਆ। ਬੰਬਈ ਦੀ ਪ੍ਰਥਾ ਰਹੀ ਸੀ ਕਿ ਗੀਤਕਾਰ ਸੰਗੀਤਕਾਰ ਦੇ ਕੋਲ਼ ਜਾ ਕੇ ਉਸਦੀ ਸਿਰਜੀ ਧੁਨ ਅਨੁਸਾਰ ਆਪਣੇ ਗੀਤ ਨੂੰ ਅੰਤਮ ਰੂਪ ਦਿੰਦਾ ਸੀ। ਸਾਹਿਰ ਨੇ ਫ਼ਿਲਮ ਨਿਰਮਾਤਾਵਾਂ ਨੂੰ ਕਿਹਾ ਕਿ ਸੰਗੀਤਕਾਰ ਉਸ ਦੇ ਘਰ ਜਾ ਕੇ ਗੀਤ ਨੂੰ ਅੰਤਮ ਰੂਪ ਦੇਣ। ਉਹਦੇ ਮਾਮਲੇ 'ਚ ਅਜਿਹਾ ਹੀ ਹੋਣ ਲੱਗਾ। 

ਲਾਚਾਰੀ-ਵੱਸ ਫ਼ਿਲਮ ਨਿਰਮਾਤਾਵਾਂ ਨੂੰ ਨੌਸ਼ਾਦ, ਐਸ.ਡੀ.ਬਰਮਨ ਅਤੇ ਓ.ਪੀ. ਨਈਅਰ ਜਿਹੇ ਪਹਿਲੀ ਪਾਲ ਦੇ ਸੰਗੀਤਕਾਰਾਂ ਦੀ ਥਾਂ ਖੱਯਾਮ, ਰਵੀ ਅਤੇ ਐਨ ਦੱਤਾ ਜਿਹੇ ਸੰਗੀਤਕਾਰਾਂ ਨੂੰ ਲੈਣਾ ਪਿਆ। ਉਹੀ ਸਾਹਿਰ ਦੀ ਅੜੀ ਪੁਗਾਣ ਲਈ ਤਿਆਰ ਹੋਏ। ਪਹਿਲੀ ਕਤਾਰ ਵਾਲਿਆਂ ਨੇ ਵੀ ਆਪਣੇ ਸਵੈ-ਅਭਿਮਾਨ ਦੀ ਰਾਖੀ ਕਰਨੀ ਸ਼ੁਰੂ ਕਰ ਦਿੱਤੀ ਸੀ। ਇਹਦਾ ਨਤੀਜਾ ਦੂਜੀ ਪਾਲ ਵਾਲੇ ਸੰਗੀਤਕਾਰਾਂ ਲਈ ਚੰਗਾ ਨਿਕਲਿਆ। ਸਾਹਿਰ ਦੇ ਗੀਤਾਂ ਦੇ ਆਸਰੇ ਉਨ੍ਹਾਂ ਦਾ ਵਕਾਰ ਵੀ ਵਧਣ ਲੱਗਾ। ਫਿਰ ਸਾਹਿਰ ਨੇ ਐਲਾਨ ਕੀਤਾ - ''ਬਰਨਾਰਡ ਸ਼ਾਅ ਨੂੰ ਮਾਣ ਸੀ ਕਿ ਉਹ ਆਪਣੇ ਇੱਕ ਲਫ਼ਜ਼ ਦੀ ਕੀਮਤ ਇਕ ਪੌਂਡ ਲੈਂਦਾ ਹਾਂ। ਮੈਂ ਇਕ ਆਪਣੇ ਇਕ ਗੀਤ ਦਾ ਮੁਆਵਜ਼ਾ ਦਸ ਹਜ਼ਾਰ ਰੁਪਏ ਵਸੂਲ ਕਰਦਾ ਹਾਂ ਤੇ ਮੈਂ ਇਕ ਸਿਗਰਟ ਦੇ ਦਸਾਂ ਕਸ਼ਾਂ ਵਿਚ ਗਾਣਾ ਲਿਖ ਲੈਂਦਾ ਹਾਂ। ਇਸ ਦਾ ਮਤਲਬ ਇਹ ਹੋਇਆ ਕਿ ਮੇਰੇ ਸਿਗਰਟ ਦੇ ਇਕ ਕਸ਼ ਦੀ ਕੀਮਤ ਇਕ ਹਜ਼ਾਰ ਰੁਪਿਆ ਹੁੰਦੀ ਹੈ।'' ਉਂਝ ਬਲਵੰਤ ਗਾਰਗੀ ਕੋਲ਼ ਉਸ ਨੇ ਮੰਨਿਆ, ''ਮੇਰਾ ਰੇਟ ਐਂਵੇ ਹੀ ਵਧ ਗਿਆ। ਦਰਅਸਲ ਮੈਂ ਬਹੁਤੀਆਂ ਫ਼ਿਲਮਾਂ ਲਈ ਲਿਖਣਾ ਨਹੀਂ ਸੀ ਚਾਹੁੰਦਾ। ਮੇਰਾ ਰੇਟ ਇਕ ਗੀਤ ਦਾ ਪੰਜ ਹਜ਼ਾਰ ਸੀ। ਇਕ ਮਾਲਦਾਰ ਪ੍ਰੋਡੀਊਸਰ ਆਇਆ ਤੇ ਉਸ ਨੇ ਕਿਹਾ ਕਿ ਸਾਹਿਰ ਸਾਹਿਬ ਅਸੀਂ ਤਾਂ ਤੁਹਾਥੋਂ ਹੀ ਗੀਤ ਲਿਖਵਾਂਗੇ। ਮੈਂ ਆਖਿਆ, ਮੇਰਾ ਰੇਟ ਤਾਂ ਦਸ ਹਜ਼ਾਰ ਰੁਪਏ ਇਕ ਗੀਤ ਦਾ ਹੈ। ਸੋਚਿਆ ਸੀ ਇਨੇ ਪੈਸੇ ਕੌਣ ਦੇਵੇਗਾ। ਪਰ ਉਹ ਸੇਠ ਪ੍ਰੋਡੀਊਸਰ ਮੰਨ ਗਿਆ। ਉਸ ਨੇ ਆਖਿਆ ਮਨਜ਼ੂਰ ਹੈ। ਇਸ ਤਰ੍ਹਾਂ ਮੇਰਾ ਰੇਟ ਦਸ ਹਜ਼ਾਰ ਰੁਪਏ ਫ਼ੀ ਗੀਤ ਹੋ ਗਿਆ। '' ਸਾਹਿਰ ਦੇ ਇਸ ਵਤੀਰੇ ਤੋਂ ਉਸ ਦੇ ਕਰੀਬੀ ਦੋਸਤ ਵੀ ਅਛੂਤੇ ਨਹੀਂ ਰਹੇ। ਆਪਣੀ ਗਜ਼ਲ ਦੀ ਧੁਨ ਪੂਰੀ ਕਰਨ ਲਈ ਸਾਹਿਰ ਦੇ ਬਚਪਨ ਦਾ ਸਾਥੀ ਸੰਗੀਤਕਾਰ ਜੈ ਦੇਵ ਉਸ ਤੋਂ ਇਕ ਸ਼ਿਅਰ ਦੀ ਗੁਜ਼ਾਰਿਸ਼ ਕਰਦਾ ਰਿਹਾ। ਪਰ ਸਾਹਿਰ ਨੇ ਉਸ ਦੀ ਇਹ ਮੰਗ ਪੂਰੀ ਨਹੀਂ ਕੀਤੀ। 

ਸ਼ੌਹਰਤ ਦਾ ਸਿਰ ਵੀ ਘੁੰਮਾ ਦਿੱਤਾ। ਸਾਰਾ ਦਿਨ ਸਾਹਿਰ ਆਪਣੇ ਮਿੱਤਰਾਂ ਦੀ ਜੁੰਡਲੀ ਵਿਚ ਘਿਰਿਆ ਰਹਿੰਦਾ। ਗੱਲ ਭਾਵੇਂ ਲਤਾ ਮੰਗੇਸ਼ਕਰ ਦੀ ਸੁਰੀਲੀ ਆਵਾਜ਼ ਤੋਂ ਸ਼ੁਰੂ ਹੁੰਦੀ ਜਾਂ ਮਦਰਾਸੀ ਡੋਸੇ ਦੇ ਸੁਆਦ ਤੋਂ, ਪਰ ਮੁਕਣਾ ਇਹਨੇ ਇਸ ਮੁੱਦੇ 'ਤੇ ਹੁੰਦਾ ਕਿ ਇਸ ਦੌਰ ਨੇ ਜੇ ਉਰਦੂ ਦਾ ਕੋਈ ਸ਼ਾਇਰ ਪੈਦਾ ਕੀਤਾ ਹੈ ਤਾਂ ਉਹ ਸਾਹਿਰ ਹੈ।' ਉਨ੍ਹਾਂ ਦਿਨਾਂ ਬਾਰੇ ਸਾਹਿਰ ਦਾ ਇਕ ਹੋਰ ਦੋਸਤ ਪ੍ਰਕਾਸ਼ ਪੰਡਤ ਵਿਅੰਗ ਨਾਲ਼ ਲਿਖਦਾ ਹੈ, ''ਕੰਧਾਂ ਦੇ ਕੰਨ ਤਾਂ ਹੁੰਦੇ ਹਨ ਪਰ ਜ਼ੁਬਾਨ ਨਹੀਂ', ਇਸ ਲਈ ਆਪਣੀਆਂ ਕਦੇ ਖਤਮ ਨਾ ਹੋਣ ਵਾਲ਼ੀਆਂ ਗੱਲਾਂ ਨੂੰ ਸੁਣਾਉਣ ਅਤੇ ਹਾਮੀ ਭਰਵਾਉਣ ਲਈ ਸਾਹਿਰ ਇਕ ਅੱਧੇ ਮਿੱਤਰ ਨੂੰ ਆਪਣੇ ਨਾਲ਼ ਰੱਖਦਾ ਹੈ, ਉਸ ਦਾ ਸਾਰਾ ਖਰਚਾ ਚੁੱਕਦਾ ਹੈ ਅਤੇ ਸੁਣਨ ਤੋਂ ਇਲਾਵਾ ਉਸ ਨੂੰ ਹੋਰ ਕੋਈ ਕਸ਼ਟ ਨਹੀਂ ਹੋਣ ਦਿੰਦਾ। ਪਰ ਰਾਤ ਦੇ ਸੰਨਾਟੇ ਵਿਚ ਉਸ ਨੂੰ ਇਕੱਲਤਾ ਸਤਾਉਣ ਲਗਦੀ ਹੈ। ਇਸ ਦੌਰਾਨ ਸਾਹਿਰ ਦਾ ਇਸ਼ਕ ਵੀ ਚਰਚਾ ਵਿਚ ਰਿਹਾ। ਅਮ੍ਰਿਤਾ ਪ੍ਰੀਤਮ ਤੋਂ ਇਲਾਵਾ ਹੈਦਰਾਬਾਦ ਦੀ ਹਾਜਰਾ ਮਸਰੂਰ ਨਾਲ ਉਸ ਦੀ ਨੇੜਤਾ ਦੇ ਚਰਚੇ ਰਹੇ। ਲਤਾ ਮੰਗੇਸ਼ਕਰ ਨਾਲ਼ ਇਸ਼ਕ ਵੀ ਰਿਹਾ ਤੇ ਦੁਸ਼ਮਣੀ ਵੀ। ਸਾਹਿਰ ਲਤਾ ਬਾਰੇ ਕਹਿੰਦਾ, ''ਉਹ ਮੇਰੇ ਗੀਤਾਂ ਤੇ ਮਰਦੀ ਹੈ 'ਤੇ ਮੈਂ ਉਸ ਦੀ ਆਵਾਜ਼ 'ਤੇ। ਫਿਰ ਵੀ ਸਾਡੇ ਦਰਮਿਆਨ ਹਜ਼ਾਰਾਂ ਮੀਲ ਦਾ ਫਾਸਲਾ ਹੈ।'' ਲਤਾ ਉੱਤੇ ਉਸ ਨੇ 'ਤੇਰੀ ਆਵਾਜ਼' ਨਜ਼ਮ ਲਿਖੀ। ਬਾਅਦ ਵਿਚ ਦੋਵਾਂ ਦੀ ਅਣਖ਼ ਨੇ ਦੋਸਤੀ ਨੂੰ ਦੁਸ਼ਮਣੀ ਵਿਚ ਤਬਦੀਲ ਕਰ ਦਿੱਤਾ। ਗੱਲ ਏਥੇ ਤੱਕ ਪੁੱਜ ਗਈ ਕਿ ਜਦ ਕੋਈ ਨਿਰਮਾਤਾ ਸਾਹਿਰ ਨੂੰ ਗੀਤ ਲਿਖਣ ਲਈ ਕਹਿੰਦਾ ਤਾਂ ਉਹਦੀ ਪਹਿਲੀ ਸ਼ਰਤ ਹੁੰਦੀ, ''ਮੇਰਾ ਇਕ ਵੀ ਗੀਤ ਲਤਾ ਮੰਗੇਸ਼ਕਰ ਨਹੀਂ ਗਾਏਗੀ।'' 


ਜਦ ਬਾਅਦ ਵਿਚ ਲਤਾ ਮੰਗੇਸ਼ਕਰ ਦੀ ਸਾਹਿਰ ਨਾਲ ਸੁਲਹ ਹੋ ਗਈ ਤਾਂ ਸਾਹਿਰ ਨੇ ਕਿਹਾ, ''ਹੁਣ ਸਾਡੀ ਦੋਸਤੀ ਸਹੀ ਅਰਥਾਂ ਵਿਚ ਦੋਸਤੀ ਹੈ। ਦੋਸਤੀ ਅਸਲ ਵਿਚ ਦੋ ਬਰਾਬਰ ਦੇ ਇਨਸਾਨਾਂ ਵਿਚ ਹੀ ਹੋ ਸਕਦੀ ਹੈ। '' ਜਦ ਸੁਧਾ ਮਲਹੋਤਰਾ ਨਾਂ ਦੀ ਨਵੀਂ ਗਾਇਕਾ ਸਾਹਿਰ ਦੀ ਜ਼ਿੰਦਗੀ ਵਿਚ ਆਈ ਤਾਂ ਉਹਨੇ ਸੰਗੀਤਕਾਰਾਂ ਨੂੰ ਸੁਧਾ ਦੇ ਨਾਂ ਦੀ ਸਿਫ਼ਾਰਸ਼ ਕਰਨੀ ਸੁਰੂ ਕਰ ਦਿੱਤੀ। ਇਹ ਰਿਸ਼ਤਾ ਵੀ ਸਿਰੇ ਨਾ ਚੜ੍ਹ ਸਕਿਆ, ਪਰ ਇਸ ਰਿਸ਼ਤੇ ਨੂੰ ਸਾਹਿਰ ਨੇ ਹੇਠਲੀ ਨਜ਼ਮ ਵਿਚ ਸ਼ਿੱਦਤ ਨਾਲ ਬਿਆਨ ਕੀਤਾ ਹੈ - 
ਨ ਮੈਂ ਤੁਮਸੇ ਕੋਈ ਉੱਮੀਦ ਰੱਖੂੰ ਦਿਲ ਨਵਾਜ਼ੀ ਕੀ 
ਨ ਤੁਮ ਮੇਰੀ ਤਰਫ਼ ਦੇਖੋ ਗ਼ਲਤ ਅੰਦਾਜ਼ ਨਜ਼ਰੋਂ ਸੇ 
ਨ ਮੇਰੇ ਦਿਲ ਕੀ ਧੜਕਨ ਲੜਖੜਾਏ ਤੇਰੀ ਬਾਤੋਂ ਸੇ 
ਨ ਜ਼ਾਹਿਰ ਹੋ ਤੁਮ੍ਹਾਰੀ ਕਸ਼ਮਕਸ਼ ਕਾ ਰਾਜ਼ ਨਜ਼ਰੋਂ ਸੇ 
 ਤੁਮ੍ਹੇਂ ਭੀ ਕੋਈ ਉਲਝਨ ਰੋਕਤੀ ਹੈ ਪੇਸ਼ਕਦਮੀ ਸੇ 
ਮੁਝੇ ਭੀ ਲੋਗ ਕਹਤੇ ਹੈਂ ਕਿ ਯੇ ਜਲਵੇ ਪਰਾਏ ਹੈਂ 
ਮਿਰੇ ਹਮਰਾਹ ਵੀ ਭੀ ਰੁਸਵਾਈਆਂ 1 ਹੈਂ ਮੇਰੇ ਮਾਜ਼ੀ 2 ਕੀ 
ਤੁਮ੍ਹਾਰੇ ਸਾਥ ਭੀ ਗੁਜ਼ਰੀ ਹੂਈ ਰਾਤੋਂ ਕੇ ਸਾਏ ਹੈ! 
 ਤੁਆਰੁਫ਼ 3 ਰੋਗ ਬਨ ਜਾਏ ਤੋ ਉਸ ਕੋ ਭੂਲਨਾ ਬਿਹਤਰ 
ਤਆਲੁਕ ਬੋਝ ਬਨ ਜਾਏ ਤੋ ਉਸ ਕੋ ਤੋੜਨਾ ਅੱਛਾ 
ਵੁਹ ਅਫ਼ਸਾਨਾ ਜਿਸੇ ਤਕਮੀਲ 4 ਤਕ ਲਾਨਾ ਨਾ ਹੋ ਮੁਮਕਿਨ 
 ਉਸੇ ਇਕ ਖ਼ੂਬਸੂਰਤ ਮੋੜ ਦੇ ਕੇ ਛੋੜਨਾ ਅੱਛਾ 
ਚਲੋ ਇਕ ਬਾਰ ਫਿਰ ਸੇ ਅਜਨਬੀ ਬਨ ਜਾਏਂ ਹਮ ਦੋਨੋਂ। 
1 ਬਦਨਾਮੀਆਂ 2 ਭੂਤਕਾਲ 3 ਜਾਣਪਛਾਣ 4 ਸੰਪੂਰਨਤਾ 

ਮਹਿੰਦਰ ਕੁਮਾਰ ਦੀ ਆਵਾਜ਼ ਵਿਚ ਇਸ ਗੀਤ ਨੂੰ ਰਿਕਾਰਡ ਕੀਤਾ ਗਿਆ। ਸੰਗੀਤਕਾਰ ਰਵੀ ਅਨੁਸਾਰ ਇਸ ਗੀਤ ਦੇ ਸੱਤਰ ਤੋਂ ਵੱਧ ਰੀਟੇਕ ਹੋਏ, ''ਕਿਉਂਕਿ ਸਾਨੂੰ ਪਤਾ ਸੀ ਕਿ ਅਸੀਂ ਇਤਿਹਾਸ ਸਿਰਜ ਰਹੇ ਹਾਂ।'' ਸਾਹਿਰ ਦਾ ਕੋਈ ਵੀ ਇਸ਼ਕ ਸਿਰੇ ਤੱਕ ਨਹੀਂ ਪਹੁੰਚ ਸਕਿਆ। ਸ਼ਾਇਦ ਸਾਹਿਰ ਨੇ ਆਪਣੇ ਦਿਲ ਦੇ ਦਰਵਾਜੇ ਬੰਦ ਕਰ ਲਏ ਹੋਏ ਸਨ। ਉਹ ਸਭ ਤੋਂ ਵੱਧ ਇਸ਼ਕ ਆਪਣੀਆਂ ਨਜ਼ਮਾਂ ਨਾਲ਼ ਕਰਦਾ ਸੀ। ਇਹ ਇਕ ਸੱਚਾਈ ਹੈ ਕਿ ਸਾਹਿਰ ਦੀ 'ਪਿਆਸਾ' ਤੇ 'ਨਇਆ ਦੌਰ' ਤੋਂ ਬਾਅਦ ਦੀ ਫ਼ਿਲਮੀ ਸ਼ਾਇਰੀ ਕਿਸੇ ਪੱਖੋਂ ਊਣੀ ਨਹੀਂ। ਉਸ ਨੇ ਹਿੰਦੀ ਸਿਨੇਮਾ ਜਿਹੀਆਂ ਵਪਾਰਕ ਫ਼ਿਲਮਾਂ ਵਿਚ ਸਮਾਜਕ ਸਰੋਕਾਰਾਂ ਲਈ ਥਾਂ ਬਣਾਈ। ਬਕੌਲ ਸਾਹਿਰ, ''ਮੈਂ ਵੀ ਸ਼ੁਰੂ ਵਿਚ ਫ਼ਿਲਮੀ ਦੁਨੀਆਂ ਦੀ ਰਵਾਇਤ ਨਾਲ਼ ਮਿਲ਼ਦੀ ਜੁਲ਼ਦੀ ਸ਼ਾਇਰੀ ਕੀਤੀ ਤੇ ਬਾਅਦ ਵਿਚ ਆਪਣੀ ਜਗ੍ਹਾ ਬਣਾਉਣ ਤੇ ਮੈਂ ਇਸ ਯੋਗ ਹੋਇਆ ਕਿ ਬਹੁਤ ਸਾਰੀਆਂ ਫ਼ਿਲਮਾਂ ਵਿਚੋਂ ਆਪਣੀ ਪਸੰਦ ਦੀਆਂ ਫ਼ਿਲਮਾਂ ਚੁਣ ਸਕਾਂ। ਇਸ ਤਰ੍ਹਾਂ ਮੈਂ ਆਸਾਨੀ ਨਾਲ਼ ਆਪਣੇ ਖ਼ਿਆਲਾਂ ਤੇ ਜਜ਼ਬਿਆਂ ਦਾ ਪ੍ਰਚਾਰ ਕਰ ਸਕਿਆ।'' 

ਸਾਹਿਰ ਦਾ ਕਹਿਣਾ ਸੀ ਕਿ ਹਿੰਦੀ ਫ਼ਿਲਮਾਂ ਦੇ ਬੁਹਤੇ ਗੀਤ ਦਾ ਵਿਸ਼ਾ ਪ੍ਰੇਮ ਹੁੰਦਾ ਹੈ। ਉਸ ਨੇ ਕਿਹਾ, ''ਮੈਂ ਹੁਣ ਤੀਕ ਪੰਜ ਸੌ ਗਾਣੇ ਤਾਂ ਲਿਖੇ ਹੋਣਗੇ। ਸਾਰੇ ਹੀ ਮਹੁੱਬਤ ਦੇ। ਆਖ਼ਿਰ ਕਿੰਨੇ ਕੁ ਨਵੇਂ ਸ਼ਬਦ ਨਵੀਂ ਤਰ੍ਹਾਂ ਬੀੜ ਸਕਦਾ ਹਾਂ। ਮੈਨੂੰ ਲਿਖਣ ਲੱਗੇ ਸੋਚਣਾ ਪੈਂਦਾ ਹੈ ਕਿ ਮੇਰਾ ਘਟੀਆ ਗੀਤ ਵੀ ਬਾਕੀਆਂ ਦੇ ਵਧੀਆ ਗੀਤਾਂ ਨਾਲ਼ੋਂ ਚੰਗਾ ਹੋਣਾ ਚਾਹੀਦਾ ਹੈ।'' 

ਰੂਸ ਇਨਕਲਾਬ ਦੇ ਬਾਅਦ ਲੈਨਿਨ ਨੇ ਸਿਨਮੇ ਦੀ ਸਮਰਥਾ ਨੂੰ ਦੇਖਦਿਆਂ ਇਸ ਨੂੰ ਸਭ ਤੋਂ ਮਹੱਤਵਪੂਰਨ ਕਲਾ ਦਾ ਦਰਜਾ ਦਿੱਤਾ ਸੀ। ਸਾਹਿਰ ਵੀ ਸਿਨੇਮੇ ਦੀ ਵਿਆਪਕ ਪਹੁੰਚ ਨੂੰ ਸਮਝਦਾ ਸੀ। ਉਸ ਦੀ ਮਾਨਤਾ ਸੀ ਕਿ ''ਫ਼ਿਲਮ ਦੇ ਇਸ ਪਹਿਲੂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿ ਆਪਣੇ ਖ਼ਿਆਲਾਤ ਤੇ ਜਜ਼ਬਾਤ ਦਾ ਪ੍ਰਚਾਰ ਕਰਨ ਲਈ ਇਹ ਇਕ ਪਾਵਰਫੁਲ ਮਾਧਿਅਮ ਹੈ।'' ਉਹ ਇਹ ਵੀ ਸਮਝਦਾ ਸੀ ਫ਼ਿਲਮ ਨੂੰ ਜੇ ਉਸਾਰੂ ਅਤੇ ਸੁਧਾਰ ਦੇ ਮੰਤਵ ਲਈ ਵਰਤਿਆ ਜਾਵੇ ਤਾਂ ਲੋਕਾਂ ਦੀ ਸੂਝ ਸਮਝ ਦੀ ਪਾਲ਼ਣਾ ਅਤੇ ਸਮਾਜਿਕ ਉੱਨਤੀ ਦੀ ਰਫ਼ਤਾਰ ਬਹੁਤ ਤੇਜ਼ ਕੀਤੀ ਜਾ ਸਕਦੀ ਹੈ।'' ਸਾਹਿਰ ਨੇ ਸਿਨਮੇ ਦੀ ਇਸ ਤਾਕਤ ਨੂੰ ਪਛਾਣਿਆ ਜਿਸ ਨੂੰ ਉਸ ਦੇ ਬਹੁਤ ਸਾਰੇ ਸਮਕਾਲੀ ਹੀ ਨਹੀਂ ਸਗੋਂ ਉਸ ਤੋਂ ਬਾਅਦ ਅੱਜ ਦੇ ਖੱਬੇਪੱਖੀ ਕਲਾਕਾਰ ਸਮਝਣ ਤੋਂ ਇਨਕਾਰੀ ਹਨ। ਸਾਹਿਰ ਦਾ ਕਹਿਣਾ ਸੀ ਕਿ ''ਬਦਕਿਸਮਤੀ ਨਾਲ਼ ਸਾਡੇ ਵਲੋਂ ਫ਼ਿਲਮ ਦੇ ਇਸ ਪੱਖ ਤੇ ਧਿਆਨ ਨਹੀਂ ਦਿੱਤਾ ਗਿਆ। ਕਿਉਂ ਕਿ ਹੋਰ ਵਿਭਾਗਾਂ ਵਾਂਗ ਇਹ ਵਿਭਾਗ ਵੀ ਅਜੇ ਤੱਕ ਜ਼ਿਆਦਾ ਉਨ੍ਹਾਂ ਲੋਕਾਂ ਦੇ ਹੱਥਾਂ ਵਿਚ ਹੀ ਹੈ ਜੋ ਨਿੱਜੀ ਲਾਭ ਨੂੰ ਸਮਾਜੀ ਸੇਵਾ ਨਾਲ਼ੋ ਤਰਜੀਹ ਦਿੰਦੇ ਹਨ। ਇਸੇ ਕਾਰਣ ਸਾਡੀਆਂ ਫ਼ਿਲਮੀ ਕਹਾਣੀਆਂ, ਫ਼ਿਲਮੀ ਧੁਨਾਂ ਅਤੇ ਫ਼ਿਲਮੀ ਨਗਮਿਆਂ ਦਾ ਮਿਆਰ ਆਮ ਤੌਰ ਤੇ ਬਹੁਤ ਨੀਵਾਂ ਹੁੰਦਾ ਹੈ। ਇਹੋ ਕਾਰਣ ਹੈ ਕਿ ਸਾਹਿਤਕ ਹਲਕੇ ਫ਼ਿਲਮੀ ਅਦਬ ਨੂੰ ਨਫ਼ਰਤ ਤੇ ਘਿਰਣਾ ਦੀ ਨਜ਼ਰ ਨਾਲ਼ ਦੇਖਦੇ ਹਨ।'' 

ਸਾਹਿਰ ਦਾ ਵਿਚਾਰ ਸੀ, ''ਮੇਰੀ ਹਮੇਸ਼ਾ ਇਹੋ ਕੋਸ਼ਿਸ਼ ਰਹੀ ਹੈ ਕਿ ਜਿੱਥੋਂ ਤੱਕ ਸੰਭਵ ਹੋ ਸਕੇ ਫ਼ਿਲਮੀ ਨਗ਼ਮਿਆਂ ਨੂੰ ਤਖ਼ਲੀਕੀ ਸ਼ਾਇਰੀ ਦੇ ਨੇੜੇ ਲਿਆ ਸਕਾਂ ਤੇ ਇਸ ਦੇ ਰਾਹੀਂ ਨਵੇਂ ਸਿਆਸੀ ਤੇ ਸਮਾਜੀ ਦ੍ਰਿਸ਼ਟੀਕੋਣ ਲੋਕਾਂ ਤੱਕ ਪਹੁੰਚਾ ਸਕਾਂ।'' 

ਸਾਹਿਰ ਨੇ ਅਨੇਕਾਂ ਫ਼ਿਲਮਾਂ ਲਈ ਗੀਤ ਲਿਖੇ ਜਿਨ੍ਹਾਂ ਚੋਂ ਬਹੂ ਬੇਗ਼ਮ, ਆਂਖੇ, ਜਾਲ, ਕਾਜਲ, ਬਰਸਾਤ ਕੀ ਰਾਤ, ਗਜ਼ਲ, ਵਕਤ, ਧੂਲ ਕਾ ਫੂਲ, ਧਰਮਪੁੱਤਰ, ਫਿਰ ਸੁਬਹ ਹੋਗੀ, ਗੁਮਰਾਹ, ਕਭੀ ਕਭੀ, ਚੰਬਲ ਕੀ ਕਸਮ, ਹਮ ਦੋਨੋ, ਮੁਝੇ ਜੀਨੇ ਦੋ, ਨੀਲਕਮਲ, ਤ੍ਰਿਸ਼ੂਲ ਆਦਿ ਪ੍ਰਮੁੱਖ ਹਨ। 1963 ਵਿਚ ਜਦ ਸੁਨੀਲ ਦੱਤ ਨੇ ਡਾਕੂਆਂ ਤੇ 'ਮੁਝੇ ਜੀਨੇ ਦੋ' ਫ਼ਿਲਮ ਬਣਾਈ ਤਾਂ ਸਾਹਿਰ ਨੇ ਲੋਰੀ ਲਿਖੀ ਜਿਸ ਵਿਚ ਮਾਂ ਦੇ ਬੋਲ ਸਨ - 
ਤੇਰੇ ਬਚਪਨ ਕੋ ਜੁਆਨੀ ਕੀ ਦੂਆ ਦੇਤੀ ਹੂੰ 
ਔਰ ਦੂਆ ਦੇ ਕੇ ਪਰੇਸ਼ਾਨ ਸੀ ਹੋ ਜਾਤੀ ਹੂੰ 

ਇਹ ਸਾਹਿਰ ਦੀ ਕਲਮ ਦਾ ਜਾਦੂ ਸੀ ਕਿ ਇਸ ਗੀਤ ਤੋਂ ਪ੍ਰਭਾਵਤ ਹੋ ਚੰਬਲ ਦੇ ਡਾਕੂ, ਕਾਰ ਵਿਚ ਬੰਬਈ ਤੋਂ ਪੰਜਾਬ ਆਉਂਦੇ ਸਾਹਿਰ ਨੂੰ, ਗਵਾਲੀਅਰ ਤੋਂ ਆਪਣੇ ਨਾਲ਼ ਲੈ ਗਏ ਤੇ ਰੱਜ ਕੇ ਸੇਵਾ ਕੀਤੀ। ਬਹੁਤ ਘੱਟ ਲੋਕ ਇਹ ਜਾਣਦੇ ਹਨ ਕਿ 1951 ਵਿਚ ਬਣੀ ਪੰਜਾਬੀ ਫ਼ਿਲਮ 'ਬਾਲੋ' ਲਈ ਸਾਹਿਰ ਨੇ ਇਕ ਗੀਤ ਲਿਖਿਆ ਸੀ। ਬਾਲੋ ਦਾ ਸੰਗੀਤ ਐਨ ਦੱਤਾ ਦਾ ਸੀ। ਸੁਰਿੰਦਰ ਕੌਰ ਅਤੇ ਕ੍ਰਿਸ਼ਨ ਗੋਇਲ ਦਾ ਗਾਏ ਉਸ ਗੀਤ ਦੇ ਬੋਲ ਸਨ - 
ਬੇੜੀ ਦਾ ਮਲਾਹ ਕੋਈ ਨਾ 
ਇਕ ਵਾਰ ਮਿਲ਼ ਜਾ ਵੇ 
ਜ਼ਿੰਦਗੀ ਦਾ ਵਸਾਹ ਕੋਈ ਨਾ 

ਆਪਣੀ ਫ਼ਿਲਮੀ ਸ਼ਾਇਰੀ ਦੇ ਨਾਲ਼ ਨਾਲ਼ ਸਾਹਿਰ ਦੀ ਅਦਬੀ ਸ਼ਾਇਰੀ ਦਾ ਸਫ਼ਰ ਵੀ ਜਾਰੀ ਸੀ। ਉਹ ਮੁਸ਼ਾਇਰਿਆਂ ਦਾ ਵੀ ਓਨਾ ਹੀ ਲੋਕ-ਪ੍ਰਿਅ ਸ਼ਾਇਰ ਸੀ। ਤਲਖ਼ੀਆਂ ਤੋਂ ਇਲਾਵਾ ਸਾਹਿਰ ਦੀਆਂ ਪੁਸਤਕਾਂ ਵਿਚ ਪਰਛਾਈਆਂ, ਗਾਤਾ ਜਾਏ ਬਨਜਾਰਾ, ਆਓ ਕਿ ਕੋਈ ਖ਼ਾਬ ਬੁਨੇਂ ਸ਼ਾਮਲ ਹਨ। ਉਸ ਦੀ ਪ੍ਰਸਿੱਧੀ ਦੀ ਸਿਖ਼ਰ ਤੇ ਉਸ ਨੂੰ ਲੁਧਿਆਣੇ ਦੇ ਓਸੇ ਕਾਲਿਜ਼ ਨੇ ਸਨਮਾਨਤ ਕੀਤਾ ਜਿਥੋਂ ਕਦੇ ਉਸ ਨੂੰ ਕੱਢਿਆ ਗਿਆ ਸੀ। ਵਿਅੰਗ ਵਜੋਂ ਸਾਹਿਰ ਨੇ ਆਪਣੀ ਨਜ਼ਮ 'ਨਜ਼ਰ-ਏ-ਕਾਲਿਜ' ਵਿਚ ਕਿਹਾ - ਲੇਕਿਨ ਹਮ ਇਨ ਫਜ਼ਾਓਂ ਕੇ ਪਾਲੇ ਹੂਏ ਤੋਂ ਹੈਂ ਗਰ ਯਾਂ ਨਹੀਂ, ਯਹਾਂ ਸੇ ਨਿਕਾਲੇ ਹੂਏ ਤੋਂ ਹੈਂ। 

ਜਦ 22 ਨਵੰਬਰ, 1970 ਨੂੰ ਲੁਧਿਆਣੇ ਦੇ ਗੌਰਮਿੰਟ ਕਾਲਿਜ, ਜਦੋਂ ਪ੍ਰੋਫੈਸਰ ਪ੍ਰੀਤਮ ਸਿੰਘ ਕਾਲਜ ਦੇ ਪ੍ਰਿੰਸੀਪਲ ਸਨ, ਨੇ ਸਾਹਿਰ ਨੂੰ ਸਨਮਾਨਤ ਕੀਤਾ ਤਾਂ ਇਸ ਮੌਕੇ ਸਾਹਿਰ ਨੇ 'ਐ ਨਈ ਨਸਲ' ਨਜ਼ਮ ਪੇਸ਼ ਕੀਤੀ - 
ਮੇਰੇ ਅਜਦਾਦ 1 ਕਾ ਵਤਨ ਯਿਹ ਸ਼ਹਰ 
ਮੇਰੀ ਤਾਲੀਮ ਕਾ ਜਹਾਂ ਯਿਹ ਮਕਾਮ 
ਮੇਰੇ ਬਚਪਨ ਕੀ ਦੋਸਤ, ਯਿਹ ਗਲੀਆਂ 
ਜਿਨ ਮੇਂ ਰੁਸਵਾ 2 ਹੂਆ ਸ਼ਬਾਬ ਕਾ ਨਾਮ ... 
 ਮੈਂ ਯਹਾਂ ਜਬ ਸਊਰ ਕੋ ਪਹੁੰਚਾ 
ਅਜਨਬੀ ਕੌਮ ਕੀ ਥੀ ਕੌਮ ਗ਼ੁਲਾਮ 
ਯੂਨੀਅਨ ਜੈਕ ਦਰਸਗਾਹ 3 ਪੇ ਥਾ 
ਔਰ ਵਤਨ ਮੇਂ ਥਾ ਸਾਮਰਾਜੀ ਨਜ਼ਾਮ 
ਇਸੀ ਮਿੱਟੀ ਕੋ ਹਾਥ ਮੇਂ ਲੇ ਕਰ 
ਹਮ ਬਨੇ ਥੇ ਬਗ਼ਾਵਤੋਂ ਕੇ ਅਮਾਮ 4 ... 
ਕਾਫ਼ਿਲੇ ਆਤੇ ਜਾਤੇ ਰਹਿਤੇ ਹੈਂ 
ਕਬ ਹੂਆ ਹੈ ਯਹਾਂ ਕਿਸੀ ਕਾ ਕਯਾਮ 5 
ਨਸਲ ਦਰ ਨਸਲ ਕਾਮ ਜਾਰੀ ਹੈ 
ਕਾਰ-ਏ-ਦੁਨੀਆ 6 ਕਭੀ ਹੂਆ ਕਿਸੀ ਕਾ ਤਮਾਮ 
ਕਲ ਜਹਾਂ ਮੈਂ ਥਾ ਆਜ ਤੂ ਹੈ ਵਹਾਂ 
ਐ ਨਈ ਨਸਲ! ਤੁਝ ਕੋ ਮਿਰਾ ਸਲਾਮ। 
1 ਪੁਰਖੇ 2 ਬਦਨਾਮ 3 ਵਿਦਿਆਲਾ 4 ਆਗੂ 5 ਨਿਵਾਸ 6 ਦੁਨੀਆਂ ਦਾ ਕੰਮ 

ਬਾਅਦ ਵਿਚ ਦੋਸਤਾਂ ਨਾਲ਼ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਸਾਹਿਰ ਨੇ ਕਿਹਾ, ''ਮੈਂ ਸਿਰਫ਼ ਇਸ ਲਈ ਆਇਆ ਕਿ ਲੁਧਿਆਣੇ ਵਿਚ ਮੇਰੇ ਬਚਪਨ ਦੀਆਂ ਯਾਦਾਂ ਨੇ ... ਮੇਰਾ ਯਾਰ ਫ਼ੋਟੋਗ੍ਰਾਫ਼ਰ ਕ੍ਰਿਸ਼ਨ ਅਦੀਬ ਵੀ ਇਥੇ ਹੈ ... ਅਸੀਂ ਚੌੜਾ ਬਜ਼ਾਰ ਵਿਚ ਇਕੱਠੇ ਕੁਲਫ਼ੀਆਂ ਖਾਧੀਆਂ ... ਮੇਰੇ ਅੱਬਾ ਤੇ ਦਾਦਾ ਦੀਆਂ ਕਬਰਾਂ ਵੀ ਇਥੇ ਨੇ। ਮੇਰਾ ਮਾਜ਼ੀ ਇਥੇ ਦਫ਼ਨ ਹੈ ... ਲੁਧਿਆਣਾ ਮੇਰੀਆਂ ਯਾਦਾਂ ਦਾ ਕਬਰਿਸਤਾਨ ਹੈ ... ਮੈਨੂੰ ਬਹੁਤ ਅਜੀਜ਼।''ਲੋਕਾਂ ਦਾ ਸ਼ਾਇਰ ਹੋਣ ਕਾਰਣ ਸਾਹਿਰ ਆਪਣੇ ਵਿਰਸੇ ਨੂੰ ਰੋਮਾਂਸਵਾਦੀ ਨਜ਼ਰੀਏ ਨਾਲ਼ ਨਹੀਂ ਸਗੋਂ ਨੁਕਤਾਚੀਨ ਵਾਲ਼ੇ ਨਜ਼ਰੀਏ ਨਾਲ਼ ਦੇਖਦਾ ਹੈ। ਨਜ਼ਮ 'ਜਾਗੀਰ' ਵਿਚ ਉਹ ਆਪਣੇ ਜਗੀਰੂ ਪੁਰਖਿਆਂ ਵਲੋਂ ਨਿਭਾਏ ਲੋਕ-ਵਿਰੋਧੀ ਰੋਲ ਨੂੰ ਕਬੂਲਦਾ ਸਰੇਆਮ ਐਲਾਨਦਾ ਹੈ - 
 ਮੈਂ ਉਨ ਅਜਦਾਦ ਕਾ ਬੇਟਾ ਹੂੰ ਜਿਨ੍ਹੋਂ ਨੇ ਪੈਹਮ 1 
 ਅਜਨਬੀ ਕੌਮ ਕੇ ਸਾਏ ਕੀ ਹਮਾਯਤ ਕੀ ਹੈ 
ਗ਼ਦਰ ਕੀ ਸਾਇਤੇ-ਨਾਪਾਕ 2 ਸੇ ਲੇ ਕਰ ਅਬ ਤਕ 
ਹਰ ਕੜੇ ਵਕਤ ਮੇਂ ਸਰਕਾਰ ਕੀ ਖ਼ਿਦਮਤ ਕੀ ਹੈ 

1 ਲਗਾਤਾਰ 2 ਅਪਵਿੱਤਰ ਘੜੀ 

ਸਮਾਜੀ ਤੌਰ ਤੇ ਪ੍ਰਤੀਬੱਧ ਹੋਣ ਕਾਰਣ ਸਾਹਿਰ ਦੇ ਬੋਲ ਵਕਤ ਦੀ ਵੰਗਾਰ ਬਣੇ। 1946 ਦੀ ਨੇਵੀ ਬਗ਼ਾਵਤ ਦੀ ਅਸਫ਼ਲਤਾ ਬਾਅਦ ਸਾਹਿਰ ਮੁਲਕ ਦੇ ਆਗੂਆਂ ਨੂੰ ਵੰਗਾਰਦਾ ਪੁੱਛਦਾ ਹੈ - 
ਐ ਰਹਿਬਰੇ ਮੁਲਕੋ ਕੌਮ ਬਤਾ 
ਆਂਖੇ ਤੋ ਉਠਾ ਨਜ਼ਰੇਂ ਤੋ ਮਿਲਾ 
ਕੁਛ ਹਮ ਵੀ ਸੁਨੇਂ ਹਮਕੋ ਭੀ ਬਤਾ 
ਯਿਹ ਕਿਸਕਾ ਲਹੂ ਹੈ ਕੌਨ ਮਰਾ 

1961 ਵਿਚ ਪੈਤ੍ਰਿਸ ਲਮੂੰਬਾ ਦੇ ਕਤਲ ਤੋਂ ਬਾਅਦ ਦਿੱਲੀ ਵਿਖੇ ਕੌਮਾਂਤਰੀ ਅਮਨ ਕਾਨਫਰੰਸ ਵਿਚ ਸਾਹਿਰ ਗਰਜਦਾ ਹੈ - 

ਜ਼ੁਲਮ ਫਿਰ ਜ਼ਲਮ ਹੈ, ਬੜ੍ਹਤਾ ਹੈ ਤੋ ਮਿਟ ਜਾਤਾ ਹੈ ਖ਼ੂਨ ਫਿਰ ਖ਼ੂਨ ਹੈ, ਟਪਕੇਗਾ ਤੋ ਜਮ ਜਾਏਗਾ 

ਅਮਨ ਲਹਿਰ ਬਾਰੇ ਸਾਹਿਰ ਦੀਆਂ ਨਜ਼ਮਾਂ 'ਐ ਸ਼ਰੀਫ਼ ਇਨਸਾਨ' ਅਤੇ 'ਪਰਛਾਈਆਂ' ਆਪਣੀ ਮਿਸਾਲ ਆਪ ਹਨ। ਬਾਅਦ ਵਿਚ ਉਹਨੇ ਬੰਬਈ ਵਿਚ ਆਪਣੇ ਬੰਗਲੇ ਦਾ ਨਾਂ ਵੀ 'ਪਰਛਾਈਆਂ' ਰੱਖਿਆ। ਤਰੱਕੀਪਸੰਦ ਲਹਿਰ ਦੇ ਬਾਰੇ ਸਾਹਿਰ ਦਾ ਕਹਿਣਾ ਸੀ, ''ਮੈਂ ਸਮਝਦਾ ਹਾਂ ਕਿ ਤਰੱਕੀ ਪਸੰਦ ਤਹਿਰੀਕ ਨੇ ਅਦਬ ਤੇ ਮੁਲਕ ਦੀ ਬਹੁਤ ਖ਼ਿਦਮਤ ਕੀਤੀ ਹੈ, ਪਰ ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਸ ਤੋਂ ਕੁਝ ਗ਼ਲਤੀਆਂ ਵੀ ਜ਼ਰੂਰ ਹੋਈਆਂ ਹਨ, ਐਪਰ ਜੋ ਲੋਕ ਸਿਰਫ਼ ਇਸ ਦੀਆਂ ਖ਼ਾਮੀਆਂ ਗਿਣਦੇ ਹਨ, ਮੈਂ ਉਨ੍ਹਾਂ ਤੋਂ ਸੰਤੁਸ਼ਟ ਨਹੀਂ। ਇਸ ਤਹਿਰੀਕ ਦੇ ਕਾਰਕੁਨਾਂ ਨੇ ਕਾਫ਼ੀ ਕੁਰਬਾਨੀਆਂ ਦਿੱਤੀਆਂ ਹਨ। ਤਕਲੀਫ਼ਾਂ ਝੱਲੀਆਂ ਹਨ। ਇਹ ਠੀਕ ਹੈ ਕਿ ਉਹ ਇਕ ਦੂਜੇ ਦੀ ਸ਼ੁਹਰਤ ਵਿਚ ਵਾਧੇ ਦਾ ਕਾਰਣ ਬਣੇ। ਉਸ ਦੀ ਵਜ੍ਹਾ ਸਮਾਜ ਤੇ ਅਦਬ ਦੇ ਗ਼ਲਤ ਝੁਕਾਵਾਂ ਦੇ ਖਿਲਾਫ਼ ਉਨ੍ਹਾਂ ਦੀ ਨਜ਼ਰਿਆਤੀ ਏਕਤਾ ਸੀ। ਹੁਣ ਜੇ ਤਹਿਰੀਕ ਵਿਚ ਕਰਾਈਸਸ ਪੈਦਾ ਹੋਇਆ ਤਾਂ ਇਸ ਦਾ ਸਬੱਬ ਇਹ ਹੈ ਕਿ ਅਸਾਡੇ ਜ਼ਿਹਨਾਂ 'ਤੇ ਸਰਮਾਏਦਾਰੀ ਦੇ ਖ਼ਤਮੇ ਲਈ ਸਮਾਜਵਾਦ ਦਾ ਜੋ ਖੁਸ਼ਗਵਾਰ ਤਸੱਵਰ ਸੀ ਉਸ ਵਿਚ ਵੀ ਸ਼ਖਸੀ ਆਜ਼ਾਦੀ ਅਤੇ ਕੁਝ ਦੂਜੇ ਮੁਆਮਲਿਆਂ ਬਾਰੇ, ਕੁਝ ਅਮਲੀ ਤਰੁੱਟੀਆਂ ਮਹਿਸੂਸ ਹੋਈਆਂ।'' 

ਆਪਣੇ ਰਾਜਸੀ ਵਿਚਾਰਾਂ ਬਾਰੇ ਸਾਹਿਰ ਦਾ ਕਹਿਣਾ ਸੀ, ''ਮੈਂ ਕਦੇ ਕਿਸੇ ਸਿਆਸੀ ਪਾਰਟੀ ਦਾ ਮੈਂਬਰ ਨਹੀਂ ਰਿਹਾ। ਗ਼ੁਲਾਮ ਹਿੰਦੋਸਤਾਨ ਵਿਚ ਆਜ਼ਾਦੀ ਦੇ ਚੰਗੇ ਪਹਿਲੂ ਤਲਾਸ਼ ਕਰਨਾ ਤੇ ਉਨ੍ਹਾਂ ਦਾ ਪ੍ਰਚਾਰ ਕਰਨਾ ਮੇਰਾ ਮੁੱਖ ਉਦੇਸ਼ ਜ਼ਰੂਰ ਰਿਹੈ। ਹੁਣ ਦਿਮਾਗੀ ਤੌਰ ਤੇ ਆਰਥਿਕ ਆਜ਼ਾਦੀ ਦਾ ਹਾਮੀ ਹਾਂ, ਜਿਸ ਦੀ ਸਪਸ਼ਟ ਰੂਪ ਰੇਖਾ ਮੇਰੇ ਸਾਹਮਣੇ ਕਮਿਊਨਿਜ਼ਮ ਹੈ।'' 

ਗੌਰਮਿੰਟ ਕਾਲਿਜ ਲੁਧਿਆਣੇ ਦੇ ਸਨਮਾਨ ਤੋਂ ਬਾਅਦ ਸਾਹਿਰ ਜਲੰਧਰ ਵਿਚ ਨਰੇਸ਼ ਕੁਮਾਰ ਸ਼ਾਦ ਨੂੰ ਸਪਰਪਿਤ ਮੁਸ਼ਾਇਰੇ ਵਿਚ ਸ਼ਾਮਲ ਹੋਇਆ। ਜਦ ਉਹ ਆਪਣਾ ਕਲਾਮ ਪੜ੍ਹਨ ਲੱਗਾ ਤਾਂ ਪੰਡਾਲ ਚੋਂ ਇੱਕ ਆਰ.ਐਸ.ਐਸ ਸਮਰਥਕ ਚੀਕਿਆ - ''ਹਮ ਨਹੀਂ ਸੁਨੇਂਗੇ, ਸਾਹਿਰ ਲੁਧਿਆਣਵੀ ਕਮਿਊਨਿਸਟ ਸ਼ਾਇਰ ਹੈ ..'' ਲੋਕਾਂ ਨੇ ਉਸ ਨੂੰ ਬਾਹਰ ਧਕੇਲ ਦਿੱਤਾ। ਬਾਹਰ ਦੇਰ ਰਾਤ ਤੱਕ ਸਾਹਿਰ ਪ੍ਰਸੰਸਕਾਂ ਨੂੰ ਆਪਣੀਆਂ ਨਜ਼ਮਾਂ ਸੁਣਾਉਂਦਾ ਰਿਹਾ। 25 ਅਕਤੂਬਰ, 1980 ਨੂੰ ਬੰਬਈ ਵਿਚ ਦਿਲ ਦਾ ਦੌਰਾ ਪੈਣ ਨਾਲ ਸਾਹਿਰ ਦਾ ਦਿਹਾਂਤ ਹੋ ਗਿਆ। 

-ਕੁਲਵਿੰਦਰ 
ਮੋ : 9815568747

Thursday, April 25, 2013

'ਇਸਲਾਮ' ਪੰਜਾਬ ਦੀ ਮਿੱਟੀ ਤੇ ਹਵਾ 'ਚ ਮੌਜੂਦ ਹੈ : ਅਜੈ ਭਾਰਦਵਾਜ

'ਮੇਰੀਆਂ ਫਿਲਮਾਂ ਮੇਰੇ ਅੰਦਰ ਚਿਰ੍ਹਾਂ ਤੋਂ ਚੱਲਦੇ ਸਵਾਲਾਂ ਦੇ ਜਵਾਬ ਲੱਭਦੀਆਂ ਹਨ। ਇਨ੍ਹਾਂ ਫਿਲਮਾਂ ਉੱਤੇ ਕੰਮ ਕਰਦੇ ਹੋਏ ਮੈਨੂੰ ਕਿੰਨੀ ਸੰਤੁਸ਼ਟੀ ਮਿਲੀ ਹੈ, ਇਹ ਮੈਂ ਹੀ ਜਾਣਦਾ ਹਾਂ। ਬਚਪਨ ਤੋਂ ਹੀ ਗਲੀ-ਮੁਹੱਲੇ ਵਿੱਚ 'ਗਆਂਢੀਆਂ' ਦੇ ਜਾਣ ਦੀਆਂ ਗੱਲਾਂ ਸੁਣਦਾ ਸੀ। ਅਵਚੇਤਨ ਮਨ ਵਿੱਚ ਲਗਾਤਾਰ ਇਹ ਚੀਜ਼ਾਂ ਪੁੰਗਰਦੀਆਂ ਰਹੀਆਂ ਤੇ ਆਖ਼ਰਕਾਰ ਮੈਂ ਇਸ ਵਿਸ਼ੇ ਉੱਤੇ ਕੰਮ ਕਰ ਸਕਿਆ, ਜਿਸ ਨਾਲ ਹਰ ਸੱਚਾ ਪੰਜਾਬੀ ਜੁੜਿਆ ਹੋਇਆ ਹੈ, ਫਿਰ ਭਾਵੇਂ ਉਹ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਕਿਉਂ ਨਾ ਵਸਿਆ ਹੋਵੇ। ਹਰ ਪੰਜਾਬੀ ਆਪਣੀਆਂ ਜੜ੍ਹਾਂ ਦੀ ਭਾਲ ਵਿੱਚ ਲੱਗਾ ਹੋਇਆ ਹੈ ਕਿਉਂਕਿ ਦੇਸ਼ ਦੀ ਵੰਡ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਵਿਰਸੇ ਨੂੰ ਹੀ ਹੈ।' 

ਇਹ ਗੱਲ ਫਿਲਮਸਾਜ਼ ਅਜੈ ਭਾਰਦਵਾਜ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਉਸਦੀਆਂ ਭਾਰਤ-ਪਾਕਿਸਤਾਨ ਵੰਡ ਉੱਤੇ ਅਧਾਰਤ ਫਿਲਮਾਂ 'ਰੱਬਾ ਹੁਣ ਕੀ ਕਰੀਏ' ਤੇ 'ਮਿਲਾਂਗੇ ਬਾਬੇ ਰਤਨ ਦੇ ਮੇਲੇ 'ਤੇ ' ਦੀ 'ਲੋਕ ਪਹਿਲਕਦਮੀ' ਤਨਜ਼ੀਮ ਵਲੋਂ ਕਰਵਾਈ ਸਕਰੀਨਿੰਗ ਤੋਂ ਬਾਅਦ ਹੋਈ ਵਿਚਾਰ-ਚਰਚਾ ਮੌਕੇ ਕਹੀ।ਇਸ ਮੌਕੇ ਦਿੱਲੀ ਦੇ ਹੀ ਜਾਣੇ ਪਛਾਣੇ ਫਿਲਮ ਟਿੱਪਣੀਕਾਰ ਮਿਹਰ ਪੰਡਯਾ ਅਤੇ ਦਸਤਾਵੇਜ਼ੀ ਫਿਲਮਸਾਜ਼ ਦਲਜੀਤ ਅਮੀ ਵੀ ਮੌਜੂਦ ਸਨ।  

ਉਨ੍ਹਾਂ ਕਿਹਾ ਕਿ 'ਇਨ੍ਹਾਂ ਫਿਲਮਾਂ ਉੱਤੇ ਕੰਮ ਕਰਦੇ ਹੋਏ ਹੀ ਇਹ ਅਹਿਸਾਸ ਹੋਇਆ ਕਿ ਪੰਜਾਬੀ ਸੱਭਿਆਚਾਰ ਵਿੱਚ ਇਸਲਾਮ ਬਹੁਤ ਡੂੰਘਾ ਵਸਿਆ ਹੋਇਆ ਹੈ ਤੇ ਵੰਡਣ ਦੀਆਂ ਹਜ਼ਾਰਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਇਸਲਾਮ ਇਸ ਮਿੱਟੀ ਤੇ ਹਵਾ ਵਿੱਚ ਮੌਜੂਦ ਹੈ ਅਤੇ ਇਸ ਤੋਂ ਬਿਨ੍ਹਾਂ ਪੰਜਾਬੀ ਸੱਭਿਆਚਾਰ ਅਧੂਰਾ ਤੇ ਇਕ ਲੱਤ 'ਤੇ ਹੈ। ਇਸੇ ਲਈ ਵੰਡ ਤੋਂ ਬਾਅਦ ਹਰ ਪੰਜਾਬੀ ਪ੍ਰੇਸ਼ਾਨ ਹੈ ਕਿਉਂਕਿ 47 ਵਿੱਚ ਮਿਲਿਆ ਅਧੂਰਾਪਨ ਉਸਨੂੰ ਲਗਾਤਾਰ ਪ੍ਰੇਸ਼ਾਨ ਕਰਦਾ ਹੈ।   

ਅਜੈ ਨੇ ਕਿਹਾ ਕਿ 'ਇਨ੍ਹਾਂ ਫਿਲਮਾਂ ਨੂੰ ਬਨਾਉਣ ਮੌਕੇ ਉਸਨੂੰ ਆਪਣੀਆਂ ਜੜ੍ਹਾਂ ਦੇ ਨੇੜੇ ਹੋਣ ਦਾ ਮੌਕਾ ਮਿਲਿਆ। ਹਿੰਦ-ਪਾਕ ਵੰਡ ਮੌਕੇ ਕੀ ਹੋਇਆ ਅਤੇ ਕਿਵੇਂ ਵਾਪਰਿਆ, ਇਸਨੂੰ ਕਾਫੀ ਨੇੜੇ ਤੋਂ ਜਾਣਿਆ। ਖੁਦ ਨਾਲ ਜੁੜਾਅ ਦੇ ਦੌਰਾਨ ਕਾਫੀ ਕੁੱਝ ਚੰਗੇ-ਬੁਰੇ ਦਾ ਅਹਿਸਾਸ ਹੀ ਹੁੰਦਾ ਹੈ ਅਤੇ ਇਹੀ ਅਹਿਸਾਸ ਮੈਨੂੰ ਆਤਮ ਵਿਸ਼ਵਾਸ ਵੀ ਦਿੰਦਾ ਸੀ ਕਿਉਂਕਿ ਆਪਣੇ ਅਤੇ ਆਪਣੇ ਸਮਾਜ ਦੀ ਵਰਤਾਰਿਆਂ ਬਾਰੇ ਗਹਿਨ ਜਾਨਣ ਨੂੰ ਮਿਲਦਾ ਹੈ।ਅਜੈ ਨੇ ਕਿਹਾ ਕਿ 47 ਦੀ ਵੰਡ ਮੌਕੇ ਭਾਵੇਂ ਦੋ ਦੇਸ਼ ਵੰਡੇ ਗਏ, ਪਰ ਪੰਜਾਬੀਆਂ ਦੀ ਖਿੱਚ ਬਰਕਰਾਰ ਹੈ। ਇਹੀ ਕਾਰਨ ਹੈ ਕਿ ਭਾਰਤ-ਪਾਕਿਸਤਾਨ ਵਿੱਚ ਲੋਕ ਆਪਣੀਆਂ ਜੜ੍ਹਾਂ ਨੂੰ ਲੱਭਣ ਲਈ ਪੁਰਾਣੇ ਪਿੰਡਾਂ ਵਿੱਚ ਆਉਂਦੇ-ਜਾਂਦੇ ਰਹਿੰਦੇ ਨੇ।  


ਦਲਜੀਤ ਤੇ ਅਜੈ
ਫਿਲਮ ਟਿੱਪਣੀਕਾਰ ਮਿਹਰ ਪੰਡਯਾ ਨੇ ਕਿਹਾ ਕਿ ' 47 ਦੀ ਵੰਡ ਦੇ ਵਿਸ਼ੇ ਉੱਤੇ ਬਣੀਆਂ ਇਹ ਫਿਲਮਾਂ ਜ਼ਿਆਦਾਤਰ ਮੌਕੇ ਕਿਸੇ ਤੀਸਰੇ ਬਾਰੇ ਗੱਲ ਕਰਦੀਆਂ ਹਨ। ਫਿਲਮ ਵਿੱਚ ਆਏ ਜ਼ਿਆਦਾਤਰ ਲੋਕ ਇਹੋ ਦੱਸ ਰਹੇ ਹਨ ਕਿ ਵੰਡ ਮੌਕੇ 'ਫਲਾਣੇ' ਨੇ ਕੀ ਅਤੇ ਕਿਵੇਂ ਕੀਤਾ। ਪਰ ਇਹ ਫਿਲਮਾਂ ਇਸ ਗੱਲ ਵੱਲ ਵੀ ਧਿਆਨ ਦਿਵਾਉਂਦੀਆਂ ਹਨ ਕਿ ਵੱਢ-ਟੁੱਕ ਜਾਂ ਲੁੱਟ-ਖੋਹਾਂ ਕਰਨ ਵਾਲੇ ਲੋਕ ਵੀ ਇਸੇ ਸਮਾਜ ਦਾ ਹਿੱਸਾ ਸਨ। ਇਸ ਲਈ ਨੁਕਸਾਨ ਵੀ ਇਸੇ ਸਮਾਜ ਦਾ ਹੀ ਹੋਇਆ ਹੈ।  

ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਫਿਲਮ ਵਿੱਚ ਆਏ ਲੋਕ ਵੰਡ ਦੀ ਦਾਸਤਾਨ ਕਿਵੇਂ ਬਿਨ੍ਹਾਂ ਰੁਕੇ ਦੱਸ ਰਹੇ ਹਨ, ਜਿਵੇਂ ਇਹ ਕੱਲ੍ਹ ਦੀ ਹੀ ਗੱਲ ਹੋਵੇ ਪਰ ਉਨ੍ਹਾਂ ਦੀ ਉਮਰ ਵੇਖਕੇ ਲੱਗਦੈ ਕਿ ਉਹ ਵੰਡ ਵੇਲੇ ਮਸਾਂ 5-6 ਵਰ੍ਹਿਆਂ ਦੇ ਹੀ ਹੋਣਗੇ। ਇਸ ਉਮਰ ਦੇ ਬਾਵਜੂਦ ਵੀ ਉਨ੍ਹਾਂ ਦੇ ਅੰਤਰ ਮਨ ਵਿੱਚ ਵੰਡ ਦਾ ਵਰਤਾਰਾ ਇੰਜ ਉਕਰਿਆ ਪਿਆ ਹੈ ਜਿਵੇਂ ਤਾਜ਼ਾ ਲਿਖਿਆ ਗਿਆ ਹੋਵੇ। ਮੈਨੂੰ ਵੀ ਇਸ ਗੱਲ ਦਾ ਅਹਿਸਾਸ ਉਦੋਂ ਹੋਇਆ ਸੀ ਜਦੋਂ ਮੈਂ ਆਪਣੀ ਕਿਤਾਬ ਲੇਖਣੀ ਦੌਰਾਨ ਭੂਮਿਕਾ ਲਿਖ ਰਿਹਾ ਸੀ ਤਾਂ ਮੈਨੂੰ ਵੀ 90ਵੇਂ ਦੇ ਦੰਗਿਆਂ ਦੀਆਂ ਤਸਵੀਰਾਂ ਸਪੱਸ਼ਟ ਦਿਖਾਈ ਦੇਣ ਲੱਗ ਪਈਆਂ ਸਨ। ਉਨ੍ਹਾਂ ਕਿਹਾ ਕਿ ਅਕਸਰ ਕਿਹਾ ਜਾਂਦਾ ਹੈ ਕਿ ਪੁਰਾਣੀਆਂ ਘਟਨਾਵਾਂ ਨੂੰ ਕੁਰੇਦਿਆ ਨਹੀਂ ਜਾਣਾ ਚਾਹੀਦਾ, ਪਰ ਮੈਂ ਕਹਿੰਦਾ ਹਾਂ ਕਿ ਚੀਜਾਂ ਉੱਤੇ ਡੂੰਘੀ ਚਰਚਾ ਹੋਣੀ ਚਾਹੀਦੀ ਹੈ, ਤਾਂ ਹੀ ਇਸ 'ਤੇ ਬੇਹਤਰ ਤੇ ਠੋਸ ਸਮਝ ਬਣ ਸਕੇਗੀ।  


ਯਾਦਵਿੰਦਰ ਤੇ ਮਿਹਰ
ਫਿਲਮਸਾਜ਼ ਤੇ ਪੱਤਰਕਾਰ ਦਲਜੀਤ ਅਮੀ ਨੇ ਕਿਹਾ ਕਿ 'ਇਹ ਫਿਲਮਾਂ ਵੇਖਣ ਤੋਂ ਬਾਅਦ ਹਰ ਇਕ ਸੰਵੇਦਨਸ਼ੀਲ ਬੰਦਾ ਕੰਬ ਉੱਠਦਾ ਹੈ ਤੇ  ਵੰਡ ਦੌਰਾਨ ਕਲਮਾ ਵੀ ਸਾਡਿਆਂ ਨੇ ਪੜ੍ਹਿਆ ਤੇ ਕਤਲੇਅਮ ਵੀ ਸਾਡਿਆਂ ਨੇ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ 'ਨੇਸ਼ਨ ਸਟੇਟ' ਨੇ ਭਾਵੇਂ ਸਮਾਜ ਨੂੰ ਖਾਕਿਆਂ 'ਚ ਵੰਡਣ ਦੀ ਕੋਸ਼ਿਸ਼ ਕੀਤੀ ਪਰ ਲੋਕ ਆਪਣਾ ਸਾਂਝੇ ਸੱਭਿਆਚਾਰ ਜ਼ਰੀਏ ਆਪ ਆਪ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਜੈ ਨੇ ਫਿਲਮਾਂ ਬਣਾ ਕੇ ਚੰਗਾ ਕੰਮ ਕੀਤਾ ਹੈ ਤੇ ਸਾਨੂੰ ਇਹ ਸਵਾਲਾਂ ਦੇ ਜਵਾਬ ਲੱਭਣ ਦੀ ਲੋੜ ਹੈ ਕਿ ਇਹ ਸਭ ਕੁਝ ਕਿਵੇਂ ਵਾਪਰਦਾ ਹੈ'। 

ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਸੁਰਿੰਦਰ ਸਿੰਘ ਕਿਹਾ ਕਿ 'ਪੰਜਾਬ ਨੂੰ 47 ਤੇ 84 ਨਾਲ ਤਾਂ ਵੱਡਾ ਧੱਕਾ ਲੱਗਿਆ ਹੀ ਪਰ ਨਾਲ ਹੀ ਮੰਡੀ ਸੱਭਿਅਚਾਰ ਵੀ ਪੰਜਾਬ ਨੂੰ ਬਰਮਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਫੀਵਾਦ ਨੇ ਪੰਜਾਬ ਨੂੰ ਜੋੜਿਆ ਹੈ ਤੇ ਵੰਡ ਤੋਂ ਪਹਿਲਾਂ ਭਾਰਤੀ ਉਪ ਮਹਾਂਦੀਪ ਦੇ ਪੰਜਾਬ ਖਿੱਤੇ 'ਚ ਇਸਲਾਮ ਤੇ ਮੁਸਲਮਾਨਾਂ ਦੀ ਹਾਜ਼ਰੀ ਸਭ ਤੋਂ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰਨ ਸ਼ਾਹ ਕੋਟੀ ਤੇ ਨੁਸਰਤ ਫਤਹਿ ਅਲੀ ਖਾਨ ਜਿਹੇ ਲੋਕਾਂ ਨੇ ਇਕ ਪੰਜਾਬ ਦੇ ਸਾਂਝੇ ਸੱਭਿਆਚਾਰ ਨੂੰ ਉਭਾਰਨ 'ਚ ਵੱਡੀ ਭੂਮਿਕਾ ਨਿਭਾਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਇਤਿਹਾਸਕਾਰਾਂ ਤੇ ਯੂਨੀਵਰਸਿਟੀਆਂ ਦਾ ਰੋਲ ਇਸ ਮਾਮਲੇ 'ਚ ਬਹੁਤਾ ਚੰਗਾ ਨਹੀਂ ਰਿਹਾ ਹੈ। 

ਪਿਛਲੇ ਹੀ ਪ੍ਰੋਗਰਾਮ ਦੀ ਤਰ੍ਹਾਂ ਇਸ ਵਾਰ ਵੀ 'ਲੋਕ ਪਹਿਲਕਦਮੀ' ਤਨਜ਼ੀਮ ਨੂੰ ਦੋਸਤਾਂ ਮਿੱਤਰਾਂ ਦਾ ਭਰਵਾਂ ਹੁੰਗਾਰਾ ਮਿਲਿਆ।ਇਸ ਪ੍ਰੋਗਰਾਮ 'ਚ ਸਵਾਲਾਂ ਜਵਾਬਾਂ ਦੇ ਦੌਰ 'ਚ ਸੀਨੀਅਰ ਪੱਤਰਕਾਰ ਹਮੀਰ ਸਿੰਘ,ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਗੁਰਚਰਨ ਸਿੰਘ,ਇੰਦੂ ਬਾਲਾ ਆਦਿ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਤੋਂ ਪ੍ਰਫੈਸਰ ਗੁਰਮੁੱਖ ਸਿੰਘ,ਸੀਨੀਅਰ ਪੱਤਰਕਾਰ ਬਲਜੀਤ ਬੱਲੀ,ਮਨਜੀਤ ਸਿੱਧੂ ਆਦਿ ਬਹੁਤ ਸਾਰੇ ਖੇਤਰਾਂ ਨਾਲ ਜੁੜੇ ਦੋਸਤ ਮਿੱਤਰ ਫਿਲਮ ਸਕਰੀਨਿੰਗ ਦੇਖਣ ਪੁੱਜੇ ਹੋਏ ਸਨ। 

'ਲੋਕ ਪਹਿਲਕਦਮੀ' ਲਈ ਖੁਸ਼ੀ ਦੀ ਗੱਲ ਇਹ ਸੀ ਕਿ ਇਸ ਪ੍ਰੋਗਰਾਮ 'ਚ ਤਨਜ਼ੀਮ ਦੇ ਲਗਭਗ ਸਾਰੇ ਹੀ ਮੈਂਬਰ ਪੁੱਜੇ ਹੋਏ ਸਨ,ਜਿਨ੍ਹਾਂ 'ਚ ਨੈਨਇੰਦਰ ਸਿੰਘ,ਜਸਦੀਪ ਸਿੰਘ, ਇਮਰਾਨ ਖਾਨ,ਰਮਨਜੀਤ ਸਿੰਘ,ਕਪਿਲ ਦੇਵ,ਪਰਮਜੀਤ ਕੱਟੂ,ਗੰਗਵੀਰ ਰਠੌੜ,ਹਰਪ੍ਰੀਤ ਸਿੰਘ ਕਾਹਲੋਂ,ਵੀਰਪਾਲ ਕੌਰ,ਨਵਜੀਤ ਕੌਰ ਤੇ ਯਾਦਵਿੰਦਰ ਕਰਫਿਊ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੇ ਫਿਲਮਾਂ ਦੇਖਣ ਤੇ ਵਿਚਾਰ ਚਰਚਾ 'ਚ ਹਿੱਸੇ ਲੈਣ ਵਾਲੇ ਸਾਰੇ ਦੋਸਤਾਂ ਮਿੱਤਰਾਂ ਦਾ ਧੰਨਵਾਦ ਕੀਤਾ। 


ਪਟਿਆ
ਲੇ ਵਾਲੇ ਬਾਈ ਰਮਨਜੀਤ ਦੀ ਰਿਪੋਰਟ 
ਫ਼ੋਟੋਕਾਰ: ਨਵਜੀਤ ਕੌਰ

ਕਨੇਡਾ 'ਚ ਗ਼ਦਰੀ ਬਾਬਿਆਂ ਨੂੰ ਸੰਗਰਾਮੀ ਸ਼ਰਧਾਂਜਲੀ

ਗ਼ਦਰ ਪਾਰਟੀ ਦੀ ਸਥਾਪਨਾ ਤੋਂ ਪੂਰੇ 100 ਸਾਲ ਬਾਅਦ ਉਨ੍ਹਾਂ ਮਹਾਨ ਗ਼ਦਰੀ ਸੂਰਬੀਰਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਸਲਾਮ ਕਰਨ ਲਈ, ਉਨ੍ਹਾਂ ਦਾ ਸਹੀ ਸੁਨੇਹਾ ਘਰ ਘਰ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਉਸਾਰੀ ਗਈ ਗ਼ਦਰ ਪਾਰਟੀ ਸ਼ਤਾਬਦੀ ਸਮਾਰੋਹ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮਾਂ ਦੀ ਲੜੀ ਵਜੋਂ ਬ੍ਰਿਟਿਸ਼ ਕੁਲੰਬੀਆਂ ਸੂਬੇ ਦੇ ਸ਼ਹਿਰਾਂ ਵੈਨਕੋਵਰ ਅਤੇ ਸਰ੍ਹੀ ਵਿਚਲੇ ਵਿਸਾਖੀ ਦੇ ਨਗਰ ਕੀਰਤਨਾਂ ਸਮੇਂ ਗ਼ਦਰੀ ਬਾਬਿਆਂ ਦੀਆਂ ਤਸਵੀਰਾਂ ਦੀ ਇੱਕ ਨੁਮਾਇਸ਼ ਲਾਈ ਗਈ ਜੋ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੀ ਖੋਜ ਭਰਪੂਰ ਮਿਹਨਤ ਨਾਲ ਤਿਆਰ ਕੀਤੀ ਗਈ ਹੈ 'ਤੇ ਜਿਸ ਵਿੱਚ 190 ਤਸਵੀਰਾਂ ਹਨ।ਇਹ ਨੁਮਾਇਸ਼ ਬੜੇ ਹੀ ਸੁਚੱਜੇ ਢੰਗ ਨਾਲ ਤਿਆਰ ਕੀਤੀ ਗਈ ਹੈ।ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵੱਲੋਂ ਤਿਆਰ ਕੀਤਾ ਗ਼ਦਰ ਲਹਿਰ ਨਾਲ ਸਬੰਧਤ ਕਲੰਡਰ ਵੀ ਗ਼ਦਰ ਪਾਰਟੀ ਸ਼ਤਾਬਦੀ ਸਮਾਰੋਹ ਕਮੇਟੀ ਵੱਲੋਂ ਇੱਥੇ ਦੁਬਾਰਾ 10,000 ਦੀ ਗਿਣਤੀ ਵਿੱਚ ਛਪਵਾਕੇ ਵੰਡਿਆ ਗਿਆ। ਪ੍ਰਦਰਸ਼ਨੀ ਨੂੰ ਦੇਖਣ ਵਿੱਚ ਉਤਸ਼ਾਹ ਇਸ ਕਦਰ ਸੀ ਕਿ ਮਾਪੇ ਆਪਣੇ ਬੱਚਿਆਂ ਨੂੰ ਖੁਦ ਇਸ ਪ੍ਰਦਰਸ਼ਨੀ ਬਾਰੇ ਜਾਣਕਾਰੀ ਦੇ ਰਹੇ ਸਨ ਜੋ ਸ਼ਤਾਬਦੀ ਮਨਾਏ ਜਾਣ ਦਾ ਮੁੱਖ ਉਦੇਸ਼ ਹੈ।

ਗ਼ਦਰ ਲਹਿਰ ਨਾਲ ਸਬੰਧਤ ਸਾਹਿਤ ਦੀ ਸਟਾਲ ਵਿੱਚ ਵੀ ਲੋਕਾਂ ਦੀ ਦਿਲਚਸਪੀ ਦੇਖਣ ਯੋਗ ਸੀ।ਇਸਦੇ ਨਾਲ ਨਾਲ ਕਮੇਟੀ ਵੱਲੋਂ ਕਰਵਾਏ ਜਾ ਰਹੇ ਹੋਰ ਪ੍ਰੋਗਰਾਮ ਜਿਵੇਂ ਬੱਚਿਆਂ ਦੇ ਲੇਖ ਅਤੇ ਭਾਸ਼ਨ ਮੁਕਾਬਲੇ, ਕਵੀ ਦਰਵਾਰ, ਸੈਮੀਨਾਰ, ਕਲਚਰਲ ਪ੍ਰੋਗਰਾਮ ਅਤੇ ਪਬਲਿਕ ਰੈਲੀ ਆਦਿ ਦਾ ਵੇਰਵਾ ਵੀ ਜਾਰੀ ਕੀਤਾ ਗਿਆ।ਦੋਨੋ ਹੀ ਦਿਨ ਇੰਨ੍ਹਾਂ ਨਗਰ ਕੀਰਤਨਾਂ ਵਿੱਚ ਸ਼ਾਮਲ 2.5 ਲੱਖ ਲੋਕਾਂ ਨੂੰ ਬੁਲਾਰੇ ਹਰਭਜਨ ਚੀਮਾ, ਪ੍ਰਮਿੰਦਰ ਸਵੈਚ,ਲਖਵੀਰ ਖੁਣ ਖੁਣ, ਪ੍ਰੋਫੈ: ਦਰਸ਼ਨ ਸਿੰਘ ਧਾਲੀਵਾਲ, ਕ੍ਰਿਪਾਲ ਬੈਂਸ ਅਤੇ ਬਾਈ ਅਵਤਾਰ ਗਿੱਲ ਗ਼ਦਰ ਪਾਰਟੀ ਦਾ ਇਤਿਹਾਸ ਅਤੇ ਲਹਿਰ ਬਾਰੇ ਭਰਪੂਰ ਜਾਣਕਾਰੀ ਦਿੰਦੇ ਰਹੇ।ਬਿੱਲਾ ਗਿੱਲ ਨੇ ਸੰਤ ਰਾਮ ਉਦਾਸੀ ਦਾ ਗੀਤ "ਸਾਡਾ ਅੰਮੀਓ ਕਰੋ ਨਾ ਜਰਾ ਝੋਰਾ" ਪੇਸ਼ ਕੀਤਾ, ਕ੍ਰਿਸ਼ਨਾ ਕਾਲੇਜ ਆਫ਼ ਇੰਡੀਅਨ ਡਾਂਸ ਐਂਡ ਮਿਊਜ਼ਿਕ ਦੇ ਸੰਚਾਲਕ ਦਵਿੰਦਰ ਭੱਟੀ 'ਤੇ ਉਨ੍ਹਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ, ਵੈਨਕੋਵਰ ਵਾਲੇ ਨਗਰ ਕੀਰਤਨ ਵਿੱਚ ਖਾਲਸਾ ਦੀਵਾਨ ਸੁਸਾਇਟੀ ਵੈਨਕੋਵਰ ਦੇ ਸੈਕਟਰੀ ਜੁਗਿੰਦਰ ਸਿੰਘ ਸੁਨਰ, ਸਰ੍ਹੀ ਵਿੱਚ ਪ੍ਰੇਮ ਸਿੰਘ ਬਿਨਿੰਗ ਅਤੇ ਗੁਰਦਵਾਰਾ ਦਸ਼ਮੇਸ਼ ਦਰਬਾਰ ਦੇ ਪ੍ਰਧਾਨ ਗਿਆਨ ਸਿੰਘ ਗਿੱਲ ਵੀ ਸਟੇਜ ਤੇ ਆਏ ਅਤੇ ਉਨ੍ਹਾਂ ਗ਼ਦਰ ਪਾਰਟੀ ਸ਼ਤਾਬਦੀ ਸਮਾਰੋਹ ਕਮੇਟੀ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ।ਇੱਥੇ ਇਹ ਗੱਲ ਖਾਸ ਤੌਰ ਤੇ ਯਾਦ ਰੱਖਣ ਯੋਗ ਹੈ ਕਿ ਗ਼ਦਰ ਲਹਿਰ ਮੁਕੰਮਲ ਤੌਰ ਤੇ ਸੈਕੁਲਰ 'ਤੇ ਇਨਕਲਾਬੀ ਲਹਿਰ ਸੀ ਜਿਸਨੇ ਬ੍ਰਿਟਿਸ਼ ਬਸਤੀਵਾਦ ਖ਼ਿਲਾਫ ਹਥਿਆਰਬੰਦ ਘੋਲ ਵਿੱਢਿਆ ਪਰ ਭਾਰਤ ਸਮੇਤ ਵਿਦੇਸ਼ਾਂ ਵਿੱਚ ਕੁੱਝ ਤਾਕਤਾਂ ਪੂਰੇ 100 ਸਾਲ ਬਾਅਦ ਹੁਣ ਗ਼ਦਰ ਲਹਿਰ ਨੂੰ ਕਿਸੇ ਖਾਸ ਫਿਰਕੇ ਨਾਲ ਜੋੜਕੇ ਲੋਕਾਂ ਵਿੱਚ ਭੁਲੇਖਾ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਜੋ ਗ਼ਦਰ ਪਾਰਟੀ ਦੀ ਸੈਕੁਲਰ ਸੋਚ ਤੇ ਗੁੱਝਾ ਹਮਲਾ ਹੈ।ਗ਼ਦਰ ਪਾਰਟੀ ਸ਼ਤਾਬਦੀ ਸਮਾਰੋਹ ਕਮੇਟੀ ਲੋਕਾਂ ਨੂੰ ਅਜਿਹੀਆਂ ਸਾਜਸ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦੀ ਹੈ।


ਜਾਰੀ ਕਰਤਾ… ਬਾਈ ਅਵਤਾਰ ਗਿੱਲ 

ਮੀਡੀਆ ਕੋਆਰਡੀਨੇਟਰ ਗ਼ਦਰ ਪਾਰਟੀ ਸ਼ਤਾਬਦੀ ਸਮਾਰੋਹ ਕਮੇਟੀ 
604-728-7011 
Email--infi@ghadarparty.com

Tuesday, April 23, 2013

ਅ-ਨਾਟਕੀ ਜ਼ਿੰਦਗੀਨਾਮਾ: ਅਨਾਮ ਰਿਸ਼ਤਿਆਂ ਦੀ ਦਾਸਤਾਨ

ਸਾਡੇ ਸਮਾਜ 'ਚ ਔਰਤ ਲਈ ਆਪਣੀਆਂ ਸ਼ਰਤਾਂ 'ਤੇ ਜਿਉਣਾ ਬੇਹੱਦ ਔਖਾ ਹੈ ਪਰ ਫਿਰ ਵੀ ਕੁਝ ਔਰਤਾਂ ਅਜਿਹੀ ਦਲੇਰੀ ਕਰਦੀਆਂ ਹਨ। ਮਰਹੂਮ ਪੱਤਰਕਾਰ ਅੰਮ੍ਰਿਤਾ ਚੌਧਰੀ ਅਜਿਹੀਆਂ ਦਲੇਰ ਔਰਤਾਂ 'ਚੋਂ ਇਕ ਸੀ। ਮੈਂ ਅੰਮ੍ਰਿਤਾ ਤੇ ਜੇ ਪੀ ਬਾਰੇ ਕਾਫੀ ਸਮੇਂ ਤੋਂ ਜਾਣਦਾ ਸੀ ,ਪਰ ਸਾਂਝੇ ਦੋਸਤ ਹੋਣ ਦੇ ਬਾਵਜੂਦ ਅੰਮ੍ਰਿਤਾ ਨੂੰ ਜ਼ਿੰਦਗੀ ਦੀ ਬੇਵਫ਼ਾਈ ਤੋਂ ਪਹਿਲਾਂ ਨਾ ਮਿਲ ਸਕਿਆ।ਹਾਂ, ਇਕ ਵਾਰ ਫੇਸਬੁੱਕ 'ਤੇ ਪਿੰਡਾਂ ਤੇ ਸ਼ਹਿਰਾਂ ਦੇ ਸੰਵੇਦਨਸ਼ੀਲ-ਅਸੰਵੇਦਨਸ਼ੀਲ਼ ਚਰਿੱਤਰ 'ਤੇ ਬਹਿਸ ਦੌਰਾਨ ਛੋਟੀ ਜਿਹੀ ਸ਼ਬਦੀ ਝੜਪ ਜ਼ਰੂਰ ਹੋਈ ਸੀ। ਮੈਂ ਸੀਮੋਨ,ਵਰਜ਼ੀਨੀਆ ਵੁਲਫ਼, ਪ੍ਰਭਾ ਖੇਤਾਨ, ਸੁਧਾ ਅਰੋੜਾ ਆਦਿ ਪੜ੍ਹਨ ਤੋਂ ਬਾਅਦ ਪੰਜਾਬੀ ਸਮਾਜ 'ਚ ਅਜਿਹੀਆਂ ਜ਼ਿੰਦਗੀਆਂ ਜਿਉਣ ਵਾਲਿਆਂ ਨੂੰ ਜਾਨਣ ਤੇ ਸਮਝਣ ਦੀ ਕੋਸ਼ਿਸ਼ ਕੀਤੀ ਪਰ ਨਾ ਅੰਮ੍ਰਿਤਾ-ਜੇ ਪੀ ਤੇ ਚੰਡੀਗੜ੍ਹ 'ਚ ਹੋਣ ਦੇ ਬਾਵਜੂਦ ਨਾ ਹੁਣ ਤੱਕ ਗੈਰ ਰਸਮੀ ਤੌਰ 'ਤੇ ਨਿਰੁਪਮਾ ਦੱਤ ਨੂੰ ਮਿਲਣ ਦਾ ਸਬੱਬ ਬਣਿਆ। ਐਤਵਾਰ ਨੂੰ ਫਿਲਮਸਾਜ਼ ਅਜੈ ਭਾਦਰਵਾਜ ਦੀਆਂ ਫਿਲਮਾਂ ਦੀ ਸਕਰੀਨਿੰਗ-ਚਰਚਾ ਤੋਂ ਬਾਅਦ ਰਾਤ ਨੂੰ ਪ੍ਰੈਸ ਕਲੱਬ,ਚੰਡੀਗੜ੍ਹ 'ਚ ਖਾਣ-ਪੀਣ ਦਾ ਦੌਰ ਚੱਲ ਰਿਹਾ ਸੀ ਤਾਂ ਸੋਮ ਰਸ ਸਰੂਰ 'ਚ ਹੀ ਜੇ ਪੀ ਨਾਲ ਪਹਿਲੀ ਲਾਈਵ ਮੁਲਾਕਾਤ ਹੋਈ। ਲਿਖਣ-ਪੜ੍ਹਨ ਦੀ ਜਾਣ ਪਛਾਣ ਸੀ,ਇਸ ਲਈ ਬਹੁਤੀ ਰਸਮੀ ਗੱਲਬਾਤ ਨਹੀਂ ਹੋਈ। ਪੱਤਰਕਾਰ ਮਨਜੀਤ ਸਿੱਧੂ ਤੇ ਜੇ ਪੀ ਨੇ ਅੰਮ੍ਰਿਤਾ ਦੇ ਨਾਟਕ ਬਾਰੇ ਦੱਸਿਆ। ਦੋਵੇਂ ਅਜੈ ਨਾਲ ਮਿਲੇ। ਹੁਣ ਜਿੱਥੇ ਅੰਮ੍ਰਿਤਾ ਨੂੰ ਅਠਾਈ ਅਪ੍ਰੈਲ ਨੂੰ ਸਮਝਾਂਗਾ,ਓਥੇ ਹੀ ਜੇ ਪੀ ਨਾਲ 'ਅਨਾਮ ਰਿਸ਼ਤਿਆਂ ਦੀ ਦਾਸਤਾਨ' ਸਮਝਣ ਦਾ ਸਫ਼ਰ ਜ਼ਿੰਦਗੀ ਦੀ ਬੇਵਫ਼ਾਈ ਤੱਕ ਜਾਰੀ ਰੱਖਣ ਦੀ ਕੋਸ਼ਿਸ਼ ਕਰਾਂਗਾ -ਯਾਦਵਿੰਦਰ ਕਰਫਿਊ 

ਨਾਟਕ--ਇਟਸ ਨਾਟ ਐਨ ਅਫੇਅਰ 
ਅਪ੍ਰੈਲ 28, 7 ਵਜੇ ਸ਼ਾਮ 
ਪੰਜਾਬ ਕਲਾ ਭਵਨ, ਚੰਡੀਗੜ੍ਹ 

ਹ ਨਾਟਕ ਇੱਕ ਅਨੋਖੇ ਰਿਸ਼ਤੇ ਦੀ ਕਹਾਣੀ ਹੈ, ਰਿਸ਼ਤਾ ਜਿਸ ਲਈ ਸਾਡੀ ਭਾਸ਼ਾ ਜਾਂ ਸੱਭਿਆਚਾਰ ਕੋਲ ਕੋਈ ਨਾਂਅ ਨਹੀਂ - ਸ਼ਬਦ ਨਹੀਂ- ਇਸੇ ਲਈ ਇਸਨੂੰ ਜਿਉਣਾ ਬਹੁਤ ਅਸਹਿਜ ਹੋ ਜਾਂਦਾ ਹੈ।


ਨਾਟਕੀ ਘਟਨਾਵਾਂ ਦਾ ਤਾਣਾ-ਬਾਣਾ ਨਾਟਕ ਦੀ ਨਾਇਕਾ ਅੰਮ੍ਰਤਾ ਦੀ ਮੌਤ ਤੋਂ ਬਾਦ ਸ਼ੁਰੂ ਹੁੰਦਾ ਹੈ। ਨਾਟਕ ਦਾ ਨਾਇਕ ૶ ਜੇਪੀ - ਅੰਮ੍ਰਤਾ ਦੀ ਅਣਹੋਂਦ ਦੀ ਪੀੜ ਚੋਂ ਬਾਹਰ ਆਉਣ ਲਈ ਫੜਫੜਾਉਂਦਾ ਹੋਇਆ ਯਾਦਾਂ ਦੇ ਸੰਸਾਰ 'ਚ ਉਤਰ ਜਾਂਦਾ ਹੈ। ਦੋਹਾਂ ਦੀਆਂ ਇੱਕ-ਦੂਜੇ ਨੂੰ ਕੀਤੀਆਂ ਹੋਈਆਂ ਈ-ਮੇਲਜ਼ ਇਸਦਾ ਜ਼ਰੀਆ ਬਣਦੀਆਂ ਹਨ।

ਅੰਮ੍ਰਤਾ ਜੋ ਇੱਕ ਜਨਮ-ਜਾਤ ਸੁਫ਼ਨਸਾਜ਼ ਹੈ (ਡਾਈਹਾਰਡ ਡ੍ਰੀਮਰ), ਉਸਨੂੰ ਲੱਗਦਾ ਹੈ ਕਿ ਜੀਵਨ ਦੇ ਕਿਸੇ ਮੋੜ 'ਤੇ ਉਸਦੇ ਸੁਫ਼ਨੇ ਗੁਆਚ ਗਏ ਹਨ। ਉਨ੍ਹਾਂ ਸੁਫ਼ਨਿਆਂ ਦੀ ਪੈੜ ਦੱਬਦੀ ਹੋਈ ਅਚਾਨਕ ਉਹ ਇੱਕ ਅਜਿਹੇ ਸ਼ਖਸ ਨੂੰ ਮਿਲਦੀ ਹੈ ਜਿਸ ਨਾਲ ਉਸਨੂੰ ਇੱਕ ਅਨੋਖੀ ਸਾਂਝ ਮਹਿਸੂਸ ਹੁੰਦੀ ਹੈ। ਉਸਨੂੰ ਲੱਗਦਾ ਹੈ ਕਿ ਉਹ ਸ਼ਖਸ ਜੀਵਨ ਲਈ ਉਸਦੇ ਸ਼ੁਦਾ ਨੂੰ ਸਮਝਦਾ ਹੈ। ਉਹ ਉਸ ਨਾਲ ਹਰ ਮਸਲੇ 'ਤੇ ਖੁੱਲ੍ਹ ਕੇ ਗੱਲ ਕਰ ਸਕਦੀ ਹੈ,ਬਿਨਾਂ ਕਿਸੇ ਖੌਫ਼ ਤੋਂ। ਉਹ ਜੇਪੀ ਨੂੰ ਆਪਣੇ ਪਤੀ ਨਾਲ ਮਿਲਾਉਣ ਚਾਹੁੰਦੀ ਹੈ। ਪਰ ਮਾਨਸਿਕ ਬੰਧਨਾਂ ਕਾਰਨ ਉਸਦੀ ਇਹ ਹਸਰਤ ਅਧੂਰੀ ਰਹਿ ਜਾਂਦੀ ਹੈ। ਉਨ੍ਹਾਂ ਕੋਲ ਇਸ ਰਿਸ਼ਤੇ ਦਾ ਕੋਈ ਨਾਂ ਨਹੀਂ, ਇਸ ਲਈ ਹੋਰ ਤਾਂ ਹੋਰ ਉਸਦੇ ਮਾਪੇ ਵੀ ਉਸਦੀ ਗੱਲ ਸਮਝਣ ਤੋਂ ਅਸਮਰੱਥ ਹਨ। ਜੇਪੀ ਦੀ ਚੇਤਾਵਨੀ ਦੇ ਬਾਵਜੂਦ ਅੰਮ੍ਰਤਾ ਬੇ-ਪਰਵਾਹ ਹੈ, ਉਹ ਕੁਝ ਵੀ ਲਕੋਣਾ ਨਹੀਂ ਚਾਹੁੰਦੀ। ਇੰਝ ਉਹ ਅਨਾਮ ਰਿਸ਼ਤਾ ਜਿਸ ਉੱਤੇ ਉਹ ਕੋਈ ਘੁੰਡ ਨਹੀਂ ਪਾਉਂਦੀ, ਉਸਦੀ ਪਰਿਵਾਰਕ ਜ਼ਿੰਦਗੀ ਲਈ ਘਾਤਕ ਬਣ ਜਾਂਦਾ ਹੈ। ਉਸਦਾ ਪਤੀ ਉਸਨੂੰ ਘਰ ਛੱਡਣ ਦਾ ਹੁਕਮ ਸੁਣਾਉਂਦਾ ਹੈ।


ਅੰਮ੍ਰਤਾ ਚੌਰਾਹੇ ਵਿੱਚ ਆ ਜਾਂਦੀ ਹੈ। ਬੱਸ ਇੱਥੋਂ ਹੀ ਉਸਦੇ ਰੂਪਾਂਤਰਣ ਦੀ ਯਾਤਰਾ ਸ਼ੁਰੂ ਹੁੰਦੀ ਹੈ।  'ਸ਼ੀਨਾ' ਦੇ 'ਅੰਮ੍ਰਤਾ' ਬਣਨ ਦਾ ਸਫ਼ਰ।


ਜੇਪੀ ਉਸਨੂੰ ਸਪੱਸ਼ਟ ਕਰਦਾ ਹੈ ਕਿ ਥਾਂ ਬਦਲੀ ਕਰਨ ਨਾਲ ਜਾਂ ਕਿਸੇ ਬੰਦੇ ਨੂੰ ਛੱਡ ਦੇਣ ਨਾਲ ਹੀ ਖੁਸ਼ੀ ਜਾਂ ਆਜ਼ਾਦੀ ਹਾਸਲ ਨਹੀਂ ਹੁੰਦੀ। ਪਰ ਅੰਮ੍ਰਤਾ ਲਈ ਸਾਰੇ ਰਾਹ ਬੰਦ ਹਨ। ਉਹ ਆਪਣੇ ਬੱਚੇ ਸਧਾਰਥ ਲਈ ਚਿੰਤਤ ਹੈ, ਪਰ ਉਹ ਇਹ ਵੀ ਜਾਣਦੀ ਹੈ ਕਿ ਪਤੀ ਦੇ ਘਰ ਰਹਿੰਦਿਆਂ ਉਹ ਆਪਣੇ ਬੱਚੇ ਨੂੰ ਉਹ ਖੁਸ਼ੀ ਨਹੀਂ ਦੇ ਸਕਦੀ ਜਿਸ ਲਈ ਉਹ ਖੁਦ ਤਰਸੀ ਪਈ ਹੈ। ਜੇਪੀ ਅੰਦਰ ਉਸਨੂੰ ਇੱਕ ਮਾਰਗ ਨਜ਼ਰ ਆਉਂਦਾ ਹੈ ਜੋ ਉਸਨੂੰ ਉਸਦੇ ਸੁਫ਼ਨਿਆਂ ਤੱਕ ਲੈ ਜਾ ਸਕਦਾ ਹੈ, ਪਰ ਉਹ ਉਸਦੇ ਮੈਂਟਲ ਬੈਲੈਂਸ ਨਾਲ ਵੀ ਖੇਡਣਾ ਨਹੀਂ ਚਾਹੁੰਦੀ। ਉਸਦੇ ਅੰਦਰ ਇੱਕ ਜੰਗ ਭਖੀ ਹੈ। ਇਮਤਿਹਾਨ ਦੇ ਹਰ ਮੋੜ 'ਤੇ ਜੇਪੀ ਉਸ ਦੇ ਨਾਲ ਹੈ। ਉਹ ਉਸਨੂੰ ਗਵਾਉਣਾ ਨਹੀਂ ਚਾਹੁੰਦੀ ਪਰ ਉਸਦੀ ਸ਼ਾਦੀ ਦੇ ਸੁਫ਼ਨੇ ਵੀ ਦੇਖਦੀ ਹੈ ਤੇ ਖੁਦ ਹੀ ਉਨ੍ਹਾਂ ਤੋਂ ਡਰ ਜਾਂਦੀ ਹੈ। ਜਦ ਅੰਮ੍ਰਤਾ ਨੂੰ ਪਤਾ ਲੱਗਦਾ ਹੈ ਕਿ ਉਸਦਾ ਸਧਾਰਥ ਆਟਸਟਿਕ ਹੈ ਤਾਂ ਉਹ ਬੁਰੀ ਤਰਾਂ ਹਿੱਲਦੀ ਹੈ। ਹਮੇਸ਼ਾਂ ਵਾਂਗ ਜੇਪੀ ਖਾਮੋਸ਼ ਪਰ ਅਡੋਲ ਉਸ ਦੇ ਸੰਗ ਹੈ। ਅੰਮ੍ਰਤਾ ਨੂੰ ਲੱਗਦਾ ਹੈ ਕਿ ਜੇਪੀ ਦੇ ਰੂਪ ਵਿੱਚ ਉਸਨੂੰ ਤੇ ਸਧਾਰਥ ਨੂੰ ਇੱਕ ਅਜਿਹਾ ਦੋਸਤ ਮਿਲਅਿਾ ਹੈ ਜਿਸਦੀ ਮੌਜੂਦਗੀ ਵਿੱਚ ਉਸਨੂੰ ਕਸੇ ਵੀ ਡਰ ਤੋਂ ਡਰਣ ਦੀ ਲੋੜ ਨਹੀਂ। ਪਰ ਨਾਲ ਹੀ ਹਰ ਪਲ ਉਹ ਖੁਦ ਨੂੰ ਇਹ ਯਾਦ ਕਰਾਉਂਦੀ ਰਹਿੰਦੀ ਹੈ ਕਿ ਉਸਨੇ ਖੁਦ ਆਪਣੇ ਹੀ ਬਲ 'ਤੇ ਖੜਾ ਹੋਣਾ ਹੈ,ਕਾਸੇ ਦੇ ਆਸਰੇ ਨਹੀਂ। ਅੰਮ੍ਰਤਾ ਨੇ ਹੁਣ ਡਰ ਤੋਂ ਭੱਜਣਾ ਛੱਡ ਦਿਤਾ ਹੈ। ਉਹ ਹਰ ਖੌਫ਼ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਉਨ੍ਹਾ ਨੂੰ ਪਛਾੜਣਾ ਸਿੱਖ ਰਹੀ ਹੈ।


ਜੇਪੀ ਨਾਲ ਉਸਦਾ ਇਹ ਸੰਵਾਦ, ਜਿਸ ਵਿੱਚ ਉਸਨੂੰ ਲਗਦਾ ਹੈ ਕਿ *ਮਾਈਂਡ ਤੇ ਸਪੇਸ* ਤੱਕ ਦੀਆਂ ਦੂਰੀਆਂ ਵੀ ਕੁਝ ਮਾਅਨੇ ਨਹੀਂ ਰੱਖਦੀਆਂ, ਉਸਦੇ ਰੂਪਾਂਤਰਣ ਦੀ ਗਾਥਾ ਹੈ,ਜੋ ਇਸ ਨਾਟਕ ਦਾ ਵਿਸਥਾਰ ਹੈ। ਉਹ ਦੋਹੇਂ ਇੱਕ ਦੂਜੇ ਦੇ ਇੰਨੇ ਨੇੜੇ ਆ ਜਾਂਦੇ ਹਨ ਜਿੱਥੇ ਕੋਈ ਵਿੱਥ ਨਹੀਂ, ਸਧਾਰਥ ਦੋਹਾਂ ਦੇ ਦਰਮਅਿਾਨ ਫੈਲਿਆ ਇੱਕ ਸੂਖਮ ਪੁਲ ਹੈ। ਅੰਮ੍ਰਤਾ ਨੂੰ ਇਸ ਗੱਲ ਦਾ ਰੰਜ ਹੈ ਕਿ ਸਧਾਰਥ ਇਸ ਰਿਸ਼ਤੇ ਦੀ ਖੂਬਸੂਰਤੀ ਨੂੰ ਸ਼ਬਦਾਂ 'ਚ ਬਿਆਨ ਨਹੀਂ ਕਰ ਸਕਦਾ ਪਰ ਵੱਡਾ ਹੋ ਕੇ ਜ਼ਰੂਰ ਉਹ ਇਸਨੂੰ ਸਮਝੇਗਾ। ਉਹ ਦੁਆ ਕਰਦੀ ਹੈ ਕਿ ਇਹ ਰਿਸ਼ਤਾ ਉਮਰ ਭਰ ਇੰਝ ਹੀ ਬਣਿਆ ਰਹੇ। ਠੀਕ ਇਸੇ ਹੀ ਮੌੜ 'ਤੇ ਜ਼ਿੰਦਗੀ ਮੁੜ ਬੇਵਫ਼ਾਈ ਕਰ ਜਾਂਦੀ ਹੈ।


ਅੰਮ੍ਰਤਾ ਦੀ ਮੌਤ ਤੋਂ ਬਾਦ ਸਧਾਰਥ ਨੂੰ ਵੀ ਜੇਪੀ ਤੋਂ ਅਲਗ ਕਰ ਦਿੱਤਾ ਜਾਂਦਾ ਹੈ,ਕਿਉਂਕਿ ਜੇਪੀ ਨਾਲ ਉਸਦੇ ਰਿਸ਼ਤੇ ਦਾ ਕੋਈ ਨਾਂ ਨਹੀਂ-ਕੋਈ ਪਛਾਣ ਨਹੀਂ। ਜੇਪੀ ਹੁਣ ਇਕੱਲਾ ਹੈ, ਹਰ ਉਹ ਸ਼ੈਅ ਜਿਸਦੇ ਸਾਥ ਨੂੰ ਉਸਨੇ ਯਕੀਨੀ ਹੀ ਮੰਨ ਲਿਆ ਸੀ ਉਸ ਤੋਂ ਦੂਰ ਜਾ ਚੁੱਕੀ ਹੈ। ਜੇਪੀ ਮੰਚ ਉੱਤੇ ਇਕੱਲਾ ਹੈ। ਨਾਟਕ ਆਪਣੇ ਸ਼ੁਰੂਆਤੀ ਬਿੰਦੂ ਵਾੱਲ ਪਲਟਦਾ ਹੈ, ਪਰ ਇਹ ਦੁਹਰਾਅ ਨਹੀਂ ਹੈ। ਇੱਥੋਂ ਹੀ ਜੇਪੀ ਦੇ ਰੂਪਾਂਤਰਣ ਦਾ ਅਮਲ਼ ਸ਼ੁਰੂ ਹੁੰਦਾ ਹੈ। ਇਹ ਪਲ ਸ਼ਾਇਦ ਉਸ ਨਾਲ ਮਿਲਦਾ-ਜੁਲਦਾ ਹੈ ਜਦੋਂ ਜੁਗਾਂ ਪਹਿਲਾਂ ਰਾਜਕੁਮਾਰ ਸਧਾਰਥ ਨੇ ਪਹਿਲੀ ਵਾਰ ਮ੍ਰਿਤੂ ਦੇ ਦਰਸ਼ਨ ਕੀਤੇ ਸਨ। ਈਮੇਲਜ਼ ਦੀ ਇਸ ਅੰਤਰ-ਯਾਤਰਾ 'ਚੋਂ ਗੁਜ਼ਰਦੇ ਹੋਏ ਜੇਪੀ ਨੂੰ ਇਸ ਗੱਲ ਦਾ ਇਲਹਾਮ ਹੁੰਦਾ ਹੈ ਕਿ ਯਾਦਾਂ 'ਅਸੁਰੱਖਿਅਤਾ' ਤੋਂ ਬਚਣ ਦਾ ਇੱਕ ਤਰਲਾ ਹੀ ਹਨ, ਉਹ ਪਿਆਰ ਦਾ ਭਰਮ ਸਿਰਜਦੀਆਂ ਜਾਪਦੀਆਂ ਹਨ, ਪਰ ਕੀ ਉਹੀ ਪਿਆਰ ਹਨ।


ਜੇਪੀ ਇਨ੍ਹਾ ਸਵਾਲਾਂ ਨਾਲ ਦੋ-ਚਾਰ ਹੈ, ਉਸਦੇ ਸਾਹਮਣੇ ਇਹ ਭੇਦ ਖੁਲਦਾ ਹੈ ਕਿ 'ਅਸੁਰੱਖਿਅਤਾ' ਮਨੁੱਖੀ ਹੋਂਦ ਦਾ ਇੱਕ ਅਨਿੱਖੜਵਾਂ ਹਿੱਸਾ ਹੈ। ਹੋਂਦ ਦੇ ਇਸ ਧਰਾਤਲ 'ਤੇ ਕੁਝ ਵੀ ਯਕੀਨੀ ਨਹੀਂ। ਉਸਨੂੰ ਅਹਿਸਾਸ ਹੁੰਦਾ ਹੈ ਕਿ ਸਵੈ ਦੀ ਹੋਂਦ ਤੋਂ ਪਾਰ ਜਾਏ ਬਗੈਰ 'ਅਸੁਰੱਖਿਅਤਾ' ਤੇ ਵਿਛੋੜੇ ਦੇ ਇਸ ਡਰ ਤੋਂ ਮੁਕਤ ਹੋਣ ਦਾ ਹੋਰ ਕੋਈ ਮਾਰਗ ਨਹੀਂ ਤੇ ਇਹ ਮਾਰਗ ਹੈ ਮੈਂ, ਮੇਰੇ, ਤੇ ਮੇਰੇਪਣ ਤੋਂ ਮੁਕਤ ਹੋਣ ਦਾ ਮਾਰਗ, ਜੋ ਇੱਕ ਮਨੋਗਤ ਮੌਤ ਹੈ-ਹਊਮੈ ਦੀ ਮੌਤ। ਜੇਪੀ ਇਸੇ ਮਾਰਗ ਨੂੰ ਚੁਣਦਾ ਹੈ। ਇਹ ਇਸ ਨਾਟਕ ਦਾ ਉਹ ਚਰਮ ਬਿੰਦੂ ਹੈ ਜਿਸਨੂੰ ਦ੍ਰਿਸ਼ ਬਣਾਇਆ ਜਾ ਸਕਦਾ ਹੈ। ਇਸ ਤੋਂ ਅੱਗੇ ਦੀ ਯਾਤਰਾ ਮੌਨ ਦੀ ਯਾਤਰਾ ਹੈ-ਅਰੂਪ ਦੀ- ਜਿਸਨੂੰ ਦੇਖਿਆ-ਦਿਖਾਇਆ ਨਹੀਂ ਜਾ ਸਕਦਾ, ਬੱਸ ਜੀਵੀਆ ਜਾ ਸਕਦਾ ਹੈ। 

ਬਲਰਾਮ 

ਲੇਖਕ ਇਸ ਨਾਟਕ ਦੇ ਨਿਰਦੇਸ਼ਕ ਹਨ।

Friday, April 19, 2013

ਬਲਾਤਕਾਰ ਦੀ ਸਿਆਸਤ ਅਤੇ ਮਨੁੱਖੀ ਜਿਸਮ


ਭਾਰਤ ਨੂੰ ਸੰਵਿਧਾਨਿਕ ਤੇ ਕਾਨੂੰਨੀ ਤੌਰ ਤੇ ਜਮਹੂਰੀ ਮੁਲਕ ਮੰਨਿਆ ਜਾਂਦਾ ਹੈ। ਇਸ ਦੇ ਵੱਖ-ਵੱਖ ਸੂਬਿਆਂ ਦੀਆਂ ਬਹੁਤ ਸਾਰੀਆਂ ਸਮਾਜਿਕ, ਆਰਥਿਕ ਤੇ ਸੱਭਿਆਚਾਰਕ ਤੰਦਾਂ ਸਾਂਝੀਆਂ ਹਨ। ਆਰਥਿਕਤਾ ਦਾ ਧੁਰਾ ਖੇਤੀ ਹੈ ਅਤੇ ਸਿਆਸੀ ਤੌਰ ਤੇ ਬਹੁਤੇ ਸੂਬੇ ਜਾਤ-ਪਾਤ,ਵਰਗ ਵਿਤਕਰੇ ਅਤੇ ਪੂੰਜੀ ਦੇ ਦਮ ਤੇ ਟਿਕੇ ਹੋਏ ਹਨ। ਇਹ ਮੰਨਣਾ ਮਹਿਜ਼ ਖੁਸ਼ਫਹਿਮੀ ਹੈ ਕਿ ਇਹਨਾਂ ਸੂਬਿਆਂ ਵਿੱਚ ਜਮਹੂਰੀ ਮੁੱਲਾਂ ਅਤੇ ਪ੍ਰੰਪਰਾਵਾਂ ਦੇ ਪਨਪਣ ਦਾ ਸੋਮਾ ਇਹਨਾਂ ਵਿੱਚ ਰਹਿ ਰਹੀ ਲੋਕਾਈ ਹੈ। ਬਹੁਤੇ ਸੂਬਿਆਂ ਨੇ 'ਜ਼ਰ,ਜ਼ੋਰੂ ਤੇ ਜ਼ਮੀਨ'ਨੂੰ ਸਮਾਜਿਕ ਸੱਤਾ ਅਤੇ ਮਰਦਾਨਗੀ ਦੀ ਚੂਲ ਮੰਨਦਿਆਂ ਨਾ ਤਾਂ ਹੁਣ ਤੱਕ ਪਨਪੀਆਂ ਆਧੁਨਿਕ ਵਿਚਾਰਧਰਾਵਾਂ ਨਾਲ ਕੋਈ ਸੰਵਾਦ ਰਚਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਨਾ ਹੀ ਮੌਜੂਦਾ ਵਿਕਾਸ ਮਾਡਲਾਂ ਵਿੱਚ ਪਈ ਲੁਪਤ ਹਿੰਸਾ ਤੇ ਕੋਈ ਕਾਰਵਾਈ ਕਰਣ ਦਾ ਤਰਦੱਦ ਕੀਤਾ ਹੈ। ਜਦੋਂ ਇਹਨਾਂ ਸੂਬਿਆਂ ਦਾ ਸੱਤਾ-ਤੰਤਰ ਚੌਧਰ ,ਹੈਂਕੜ ਅਤੇ ਪੂੰਜੀ ਦੀ ਟੀਰੀ ਮਾਨਸਿਕਤਾ ਨਾਲ ਲੈਸ ਹੋ ਕੇ ਸਮਾਜਿਕ ਭਲਾਈ, ਸਮਾਨਤਾ, ਨਿਆਂ ਅਤੇ ਸਹਿਹੋਂਦ ਵਰਗੀਆਂ ਧਾਰਨਾਵਾਂ ਨਾਲ ਦੋ-ਚਾਰ ਹੁੰਦਾ ਹੈ ਤਾਂ ਇਸ ਦਾ ਸਾਰਾ ਨੰਗੇਜ਼ ਉਘੜ ਆਉਂਦਾ ਹੈ। ਇਸ ਦੀ ਇੱਕ ਝਲਕ ਹੁਣੇ- ਹੁਣੇ ਮੁਲਕ ਦੀ ਰਾਜਧਾਨੀ ਦਿੱਲੀ ਵਿੱਚ ਦੇਖਣ ਨੂੰ ਮਿਲੀ ਜਿੱਥੇ ਸੜਕਾਂ ਤੇ ਨਿਕਲੇ ਲੋਕਾਂ ਨੂੰ ਇਲਮ ਹੋਇਆ ਕਿ ਹੁਣ ਤੱਕ ਉਹ ਜਮਹੂਰੀਅਤ ਦੇ ਨਾਮ ਤੇ ਇੱਕ ਅਜਿਹੇ ਵਰਗ ਨੂੰ ਹੱਥ ਕੱਟਕੇ ਦੇ ਚੁੱਕੇ ਹਨ ਜੋ ਚਿਰਾਂ ਤੋਂ ਲੋਕਾਈ ਨੂੰ ਬੇਵਿਸਾਹੀ,ਬੇਬਸੀ,ਇੱਕਲਤਾ ਅਤੇ ਸਰੀਰਾਂ ਦੇ ਵਿਅਕਤੀਗਤ ਜ਼ਸਨਾਂ ਦੇ ਮਹਾਂਦੀਪਾਂ ਵੱਲ ਧੱਕ ਰਿਹਾ ਹੈ।

ਮਨਮੋਹਣ ਸਿੰਘ ਦੇ ਅਮਰੀਕੀ ਤਰਜ਼ ਦੇ ਆਰਥਿਕ ਸੁਧਾਰਾਂ ਨੂੰ ਲਾਗੂ ਕਰਦਾ ਸੱਤਾ-ਤੰਤਰ ਭੁੱਖ,ਗਰੀਬੀ,ਬੇਬਸੀ ਤੇ ਜ਼ਲ਼ਾਲਤ ਦੇ ਜ਼ਜ਼ੀਰਿਆਂ ਤੇ ਆਯਾਸ਼ੀ ਦੇ ਟਾਪੂ ਉਸਾਰਦਾ ਹਰਿਆਣਾ ਵਿੱਚ ਲਗਾਤਾਰ ਹੋ ਰਹੇ ਬਲਾਤਕਾਰਾਂ ਅਤੇ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਰਾਹੀ ਅਗਲੀ ਸ਼ਕਲ ਬਦਲਦਾ ਹੈ। ਜੇਕਰ ਇਹਨਾਂ ਘਟਨਾਵਾਂ ਨੂੰ ਆਪਸ ਵਿੱਚ ਜੋੜਕੇ ਸਮਝਿਆ ਜਾਵੇ ਤਾਂ ਸ਼ੱਪਸ਼ਟ ਹੋ ਜਾਦਾ ਹੈ ਕਿ ਇਹਨਾਂ ਦੀ ਪਟਕਥਾ ਸਿਆਸੀ ਸੱਤਾ ਲਿਖਦੀ ਹੈ।

ਇਸ ਸੱਤਾ ਦਾ ਧੁਰਾ ਬੇਥਵੀ ਤੇ ਲੋਕਾਈ ਦਾ ਗਲਾ ਕੱਟ ਕੇ ਇਕੱਠੀ ਕੀਤੀ ਪੂੰਜੀ ਹੈ। ਇਸ ਪੂੰਜੀ ਦਾ ਆਪਣਾ ਮਨੋਵਿਗਿਆਨ ਹੈ । ਇਸ ਮਨੋਵਿਗਿਆਨ ਦੀ ਕਥਨੀ ਤੇ ਕਰਨੀ ਬਜ਼ਾਰ ਤੈਅ ਕਰਦਾ ਹੈ ਤੇ ਇਸ ਦੀ ਹੋਂਦ ਉਹਨਾਂ ਸਮਾਜਿਕ ਵਰਤਾਰਿਆਂ ਤੇ ਟਿਕੀ ਹੈ ਜੋ ਆਰਥਿਕ ,ਧਾਰਿਮਕ, ਸਮਾਜਿਕ, ਸਰੀਰਿਕ ਜਾਂ ਜਾਤੀ ਆਧਾਰ ਤੇ ਸਧਾਰਨ ਲੋਕਾਈ ਨੂੰ ਲਗਾਤਾਰ ਜ਼ਲ਼ਾਲ਼ਤ ਵਿੱਚ ਜਿਊਣ ਲਈ ਮਜ਼ਬੂਰ ਕਰਦੇ ਹਨ। ਇਸ ਤਰਕ ਨੂੰ ਸਮਝਣ ਲਈ ਹੁਣੇ-ਹੁਣੇ ਚੁਣੀ ਗਈ ਮੋਦੀ ਸਰਕਾਰ ਦੀ ਉਦਾਹਰਣ ਦਿੱਤੀ ਜਾ ਸਕਦੀ ਹੈ। ਗੁਜਰਾਤ ਚੋਣ ਕਮਿਸ਼ਨ ਅਨੁਸਾਰ ਇਸ ਮੋਦੀ ਸਭਾ ਦੇ 57 ਮੈਂਬਰਾਂ ਖਿਲਾਫ ਬਲਾਤਕਾਰ,ਕਤਲ,ਅਗਵਾ ਕਰਣ ਅਤੇ ਫਿਰੌਤੀ ਵਸੂਲਣ ਦੇ ਮੁਕੱਦਮੇ ਚਲ ਰਹੇ ਹਨ। ਹੁਣ ਜੇਕਰ ਜਮਹੂਰੀਅਤ ਦਾ ਭੁਲ਼ੇਖਾ ਪਾਲੀ ਬੈਠੀ ਲੋਕਾਈ ਆਪਣੇ ਆਪ ਨੂੰ ਸਿਰਫ ਕਾਗਜ਼ ਦੇ ਇੱਕ ਟੁਕੜੇ ਅਰਥਾਤ ਵੋਟ ਤੱਕ ਮਹਿਦੂਦ ਕਰਕੇ ਇਹਨਾਂ ਹੀ ਅਪਰਾਧੀਆਂ ਤੋਂ ਬਲਾਤਕਾਰ,ਕਤਲ,ਅਗਵਾ ਕਰਣ ਅਤੇ ਫਿਰੌਤੀ ਵਸੂਲਣ ਦੇ ਵਿਰੁੱਧ ਨਿਆਂ ਦੀ ਉਮੀਦ ਰੱਖਦੀ ਹੈ ਤਾਂ ਇਹ ਤੈਅ ਹੈ ਕਿ ਇਸ ਰਾਸ਼ਟਰ ਦੀ ਸਿਆਸੀ ਚੇਤਨਾ ਮਰ ਚੁੱਕੀ ਹੈ।

ਜੁਰਮ ਅਤੇ ਨਿਆਂ ਦਾ ਮਸਲਾ ਅਕਸਰ ਕਾਨੂੰਨ ਅਤੇ ਸਜ਼ਾ ਨਾਲ ਜੋੜ ਕੇ ਸਮਝਿਆ ਜਾਂਦਾ ਹੈ। ਇਸ ਫੌਰੀ ਹੱਲ ਦੀਆ ਕੁਝ ਲੁਪਤ ਪਰਤਾਂ ਹਨ। ਪਹਿਲੀ ਜੁਰਮ ਦਾ ਸਿੱਧਾ ਸਬੰਧ ਪੀੜਿਤ ਧਿਰ ਦੀ ਨਾਬਰਾਬਰੀ ਨਾਲ ਹੁੰਦਾ ਹੈ। ਮਸਲਨ ਬਲਾਤਕਾਰਾਂ ਦੇ ਮਾਮਲੇ ਵਿੱਚ ਇਹ ਨਾਬਰਾਬਰੀ ਔਰਤ ਹੋਣਾ ਹੋ ਸਕਦਾ ਹੈ। ਔਰਤ ਦਾ ਦਲਿਤ ਹੋਣਾ,ਘੱਟ-ਗਿਣਤੀ ਨਾਲ ਸਬੰਧਿਤ ਹੋਣਾ,ਗਰੀਬ ਹੋਣਾ,ਆਦਿਵਾਸੀ ਹੋਣਾ, ਬਲਾਤਕਾਰਾਂ ਦਾ ਅਨੁਪਾਤ ਵੱਧਣ ਨਾਲ ਸਿੱਧਾ ਸਬੰਧਿਤ ਹੈ। ਦਿਲਚਸਪ ਤੱਥ ਹੈ ਕਿ ਔਰਤਾਂ ਦਾ ਉਪਰੋਕਤ ਵਰਗ ਹੀ ਸਿੱਖਿਆਂ,ਸਿਹਤ ਤੇ ਬਾਕੀ ਸਿਆਸੀ-ਸਮਾਜਿਕ ਸਹੂਲਤਾਂ ਦੇ ਮਾਮਲੇ ਵਿੱਚ ਹਾਸ਼ੀਏ ਤੇ ਹੈ । ਕੀ ਉਪਰੋਕਤ ਵਰਗ ਦੀਆਂ ਔਰਤਾਂ ਦੇ ਸਰੀਰਾਂ ਖਿਲਾਫ ਹੁੰਦੀ ਇਸ ਸਿਆਸਤ ਨੂੰ ਸਿਰਫ ਜੁਰਮ ਅਤੇ ਨਿਆਂ ਦੀਆਂ ਧਾਰਨਾਵਾਂ ਰਾਹੀ ਸਮਝਿਆਂ ਜਾ ਸਕਦਾ ਹੈ? ਦੂਜੀ ਪਰਤ ਅਨੁਸਾਰ ਜੁਰਮ ਅਤੇ ਨਿਆਂ ਦੋਵੇਂ ਧਾਰਨਾਵਾਂ ਨਿਰਪੱਖ ਨਹੀਂ ਹਨ ਸਗੋਂ ਇਹਨਾਂ ਦੀ ਘਾੜਤ ਸਿਆਸੀ,ਆਰਥਿਕ,ਧਾਰਿਮਕ ਤੇ ਸਭਿਆਚਾਰਕ ਵਰਤਾਰਿਆਂ ਦੁਆਰਾ ਘੜੀ ਜਾਦੀ ਹੈ ਅਤੇ ਇਹ ਹਮੇਸ਼ਾ ਮਾੜੇ-ਨਿਤਾਣੇ ਜਨਾਂ ਖਿਲਾਫ ਭੁਗਤਦੀ ਹੈ। ਤੀਜਾ ਬਲਾਤਕਾਰ ਰੂਪੀ ਜੁਰਮ ਸਾਬਿਤ ਕਰਦਾ ਹੈ ਕਿ ਜਿਹੜਾ ਵਰਗ (ਇਸ ਮੁੱਦੇ ਵਿੱਚ ਔਰਤ) ਸਿਆਸੀ,ਆਰਥਿਕ,ਧਾਰਿਮਕ ਤੇ ਸਭਿਆਚਾਰਕ ਢਾਂਚਿਆਂ ਦੀ ਬਣਤਰ ਅਤੇ ਸੰਚਾਲਣ ਵਿੱਚ ਸੱਤਾਹੀਣ ਹੈ ਉਹ ਕਿਸੇ ਵੀ ਤਰ੍ਹਾਂ ਦੀ ਸੱਤਾ (ਇਸ ਮੁੱਦੇ ਵਿੱਚ ਮਰਦ ਸੱਤਾ ਕਿਹਾ ਜਾ ਸਕਦਾ ਹੈ) ਵਿੱਚ ਨਾ ਸਿਰਫ ਸ਼ੋਸ਼ਿਤ ਰਹੇਗਾ ਸਗੋਂ ਆਪਣੀ ਸਰੀਰਿਕ ਹੋਂਦ ਬਚਾਉਣ ਲਈ ਆਪਣੇ ਵਰਗ ਖਿਲਾਫ ਵੀ ਭੁਗਤੇਗਾ।


ਬਲਾਤਕਾਰ ਸਰੀਰਿਕ ਦਰਿੰਦਗੀ ਹੈ ਪਰ ਇਹੀ ਦਰਿੰਦਗੀ ਜਦੋਂ ਔਰਤਾਂ ਨਾਲ ਦਾਜ ਕਾਰਣ ਹੁੰਦੀਆਂ ਮੌਤਾਂ (ਜਿਸ ਨੂੰ ਹੁਣ ਸ਼ਾਇਦ ਕੁਦਰਤੀ ਮੌਤ ਹੀ ਮੰਨ ਲਿਆ ਗਿਆ ਹੈ) ਘਰੇਲੂ ਹਿੰਸਾ ਕਾਰਣ ਹੋਈਆ ਮੌਤਾਂ,ਅਣਖ ਕਾਰਣ ਕੀਤੇ ਕਤਲਾਂ ਅਤੇ ਰਾਜਤੰਤਰ ਦੁਆਰਾ ਅਮਨ-ਕਾਨੂੰਨ ਦੇ ਲੁਬਾਦੇ ਹੇਠ ਕੀਤੇ ਕਤਲਾਂ ਦੇ ਰੂਪ ਵਿੱਚ ਹੁੰਦੀ ਹੈ ਤਾਂ ਇਸ ਨੂੰ ਮਿਲਿਆ ਸਮਾਜਿਕ ਸੱਤਾ ਦਾ ਨੈਤਿਕ ਹੁੰਗਾਰਾ ਅਜਿਹੇ ਕਤਲਾਂ ਦੀ ਲੜੀ ਨਹੀਂ ਟੁੱਟਣ ਦਿੰਦਾ। ਸਮਾਜਿਕ ਸੱਤਾ ਦਾ ਧੁਰਾ ਕੁਦਰਤੀ ਤੇ ਮਨੁੱਖੀ ਸਾਧਨਾਂ ਤੇ ਕਾਬਜ਼ ਕਲੀਨ ਵਰਗ, ਜਾਤ-ਧਰਮ ਦੇ ਨਾਮ ਤੇ ਫਿਰਕੂਪੁਣੇ ਤੇ ਗੈਰਮਨੁੱਖੀ ਰਵਾਇਤਾਂ ਨੂੰ ਜ਼ਿੰਦਾ ਰੱਖਦੇ ਟੋਲੇ ਅਤੇ ਇਹਨਾਂ ਦੀ ਹੋਂਦ ਲਈ ਆਕਸੀਜਨ ਦਾ ਕੰਮ ਦਿੰਦੇ ਵਿਆਹ,ਸਿੱਖਿਆਂ-ਸੰਸਥਾਂਵਾਂ, ਕੰਮ-ਕਾਜ ਦੇ ਸਥਾਨ,ਬਜ਼ਾਰ,ਕਲਾ ਤੇ ਸੱਭਿਆਚਾਰ ਰੂਪੀ ਅਦਾਰੇ ਹਨ। ਕੋਈ ਮਨੂੱਖੀ ਸਰੀਰ ਕਿਵੇਂ ਦੇਖਿਆ,ਵਰਤਿਆ,ਵੇਚਿਆਂ, ਸਾਂਭਿਆਂ,ਵੱਢਿਆ,ਰੋਲਿਆ ਜਾਵੇਗਾ ਇਹ ਇਹੀ ਸਮਾਜਿਕ ਸੱਤਾ ਤੈਅ ਕਰਦੀ ਹੈ। ਇਸ ਸਮਾਜਿਕ ਸੱਤਾ ਦਾ ਹੀ ਇੱਕ ਹਿੱਸਾ ਸਿਆਸੀ ਸੱਤਾ ਹੈ ਜੋ ਇਸ ਦਾ ਕਾਰਜਕਾਰੀ ਅੰਗ ਹੈ। ਹੁਣ ਜੇਕਰ ਇਹ ਸਮਾਜਿਕ ਸੱਤਾ ਹੀ ਗੈਰ-ਜਮਹੂਰੀ ਹੈ ਤਾਂ ਕੀ ਇਹ ਸੰਭਵ ਹੈ ਕਿ ਇਸ ਦਾ ਕਾਰਜਕਾਰੀ ਅੰਗ ਅਰਥਾਤ ਸਿਆਸੀ ਸੱਤਾ ਆਪਣੇ ૶ਆਪ ਹੀ ਜਮਹੂਰੀ ਹੋ ਜਾਵੇ? ਇੱਥੇ ਇੱਕ ਮਹਤੱਵਪੂਰਨ ਨੁਕਤਾ ਸਮਾਜਿਕ ਸੱਤਾ ਦੀ ਹੋਂਦ ਨੂੰ ਜ਼ਿੰਦਾ ਰੱਖਦੇ ਗੈਰ-ਜਮਹੂਰੀ ਤੇ ਗੈਰ-ਵਿਗਿਆਨਕ ਵਰਤਾਰਿਆਂ ਬਾਰੇ ਹੈ।

ਉਦਾਹਰਣ ਦੇ ਤੌਰ ਤੇ ਔਰਤ-ਵਰਗ ਦੀ ਹਰ ਅਦਾਰੇ ਅਤੇ ਇਕਾਈ ਵਿੱਚ ਅੱਧ ਦੀ ਹਾਜ਼ਰੀ ਪੂਰੀ ਕਰਣ ਦਾ ਕੋਈ ਅਰਥ ਨਹੀਂ ਜੇਕਰ ਉਹ ਗੈਰ-ਜਮਹੂਰੀ ਤੇ ਗੈਰ-ਵਿਗਿਆਨਕ ਵਰਤਾਰਿਆਂ ਨੂੰ ਬਦਲਣ ਦੀ ਬਿਜਾਏ ਸਮਾਜਿਕ ਸੱਤਾ ਦੇ ਵਰਤੋਂ-ਵਿਹਾਰ ਨੂੰ ਇੰਨ-ਬਿੰਨ ਹੀ ਲਾਗੂ ਕਰਨ ਲੱਗ ਜਾਵੇ। ਹਜ਼ਾਰਾਂ ਮਾਇਆਵਤੀਆਂ,ਸ਼ੀਲਾਂ-ਦੀਕਸ਼ਿਤਾਂ ਤੇ ਮਮਤਾਵਾਂ ਦੇ ਹੱਥ ਵਿੱਚ ਦਿੱਤੀ ਸਿਆਸੀ ਸੱਤਾ ਔਰਤ-ਵਰਗ ਦਾ ਕੁਝ ਨਹੀਂ ਸੌਰ ਸਕਦੀ ਜਦ ਤੱਕ ਉਹ ਸਮਾਜਿਕ ਸੱਤਾ ਦੇ ਜਮਹੂਰੀਕਰਣ ਦਾ ਹਥਿਆਰ ਨਹੀਂ ਚੁੱਕਦੀਆਂ।

ਸਮਾਜਿਕ ਸੱਤਾ ਦੇ ਜਮਹੂਰੀਕਰਣ ਦਾ ਅਮਲ ਨਾ ਤਾਂ ਮਰਦ-ਵਰਗ ਖਿਲਾਫ ਨਫਰਤ ਤੇ ਹਿੰਸਾ ਨਾਲ ਸਰ ਹੋ ਸਕਦਾ ਹੈ ਅਤੇ ਨਾ ਹੀ ਵੱਖ-ਵੱਖ ਵਰਗਾਂ ਦੀ ਸਮਾਜਿਕ ਸੱਤਾ ਵਿੱਚ ਬਰਾਬਰੀ ਤੋਂ ਬਿਨਾਂ ਹੱਲ ਹੀ ਸਕਦਾ ਹੈ। ਇਹ ਤਾਂ ਤੈਅ ਹੀ ਹੈ ਕਿ ਸਿਆਸੀ ਚੇਤੰਨਤਾ ਤੋਂ ਵਿਹੂਣੀ ਲੋਕਾਈ ਜਮਹੂਰੀਅਤ ਲਈ ਲੜਣ ਦੀ ਥਾਂ ਉਮਰ ਭਰ ਰੋਟੀ,ਕੁੱਲ਼ੀ ਤੇ ਜੁੱਲੀ ਲਈ ਜੂਝਦਿਆਂ ਹੀ ਕੱਢ ਦਿੰਦੀ ਹੈ ।ਇਹ ਜਮਹੂਰੀਅਤ ਨੂੰ ਸਰੀਰ ਬਚਾਉਣ ਤੱਕ ਸੀਮਿਤ ਕਰਣ ਦੀ ਸਿਆਸਤ ਹੈ ।ਬਲਾਤਕਾਰ ਦੀ ਸੰਰਚਨਾ ਭੁੱਖਮਰੀ ਨਾਲ ਹੁੰਦੀਆਂ ਮੌਤਾਂ,ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਵਰਤਾਰੇ ਅਤੇ ਸਾਧਨ-ਵਿਹੂਣੀਆਂ ਜ਼ਿੰਦੜੀਆਂ ਦੀ ਜ਼ਲਾਲਤ ਨਾਲੋਂ ਕਿਸੇ ਤਰ੍ਹਾਂ ਵੀ ਤੋੜ ਕੇ ਨਹੀਂ ਸਮਝੀ ਜਾ ਸਕਦੀ।

ਕੁਲਦੀਪ ਕੌਰ
ਲੇਖਿਕਾ ਔਰਤਾਂ ਨਾਲ ਜੁੜੇ ਸੰਵੇਦਨਸ਼ੀਲ ਮਸਲਿਆਂ  ਬਾਰੇ ਲਗਾਤਾਰ ਲਿਖਦੇ ਰਹਿੰਦੇ ਹਨ। ਉਹ ਅੱਜਕਲ੍ਹ ਪੰਜਾਬੀ ਯੂਨੀਵਰਸਿਟੀ 'ਚ ਪੱਤਰਕਾਰੀ ਤੇ ਜਨ-ਸੰਚਾਰ ਵਿਭਾਗ ਦੇ ਰਿਸਰਚ ਸਕਾਲਰ ਹਨ।

Thursday, April 18, 2013

ਬਾਦਲ ਬੇਨਕਾਬ : ਦਵਿੰਦਰਪਾਲ ਭੁੱਲਰ ਦੀ ਮਾਂ ਉਪਕਾਰ ਕੌਰ ਦਾ ਬਾਦਲ ਦੇ ਨਾਂਅ ਖੁੱਲ੍ਹਾ ਖ਼ਤ

ਮਾਤਾ ਉਪਕਾਰ ਕੌਰ 
ਸਾਡਾ ਪੱਖ:ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਵਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲਿਖੀ ਚਿੱਠੀ ਨੂੰ ਲੈ ਕੇ ਭੁੱਲਰ ਦੇ ਭਰਾ ਤੇਜਿੰਦਰ ਸਿੰਘ ਭੁੱਲਰ ਦਾ ਪ੍ਰਤੀਕਰਮ ਆਇਆ ਹੈ ਕਿ 'ਉਨ੍ਹਾਂ ਦਾ ਇਸ ਚਿੱਠੀ ਨਾਲ ਕੋਈ ਸਬੰਧ ਨਹੀਂ ਹੈ। ਦਰ ਅਸਲ ਗੁਲਾਮ ਕਲਮ ਦਾ ਵੀ ਇਸ ਗੰਭੀਰ ਮਾਮਲੇ 'ਚ ਸਨਸਨੀ ਆਦਿ ਫੈਲਾਉਣ ਦਾ ਕੋਈ ਮਕਸਦ ਨਹੀਂ ਹੈ, ਪਰ ਅਸੀਂ ਪਾਠਕਾਂ ਨੂੰ ਦੱਸਣਾ ਚਾਹੰਦੇ ਹਾਂ ਕਿ ਇਹ ਚਿੱਠੀ 2011 'ਚ ਉਸ ਮੌਕੇ ਭੁੱਲਰ ਦੇ ਮਾਤਾ ਜੀ ਨੇ ਬਾਦਲ ਨੂੰ ਲਿਖੀ ਸੀ ਜਦੋਂ ਬਾਦਲ ਸਰਕਾਰ ਨੇ ਡੀ ਜੀ ਪੀ ਸੁਮੇਧ ਸੈਣੀ ਦੇ ਹੱਕ 'ਚ ਸੁਪਰੀਮ ਕੋਰਟ 'ਚ ਹਲਫੀਆ ਬਿਆਨ ਦਿੱਤਾ ਸੀ,ਜਿਸ 'ਚ ਦਵਿੰਦਰਪਾਲ ਸਿੰਘ ਭੁੱਲਰ ਨੂੰ ਖ਼ਤਰਨਾਕ ਬੰਦਾ ਕਰਾਰ ਦਿੱਤਾ ਗਿਆ ।ਇਹ ਕੇਸ ਸੈਣੀ ਖ਼ਿਲਾਫ ਭੁੱਲਰ,ਉਸਦੇ ਪਿਤਾ, ਮਾਸੜ ਤੇ ਇਕ ਦੋਸਤ ਬਲਵੰਤ ਸਿੰਘ ਮੁਲਤਾਨੀ ਨੂੰ ਗਾਇਬ ਕਰਨ ਦਾ ਸੀ। ਇਸੇ ਹਲਫ਼ੀਆ ਬਿਆਨ ਸਬੰਧੀ ਇੰਡੀਅਨ ਐਕਸਪ੍ਰੈਸ ਦੇ ਨਾਮਵਰ ਪੱਤਰਕਾਰ ਮੁਨੀਸ਼ ਛਿੱਬਰ ਨੇ ਤਿੰਨ ਦਿਨ ਪਹਿਲਾਂ ਹੀ ਪਹਿਲੇ ਸਫ਼ੇ 'ਤੇ ਵਿਸਥਾਰਪੂਰਵਕ ਰਿਪੋਰਟ ਛਾਪੀ ਹੈ,ਜੋ ਬਾਦਲ ਸਰਕਾਰ ਦੇ ਵੱਖੋ ਵੱਖਰੇ ਸਿਆਸੀ ਪੈਂਤੜਿਆਂ ਨੂੰ  ਦਰਸਾਉਂਦੀ ਹੈ।ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸੀਨੀਅਰ ਪੱਤਰਕਾਰ ਹਮੀਰ ਸਿੰਘ ਨੇ 'ਅਮਰ ਉਜਾਲਾ' 'ਚ,  'ਰੋਜ਼ਾਨਾ ਸਪੋਕਸਮੈਨ' ਅਖ਼ਬਾਰ ਤੇ ਪ੍ਰੈਸ ਦੇ ਕੁਝ ਹੋਰ ਹਿੱਸਿਆਂ 'ਚ ਇਸ ਚਿੱਠੀ ਦੇ ਮੁੱਖ ਹਿੱਸੇ ਛਪ ਚੁੱਕੇ ਹਨ। ਇਹ ਰਜ਼ਿਸਟਰਡ ਚਿੱਠੀ ਉਸੇ ਮੌਕੇ ਹੀ ਮੁੱਖ ਪ੍ਰਕਾਸ਼ ਸਿੰਘ ਬਾਦਲ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ,ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਭੇਜੀ ਗਈ ਸੀ।ਜਿਸ ਦੇ ਗੁਲਾਮ ਕਲਮ ਕੋਲ ਪੁਖ਼ਤਾ ਸਬੂਤ ਹਨ। ਲੋੜ ਪੈਣ 'ਤੇ ਇਹ ਜਨਤਕ ਵੀ ਕੀਤੇ ਜਾ ਸਕਦੇ ਹਨ ਜੇ ਮੌਜੂਦਾ ਹਲਾਤਾਂ 'ਚ ਭੁੱਲਰ ਦੇ ਭਰਾ ਤੇਜਿੰਦਰ ਸਿੰਘ ਨੂੰ ਆਪਣਾ ਇਸ ਨਾਲੋਂ ਵੱਖ ਹੋਣਾ ਠੀਕ ਲੱਗਦਾ ਹੈ ਤਾਂ ਵੀ ਅਸੀਂ ਉਨ੍ਹਾਂ ਦੇ ਫੈਸਲੇ ਦਾ ਸਤਿਕਾਰ ਕਰਦੇ ਹਾਂ। ਸਾਡਾ ਚਿੱਠੀ ਛਾਪਣ ਦਾ ਇਕੋ ਇਕ ਮਕਸਦ ਵਕਤੀ ਇਤਿਹਾਸ ਨੂੰ ਨਿਤਾਰਨਾ ਹੈ।-ਗੁਲਾਮ ਕਲਮ

ਤਿਕਾਰਯੋਗ ਬਾਦਲ ਸਾਹਿਬ,

ਮੈਂ, ਦਵਿੰਦਰਪਾਲ ਸਿੰਘ ਭੁੱਲਰ ਦੀ ਮਾਂ ਉਪਕਾਰ ਕੌਰ ਤੁਹਾਡਾ ਸ਼ੁਕਰੀਆ ਕਰਨ ਲਈ ਇਹ ਚਿੱਠੀ ਲਿਖ ਰਹੀ ਹਾਂ ਕਿ ਤੁਸੀਂ ਮੇਰੇ ਪੁੱਤਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਤੀ ਗਈ ਸਜ਼ਾ-ਏ-ਮੌਤ ਨੂੰ ਘੱਟ ਕਰਕੇ ਉਮਰ ਕੈਦ ਵਿਚ ਤਬਦੀਲ ਕਰਾਉਣ ਲਈ ਸਟੈਂਡ ਲਿਆ ਹੈ। ਅਸਲ ਵਿਚ ਮੈਨੂੰ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਤੁਹਾਨੂੰ ਮੇਰੇ ਪੁੱਤਰ ਬਾਰੇ ਬਹੁਤ ਘੱਟ ਸੀਮਤ ਗਿਆਨ ਹੈ ਤੇ ਫਿਰ ਵੀ ਤੁਸੀਂ ਉਸ ਲਈ ਰਹਿਮ ਦੀ ਮੰਗ ਕੀਤੀ ਹੈ, ਜਿਸ ਲਈ ਮੈਂ ਤੁਹਾਡੀ ਧੰਨਵਾਦੀ ਹਾਂ। ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦੀ ਹਾਂ ਕਿ ਉਹ ਕਿਹੜੇ ਕਾਰਨ ਹਨ, ਜਿਨ੍ਹਾਂ ਕਰਕੇ ਮੇਰਾ ਪੁੱਤਰ ਰੂਪੋਸ਼ ਹੋਇਆ ਅਤੇ ਖਾੜਕੂਵਾਦ ਵੱਲ ਧੱਕਿਆ ਗਿਆ।
ਸੰਤ ਭਿੰਡਰਾਂਵਾਲੇ ਦੀ ਤਾਜਪੋਸ਼ੀ ਮੌਕੇ ਬਾਦਲ ਤੇ ਟੌਹੜਾ

ਮੇਰੇ ਪੁੱਤਰ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੋਂ ਮਕੈਨੀਕਲ ਇੰਜੀਨੀਅਰਿੰਗ ਵਿਚ ਚੰਗੇ ਅੰਕਾਂ ਵਿਚ ਡਿਗਰੀ ਕੀਤੀ। ਉਸ ਨੂੰ ਉਸੇ ਕਾਲਜ ਵਿਚ ਨੌਕਰੀ ਮਿਲ ਗਈ ਜਦ ਉਸ ਨੇ ਡਿਪਲੋਮਾ ਕਲਾਸ ਦੇ ਵਿਦਿਆਰਥੀਆਂ ਨੂੰ ਪੜ੍ਹਾਉਣਾ ਸ਼ੁਰੂ ਕੀਤਾ। ਉਹ ਮੋਹਾਲੀ ਵਿਚ ਆਪਣੇ ਮਾਸੜ ਮਨਜੀਤ ਸਿਘ ਸੋਹੀ ਜੀ ਕੋਲ ਰਹਿ ਰਿਹਾ ਸੀ ਜੋ ਆਰ.ਬੀ.ਆਈ. ਦੇ ਅਧਿਕਾਰੀ ਸਨ ਅਤੇ ਨਾਬਾਰਡ ਵਿਚ ਤਾਇਨਾਤ ਸਨ। 12.12.1991 ਨੂੰ ਉਸ ਦੇ ਮਾਸੜ ਦੇ ਘਰ ਪੁਲਿਸ ਨੇ ਛਾਪਾ ਮਾਰਿਆ, ਜੋ ਚੰਡੀਗੜ੍ਹ ਪੁਲਿਸ ਦੇ ਐਸ ਐਸ ਪੀ ਸੁਮੇਧ ਸਿੰਘ ਸੈਣੀ ਉਪਰ ਹੋਏ ਬੰਬ ਹਮਲੇ ਦੇ ਸਬੰਧ ਵਿਚ ਸੀ। ਮੇਰੇ ਪੁੱਤਰ ਦਾ ਇਕ ਪੁਰਾਣਾ ਜਮਾਤੀ ਅਤੇ ਦੋਸਤ ਬਲਵੰਤ ਸਿੰਘ ਮੁਲਤਾਨੀ ਇਸ ਕੇਸ ਵਿਚ ਪੁਲਿਸ ਨੂੰ ਲੋੜੀਂਦਾ ਸੀ। ਪੁਲਿਸ ਦੀ ਇਸ ਅਚਾਨਕ ਕਾਰਵਾਈ ਕਾਰਨ ਮੇਰਾ ਪੁੱਤਰ ਦੌੜ ਗਿਆ ਅਤੇ ਡਰਦਾ ਰੂਪੋਸ਼ ਹੋ ਗਿਆ। ਚੰਡੀਗੜ੍ਹ ਪੁਲਿਸ ਨੇ ਮੇਰੇ ਪਤੀ ਸ. ਬਲਵੰਤ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਜੋ ਪੰਜਾਬ ਸਰਕਾਰ ਵਿਚ ਗਜ਼ਟਿਡ ਅਫ਼ਸਰ ਸਨ ਅਤੇ ਜਿਨ੍ਹਾਂ ਦੀ ਲੋਕਲ ਫੰਡਜ਼ ਆਡਿਟ ਵਿਭਾਗ ਵਿਚ 30 ਸਾਲ ਤੋਂ ਵੱਧ ਦੀ ਸਰਵਿਸ ਸੀ। ਪੁਲਿਸ ਨੇ ਮੈਨੂੰ ਵੀ ਗ੍ਰਿਫਤਾਰ ਕਰ ਲਿਆ। ਮੈਂ ਵੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਗਜ਼ਟਿਡ ਅਫ਼ਸਰ ਸੀ ਅਤੇ ਮੇਰੀ ਵੀ 30 ਸਾਲ ਤੋਂ ਵੱਧ ਦੀ ਸਰਵਿਸ ਸੀ। ਦਵਿੰਦਰਪਾਲ ਦੇ ਮਾਸੜ ਜੀ ਜੋ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਅਧਿਕਾਰੀ ਸਨ, ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

ਮੇਰੇ ਪਤੀ ਅਤੇ ਭਣੋਈਏ ਨੂੰ ਚੰਡੀਗੜ੍ਹ ਪੁਲਿਸ ਨੇ ਜ਼ਾਲਮਾਨਾ ਤਰੀਕੇ ਨਾਲ ਤਸੀਹੇ ਦਿੱਤੇ ਅਤੇ ਨਜਾਇਜ਼ ਹਿਰਾਸਤ ਵਿਚ ਰੱਖਿਆ। ਕੁਝ ਦਿਨਾਂ ਮਗਰੋਂ ਮੈਨੂੰ ਛੱਡ ਦਿੱਤਾ ਗਿਆ, ਪਰ ਮੇਰਾ ਪਤੀ ਅਤੇ ਭਣੋਈਆ ਪੁਲਿਸ ਹਿਰਾਸਤ ਵਿਚ ਹੀ ਰਹੇ। ਮੇਰਾ ਪਤੀ ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿਚੋਂ ਪਰਿਵਾਰ ਨੂੰ 2 ਚਿੱਠੀਆਂ ਭੇਜਣ ਵਿਚ ਕਾਮਯਾਬ ਹੋ ਗਿਆ। ਜਿਨ੍ਹਾਂ ਵਿਚ ਉਨ੍ਹਾਂ ਨੇ ਆਪਣੀ ਹਾਲਤ ਬਾਰੇ ਵਿਸਥਾਰ ਵਿਚ ਲਿਖਿਆ। ਮਗਰੋਂ ਸਾਨੂੰ ਚੰਡੀਗੜ੍ਹ ਪੁਲਿਸ ਦੇ ਹਲਕਿਆਂ ਤੋਂ ਪਤਾ ਲੱਗਾ ਕਿ ਮੇਰੇ ਪਤੀ ਅਤੇ ਭਣੋਈਆ ਜੋ ਕਿ ਬਿਲਕੁਲ ਬੇਕਸੂਰ ਸਨ ਨੂੰ ਪੁਲਿਸ ਨੇ ਲੰਮਾ ਸਮਾਂ ਹਿਰਾਸਤ ਵਿਚ ਰੱਖ ਕੇ ਜ਼ਾਲਮਾਨਾ ਤਰੀਕੇ ਨਾਲ ਮਾਰ ਦਿੱਤਾ। ਸਿਰਫ਼ ਏਨਾ ਹੀ ਨਹੀਂ ਦਰਸ਼ਨ ਸਿੰਘ ਮੁਲਤਾਨੀ ਜੋ ਕਿ ਇਕ ਆਈ ਏ ਐਸ ਅਧਿਕਾਰੀ ਸਨ ਤੇ ਹੁਣ ਰਿਟਾਇਰ ਹਨ, ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਨੂੰ ਪੰਜਾਬ ਵਿਚ ਭਗੌੜਾ ਦੱਸ ਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ ਗਿਆ। ਮੈਂ ਖੁਦ 1995 ਤੱਕ ਲੁਕ ਛਿਪ ਕੇ ਰਹੀ ਤੇ ਫਿਰ ਪੁਲਿਸ ਦੇ ਖੌਫ਼ ਕਾਰਨ ਅਮਰੀਕਾ ਚਲੀ ਗਈ। ਮੇਰਾ ਪੁੱਤਰ ਲੰਮਾ ਸਮਾਂ ਰੂਪੋਸ਼ ਰਿਹਾ ਅਤੇ ਮਿਲੀਟੈਂਟਾਂ ਦੇ ਹਮਦਰਦਾਂ ਕੋਲ ਪਨਾਹ ਲੈ ਕੇ ਰਹਿੰਦਾ ਰਿਹਾ। ਕਿਉਂਕਿ ਹੋਰ ਕੋਈ ਉਸ ਦੀ ਮਦਦ ਕਰਨ ਲਈ ਤਿਆਰ ਨਹੀਂ ਸੀ। ਸਾਡੀਆਂ ਪਰਿਵਾਰਕ ਕੋਸ਼ਿਸ਼ਾਂ ਦੇ ਬਾਵਜੂਦ ਮੇਰੇ ਪਤੀ ਅਤੇ ਭਣੋਈਏ ਦੀ ਮੌਤ ਬੇਧਿਆਨੀ ਰਹੀ ਅਤੇ ਇਸ ਦੀ ਕੋਈ ਜਾਂਚ ਨਹੀਂ ਹੋਈ। ਹਾਲਾਂਕਿ ਦੋਵੇਂ ਸਰਕਾਰੀ ਅਧਿਕਾਰੀ ਸਨ। ਕੋਈ 20 ਸਾਲ ਇਹ ਮਾਮਲਾ ਦਬਿਆ ਰਿਹਾ ਅਤੇ ਉਜਾਗਰ ਨਹੀਂ ਹੋਇਆ।


ਪਰ ਬਲਵੰਤ ਸਿੰਘ ਮੁਲਤਾਨੀ ਦੇ ਪਿਤਾ ਦਰਸ਼ਨ ਸਿੰਘ ਮੁਲਤਾਨੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਉਨ੍ਹਾਂ ਦੇ ਪੁੱਤਰ ਬਾਰੇ ਚੰਡੀਗੜ੍ਹ ਪੁਲਿਸ ਦੇ ਸਟੈਂਡ ਬਾਰੇ ਕਿੰਤੂ ਕੀਤਾ ਕਿਉਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਕਾਰਵਾਈ ਵਿਚ ਉਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ। ਉਨ੍ਹਾਂ ਨੇ ਹਾਈਕੋਰਟ ਵਿਚ ਇਹ ਪੱਖ ਰੱਖਿਆ ਕਿ ਉਸ ਦੇ ਪੁੱਤਰ ਨੂੰ ਚੰਡੀਗੜ੍ਹ ਪੁਲਿਸ ਨੇ ਪੁਲਿਸ ਹਿਰਾਸਤ ਵਿਚੋਂ ਫਰਾਰ ਅਤੇ ਭਗੌੜਾ ਕਰਾਰ ਦਿੱਤਾ ਹੋਇਆ ਹੈ, ਪਰ ਅਸਲ ਵਿਚ ਉਸ ਨੂੰ ਇਕ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ ਗਿਆ ਹੈ।

ਮਾਨਯੋਗ ਹਾਈਕੋਰਟ ਨੇ ਇਸ ਮੁੱਦੇ 'ਤੇ ਸੀਬੀਆਈ ਨੂੰ ਜਾਂਚ ਸ਼ੁਰੂ ਕਰਨ ਲਈ ਕਿਹਾ ਅਤੇ 9 ਮਹੀਨਿਆਂ ਦੀ ਜਾਂਚ ਤੋਂ ਬਾਅਦ ਸੀਬੀਆਈ ਨੇ ਇਹ ਪੁਸ਼ਟੀ ਕਰ ਦਿੱਤੀ ਕਿ ਬਲਵੰਤ ਸਿੰਘ ਮੁਲਤਾਨੀ, ਮੇਰੇ ਪਤੀ ਅਤੇ ਭਣੋਈਏ ਦੀ ਹੱਤਿਆ ਬਾਰੇ ਪੁਲਿਸ ਉਪਰ ਲਗਾਏ ਗਏ ਦੋਸ਼ ਬਿਲਕੁਲ ਸਹੀ ਹਨ। ਸੀਬੀਆਈ ਨੇ ਢੁਕਵੇਂ ਸਬੂਤ ਹਾਸਲ ਕਰਨ ਮਗਰੋਂ ਸੁਮੇਧ ਸਿੰਘ ਸੈਣੀ ਅਤੇ ਚੰਡੀਗੜ੍ਹ ਪੁਲਿਸ ਦੇ ਹੋਰ ਮੁਲਾਜ਼ਮਾਂ ਖਿਲਾਫ਼ ਕਤਲ ਕਰਨ ਦੀ ਮਨਸ਼ਾ ਨਾਲ ਅਗਵਾ ਕਰਨ ਅਤੇ ਵਿਅਕਤੀਆਂ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਦਾ ਕੇਸ ਦਰਜ ਕਰ ਲਿਆ। ਕੇਂਦਰੀ ਜਾਂਚ ਬਿਊਰੋ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਏਜੰਸੀ ਨੇ ਮਾਨਯੋਗ ਹਾਈਕੋਰਟ ਦੇ ਕਹਿਣ 'ਤੇ ਕੇਸ ਦਰਜ ਨਹੀਂ ਕੀਤਾ, ਸਗੋਂ ਉਸ ਕੋਲ ਐਫ਼ਆਰਆਈ ਦਰਜ ਕਰਨ ਲਈ ਢੁਕਵੇਂ ਸਬੂਤ ਹਨ।
ਸੁਖਬੀਰ ਬਾਦਲ ਤੇ ਡੀ ਜੀ ਪੀ ਸੁਮੇਧ ਸੈਣੀ

ਪਰ ਪੰਜਾਬ ਸਰਕਾਰ ਨੇ ਸੈਣੀ ਨੂੰ ਬਚਾਉਣ ਅਤੇ ਉਸ ਦੀ ਰਾਖੀ ਲਈ ਸੁਪਰੀਮ ਕੋਰਟ ਵਿਚ ਐਸ ਐਲ ਪੀ (ਵਿਸ਼ੇਸ਼ ਪਟੀਸ਼ਨ) ਦਾਇਰ ਕਰ ਦਿੱਤੀ ਅਤੇ ਉਸ ਨੂੰ ਹਰ ਸੰਭਵ ਕਾਨੂੰਨੀ ਮਦਦ ਦੇ ਕੇ ਸੀਬੀਆਈ ਦੀ ਜਾਂਚ ਉਪਰ ਰੋਕ ਲਗਵਾ ਦਿੱਤੀ। ਤਿੰਨ ਸਾਲ ਬੀਤ ਗਏ ਹਨ ਅਤੇ ਪੰਜਾਬ ਸਰਕਾਰ ਤੋਂ ਸਹਾਇਤਾ ਲੈ ਕੇ ਤੇ ਲੋਕਾਂ ਦਾ ਪੈਸਾ ਖਰਚ ਕਰ ਕੇ ਮੁਲਜ਼ਮ ਉਹ ਤੱਥ ਦਬਾਉਣ ਵਿਚ ਕਾਮਯਾਬ ਹੋ ਗਏ ਹਨ ਕਿ ਮੇਰੇ ਪਤੀ ਅਤੇ ਭਣੋਈਏ ਦੀ ਗੈਰ ਕਾਨੂੰਨੀ ਹੱਤਿਆ ਉਜਾਗਰ ਨਾ ਹੋ ਸਕੇ। ਤੁਹਾਡੀ ਸਰਕਾਰ ਨੇ ਮੇਰੇ ਪਤੀ ਅਤੇ ਭਣੋਈਏ ਦੇ ਹਤਿਆਰਿਆਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ, ਜਦਕਿ ਉਹ ਦੋਵੇਂ ਬਿਲਕੁਲ ਬੇਕਸੂਰ ਸਨ ਅਤੇ ਉਨ੍ਹਾਂ ਦਾ ਖਾੜਕੂਵਾਦ ਨਾਲ ਕੋਈ ਸਬੰਧ ਨਹੀਂ ਸੀ।

ਬਾਦਲ ਸਾਹਿਬ, ਇਹ ਤੱਥ ਸਾਨੂੰ ਤੁਹਾਡੇ ਕੋਲੋਂ ਸੁਆਲ ਪੁੱਛਣ ਲਈ ਮਜ਼ਬੂਰ ਕਰਦੇ ਹਨ ਕਿ ਇਕ ਪਾਸੇ ਤਾਂ ਤੁਸੀਂ ਮੇਰੇ ਪੁੱਤਰ ਦੀ ਸਜ਼ਾ ਏ ਮੌਤ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਲਈ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਨੂੰ ਲਿਖ ਰਹੇ ਹੋ ਅਤੇ ਦੂਜੇ ਪਾਸੇ ਤੁਹਾਡੀ ਸਰਕਾਰ ਮੇਰੇ ਪਤੀ ਅਤੇ ਭਣੋਈਏ ਦੇ ਹਤਿਆਰਿਆਂ ਨੂੰ ਬਚਾਉਣ ਅਤੇ ਮੈਨੂੰ ਇਨਸਾਫ਼ ਮਿਲਣ ਤੋਂ ਰੋਕਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਤੁਸੀਂ ਦੋਵੇਂ ਪਾਸੇ ਮਦਦ ਨਹੀਂ ਕਰ ਸਕਦੇ, ਕਿਉਂਕਿ ਕੀ ਸੈਣੀ ਦੋਸ਼ੀ ਹੈ ਜਾਂ ਮੇਰਾ ਪੁੱਤਰ ਦੋਸ਼ੀ ਹੈ। ਜੇ ਮੇਰੇ ਪੁੱਤਰ ਨੂੰ ਦਹਿਸ਼ਤਗਰਦ ਗਰਦਾਨਿਆ ਜਾਂਦਾ ਹੈ ਅਤੇ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਂਦੀ ਹੈ ਤਾਂ ਸੈਣੀ ਵਲੋਂ ਤਿੰਨ ਬੇਕਸੂਰ ਲੋਕਾਂ ਦੀ ਹੱਤਿਆ ਦੀ ਜਾਂਚ ਕਿਉਂ ਨਹੀਂ ਹੋਣ ਦਿੱਤੀ ਜਾਂਦੀ? ਤੁਸੀਂ ਇਹ ਦੋਹਰੇ ਮਾਪਦੰਡ ਕਿਉਂ ਅਪਣਾ ਰਹੇ ਹੋ? ਕੀ ਸੈਣੀ ਜਿਸ ਨੇ ਉਨ੍ਹਾਂ ਅਤੇ ਹੋਰ ਬੇਕਸੂਰ ਲੋਕਾਂ ਨੂੰ ਘਿਨਾਉਣੇ ਤਰੀਕੇ ਨਾਲ ਮਾਰ ਦਿੱਤਾ, ਇਕ ਦਹਿਸ਼ਤਗਰਦ ਤੋਂ ਘੱਟ ਹੈ? ਕੀ ਮੇਰੇ ਪਰਿਵਾਰ, ਮੇਰੇ ਭਣੋਈਏ ਦੇ ਪਰਿਵਾਰ, ਸ. ਮੁਲਤਾਨੀ ਦੇ ਪਰਿਵਾਰ ਅਤੇ ਹੋਰ ਦਰਜਨਾਂ ਪਰਿਵਾਰ ਇਸ ਕਰਕੇ ਇਨਸਾਫ਼ ਦੇ ਹੱਕਦਾਰ ਨਹੀਂ ਹਨ ਕਿ ਸੈਣੀ ਤੁਹਾਡੀ ਵਿਸ਼ਵਾਸ਼ਯੋਗਤਾ ਅਤੇ ਸਰਪ੍ਰਸਤੀ ਮਾਣ ਰਿਹਾ ਹੈ ਅਤੇ ਤੁਹਾਡੇ ਵਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ, ਜਦੋਂ ਤੁਹਾਨੂੰ ਲੋੜ ਹੋਵੇ, ਦਬਾਉਣ ਲਈ ਤੁਹਾਡੇ ਹੱਥ ਵਿਚ ਹੈ? ਤੁਹਾਡੇ ਇਸ ਦੋਗਲੇ ਅਤੇ ਅਣਉਚਿਤ ਸਟੈਂਡ ਨੂੰ ਵੇਖਦਿਆਂ ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਕ੍ਰਿਪਾ ਕਰਕੇ ਉਦੋਂ ਤੱਕ ਮੇਰੇ ਪੁੱਤਰ ਲਈ ਕੋਈ ਰਾਹਤ ਜਾਂ ਦਇਆ ਨਾ ਮੰਗੀ ਜਾਵੇ ਜਦ ਤੱਕ ਤੁਸੀਂ ਸੈਣੀ ਖਿਲਾਫ਼ ਮੇਰੇ ਪਤੀ ਅਤੇ ਰਿਸ਼ਤੇਦਾਰ ਦੀ ਹੱਤਿਆ ਲਈ ਕਾਰਵਾਈ ਕਰਨ ਦੀ ਇਖਲਾਕੀ ਹਿੰਮਤ ਨਹੀਂ ਵਿਖਾ ਸਕਦੇ। ਮੈਨੂੰ ਕੋਈ ਸ਼ੱਕ ਨਹੀਂ ਕਿ ਜਦ ਤੱਕ ਸਰਕਾਰ ਹਤਿਆਰੇ ਅਫ਼ਸਰਾਂ ਨੂੰ ਸਰਪ੍ਰਸਤੀ ਦਿੰਦੀ ਰਹੇਗੀ, ਮੇਰੇ ਪੁੱਤਰ ਵਾਂਗ ਹੋਰ ਦਹਿਸ਼ਤਗਰਦ ਪੈਦਾ ਹੁੰਦੇ ਰਹਿਣਗੇ ਅਤੇ ਉਹ ਤੁਹਾਡੇ ਨਿਜ਼ਾਮ, ਬੇਇਨਸਾਫ਼ੀ ਅਤੇ ਦੋਹਰੇ ਮਾਪਦੰਡਾਂ ਖਿਲਾਫ਼ ਲੜਦੇ ਰਹਿਣਗੇ, ਕਿਉਂਕਿ ਉਨ੍ਹਾਂ ਕੋਲ ਹੋਰ ਕੋਈ ਚਾਰਾ ਹੀ ਨਹੀਂ ਹੈ।

ਮੈਂ ਤੁਹਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮਾਫ਼ੀ ਚਾਹੁੰਦੀ ਹਾਂ ਪਰ ਕ੍ਰਿਪਾ ਕਰਕੇ ਇਹ ਦੋਹਰੀ ਬਿਆਨਬਾਜ਼ੀ ਬੰਦ ਕਰ ਦਿਓ ਅਤੇ ਮੇਰੇ ਪੁੱਤਰ ਲਈ ਕਿਸੇ ਕਿਸਮ ਦੀ ਰਾਹਤ ਮੰਗਣ ਤੋਂ ਗੁਰੇਜ਼ ਕਰੋ।

ਮੈਂ ਚਾਹਾਂਗੀ ਕਿ ਮੇਰੀ ਇਹ ਚਿੱਠੀ ਮੇਰੇ ਮੁਲਕ ਦੇ ਵੱਧ ਤੋਂ ਵੱਧ ਲੋਕਾਂ ਵਿਚ ਨਸ਼ਰ ਹੋਵੇ ਤਾਂ ਜੋ ਉਹ ਇਹ ਸਮਝ ਸਕਣ ਕਿ ਕਿਸ ਤਰ੍ਹਾਂ ਆਪਣੇ ਸਿਆਸੀ ਸਿਲਸਿਲੇ ਵਲੋਂ ਦਹਿਸ਼ਤਗਰਦ ਪੈਦਾ ਕੀਤੇ ਜਾਂਦੇ ਹਨ, ਕਿਉਂਕਿ ਸੱਤਾਧਾਰੀ ਪਾਰਟੀਆਂ ਵਿਚ ਇਨਸਾਫ਼ ਲੈਣ ਦਾ ਮਾਦਾ ਨਹੀਂ ਹੈ।

ਆਦਰ ਸਹਿਤ, 
ਤੁਹਾਡੀ ਵਿਸ਼ਵਾਸਪਾਤਰ 
ਉਪਕਾਰ ਕੌਰ (ਮਾਤਾ ਦਵਿੰਦਰਪਾਲ ਸਿੰਘ ਭੁੱਲਰ)

Wednesday, April 17, 2013

ਚਿੱਲੀ ਦਾ ਚਰਚਿਤ ਵਿਦਿਆਰਥੀ ਅੰਦੋਲਨ

ਸੰਸਾਰ ਪੂੰਜੀਵਾਦੀ ਤਾਕਤਾਂ ਦੇ ਅਰਥਿਕ ਮੰਦੀ ਦੀ ਮਾਰ ਹੇਠ ਆਉਣ ਤੋਂ ਬਾਅਦ ਸੰਸਾਰ ਪੱਧਰ ਤੇ ਲੋਕ ਪ੍ਰਤੀਰੋਧ ਦੀ ਤੀਬਰਤਾ ਲਗਾਤਾਰ ਵੱਧ ਰਹੀ ਹੈ।ਵਾਲ ਸਟਰੀਟ ਅੰਦੋਲਨ ਦੀ ਕਬਜ਼ਾ ਕਰੋ ਮੁਹਿੰਮ, ਅਰਬ ਦੇਸ਼ਾਂ ਦੀਆਂ ਬਗਾਵਤਾਂ ਤੇ ਕਿਊਬਿਕ ਦਾ ਲਾਮਿਸਾਲ ਵਿਦਿਆਰਥੀ ਅੰਦੋਲਨ ਸੰਸਾਰ ਨਕਸ਼ੇ ਤੇ ਵਿਦਰੋਹ ਦੀਆਂ ਕੁਝ ਤਾਜੀਆਂ ਤੇ ਚੁਣੀਦਾਂ ਘਟਨਾਵਾਂ ਹਨ ਜੋ ਤਿੱਖੇ ਵਿਰੋਧ ਪ੍ਰਦਰਸ਼ਨ ਨੂੰ ਉਜਾਗਰ ਕਰਦੀਆਂ ਹਨ।ਇਹਨਾਂ ਘਟਨਾਵਾਂ ਅੰਦਰ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਅਤੇ ਵਿਦਿਆਰਥੀ ਅੰਦੋਲਨਾਂ ਦਾ ਵੇਗ ਜ਼ਿਆਦਾ ਤੀਬਰ ਰਿਹਾ।ਪਿਛਲੇ ਸਾਲ ਕੈਨੇਡਾ ਵਰਗੇ ਵਿਕਸਤ ਦੇਸ਼ ਅੰਦਰ ਫੀਸਾਂ ਦੇ ਵਾਧੇ ਖਿਲਾਫ਼ ਤਿੰਨ ਲੱਖ ਤੋਂ ਵੱਧ ਗਿਣਤੀ ਵਿਚ ਵਿਦਿਆਰਥੀ ਲਗਾਤਾਰ ਤਿੰਨ ਮਹੀਨੇ ਸੜਕਾਂ ਉੱਤੇ ਰੋਸ ਮੁਜ਼ਾਹਰੇ ਕਰਦੇ ਰਹੇ।ਉਸ ਸਮੇਂ ਕਿਊਬਿਕ ਦੇ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਦੇ ਹੱਕ 'ਚ ਤੇ ਸਿੱਖਿਆ ਨੀਤੀ ਵਿਰੋਧੀ ਸਰਕਾਰੀ ਤੰਤਰ ਖਿਲਾਫ ਚਿੱਲੀ ਸਮੇਤ ਦੁਨੀਆਂ ਭਰ ਦੇ ਇਕ ਦਰਜਨ ਤੋਂ ਉਪਰ ਦੇਸ਼ਾਂ ਦੇ ਵਿਦਿਆਰਥੀਆਂ ਨੇ ਕਿਊਬਿਕ ਦੇ ਵਿਦਿਆਰਥੀਆਂ ਦੇ ਹੱਕ ਵਿਚ ਆਪਣੀ ਅਵਾਜ਼ ਉਠਾਈ ਸੀ।ਸਾਲ 2012 ਦਾ ਕਿਊਬਿਕ ਦਾ ਵਿਦਿਆਰਥੀ ਅੰਦੋਲਨ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਵੱਡਾ, ਸ਼ਾਂਤਮਈ ਤੇ ਇਕਜੁੱਟ ਅੰਦੋਲਨ ਸੀ। 

ਚਿੱਲੀ ਦੇ ਵਿਦਿਆਰਥੀਆਂ ਦਾ 2011 ਤੋਂ ਸ਼ੁਰੂ ਹੋਇਆ ਮੌਜੂਦਾ ਅੰਦੋਲਨ ਵੀ ਕੁਝ ਇਸੇ ਤਰ੍ਹਾਂ ਦਾ ਹੈ।ਚਿੱਲੀ ਅੰਦਰ ਨਵੰਬਰ 2013 ਦੀਆਂ ਚੋਣਾਂ ਦੇ ਗਰਮਜੋਸ਼ੀ ਵਾਲੇ ਮਹੌਲ ਵਿਚ ਚਿੱਲੀ ਦੇ ਵਿਦਿਆਰਥੀ ਮੁਫ਼ਤ ਤੇ ਸਭ ਲਈ ਚੰਗੀ ਸਿੱਖਿਆ ਦੀ ਬੁਨਿਆਦੀ ਹੱਕੀ ਮੰਗ ਨੂੰ ਲੈ ਕੇ ਹਜਾਰਾਂ ਦੀ ਗਿਣਤੀ ਵਿਚ ਸੜਕਾਂ ਤੇ ਉੱਤਰ ਆਏ ਹਨ। ਇਕ ਅੰਦਾਜ਼ੇ ਮੁਤਾਬਕ 1,50,000 ਤੋਂ ਉਪਰ ਵਿਦਿਆਰਥੀ, ਅਧਿਆਪਕ ਤੇ ਮਾਪਿਆਂ ਨੇ ਚਿੱਲੀ ਦੀ ਰਾਜਧਾਨੀ ਸਾਂਤਿਆਗੋ ਵਿਖੇ 4 ਅਪ੍ਰੈਲ ਦਿਨ ਵੀਰਵਾਰ ਨੂੰ ਰੋਸ ਮੁਜ਼ਾਹਰਾ ਕੀਤਾ।ਵਿਦਿਆਰਥੀ ਹੱਥਾਂ ਵਿਚ ਫੜੇ ਝੰਡੇ ਝੁਲਾਉਂਦੇ, ਸਲੋਗਨ ਉਚਾਰਦੇ ਤੇ ਨੱਚਦੇ ਹੋਏ ਰਾਜਧਾਨੀ ਦੀਆਂ ਗਲੀਆਂ-ਸੜਕਾਂ ਉੱਤੇ ਆਪਣਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਰਹੇ।ਸਥਾਨਕ ਮੀਡੀਆ ਮੁਤਾਬਕ ਚਿੱਲੀ ਦੇ ਵਿਦਿਆਰਥੀਆਂ ਦਾ ਰਾਜਧਾਨੀ ਸਾਂਤਿਆਗੋ ਵਿਚਲਾ ਇਹ ਅੱਜ ਤੱਕ ਦਾ ਸਭ ਤੋਂ ਵੱਡਾ ਰੋਸ ਮਾਰਚ ਹੈ ਜੋ ਲਗਭਗ ਦੋ ਦਹਾਕਿਆਂ ਬਾਅਦ ਦੇਖਣ ਨੂੰ ਮਿਲਿਆ ਹੈ।ਰਾਜਧਾਨੀ ਵਿਚਲੇ ਇਸ ਵਿਸ਼ਾਲ ਰੋਸ ਮਾਰਚ ਦੌਰਾਨ ਕੁਝ ਅਨਸਰਾਂ ਵੱਲੋਂ ਭੜਕਾਈ ਹਿੰਸਾ ਵਿੱਚ ਦੋ ਦਰਜਨ ਲੋਕ ਤੇ ਪੁਲਿਸ ਮੁਲਾਜਮ ਜਖਮੀ ਹੋਏ।ਪੁਲਿਸ ਵੱਲੋਂ ਮੁਜ਼ਾਹਰਾਕਾਰੀਆਂ ਨੂੰ ਖਿੰਡਾਉਣ ਲਈ ਉਹਨਾਂ ਉੱਪਰ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਤੇ ਘੋੜਸਵਾਰ ਪੁਲਿਸ ਵੱਲੋਂ ਹਮਲਾ ਕੀਤਾ ਗਿਆ।109 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।ਇਸ ਰੋਸ ਮਾਰਚ ਨੇ ਦੇਸ਼ ਦੇ ਦਰਜਨਾਂ ਸ਼ਹਿਰਾਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ।ਸਕੂਲਾਂ ਤੇ ਯੂਨੀਵਰਸਿਟੀਆਂ ਵਿਚੋਂ ਲੱਗਭਗ 1,20,000 ਵਿਦਿਆਰਥੀ ਚਿੱਲੀ ਦੇ ਸਾਂਤਿਆਗੋ, ਤੈਮਕੋ ਤੇ ਵਾਲਪਰੀਸੋ ਵਰਗੇ ਵੱਡੇ ਸ਼ਹਿਰਾਂ ਵਿਚ ਵਿੱਦਿਅਕ ਸੁਧਾਰ ਲਹਿਰ ਦੇ ਇਰਦ-ਗਿਰਦ ਇਕੱਠੇ ਹੋ ਰਹੇ ਹਨ ਤੇ ਆਪਣਾ ਰੋਸ ਜ਼ਾਹਰ ਕਰ ਰਹੇ ਹਨ।ਯੂਨੀਵਰਸਿਟੀ ਆੱਫ ਚਿੱਲੀ ਸਟੂਡੈਂਟ ਫੈਡਰੇਸ਼ਨ ਦੀ ਅਗਵਾਈ ਹੇਠ ਵਿਦਿਆਰਥੀ ਹੱਥਾਂ 'ਚ 'ਸੰਘਰਸ਼ ਜਾਰੀ ਹੈ', 'ਸਭਨਾਂ ਲਈ ਮੁਫਤ ਤੇ ਚੰਗੀ ਸਿੱਖਿਆ' ਦੇ ਮਾਟੋ ਫੜੀ ਦਿਨ ਭਰ ਮਾਰਚ ਕਰਦੇ ਹਨ।ਫੈਡਰੇਸ਼ਨ ਦੇ ਪ੍ਰਮੁੱਖ ਆਗੂ ਕੈਮੀਲਾ ਵਿਲੈਜੋ ਨੇ ਇਕ ਰੇਡੀਉ ਚੈਨਲ ਨੂੰ ਇੰਟਰਵਿਊ ਦਿੰਦਿਆਂ ਕਿਹਾ ਕਿ ' ਪ੍ਰਦਰਸ਼ਨਕਾਰੀਆਂ ਦਾ ਵਿਸ਼ਾਲ ਇਕੱਠ ਦੱਸਦਾ ਹੈ ਕਿ ਵਿਦਿਆਰਥੀ ਲਹਿਰ ਅਤੇ ਚਿੱਲੀ ਦੀ ਵੱਡੀ ਸਮਾਜਕ ਲਹਿਰ ਇਕ ਵਾਰ ਫਿਰ ਫੈਲ ਰਹੀ ਹੈ ਤੇ ਨਵਾਂ ਰੁਖ ਫੜ ਰਹੀ ਹੈ।ਇਹ ਇਕ ਨਿਸ਼ਾਨੀ ਹੈ ਕਿ ਵਿਦਿਆਰਥੀ ਤੇ ਸਮਾਜਕ ਲਹਿਰ ਹਾਲੇ ਖਤਮ ਨਹੀਂ ਹੋਈ ਬਲਕਿ ਇਹ ਚੱਲ ਰਹੀ ਹੈ।'ਰੋਸ ਜ਼ਾਹਰ ਕਰ ਰਹੇ ਵਿਦਿਆਰਥੀਆਂ ਦੀ ਮੁੱਖ ਮੰਗ ਹੈ ਕਿ ਸਭਨਾਂ ਲਈ ਬਰਾਬਰ ਤੇ ਮੁਫ਼ਤ ਸਿੱਖਿਆ ਯਕੀਨੀ ਬਣਾਈ ਜਾਵੇ, ਜੋ ਉਹਨਾਂ ਦਾ ਜਨਮ-ਸਿੱਧ ਅਧਿਕਾਰ ਹੈ।ਉਹਨਾਂ ਮੁਤਾਬਕ ਦੇਸ਼ ਦੇ ਉੱਚ ਤੇ ਮੱਧ ਵਰਗੀ ਵਿਦਿਆਰਥੀ ਲੈਟਿਨ ਅਮਰੀਕਾ ਦੇ ਚੰਗੇ ਸਕੂਲਾਂ ਵਿਚ ਪੜ੍ਹਦੇ ਹਨ ਜਦਕਿ ਗਰੀਬ ਵਿਦਿਆਰਥੀ ਰਾਜ ਦੁਆਰਾ ਸਹਾਇਤਾ ਪ੍ਰਾਪਤ ਖਸਤਾ ਹਾਲਤ ਸਕੂਲਾਂ ਵਿਚ ਪੜ੍ਹਨ ਲਈ ਮਜ਼ਬੂਰ ਹਨ। 

ਚਿੱਲੀ ਦੇ ਵਿਦਿਆਰਥੀਆਂ ਦੁਆਰਾ ਚਲਾਈ ਜਾ ਰਹੀ ਮੌਜੂਦਾ ਸਿੱਖਿਆ ਸੁਧਾਰ ਲਹਿਰ ਲੰਮੇ ਸਮੇਂ ਦੇ ਸੰਘਰਸ਼ਾਂ 'ਚੋਂ ਹੁੰਦੀ ਹੋਈ ਲਗਾਤਾਰ ਅੱਗੇ ਵੱਧ ਰਹੀ ਹੈ।1973 ਤੋਂ 1990 ਤੱਕ ਅਗਸਤੋ ਪਿਨੋਚੇਤ ਦੇ ਰਾਜ ਕਾਲ ਦੌਰਾਨ ਸਿੱਖਿਆ ਦਾ ਨਿੱਜੀਕਰਨ ਅਤੇ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਨੂੰ ਕੇਂਦਰੀ ਕੰਟਰੋਲ ਤੋਂ ਮੁਕਤ ਕੀਤਾ ਗਿਆ।ਇਸੇ ਤਰ੍ਹਾਂ ਪਬਲਿਕ ਫੰਡਾਂ ਰਾਹੀਂ ਬਿਲੀਅਨਾਂ ਡਾਲਰ ਇਕੱਠੇ ਕਰਕੇ 'ਵਾਊਚਰ ਪ੍ਰਬੰਧ' ਰਾਹੀਂ ਨਿੱਜੀ ਹਾਈ ਸਕੂਲਾਂ ਨੂੰ ਚਲਾਇਆ ਜਾਣ ਲੱਗਾ।ਸਿੱਖਿਆ ਖੇਤਰ ਅੰਦਰ ਨਿੱਜੀਕਰਨ ਦੀਆਂ ਨੀਤੀਆਂ ਨੇ ਵਿਦਿਆਰਥੀਆਂ ਤੇ ਮਾਪਿਆਂ ਤੇ ਬੇਲੋੜਾ ਬੋਝ ਲੱਦ ਦਿੱਤਾ।1990 ਵਿਚ ਅਗਸਤੋ ਪਿਨੋਚੇਤ ਦੇ ਰਾਜ ਪਲਟੇ ਤੋਂ ਬਾਅਦ ਸਥਾਪਤ ਨਵੇਂ ਲੋਕਤੰਤਰੀ ਪ੍ਰਬੰਧ ਅੰਦਰ ਲੋਕਾਂ ਨੂੰ ਵਧੀਆ ਪ੍ਰਸ਼ਾਸ਼ਨਿਕ ਢਾਂਚਾਂ ਤੇ ਵਿਦਿਆਰਥੀ ਮੰਗਾਂ ਨੂੰ ਹੱਲ ਕਰਨ ਦੇ ਵਾਅਦੇ ਕੀਤੇ ਗਏ।ਪਰ ਨਵੇਂ ਬਣੇ ਹਾਕਮਾਂ ਨੇ ਵਾਅਦੇ ਪੂਰੇ ਨਾ ਕੀਤੇ।ਜਿਸ ਕਾਰਨ ਚਿੱਲੀ ਅੰਦਰ ਸੰਘਰਸ਼ਾਂ ਦਾ ਦੌਰ ਫਿਰ ਤੋਂ ਸ਼ੁਰੂ ਹੋ ਗਿਆ ਤੇ ਤਿੱਖਾ ਵੇਗ ਧਾਰਦਾ ਗਿਆ।  

ਸਿੱਖਿਆ ਦੇ ਮਾਮਲੇ ਨੂੰ ਲੈ ਕੇ ਚਿੱਲੀ ਅੰਦਰ 2006 ਵਿਚ ਵੀ ਵਿਦਿਆਰਥੀਆਂ ਨੇ ਵੱਡੀ ਪੱਧਰ ਤੇ ਆਪਣਾ ਰੋਸ ਜਾਹਰ ਕੀਤਾ ਸੀ।2006 ਦੇ ਵਿਦਿਆਰਥੀ ਅੰਦੋਲਨ ਨੂੰ ਚਿੱਲੀ ਵਿਚ 'ਪੈਗੂਇਨ ਕ੍ਰਾਂਤੀ' ਦੇ ਨਾਮ ਨਾਲ ਜਾਣਿਆ ਜਾਂਦਾ ਹੈ।ਇਹ ਬਹੁ-ਚਰਚਿਤ ਕ੍ਰਾਂਤੀ ਉੱਚ ਸਿੱਖਿਆ ਉਪਰ ਪਬਲਿਕ ਫੰਡਾਂ ਦੀ ਬਹੁਤ ਘੱਟ ਵਰਤੋਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਪ੍ਰਾਪਤੀ ਲਈ ਗਰਾਟਾਂ, ਸਬਸਿਡੀਆਂ, ਕਰਜੇ ਤੇ ਲੋਨ ਦਾ ਕੋਈ ਤਸੱਲੀਬਖਸ਼ ਤੇ ਨਿਯਮਬੱਧ ਪ੍ਰਬੰਧ ਨਾ ਹੋਣ ਦੇ ਵਿਰੋਧ ਵਜੋਂ ਸਾਹਮਣੇ ਆਈ ਸੀ। 

ਚਿੱਲੀ ਵਿਚ 2006 ਦੀ 'ਪੈਗੂਇਨ ਕ੍ਰਾਂਤੀ' ਦੇ ਜਾਰੀ ਰੂਪ ਵਜੋਂ 2011-12 ਵਿਚ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਨੇ ਚਾਲੀ ਦੇ ਕਰੀਬ ਰੋਸ ਮੁਜਾਹਰੇ ਲਾਮਬੰਦ ਕੀਤੇ।2011-12 ਦੇ ਇਹਨਾਂ ਮੁਜਾਹਰਿਆਂ ਵਿਚ ਮੁਫ਼ਤ ਤੇ ਸਭ ਲਈ ਬਰਾਬਰ ਸਿੱਖਿਆ ਦੇ ਨਾਅਰੇ ਦੇ ਨਾਲ-ਨਾਲ ਇਕ ਨਾਅਰਾ ਹੋਰ ਜੁੜ ਗਿਆ ਕਿ 'ਸਿੱਖਿਆ ਵੇਚਣ ਲਈ ਨਹੀਂ ਹੈ!' ਇਸ ਸਮੇਂ ਹੋਏ ਰੋਸ ਪ੍ਰਦਰਸ਼ਨ, ਝੰਡਾ ਮਾਰਚ, ਰਾਜ ਪੱਧਰੀਆਂ ਹੜਤਾਲਾਂ, ਭੁੱਖ-ਹੜਤਾਲਾਂ ਤੇ ਸਕੂਲਾਂ ਤੇ ਕਬਜਾ ਕਰੋ ਮੁਹਿੰਮਾਂ 'ਚ 500 ਤੋਂ ਉਪਰ ਪ੍ਰਦਰਸ਼ਨਕਾਰੀ ਤੇ ਪੁਲਿਸ ਮੁਲਾਜਮ ਜਖਮੀ ਹੋਏ।1800 ਵਿਦਿਆਰਥੀ ਗ੍ਰਿਫਤਾਰ ਕੀਤੇ ਗਏ।ਇਹਨਾਂ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਸ਼ ਵਿਚ ਨਵੇਂ ਵਿੱਦਿਅਕ ਢਾਂਚੇ, ਸੈਕੰਡਰੀ ਸਿੱਖਿਆ ਵਿਚ ਰਾਜ ਦੀ ਹਿੱਸੇਦਾਰੀ ਅਤੇ ਉੱਚ ਸਿੱਖਿਆ ਵਿਚੋਂ ਮੁਨਾਫੇ ਖਤਮ ਕਰਨ ਦੀ ਮੰਗ ਨੂੰ ਮੁੱਖ ਤੌਰ ਤੇ ਉਭਾਰਿਆ ਗਿਆ। ਵਿਦਿਆਰਥੀ ਸੰਘਰਸ਼ ਵਿਚ ਸ਼ਾਮਲ ਯੂਨੀਵਰਸਿਟੀ ਵਿਦਿਆਰਥੀਆਂ ਦੀ ਜਥੇਬੰਦੀ ਛੌਂਢਓਛ੍ਹ ਨੇ ਸਰਕਾਰ ਅੱਗੇ ਯੂਨੀਵਰਸਿਟੀ ਵਿਦਿਆਰਥੀ ਮੰਗਾਂ ਦਾ ਸੁਝਾਅ ਪੇਸ਼ ਕੀਤਾ ਜਿਸ ਵਿਚ ਪਬਲਿਕ ਯੂਨੀਵਰਸਿਟੀਆਂ ਲਈ ਸਰਕਾਰੀ ਸਹਾਇਤਾ ਵਿਚ ਵਾਧਾ, ਯੂਨੀਵਰਸਿਟੀਆਂ ਵਿਚ ਦਾਖਲਾ ਪ੍ਰਕਿਰਿਆ ਉਚਿਤ ਬਣਾਉਣ, ਦਾਖਲੇ ਲਈ ਨਿਰਧਾਰਤ ਫਸ਼ੂਠ ਟੈਸਟ ਸਬੰਧੀ ਸਖਤਾਈ ਘੱਟ ਕਰਨ, ਉੱਚ ਸਿੱਖਿਆ ਚੋਂ ਮੁਨਾਫੇ ਵਟੋਰਨ ਖਿਲਾਫ ਸਰਕਾਰ ਵੱਲੋਂ ਯੋਗ ਕਾਨੂੰਨ ਬਣਾਉਣ, ਵਿੱਦਿਅਕ ਸੰਸਥਾਵਾਂ ਦੀ ਖਸਤਾ ਹਾਲਤ 'ਚ ਉਚਿਤ ਸੁਧਾਰ ਲਈ ਰਾਜ ਵੱਲੋਂ ਵਿਸ਼ੇਸ਼ ਧਿਆਨ ਦੇਣਾ ਆਦਿ ਮੰਗਾਂ ਸ਼ਾਮਿਲ ਹਨ।ਇਸੇ ਤਰ੍ਹਾਂ ਹਾਈ ਸਕੂਲ ਵਿਦਿਆਰਥੀਆਂ ਦੀ ਜੱਥੇਬੰਦੀ ਨੇ ਮੰਗ ਚਾਰਟਰ ਪੇਸ਼ ਕੀਤਾ ਜਿਸ ਵਿਚ ਪ੍ਰਾਇਮਰੀ ਤੇ ਸੈਕੰਡਰੀ ਪਬਲਿਕ ਸਕੂਲ ਮਿਊਂਸੀਪਲ ਤੋਂ ਕੰਟਰੋਲ ਮੁਕਤ ਕਰਕੇ ਕੇਂਦਰ ਸਰਕਾਰ ਦੀ ਨਿਗਰਾਨੀ ਹੇਠ ਕਰਨ, ਵਿਦਿਆਰਥੀਆਂ ਲਈ ਬੱਸ ਪਾਸ ਦੀ ਸਹੂਲਤ ਪੂਰੇ ਸਾਲ ਲਈ ਵਰਤੋਂ ਯੋਗ ਬਣਾਉਣ, ਕਿੱਤਾਮੁੱਖੀ ਹਾਈ ਸਕੂਲਾਂ ਨੂੰ ਹੋਰ ਜਿਆਦਾ ਵਿਕਸਿਤ ਕਰਨ, 2010 ਵਿਚ ਚਿੱਲੀ 'ਚ ਆਏ ਭੂਚਾਲ ਦੀ ਮਾਰ ਹੇਠ ਆਈਆਂ ਸਕੂਲੀ ਇਮਾਰਤਾਂ ਦੀ ਮੁਰੰਮਤ ਕਰਵਾਉਣ, ਸਿੱਖਿਆ ਉੱਤੇ ਦੇਸ਼ ਦੀ ਕੁਲ ਘਰੇਲੂ ਪੈਦਾਵਾਰ ਦਾ 4.4 ਫੀਸਦੀ ਹਿੱਸਾ ਹੀ ਖਰਚਿਆ ਜਾਂਦਾ ਹੈ ਜਿਸ ਵਿਚ ਯੂ ਐੱਨ ਦੀਆਂ ਸ਼ਿਫਾਰਸ਼ਾਂ ਮੁਤਾਬਕ 7 ਫੀਸਦੀ ਤੱਕ ਦਾ ਵਾਧਾ ਕੀਤੇ ਜਾਣ, ਨਵੇਂ ਪ੍ਰਮਾਣ ਪੱਤਰ ਸਕੂਲਾਂ ਦੇ ਖੁਲ੍ਹਣ ਤੇ ਰੋਕ ਲਗਾਈ ਜਾਵੇ ਆਦਿ ਮੰਗਾਂ ਨੂੰ ਉਭਾਰਿਆ ਗਿਆ।

2011 ਦੇ ਵਿਦਿਆਰਥੀ ਰੋਸ ਪ੍ਰਦਰਸ਼ਨ ਸਮੇਂ ਰਾਸ਼ਟਰਪਤੀ ਸਿਬਾਸਤੀਅਨ ਪਨੇਰਾ ਨੇ ਵਿਦਿਆਰਥੀ ਮੰਗਾਂ ਮੰਨਣ ਅਤੇ ਸਿੱਖਿਆ ਵਿਚ ਲੋੜੀਂਦੇ ਸੁਧਾਰ ਲਿਆਉਣ ਲਈ ਚਾਰ ਬਿਲੀਅਨ ਡਾਲਰ ਦੀ ਲਾਗਤ ਵਾਲਾ ਪ੍ਰੋਜੈਕਟ ਲਾਗੂ ਕਰਨ ਦਾ ਵਾਅਦਾ ਕੀਤਾ।ਇਸਤੋਂ ਇਲਾਵਾ ਵਿਦਿਅਕ ਫੀਸਾਂ-ਫੰਡਾਂ, ਸਬਸਿਡੀਆਂ ਤੇ ਰਾਜ ਵੱਲੋਂ ਪਬਲਿਕ ਸਿੱਖਿਆ ਦੀ ਸਹਾਇਤਾ ਦੇ ਅਨੇਕਾਂ ਵਾਅਦੇ ਕੀਤੇ ਗਏ।ਇਸ ਦੌਰਾਨ ਪਨੇਰਾ ਵੱਲੋਂ ਉੱਚ ਸਿੱਖਿਆ ਦੇ ਖੇਤਰ ਵਿਚ ਪਬਲਿਕ ਹਿੱਸੇਦਾਰੀ ਨੂੰ ਖਾਰਜ ਕਰਦਿਆਂ ਇਸਨੂੰ ਮੁਨਾਫੇ ਵਜੋਂ ਲਿਆ ਜਿਸਦਾ ਵਿਦਿਆਰਥੀਆਂ ਨੇ ਇਹ ਕਹਿੰਦਿਆਂ ਵਿਰੋਧ ਕੀਤਾ ਕਿ ਸਰਕਾਰ ਦਾ ਇਹ ਕਦਮ ਬਹੁਤ ਹੀ ਨਾ-ਉਮੀਦੀ ਵਾਲਾ ਤੇ ਪਿਛਾਂਹਖਿਚੂ ਹੈ।ਵਿਦਿਆਰਥੀਆਂ ਨੇ ਅੱਗੇ ਸੰਘਰਸ਼ ਜਾਰੀ ਰੱਖਣ ਦਾ ਫੈਸਲਾਂ ਕੀਤਾ।ਯੂਨੀਵਰਸਿਟੀ ਵਿਦਿਆਰਥੀਆਂ ਨੇ ਉੱਚ ਸਿੱਖਿਆ ਵਿਚਲੇ ਸੁਧਾਰ ਦੀ ਮੰਗ ਨੂੰ ਸਿਰਫ ਉੱਚ ਸਿੱਖਿਆ ਤੱਕ ਹੀ ਸੀਮਿਤ ਨਾ ਰੱਖਦੇ ਹੋਏ, 'ਸਭਨਾ ਨੂੰ ਮੁਫਤ ਸਿੱਖਿਆ' ਤੇ 'ਪੂਰੇ ਸਮਾਜ ਲਈ ਸੰਘਰਸ਼' ਦੇ ਨਾਅਰੇ ਨੂੰ ਅੱਗੇ ਲਿਆਂਦਾ। ਅਗਸਤ 2011 'ਚ ਰਾਸ਼ਟਰਪਤੀ ਪਨੇਰਾ ਸਿੱਖਿਆ ਦੇ ਸਬੰਧ ਵਿਚ ਨਵਾਂ 21 ਨੁਕਾਤੀ ਪ੍ਰੋਗਰਾਮ ਲੈ ਕੇ ਆਏ ਜਿਸ ਵਿਚ ਸੰਵਿਧਾਨਕ ਤੌਰ ਤੇ ਉੱਚ ਗੁਣਵਤਾ ਵਾਲੀ ਵਿੱਦਿਆ ਦੀ ਗਰੰਟੀ, ਯੂਨੀਵਰਸਿਟੀ ਪ੍ਰਸ਼ਾਸ਼ਨ ਵਿਚ ਵਿਦਿਆਰਥੀਆਂ ਦੀ ਹਿੱਸੇਦਾਰੀ, ਪਬਲਿਕ ਸੈਕੰਡਰੀ ਸਿੱਖਿਆ ਨੂੰ ਸਥਾਨਕ ਕੰਟਰੋਲ ਹੇਠ ਲਿਆਉਣ ਅਤੇ ਯੂਨੀਵਰਸਿਟੀ ਵਜੀਫਿਆਂ ਵਿਚ ਵਾਧਾ ਆਦਿ ਅਨੇਕਾਂ ਵਿਦਿਆਰਥੀ ਮੰਗਾਂ ਤੇ ਸਹਿਮਤੀ ਸ਼ਾਮਲ ਹੈ।ਪਰੰਤੂ ਇਸ ਸੁਝਾਅ ਨੂੰ ਵਿਦਿਆਰਥੀਆਂ ਵੱਲੋਂ 'ਪਿਛਾਂਹਖਿਚੂ ਕਦਮ' ਕਹਿਕੇ ਰੱਦ ਕਰ ਦਿੱਤਾ ਗਿਆ।ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਪ੍ਰੋਗਰਾਮ ਵਿਚ ਸਿੱਖਿਆ ਦੇ ਮਿਆਰ, ਮੁਫ਼ਤ ਸਿੱਖਿਆ ਅਤੇ ਸਿੱਖਿਆ ਨੂੰ ਮੁਨਾਫਾ ਮੁਕਤ ਕਰਨ ਦੀ ਕੋਈ ਠੋਸ ਵਿਊਂਤਬੰਦੀ ਸ਼ਾਮਿਲ ਨਹੀਂ ਹੈ।ਅਖੀਰ ਵਿਦਿਆਰਥੀਆਂ ਨੇ ਦੇਸ਼ ਵਿਆਪੀ ਹੜਤਾਲ ਤੇ ਰੋਸ ਮੁਜਾਹਰਿਆਂ ਦਾ ਸੱਦਾ ਦੇ ਦਿੱਤਾ।24-25 ਅਗਸਤ 2011 ਨੂੰ ਵਿਦਿਆਰਥੀ ਜੱਥੇਬੰਦੀਆਂ ਅਤੇ ਮਜ਼ਦੂਰ ਏਕਤਾ ਕੇਂਦਰ ਚਿੱਲੀ ਦੇ ਕਾਰਕੁੰਨਾਂ ਵੱਲੋਂ ਦੋ ਦਿਨਾਂ ਹੜਤਾਲ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ 60,000 ਲੋਕਾਂ ਨੇ ਹਿੱਸਾ ਲਿਆ। 

ਅਗਸਤ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸਿੱਖਿਆ ਮੰਤਰੀ ਫਿਲਿਪ ਬਲਨਿਸ ਤੇ ਵਿਦਿਆਰਥੀ ਜੱਥੇਬੰਦੀਆਂ ਵਿਚਕਾਰ ਸਮਝੌਤੇ ਦੀ ਗੱਲਬਾਤ ਸਰਕਾਰੀ ਅਧਿਕਾਰੀਆਂ ਅਤੇ ਸਿੱਖਿਆ ਮੰਤਰੀ ਵੱਲੋਂ 'ਰਾਜਨੀਤਿਕ ਇੱਛਾ', 'ਦੇਸ਼ ਦੀ ਸਮਰੱਥਾ' ਵਰਗੀ ਬਹਾਨੇਬਾਜੀ ਤੇ ਹੋਰ ਸਾਜਿਸ਼ੀ ਚਾਲਾਂ ਕਾਰਨ ਸਿਰੇ ਨਾ ਚੜ੍ਹ ਸਕੀ।ਇਸ ਤੋਂ ਬਾਅਦ ਨਵੇਂ ਬਣੇ ਸਿੱਖਿਆ ਮੰਤਰੀ ਹਰਲਡ ਬਾਇਰ ਨੇ ਯੂਨੀਵਰਸਿਟੀ ਫੰਡਾਂ ਦੀ ਨਵੀਂ ਯੋਜਨਾ ਪੇਸ਼ ਕੀਤੀ ਜਿਸ ਵਿਚ ਵਿਦਿਆਰਥੀਆਂ ਨੂੰ ਲੋਨ ਤੇ ਕਰਜੇ ਦੀ ਦਰ ਘਟਾਉਣ ਅਤੇ ਵਿਦਿਆਰਥੀਆਂ ਨੂੰ ਕਰਜੇ ਲਈ ਪ੍ਰਾਈਵੇਟ ਬੈਂਕਾਂ ਤੋਂ ਮੁਕਤ ਕਰਵਾਉਣ ਦੀਆਂ ਮੱਦਾਂ ਸ਼ਾਮਿਲ ਸਨ ਪਰ ਯੂਨੀਵਰਸਿਟੀ ਆੱਫ ਚਿੱਲੀ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਗੈਬਰੀਲ ਨੇ ਇਸ ਯੋਜਨਾ ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਕਿ ਅਸੀਂ ਕਰਜਾ/ਲੋਨ ਵਪਾਰ ਲਈ ਨਹੀਂ ਬਲਕਿ ਸਿੱਖਿਆ ਹਾਸਲ ਕਰਨ ਲਈ ਲੈਂਦੇ ਹਾਂ।ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਸਾਨੂੰ ਕੀ ਪੇਸ਼ਕਸ਼ ਕਰ ਰਹੀ ਹੈ ?

ਇਕ ਅੰਕੜੇ ਮੁਤਾਬਕ ਮੌਜੂਦਾ ਸਮੇਂ ਚਿੱਲੀ ਦੇ ਰਵਾਇਤੀ ਪਬਲਿਕ ਸਕੂਲਾਂ ਵਿਚ ਸਰਕਾਰੀ ਸਕੂਲਾਂ ਦੀ ਖਸਤਾ ਹਾਲਤ ਕਾਰਨ ਕੇਵਲ 45 ਫੀਸਦੀ ਵਿਦਿਆਰਥੀ ਹੀ ਉੱਚ ਸਿੱਖਿਆ ਪ੍ਰਾਪਤ ਕਰਦੇ ਹਨ ਬਾਕੀ ਦੇ ਵਿਦਿਆਰਥੀ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਹੀ ਸਿੱਖਿਆ ਪ੍ਰਾਪਤ ਕਰਦੇ ਹਨ।ਵਿੱਦਿਅਕ ਪ੍ਰਬੰਧ ਵਿਚ ਸੁਧਾਰ ਲਿਆਉਣ ਲਈ ਵਿਦਿਆਰਥੀ ਰੋਹ ਇਸ ਹੱਦ ਤੱਕ ਫੈਲ ਗਿਆ ਹੈ ਕਿ ਉਹ ਸਰਕਾਰ ਤੋਂ ਉਪਰੋਕਤ ਮੰਗਾਂ ਸਬੰਧੀ ਸੰਵਿਧਾਨਕ ਤਰਮੀਮਾਂ ਅਤੇ ਵਿੱਦਿਅਕ ਗੁਣਵੱਤਾ ਦੀ ਸੰਵਿਧਾਨਕ ਗਰੰਟੀ ਕਰਨ ਦੀ ਮੰਗ ਕਰ ਰਹੇ ਹਨ।ਚਿੱਲੀ ਦੇ ਮੌਜੂਦਾ ਵਿਦਿਆਰਥੀ ਅੰਦੋਲਨ ਦੀ ਇਕ ਮਹੱਤਵਪੂਰਨ ਖਾਸੀਅਤ ਇਹ ਹੈ ਕਿ ਇਥੋਂ ਦੀਆਂ ਵਿਦਿਆਰਥੀ ਜੱਥੇਬੰਦੀਆਂ ਵਿਦਿਆਰਥੀ ਮੰਗਾਂ ਦੇ ਨਾਲ-ਨਾਲ ਦੇਸ਼ ਵਿਚ ਹਾਈਡ੍ਰੋਸਿਨ ਡੈਮ ਅਤੇ ਗੈਸ ਕੀਮਤਾਂ ਸਬੰਧੀ ਚੱਲ ਰਹੇ ਸੰਘਰਸ਼ਾਂ ਵਿਚ ਵੀ ਬਰਾਬਰ ਹਿੱਸਾ ਲੈ ਰਹੀਆਂ ਹਨ।ਦੂਜਾ ਹਾਈ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਦੀਆਂ ਵਿਦਿਆਰਥੀ ਜੱਥੇਬੰਦੀਆਂ ਤੇ ਮਜ਼ਦੂਰ ਜੱਥੇਬੰਦੀਆਂ ਸਾਂਝੇ ਘੋਲਾਂ ਦੇ ਰਾਹ ਪਈਆਂ ਹੋਈਆਂ ਹਨ।ਤੀਸਰਾ 21ਵੀਂ ਸਦੀ ਦੇ ਇਹਨਾਂ ਵਿਦਿਆਰਥੀ ਸੰਘਰਸ਼ਾਂ ਵਿਚ ਕਾਫੀ ਕੁਝ ਨਵਾਂ ਦੇਖਣ ਨੂੰ ਮਿਲ ਰਿਹਾ ਹੈ।ਜਿੱਥੇ ਇਕ ਪਾਸੇ ਵਿਕਸਿਤ ਦੇਸ਼ਾਂ ਵਿਚ 'ਟਾੱਪਲੈਸ' ਅੰਦੋਲਨਾਂ ਦੀ ਚਰਚਾ ਚੱਲ ਰਹੀ ਹੈ ਉੱਥੇ ਦੂਜੇ ਪਾਸੇ ਚਿੱਲੀ ਦੇ ਵਿਦਿਆਰਥੀਆਂ ਨੇ 'ਕਿੱਸ ਇਨਜ਼', 'ਫਲੈਸ਼ ਮੌਬਜ਼' ਅਤੇ ਡਰੰਮ ਦੀ ਤਾਲ ਤੇ ਨੱਚਦੇ ਹੋਏ ਇਕ ਤਿਉਹਾਰ ਵਾਂਗ ਵੱਡੀ ਗਿਣਤੀ 'ਚ ਸੜਕਾਂ ਤੇ ਨਿਕਲ ਕੇ ਆਪਣਾ ਰੋਸ ਪ੍ਰਗਟ ਕੀਤਾ।ਵੱਡੀ ਪੱਧਰ ਤੇ ਲਾਮਬੰਦੀ ਆੱਨਲਾਇਨ ਸੰਪਰਕ ਦੇ ਜ਼ਰੀਏ ਹੋਈ।ਚਿੱਲੀ ਦੇ ਇਸ ਵਿਸ਼ਾਲ ਵਿਦਿਆਰਥੀ ਅੰਦੋਲਨ ਨੂੰ ਸੰਸਾਰ ਹਾਲਤਾਂ ਦੇ ਪ੍ਰਸੰਗ ਵਿਚ ਰੱਖ ਕੇ ਦੇਖਣ ਦੀ ਲੋੜ ਹੈ।ਜਦੋਂ ਸੰਸਾਰ ਨਕਸ਼ੇ ਤੇ ਅਰਬ ਦੇਸ਼ਾਂ ਦੀਆਂ ਬਗਾਵਤਾਂ, ਵਾਲ ਸਟਰੀਟ ਦੀ ਕਬਜਾ ਕਰੋ ਮੁਹਿੰਮ ਤੇ ਕਿਊਬਿਕ ਦਾ ਵਿਦਿਆਰਥੀ ਅੰਦੋਲਨ ਲਗਾਤਾਰ ਇਕ ਤੋਂ ਬਾਅਦ ਇਕ ਚੱਲ ਰਹੇ ਸਨ ਤਦ ਇਹਨਾਂ ਲਹਿਰਾਂ ਨੇ ਸੰਸਾਰ ਪੱਧਰ ਤੇ ਆਪਣਾ ਅਸਰ ਪਾਇਆ।ਇਸਨੇ ਚਿੱਲੀ ਦੇ ਵਿਦਿਆਰਥੀ ਅੰਦੋਲਨ ਨੂੰ ਵੀ ਪ੍ਰਭਾਤਿ ਕੀਤਾ। ਇੱਥੇ ਸਾਡੇ ਦੇਸ਼ ਦੇ ਵਿਦਿਆਰਥੀਆਂ ਨੂੰ ਸੰਸਾਰ ਪੱਧਰ ਤੇ ਆਪਣੇ ਅਧਿਕਾਰਾਂ ਨੂੰ ਹਾਸਲ ਕਰਨ ਪ੍ਰਤੀ ਫੈਲ ਰਹੀ ਚੇਤਨਾ ਤੇ ਸੰਘਰਸ਼ਾਂ ਤੋਂ ਪ੍ਰੇਰਨਾ ਲੈਦਿਆਂ ਆਪਣੇ ਹੱਕਾਂ ਨੂੰ ਹਾਸਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। 

ਮਨਦੀਪ 
ਲੇਖਕ 'ਇਨਕਲਾਬੀ ਯੂਥ ਸਟੂਡੈਂਟਸ ਫਰੰਟ' ਦਾ ਕਨਵੀਨਰ ਤੇ 'ਇਨਕਲਾਬੀ ਨੌਜਵਾਨ' ਰਸਾਲੇ ਦਾ ਸੰਪਾਦਕ ਹੈ। 
Mob: 98764-42052