'ਸਾਡਾ ਹੱਕ' ਦਾ ਸਿਆਸੀ ਪੋਸਟ-ਮਾਰਟਮ
ਫ਼ਿਲਮ 'ਸਾਡਾ ਹੱਕ' ਦਾ ਥੀਮ,ਕਹਾਣੀ, ਪੇਸ਼ਕਾਰੀ ਅਤੇ ਕਿਰਦਾਰ ਅਤੇ ਘਟਨਾਵਾਂ, ਗੀਤ ਅਤੇ ਆਖ਼ਰੀ ਸੁਨੇਹਾ ,ਸਭ ਕੁੱਝ ਅਜਿਹਾ ਹੈ ਜੋ ਸਰਕਾਰੀ ਤੰਤਰ ਅਤੇ ਸਮਾਜ ਦੇ ਹਰ ਵਰਗ ਦੇ ਹਜ਼ਮ ਆਉਣ ਵਾਲਾ ਨਹੀਂ ਹੈ। ਕੁਲਜਿੰਦਰ ਸਿੱਧੂ ਅਤੇ ਦਿਨੇਸ਼ ਸੂਦ ਵੱਲੋਂ ਬਣਾਈ ਗਈ ਇਹ ਫ਼ਿਲਮ 8ਵੇਂ ਅਤੇ ਨੌਵੇਂ ਦਹਾਕੇ ਦੌਰਾਨ ਪੰਜਾਬ ਦੇ ਸੰਤਾਪ ਭਰੇ ਦੌਰ ਦੇ ਕੁਝ ਪੱਖਾਂ ਅਤੇ ਕੁਝ ਇੱਕ ਘਟਨਾਵਾਂ ਨਾਲ ਰਲਦੀ-ਮਿਲਦੀ ਕਹਾਣੀ 'ਤੇ ਅਧਾਰਤ ਹੈ। ਇਨ੍ਹਾਂ ਘਟਨਾਵਾਂ ਦੇ ਪੇਸ਼ਕਾਰੀ ਤੋਂ ਸਾਰੀ ਫ਼ਿਲਮ ਇਸ ਮਨੌਤ ਦਾ ਪ੍ਰਭਾਵ ਦਿੰਦੀ ਹੈ ਕਿ ਪੰਜਾਬ 'ਚ ਬਹੁਤ ਸਾਰੇ ਨੌਜਵਾਨਾਂ ਨੂੰ ਖਾਲਿਸਤਾਨੀ ਲਹਿਰ ਅਤੇ ਖਾੜਕੂਵਾਦ ਵੱਲ ਧੱਕਣ ਪਿੱਛੇ ਇੱਕ ਬਹੁਤ ਵੱਡਾ ਕਾਰਨ ਸਿੱਖਾਂ ਨਾਲ ਹੁੰਦਾ ਵਿਤਕਰਾ, ਪੁਲਿਸ ਅਤੇ ਸੁਰੱਖਿਆ ਫੋਰਸ ਦਾ ਜ਼ਬਰ-ਜ਼ੁਲਮ, ਗ਼ੈਰ-ਮਨੁੱਖੀ ਵਤੀਰਾ,ਝੂਠੇ ਪੁਲਿਸ ਮੁਕਾਬਲੇ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਸੀ । ਕਿਸੇ ਹੱਦ ਤੱਕ ਅਜਿਹੀ ਧਾਰਨਾ ਠੀਕ ਵੀ ਹੈ। ਮਨੁੱਖੀ ਅਧਿਕਾਰਾਂ ਦਾ ਜੋ ਘਾਣ ਉਸ ਦੌਰ ਵਿਚ ਹੋਇਆ,ਉਹ ਹੌਲਨਾਕ ਸੀ।
'ਸਾਡਾ ਹੱਕ' ਵਿਚ ਪੇਸ਼ ਕਹਾਣੀ ਇਕ ਪੰਜਾਬ ਦੇ ਪਿੰਡ ਦੇ ਇੱਕ ਮੱਧ ਵਰਗੀ ਕਿਸਾਨ ਪਰਿਵਾਰ ਦੇ ਇੱਕ ਜੰਮਪਲ ਖਿਡਾਰੀ ਦੇ ਦੁਆਲੇ ਘੁੰਮਦੀ ਹੈ।ਨੌਜਵਾਨ ਦਾ ਨਾਂ ਕਰਤਾਰ ਸਿੰਘ ਹੈ। ਇਹ ਰੋਲ ਖ਼ੁਦ ਕੁਲਜਿੰਦਰ ਸਿੰਧੂ ਨੇ ਬਾਖ਼ੂਬੀ ਨਿਭਾਇਆ ਹੈ।ਪੁਲਿਸ ਦੇ ਧੱਕੇਸ਼ਾਹੀ ਦਾ ਸ਼ਿਕਾਰ ਹੋਣ ਨਾਲ ਪੈਦਾ ਹੋਏ ਹਾਲਾਤ ਵੱਜੋਂ ਉਹ ਘਰੋਂ ਭੱਜਣ, ਰੂਪੋਸ਼ ਹੋਣ ਅਤੇ ਖਾਲਿਸਤਾਨੀ ਖਾੜਕੂ ਗਰੁੱਪ ਵਿਚ ਸ਼ਾਮਲ ਹੋਣ ਲਈ ਮਜ਼ਬੂਰ ਹੋ ਜਾਂਦਾ ਹੈ। ਇਸ ਤੋਂ ਬਾਅਦ ਉਹ ਉਸ ਖਾੜਕੂ ਹਿੰਸਾ ਦਾ ਸਰਗਰਮ ਅਤੇ ਮੋਹਰੀ ਕਿਰਦਾਰ ਬਣ ਜਾਂਦਾ ਹੈ ਜੋ ਪੰਜਾਬ ਦਾ ਇੱਕ ਖ਼ੂਨੀ ਇਤਹਾਸ ਬਣ ਚੁੱਕੀ ਹੈ।
ਬਾਅਦ ਦੀ ਕਹਾਣੀ ਆਤਮਘਾਤੀ ਬੰਬ ਰਹੀ ਮਾਰੇ ਗਏ ਪੰਜਾਬ ਦੇ ਸਾਬਕਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਅਤੇ ਇਸ ਵਾਰਦਾਤ ਨਾਲ ਜੁੜੇ ਦੋਸ਼ੀ ਖਾਲਿਸਤਾਨੀਆਂ ਨੂੰ ਫ਼ਰਜ਼ੀ ਜਾਂ ਬਦਲਵੇਂ ਨਵਾਂ ਰਾਹੀਂ ਰੂਪਮਾਨ ਕਰਦੀ ਹੈ ।ਇਸ ਫ਼ਿਲਮ ਵਿਚ ਵੀ ਕਰਤਾਰ ਸਿੰਘ ਅਤੇ ਉਸਦੇ ਸਾਥੀਆਂ ਦੀ ਸੁਰੰਗ ਪੁੱਟ ਕੇ ਜੇਲ੍ਹ ਵਿਚੋਂ ਫ਼ਰਾਰ ਹੋਣ ਦੀ ਦਿਖਾਈ ਘਟਨਾ, ਬੁੜੈਲ ਜੇਲ੍ਹ ਵਿਚੋਂ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਹਵਾਰਾ ਅਤੇ ਉਸ ਦੇ ਸਾਥੀਆਂ ਨਾਲ ਮਿਲਦੀ ਜੁਲਦੀ ਹੈ। ਫ਼ਿਲਮ ਵਿਚ ਉਹ ਗ੍ਰਹਿ ਮੰਤਰੀ ਨੂੰ ਮਨੁੱਖੀ ਬੰਬ ਨਾਲ ਉਡਾਉਣ ਦੀ ਘਟਨਾ ਜੇਲ੍ਹ ਵਿਚ ਫ਼ਰਾਰੀ ਤੋਂ ਬਾਅਦ ਦਿਖਾਈ ਗਈ ਹੈ ਜਦੋਂ ਕਿ ਅਸਲੀਅਤ ਵਿਚ ਬੇਅੰਤ ਸਿੰਘ ਦਾ ਕਤਲ ਪਹਿਲਾਂ ਕੀਤਾ ਗਿਆ ਸੀ ਅਤੇ ਜੇਲ੍ਹ ਵਿਚੋਂ ਜਗਤਾਰ ਹਵਾਰਾ ਅਤੇ ਫ਼ਰਾਰੀ ਬਾਅਦ ਵਿਚ ਹੋਈ ਸੀ।ਲਗਭਗ ਉਸੇ ਤਰ੍ਹਾਂ ਹੀ ਪੰਜਾਬ ਪੁਲਿਸ ਦੇ ਕਰਿੰਦੇ ਹੀ ਮਨੁੱਖੀ ਬੰਬ ਦਿਖਾਏ ਗਏ ਹਨ। ਪੁਲਿਸ ਦੇ ਅਫ਼ਸਰਾਂ ਦੇ ਫ਼ਿਲਮ ਵਿਚਲੇ ਕਿਰਦਾਰ ਵੀ ਸਾਬਕਾ ਡੀ ਜੀ ਪੀ ਕੇ ਪੀ ਐਸ ਗਿੱਲ, ਸਾਬਕਾ ਐਸ ਐਸ ਪੀ ਤਰਤਾਰਨ ਅਜੀਤ ਸਿੰਘ ਸੰਧੂ ਅਤੇ ਬਟਾਲਾ ਦੇ ਸਾਬਕਾ ਐਸ ਐਸ ਪੀ ਗੋਬਿੰਦ ਰਾਮ ਨਾਲ ਮਿਲਦੇ ਜੁਲਦੇ ਦਿਖਾਏ ਗਏ ਹਨ। ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਹੋਏ ਸਿੱਖ ਨੌਜਵਾਨਾਂ ਬਾਰੇ ਖੋਜ ਰਿਪੋਰਟ ਇਕੱਠੀ ਕਰਦਾ ਪੁਲਿਸ ਹੱਥੋਂ ਮਾਰਿਆ ਕਿਰਦਾਰ ਵੀ ਜਸਵੰਤ ਸਿੰਘ ਖਾਲੜਾ ਵੱਲ ਹੀ ਇਸ਼ਾਰਾ ਕਰਦਾ ਹੈ। ਜਗਤਾਰ ਹਵਾਰੇ ਵਾਂਗ ਇਸ ਫ਼ਿਲਮ ਵਿਚ ਵੀ ਫ਼ਰਾਰੀ ਤੋਂ ਬਾਅਦ ਕਰਤਾਰ ਦਾ ਵਿਆਹ ਹੋਇਆ ਵੀ ਦਿਖਾਇਆ ਗਿਆ ਹੈ।
ਫ਼ਿਲਮ ਦੀ ਕਹਾਣੀ ਅਰਾਜਕਤਾ ਭਰੇ ਮਾਹੌਲ ਦੌਰਾਨ ਓਸ ਦੌਰ ਵਿਚ ਦਹਿਸ਼ਤਪਸੰਦ ਅਤੇ ਖਾਲਿਸਤਾਨੀ ਗਰੁੱਪਾਂ ਵੱਲੋਂ ਕੀਤੇ ਜਾਂਦੇ ਮਾਸੂਮ ਅਤੇ ਨਿਰਦੋਸ਼ ਲੋਕਾਂ ਦੇ ਹਜ਼ਾਰਾਂ ਕਤਲਾਂ ਦੀ ਸਿਰਫ਼ ਇੱਕ ਅੱਧ ਘਟਨਾ ਹੀ ਦਿਖਾਈ ਗਈ ਪਰ ਇਸ ਸਿਲਸਿਲੇ ਨੂੰ ਖਾਲਿਸਤਾਨੀ ਖਾੜਕੂਆਂ ਵਿਚ ਵੜੇ ਸਿਰਫ਼ ਗ਼ਲਤ ਅਨਸਰਾਂ ਜਾਂ ਪੁਲਿਸ ਦੇ ਕੈਟਾਂ ਰਾਹੀਂ ਕਰਵਾਏ ਜਾਂਦੇ ਕਤਲ ਦਰਸਾਉਣ ਦਾ ਹੀ ਯਤਨ ਕੀਤਾ ਗਿਆ ਹੈ ।ਜਦੋਂ ਕਿ ਸਾਡੇ ਵਰਗੇ ਜਿਨ੍ਹਾਂ ਨੇ ਵੀ ਉਹ ਦੁਖਦਾਈ ਦੌਰ ਹੰਢਾਇਆ ਹੈ, ਉਹ ਸਭ ਜਾਣਦੇ ਨੇ ਕਿ ਉਸ ਹਿੰਸਾ ਵਿਚ ਹਜ਼ਾਰਾਂ ਸਾਧਾਰਨ ਲੋਕ ਬੇਕਸੂਰੇ ਲੋਕ ਸਮੂਹਕ ਰੂਪ ਵਿਚ ਜਾਣ ਵਿਅਕਤੀਗਤ ਰੂਪ ਵਿਚ ਹੀ ਸਿੱਖ ਖਾੜਕੂਆਂ ਵੱਲੋਂ ਬਹੁਤ ਵਾਰ ਵਿਓਂਤਬੱਧ ਤਰੀਕੇ ਨਾਲ ਮਾਰੇ ਗਏ ਸਨ। ਉਸ ਦੌਰ ਦਾ ਇਤਿਹਾਸ ਖ਼ੁਦ ਵੀ ਗਵਾਹ ਹੈ।ਇਸ ਲਈ ਇਹ ਇਹ ਕਿਹਾ ਜਾ ਸਕਦਾ ਹੈ ਕਿ ਫ਼ਿਲਮ ਵਿਚ ਉਸ ਦੌਰ ਦੀਆਂ ਕੁਝ ਕੌੜੀਆਂ ਹਕੀਕਤਾਂ ਅਤੇ ਕੁਝ ਅਹਿਮ ਪੱਖਾਂ ਨੂੰ ਜਿਸ ਤਰ੍ਹਾਂ ਪੇਸ਼ ਕੀਤਾ ਗਿਆ ਹੈ ਉਹ ਆਪਣੇ-ਆਪ ਵਿਚ ਕੌੜਾ ਸੱਚ ਹੈ ਪਰ ਇਹ ਓਸ ਦੌਰ ਦਾ ਪੂਰਾ ਸੱਚ ਨਹੀਂ ਹੈ।ਵੈਸੇ ਕਿਸੇ ਵੀ ਇੱਕ ਫ਼ਿਲਮ ਵਿਚ ਇੰਨੇ ਲੰਮੇ ਦੌਰ ਦਾ ਪੂਰਾ ਸੱਚ ਦਿਖਾਇਆ ਵੀ ਨਹੀਂ ਜਾ ਸਕਦਾ। ਕੋਈ ਫ਼ਿਲਮ ਜਾਂ ਨਾਟਕ ਕਿਸੇ ਸਮੇਂ ਅਤੇ ਸਥਾਨ ਜਾਂ ਦੌਰ ਦੇ ਕੁਝ ਉੱਭਰਵਾਂ ਜਾਂ ਚੋਣਵੇਂ ਪੱਖਾਂ ਅਤੇ ਹਕੀਕਤਾਂ ਨੂੰ ਹੀ ਰੂਪਮਾਨ ਕਰ ਸਕਦਾ ਹੈ।
ਖਾਲਿਸਤਾਨੀ ਖਾੜਕੂ ਲਹਿਰ ਅਤੇ ਇਸ ਸਬੰਧੀ ਵਾਪਰੇ ਘਟਨਾਕ੍ਰਮ ਬਾਰੇ ਪੰਜਾਬੀ ਅਤੇ ਇਥੋਂ ਤੱਕ ਸਿੱਖ ਸਮਾਜ ਵੀ ਇੱਕਮੱਤ ਨਹੀਂ ਹੈ।ਬੇਸ਼ੱਕ ਸਿੱਖ ਜਗਤ ਦੀ ਬਹੁਗਿਣਤੀ ਦੀ ਮਾਨਸਿਕਤਾ 1984 ਵਿਚ ਹੋਏ ਅਪਰੇਸ਼ਨ ਬਲਿਊ ਸਟਾਰ ਅਤੇ ਇਸ ਤੋਂ ਬਾਅਦ ਦਿੱਲੀ ਅਤੇ ਹੋਰਨਾਂ ਥਾਵਾਂ ਤੇ ਹੋਏ ਸਿੱਖ ਕਤਲੇਆਮ ਤੋਂ ਇਲਾਵਾ ਲੰਮੇ ਸਮੇਂ ਹੁੰਦੇ ਧੱਕੇ-ਧੋੜੇ ਕਾਰਨ ਜ਼ਜ਼ਬਾਤੀ ਤੌਰ ਤੇ ਵਲੂੰਧਰੀ ਗਈ ਸੀ ਪਰ ਇਨ੍ਹਾਂ ਦੇ ਪ੍ਰਤੀਕਰਮ ਵਜੋਂ ਜਾਂ ਉਂਝ ਵੀ ਓਸ ਹਿੰਸਕ ਦੌਰ ਵਿਚ ਜੋ ਕੁਝ ਵਾਪਰਿਆ ,ਇਸ ਬਾਰੇ ਵਿਅਕਤੀ ਅਤੇ ਸਮੂਹਕ ਪੱਧਰ ਤੇ ਵੀ ਰਾਇ ਵੰਡੀ ਹੋਈ ਹੈ।ਜਿਵੇਂ ਕਿ ਹਰੇਕ ਖਾੜਕੂ, ਅੱਤਵਾਦੀ ਅਤੇ ਹਥਿਆਰਬੰਦ ਲਹਿਰ ਬਾਰੇ ਹੁੰਦਾ ਹੈ, ਲਹਿਰ ਦੇ ਕਾਰਕੁੰਨ ਜਾਂ ਆਗੂ , ਕਿਸੇ ਇੱਕ ਧਿਰ ਲਈ ਸੂਰਮੇ,ਯੋਧੇ ,ਨਾਇਕ ਅਤੇ ਸ਼ਹੀਦ ਹੋ ਸਕਦੇ ਹਨ ਅਤੇ ਕਿਸੇ ਦੂਜੀ ਧਿਰ ਲਈ ਉਹੀ ਲੋਕ ਕਾਤਲ, ਗ਼ੱਦਾਰ ਜਾਂ ਨਿਰਦਈ ਅਤੇ ਨਫ਼ਰਤ ਦੇ ਪਾਤਰ ਮੰਨੇ ਜਾ ਸਕਦੇ ਹਨ।
ਪੰਜਾਬ ਵਿਚ ਤਾਂ ਆਮ ਲੋਕ ਖਾੜਕੂਵਾਦ ਦੀ ਬੇਦਰਦ ਹਿੰਸਾ ਦਾ ਸ਼ਿਕਾਰ ਵੀ ਹੋਏ ਸਨ ਅਤੇ ਪੁਲਿਸ ਤੰਤਰ ਦੀ ਗੈਰਮਨੁੱਖੀ ਹਿੰਸਾ ਦੇ ਵੀ।ਸੰਨ 1990-91 ਵਿੱਚ ਇੱਕ ਅਜਿਹਾ ਦੌਰ ਵੀ ਜਦੋਂ ਆਮ ਲੋਕਾਂ ਦੀ ਹਾਲਤ ਚੱਕੀ ਦੇ ਦੋ ਪੀੜਾਂ ਵਿੱਚ ਪਿਸਣ ਵਾਲੀ ਹੋ ਗਈ ਸੀ।ਇਥੋਂ ਤੱਕ ਕਿ ਮੇਰੇ ਆਪਣੇ ਪਰਿਵਾਰ ਵਰਗੇ ਵੀ ਅਨੇਕਾਂ ਅਜਿਹੇ ਲੋਕ ਹਨ ਜਿਹੜੇ ਦੋਹਾਂ ਧਿਰਾਂ ਦੀ ਦਹਿਸ਼ਤਗਰਦੀ ਦਾ ਸ਼ਿਕਾਰ ਹੋਏ। ਸਾਡੇ ਪਰਿਵਾਰ ਦੇ ਤਿੰਨ ਨਜ਼ਦੀਕੀ ਰਿਸ਼ਤੇਦਾਰ ਸ਼ਾਹਬਾਦ ਵਿੱਚ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਨਾਮੀ ਮੋਹਰੀਆਂ ਨੇ ਏ ਕੇ 47 ਦੀਆਂ ਗੋਲੀਆਂ ਨਾਲ ਬੇਰਹਿਮੀ ਨਾਲ ਮਾਰੇ ਸਨ। ਦੂਜੇ ਪਾਸੇ ਸਾਡੇ ਹੀ ਪਰਿਵਾਰ ਦਾ ਇਕ 21 ਸਾਲਾ ਨੌਜਵਾਨ ,ਐਸ ਐਸ ਪੀ ਤਰਨ ਤਾਰਨ ਅਜੀਤ ਸਿੰਘ ਸੰਧੂ ਨੇ ਜੰਡਿਆਲੇ ਤੋਂ ਘਰੋਂ ਚੁੱਕ ਕੇ ਮਾਰ ਖਪਾ ਦਿਤਾ ।ਸਾਡੇ ਲਈ ਸੱਚਾਈ ਦੇ ਅਰਥ ਬਿਲਕੁਲ ਵੱਖਰੇ ਹਨ।
ਦਰਅਸਲ ਪੰਜਾਬ ਦੇ ਖ਼ੂਨੀ, ਭਿਆਨਕ ਅਤੇ ਸੰਤਾਪ ਭਰੇ ਦੌਰ ਵਿਚ ਜੋ ਕੁਝ ਵਾਪਰਿਆ ਉਸ ਦਾ ਕੋਈ ਸਰਬ ਸਾਂਝਾ ਨਿਪਟਾਰਾ ਵੀ ਤਾਂ ਨਹੀਂ ਹੋਇਆ ਕਿ ਇਸ ਦੇ ਕੀ ਕਾਰਨ ਸਨ? ਕੌਣ -ਕੌਣ ,ਕਿਹੜੀਆਂ- ਕਿਹੜੀਆਂ ਧਿਰਾਂ ਦੋਸ਼ੀ ਸਨ ? ਕਿਸ ਧਿਰ ਦਾ ਕਿੰਨਾ ਕਸੂਰ ਸੀ ? ਭਾਰਤੀ ਸਟੇਟ ਅਤੇ ਖ਼ੁਫ਼ੀਆ ਏਜੰਸੀਆਂ ਦੀ ਭੂਮਿਕਾ ਕਿਹੋ ਜਿਹੀ ਸੀ ? ਇਸ ਵਿਚ ਬਾਹਰਲੇ ਮੁਲਕਾਂ ਅਤੇ ਉਥੋਂ ਦੀਆਂ ਏਜੰਸੀਆਂ ਦਾ ਕੀ ਰੋਲ ਸੀ ? 84 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਕਿਉਂ ਨਹੀਂ ਮਿਲੀਆਂ? ਆਦਿ।
ਬੇਸ਼ੱਕ ਇਸ ਫ਼ਿਲਮ ਵਿਚ ਸਮੁੱਚੇ ਸਿਸਟਮ ਦੀ ਤਬਦੀਲੀ ਦੇ ਸੰਵਾਦ ਸੁਣਨ ਨੂੰ ਵੀ ਮਿਲਦੇ ਨੇ ਪਰ ਖਾਲਿਸਤਾਨੀ ਲਹਿਰ ਨਾਲ ਸਬੰਧਤ ਹੁੰਦੀ ਹੋਈ ਵੀ 'ਸਾਡਾ ਹੱਕ' ਦੀ ਕਹਾਣੀ ਵਿਚ ਕੋਈ ਵਿਚਾਰਧਾਰਕ ਡੂੰਘਾਈ ਨਹੀਂ ਲੱਭਦੀ।
ਪੰਜਾਬ ਦੇ ਓਸ ਹਿੰਸਕ ਦੌਰ ਬਾਰੇ ਬਣੀਆਂ ਦੋ ਫ਼ਿਲਮਾਂ ਚਰਚਿਤ ਹੋਈਆਂ ਸਨ। ਇੱਕ ਇਕਬਾਲ ਢਿੱਲੋਂ ਵੱਲੋਂ ਬਣਾਈ ਗਈ ਪੰਜਾਬੀ ਫ਼ਿਲਮ 'ਤਬਾਹੀ' ਸੀ ਅਤੇ ਦੂਜੀ ਗੁਲਜ਼ਾਰ ਵੱਲੋਂ ਬਣਾਈ ਗਈ ਹਿੰਦੀ ਫ਼ਿਲਮ 'ਮਾਚਿਸ' ਸੀ। 'ਸਾਡਾ ਹੱਕ' ਦਾ ਥੀਮ ਪੰਜਾਬ ਦੇ ਓਸ ਦੌਰ ਬਾਰੇ ਗੁਲਜ਼ਾਰ ਵੱਲੋਂ 1996 ਵਿਚ ਬਣਾਈ ਗਈ ਫ਼ਿਲਮ 'ਮਾਚਿਸ' ਨਾਲ ਮਿਲਦਾ-ਜੁਲਦਾ ਹੈ।ਇਸ ਦਾ ਪ੍ਰੇਰਨਾ ਸ੍ਰੋਤ ਬੇਅੰਤ ਸਿੰਘ ਕਤਲ ਕਾਂਡ ਨਾਲ ਜੁੜੇ ਜਗਤਾਰ ਹਵਾਰਾ ਅਤੇ ਉਨ੍ਹਾ ਦੇ ਸਾਥੀ ਲਗਦੇ ਨੇ।ਕਲਾਕਾਰੀ ਅਤੇ ਡੂੰਘਾਈ ਪੱਖੋਂ ਦੇਖਿਆ ਜਾਵੇ ਤਾਂ ਮਾਚਿਸ ਦਾ ਮਿਆਰ ਕਿਤੇ ਉੱਚਾ ਸੀ। ਉਸ ਵਿਚ ਪਾਤਰਾਂ ਦੇ ਕਿਰਦਾਰ ਵੀ ਓਮਪੁਰੀ ਅਤੇ ਤੱਬੂ ਵਰਗੇ ਚੋਟੀ ਦੇ ਕਲਾਕਾਰਾਂ ਨੇ ਨਿਭਾਏ ਸਨ । ਇਹ ਫ਼ਿਲਮ ਕਲਾ ਦਾ ਇੱਕ ਸ਼ਾਨਦਾਰ ਨਮੂਨਾ ਸੀ।
ਦੂਜੇ ਪਾਸੇ 'ਸਾਡਾ ਹੱਕ' ਫ਼ਿਲਮ ਦੀ ਅਪੀਲ ਧਾਰਮਿਕ ਅਤੇ ਜ਼ਜ਼ਬਾਤੀ ਵਧੇਰੇ ਹੈ।ਇਹ ਆਪਣੀ ਕਿਸਮ ਦੀ ਪਹਿਲੀ ਫ਼ਿਲਮ ਹੈ ਜਿਸ ਨੂੰ ਵੱਖ ਵੱਖ ਵਰਗ ਅਤੇ ਵਿਅਕਤੀ ਆਪਣੀ ਆਪਣੀ ਨਜ਼ਰ ਨਾਲ ਦੇਖਣਗੇ,ਉਹ ਅਰਥ ਵੀ ਆਪਣੇ-ਆਪਣੇ ਕੱਢਣਗੇ ਅਤੇ ਰੀਐੱਕਸ਼ਨ ਵੀ ਵੱਖ ਵੱਖ ਹੋਵੇਗਾ।ਫ਼ਿਲਮ ਵਿਚ ਦਿਖਾਈ ਹਿੰਸਾ ਨੂੰ ਭੜਕਾਊ ਅਤੇ ਇਕਤਰਫਾ ਆਖ ਕੇ ਇਸ ਦੀ ਨੁਕਤਾਚੀਨੀ ਵੀ ਹੋ ਸਕਦੀ ਹੈ ਪਰ ਇਸ ਦੇ ਮੁਕਾਬਲੇ ਹਿੰਦੀ ਫ਼ਿਲਮਾਂ ਵਿਚ ਅੱਜ ਕੱਲ੍ਹ ਜਿੰਨੀ ਅਤੇ ਜਿਸ ਤਰ੍ਹਾਂ ਦੀ ਹਿੰਸਾ ਅਤੇ ਜ਼ੁਰਮਾ ਦੇ ਨਵੇਂ ਨਵੇਕਲੇ ਤੌਰ ਤਰੀਕੇ ਦਿਖਾਏ ਜਾਂਦੇ ਹਨ , ਉਸ ਦੇ ਮੁਕਾਬਲੇ ਤਾਂ ਇਸ ਫ਼ਿਲਮ ਬਹੁਤ ਪਿੱਛੇ ਹੋਵੇਗੀ।ਦੇਖਣਾ ਇਹ ਹੈ ਸਾਡਾ ਹੱਕ ਨੂੰ ਦੇਖਣ ਵਾਲੀ ਨਵੀਂ ਨੌਜਵਾਨ ਪੀੜ੍ਹੀ ਦੇ ਮਨ ਤੇ ਕਿਹੋ ਜਿਹਾ ਪ੍ਰਭਾਵ ਪਵੇਗਾ।
ਬਣਤਰ ਪੱਖੋਂ ਇਸ ਫ਼ਿਲਮ ਦੀਆਂ ਕੁਝ ਖ਼ੂਬੀਆਂ ਉੱਭਰਵੀਆਂ ਹਨ ।ਸਿੱਖ ਕਿਰਦਾਰਾਂ ਅਤੇ ਉਨਾਂ ਦੀ ਵੇਸ਼ ਭੂਸ਼ਾ, ਠੇਠ ਪੰਜਾਬੀ ਭਾਸ਼ਾ ਵਿਚ ਬੋਲੇ ਡਾਇਲਾਗ, ਪੰਜਾਬ ਦੇ ਰਹਿਣ -ਸਹਿਣ ਦੀ ਸੁਭਾਵਕ ਅਤੇ ਹਕੀਕੀ ਪੇਸ਼ਕਰੀ ਪੱਖੋਂ ਸਾਡਾ ਹੱਕ ਬਹੁਤ ਸਲਾਹੁਣਯੋਗ ਹੈ। ਆਮ ਤੌਰ ਤੇ ਸਿੱਖ ਕਿਰਦਾਰਾਂ ਨੂੰ ਬਹੁਤ ਹਲਕੇ ਅਤੇ ਬੇ-ਢਵੇ ਢੰਗ (ਬਹੁਤ ਵਾਰ ਮਜ਼ਾਕੀਆ ਢੰਗ ਨਾਲ) ਨਾਲ ਫ਼ਿਲਮਾਂ ਵਿਚ ਪੇਸ਼ ਕੀਤਾ ਜਾਂਦਾ ਹੈ ਪਰ ਸਾਡਾ ਹੱਕ ਵਿਚ ਬਹੁਤੇ ਮੁੱਖ ਪਾਤਰ ਰਹਿਣੀ-ਬਹਿਣੀ ਅਤੇ ਬੋਲ -ਚਾਲ ਪੱਖੋਂ ਜਿਉਂਦੇ ਜਾਗਦੇ ਅਸਲੀ ਪਾਤਰ ਦਿਖਾਈ ਦਿੰਦੇ ਹਨ।ਫ਼ਿਲਮ ਵਿਚ ਮਲਵਈ ਪੰਜਾਬੀ ਦਾ ਬੋਲ -ਬਾਲਾ ਹੈ। ਕਮਾਲ ਦੀ ਗੱਲ ਇਹ ਵੀ ਹੈ ਕੁਲਜਿੰਦਰ ਸਿੱਧੂ ਖ਼ੁਦ ਮਾਝੇ ਦੇ ਜੰਮਪਲ ਹੋਣ ਦੇ ਬਾਵਜੂਦ , ਕਰਤਾਰ ਸਿੰਘ ਦੇ ਪਿਤਾ ਦੇ ਰੂਪ ਵਿਚ ਓਸ ਨੇ ਬਹੁਤ ਖ਼ੂਬਸੂਰਤ ਮਲਵਈ ਪੰਜਾਬੀ ਵਿਚ ਡਾਇਲਾਗ ਨਿਭਾਏ ਹਨ।ਕੁਲਜਿੰਦਰ ਸਿੱਧੂ ,ਅੰਮ੍ਰਿਤਸਰ ਦੇ ਸਵਰਗੀ ਪੱਤਰਕਾਰ ਮਹਿੰਦਰ ਸਿੰਘ ਦਾ ਸਪੁੱਤਰ ਹੈ। ਇਸ ਪਰਿਵਾਰ ਨੇ ਖ਼ੁਦ ਉਸ ਦੌਰ ਦਾ ਸੰਤਾਪ ਹੰਢਾਇਆ ਹੈ। ਕੁਲਜਿੰਦਰ ਦਾ ਭਰਾ ਵੀ ਖਾੜਕੂ ਹੋਣ ਦੇ ਦੋਸ਼ ਵਿਚ ਪੁਲਿਸ ਨੇ ਮਾਰ ਦਿੱਤਾ ਸੀ।
ਫ਼ਿਲਮ ਵਿਚ ਕਿਸੇ-ਕਿਸੇ ਥਾਂ ਦਸਤਾਵੇਜ਼ੀ ਫ਼ਿਲਮ ਵਰਗਾ ਪ੍ਰਭਾਵ ਵੀ ਮਿਲਦਾ ਹੈ ਅਤੇ ਸਾਈਡ ਰੋਲ ਵਾਲੇ ਕੁਝ ਇੱਕ ਕਿਰਦਾਰ ਓਪਰੇ ਜਿਹੇ ਵੀ ਲਗਦੇ ਨੇ। ਗੀਤ-ਸੰਗੀਤ ਵੀ ਫ਼ਿਲਮ ਦੀ ਪੇਸ਼ਕਾਰੀ ਵਾਂਗ ਜ਼ਜ਼ਬਾਤੀ ਅਤੇ ਬਾਗ਼ੀ ਸੁਰ ਵਾਲਾ ਹੈ।ਜੈਜ਼ੀ ਬੀ ਵਰਗੇ ਰੁਤਬੇ ਵਾਲੇ ਕਿਸੇ ਗਾਇਕ ਨੇ ਪਹਿਲੀ ਵਾਰੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਜਗਤਾਰ ਸਿੰਘ ਹਵਾਰਾ ਅਤੇ ਉਸਦੇ ਸਾਥੀਆਂ ਨੂੰ ਬਾਗ਼ੀ ਦੇ ਰੂਪ ਵਿਚ ਪੇਸ਼ ਕਰਕੇ ਵਡਿਆਇਆ ਹੈ।
ਇਸ ਫ਼ਿਲਮ ਵਿਚ ਉਨ੍ਹਾਂ ਬੱਚਿਆਂ ਦੀ ਸੰਭਾਲ ਦੇ ਵਿਸ਼ੇ ਨੂੰ ਛੋਹਿਆ ਗਿਆ ਹੈ, ਜਿਨ੍ਹਾਂ ਦੇ ਮਾਪੇ ਪੁਲੀਸ ਹੱਥੋਂ ਮਾਰੇ ਗਏ ਸਨ।ਅਮਰੀਕਾ ਤੋਂ ਮਨੁੱਖੀ ਅਧਿਕਾਰਾਂ ਬਾਰੇ ਖੋਜ ਕਰਨ ਆਉਂਦੀ ਕੁੜੀ ਨੂੰ ਮਿਸਾਲ ਵਜੋਂ ਪੇਸ਼ ਕੀਤਾ ਗਿਆ ਹੈ।ਜ਼ਿਕਰ ਕਰਨਾ ਬਣਦਾ ਹੈ ਅੱਤਵਾਦ ਦੌਰਾਨ ਇੱਕ ਪਾਸੇ ਪੁਲੀਸ ਹੱਥੋਂ ਅਤੇ ਦੂਜੇ ਪਾਸੇ ਅੱਤਵਾਦੀਆਂ ਹੱਥੋਂ ਮਾਰੇ ਗਏ ਹਜ਼ਾਰਾਂ ਲੋਕਾਂ ਦੇ ਲਾਵਾਰਿਸ ਬੱਚਿਆਂ ਦੀ ਸਾਂਭ -ਸੰਭਾਲ ,ਪੰਜਾਬ ਵਿਚ ਅਮਨ ਹੋਣ ਤੋਂ ਬਾਅਦ ਵੀ ਇਕ ਅਹਿਮ ਸਿਆਸੀ ਅਤੇ ਸਮਾਜਕ ਸਮੱਸਿਆ ਰਹੀ ਹੈ।
ਫ਼ਿਲਮ ਦੇ ਨਿਰਮਾਤਾਵਾਂ ਨੇ ਸਿੱਖ ਜਗਤ ਦੀਆਂ ਕੁਝ ਮੋਹਤਬਰ ਹਸਤੀਆਂ ਅਤੇ ਸਿੱਖ ਭਾਈਚਾਰੇ ਦੇ ਇੱਕ ਹਿੱਸੇ ਨੂੰ ਰਿਲੀਜ਼ ਨੂੰ ਪਹਿਲਾਂ ਦਿਖਾਕੇ ਫ਼ਿਲਮ ਦੇ ਪ੍ਰਚਾਰ ਲਈ ਭਾਵੁਕ ਅਪੀਲ ਕਰਨ ਦਾ ਯਤਨ ਕੀਤਾ ਹੈ।ਬੇਸ਼ੱਕ ਇਹ ਫਿਲਮ ਕਈ ਦੁਖਦੀਆਂ ਰਗਾਂ ਨੂੰ ਵੀ ਛੇੜ ਸਕਦੀ ਹੈ,ਕਈ ਪੁਰਾਣੇ ਜ਼ਖ਼ਮਾਂ ਦੀ ਚੁਭਣ ਵੀ ਯਾਦ ਕਰਾ ਸਕਦੀ ਹੈ,ਸਿੱਖ ਹਲਕਿਆਂ ਵਿਚ ਇਸਦੀ ਪ੍ਰਸ਼ੰਸ਼ਾ ਵੀ ਹੋਵੇਗੀ ਅਤੇ ਕੁਝ ਹੋਰ ਹਲਕਿਆਂ ਵੱਲੋਂ ਨੁਕਤਾਚੀਨੀ ਵੀ ਪਰ ਫਿਰ ਵੀ ਏਸ ਦੇ ਵਾਧੇ ਘਾਟੇ ਵਾਲੇ ਸਭ ਪਹਿਲੂਆਂ ਦੇ ਬਾਵਜੂਦ ਇਹ ਫ਼ਿਲਮ ਦੇਖਣਯੋਗ ਹੈ। 'ਸੌ ਫੁੱਲ ਖਿੜਨ ਦਿਓ' ਵਾਲੀ ਪਹੁੰਚ ਸਿਹਤਮੰਦ ਲੋਕਤੰਤਰ ਲਈ ਹਮੇਸ਼ਾਂ ਲਾਹੇਵੰਦ ਹੁੰਦੀ ਹੈ।
ਬਲਜੀਤ ਬੱਲੀ
ਸੰਪਾਦਕ,
ਬਾਬੂਸ਼ਾਹੀ ਡਾਟ ਕਾਮ
ਤਿਰਛੀ ਨਜ਼ਰ ਮੀਡੀਆ,ਚੰਡੀਗੜ੍ਹ 9915177722
MOB:---91-99151--77722
ਬੱਲੀ ਜੀ ਦੀ ਆਗਿਆ ਨਾਲ ਬਾਬੂਸ਼ਾਹੀ ਤੋਂ ਕੱਟ-ਪੇਸਟ
No comments:
Post a Comment