ਦਾਰਸ਼ਨਿਕਤਾ ਲਈ ਪਹਿਲੀ ਲੋੜ ਦਲੇਰ ਤੇ ਅਜ਼ਾਦ ਮਨ ਹੁੰਦੀ ਹੈ

Sunday, June 16, 2013

ਮੇਰੀ ਚਗਾਠ 'ਤੇ ਸ਼ਰੀਂ ਦੇ ਪੱਤੇ ਕਿਉਂ ਨਹੀਂ

ਹਰਪ੍ਰੀਤ ਦਾ ਫੋਨ ਆਇਆ।'ਰੂਪ-ਇਨਾਇਤ' ਘਰ ਆਈ ਹੈ।ਮੈਂ ਤਾਇਆ ਬਣ ਗਿਆ।ਸੋਚਿਆ 'ਹਰਪ੍ਰੀਤ ਨੇ ਸਾਡੀ ਧੀ ਦਾ ਨਾਂਅ ਕੁਦਰਤ 'ਚ ਪਰੋ ਦਿੱਤਾ। ਨਾਨਕ ਦੀ ਕੁਦਰਤ ਬਾਰੇ ਲੰਮੀ ਕੁਮੈਂਟਰੀ ਹੈ। ਮੈਂ ਲਿਖਦਾ ਹਾਂ 'ਬਾਈ ਨਾਨਕ ਦੀ ਵੇਈ ਦੇ ਕੰਢੇ ਰਹਿੰਦੈ' ਤੇ ਸ਼ਾਇਦ ਸਾਡੀ ਧੀ ਦੇ ਨਾਂਅ ਦਾ ਅਚੇਤ ਬੇਈ ਦੇ ਕੰਢੇ ਹੈ। ਇਹ ਅਚੇਤ ਵਿਚਾਰ 'ਚ ਨਹੀਂ ਅਮਲ 'ਚ ਪਿਆ ਹੈ। ਨਾਨਕ ਦੀ ਵਿਚਾਰਧਾਰਾ ਸਾਡੀ ਧੀ ਨਾਲ ਖੜ੍ਹੀ ਹੈ ਤੇ ਮੈਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ। ਮੇਰੀ ਰੂਪ ਨਾਲ ਮੁਲਾਕਤ ਨਹੀਂ ਹੋਈ। ਓਹਦੇ ਬਚਪਨ ਦੀ ਜਗੀਰ ਖਿਡੋਣਿਆਂ ਨਾਲ ਮਿਲਾਂਗਾ।ਮੈਨੂੰ ਲੱਗਿਆ ਜੇ ਕਿਸੇ ਪੱਤਰਕਾਰ ਦੇ ਵਿਆਹ 'ਤੇ ਵੱਡੇ ਅਖ਼ਬਾਰ 'ਚ ਸੰਪਾਦਕੀ ਲਿਖੀ ਜਾ ਸਕਦੀ ਹੈ,ਤਾਂ ਮੈਂ ਤੇ ਹਰਪ੍ਰੀਤ ਸਾਡੀ ਧੀ ਨੂੰ ਬਲੌਗ ਤੇ 'ਜੀ ਆਇਆਂ ਨੂੰ' ਤਾਂ ਕਹਿ ਹੀ ਸਕਦੇ ਹਾਂ।-ਯਾਦਵਿੰਦਰ ਕਰਫਿਊ

“ਤਾਈ ਜੀ ਨਾਲੇ ਕਹਿੰਦੇ ਨੇ ਬੂਹੇ 'ਤੇ ਸ਼ਰੀ ਜਾਂ ਨਿੰਮ ਦੇ ਪੱਤੇ ਲਾਈਦੇ ਨੇ।

ਮੇਰੇ ਬੂਹੇ 'ਤੇ ਕਿਉਂ ਨਹੀਂ ਜਦੋਂ ਕਿ ਮੇਰੇ ਘਰ ਵੀ ਨਵਾਂ ਜੀਅ ਆਇਐ।” (ਸ਼ਰੀ ਜਾਂ ਨਿੰਮ ਦੇ ਪੱਤੇ ਪਹਿਲਾਂ ਪਹਿਲ ਉਸ ਘਰ ਟੰਗੇ ਜਾਂਦੇ ਸਨ ਜਿਸ ਘਰ ਨਵਜੰਮੇ ਬੱਚੇ ਦੀਆਂ ਕਿਲਕਾਰੀਆਂ ਗੂੰਜਦੀਆਂ ਸਨ।ਅਸਲ 'ਚ ਇਹਦਾ ਵਿਗਿਆਨਕ ਅਧਾਰ ਸੀ,ਉਹਨਾਂ ਸਮਿਆਂ 'ਚ ਕੋਈ ਅਜਿਹਾ ਤਰਲ ਜਾˆ ਹੋਰ ਰਸਾਇਣ(ਸਾਬਣ,ਵਾਸ਼ਿੰਗ ਜੈੱਲ) ਨਹੀਂ ਸੀ ਜਿਹੜਾ ਹੱਥਾਂ ਜਾਂ ਮੂੰਹ ਨੂੰ ਸਾਫ ਸੁੱਥਰਾ ਰੱਖ ਸਕੇ।ਸੋ ਸ਼ਰੀ ਜਾਂ ਨਿੰਮ ਦੇ ਪੱਤੇ ਦੋ ਤਰ੍ਹਾਂ ਦੇ ਕੰਮ ਕਰਦੇ ਸਨ।ਪਹਿਲਾ ਕਿ ਇਹ ਬਾਹਰੋਂ ਆਏ ਬੰਦੇ ਨੂੰ ਪਤਾ ਦੱਸਦੇ ਸਨ ਕਿ ਇਸ ਘਰ ਕੋਈ ਨਵਾਂ ਜੀਅ ਆਇਆ ਹੈ ਸੋ ਉਹ ਧਿਆਨ ਨਾਲ ਪਹਿਲਾਂ ਆਪਣੇ ਸਰੀਰਕ ਤਾਪਮਾਨ ਨੂੰ ਸਹੀ ਕਰਦਾ ਸੀ ਫਿਰ ਜਾਕੇ ਅੰਦਰ ਨਵੇਂ ਬੱਚੇ ਨੂੰ ਮਿਲਦਾ ਸੀ।ਦੂਜਾ ਸ਼ਰੀਂ ਜਾਂ ਨਿੰਮ ਦੇ ਪੱਤੇ ਐਂਟੀਬਾਇਓਟਿਕ ਮੰਨੇ ਜਾਂਦੇ ਹਨ ਅਤੇ ਇਹ ਮਾਂ ਅਤੇ ਬੱਚੇ ਨੂੰ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਤੋਂ ਬਚਾਉਂਦੇ ਹਨ।ਇਹਦਾ ਇੱਕ ਹੋਰ ਕਾਰਨ ਵੀ ਸੀ ਕਿ ਬੱਚੇ ਦੇ ਜਨਮ ਦੌਰਾਨ ਮਾਂ ਦੀਆਂ ਸਰੀਰਕ ਕਮਜ਼ੋਰੀਆਂ ਦੇ ਨਾਲ ਨਾਲ ਅੱਖਾਂ 'ਤੇ ਵੀ ਅਸਰ ਪੈਂਦਾ ਹੈ।ਸੋ ਇਸ ਦੌਰਾਨ ਜਦੋਂ ਉਹ ਬੂਹੇ 'ਤੇ ਟੰਗੇ ਪੱਤਿਆਂ ਦੀ ਹਰਿਆਵਲ ਨੂੰ ਵੇਖੇ ਤਾਂ ਅੱਖਾਂ ਲਈ ਇਹ ਇੱਕ ਚੰਗਾ ਨੁਸਖਾ ਸਿੱਧ ਹੁੰਦਾ ਸੀ।ਕਿਉਂ ਕਿ ਸੂਤਕ ਦੌਰਾਨ ਮਾਂ ਨੂੰ ਬਾਹਰ ਅੰਦਰ ਆਉਣ ਜਾਣ ਦੀ ਕਾਫੀ ਪਾਬੰਧੀ ਹੁੰਦੀ ਸੀ ਅਤੇ ਉਹਦੇ ਅਰਾਮ ‘ਤੇ ਜ਼ਿਆਦਾ ਧਿਆਨ ਦਿੱਤਾ ਜਾਂਦਾ ਸੀ।ਹੁਣ ਇਹ ਨਹੀਂ ਪਤਾ ਕਿ ਇਹ ਕਦੋਂ ਸਿਰਫ ਮੁੰਡੇ ਵਾਰੀ ਰਹਿ ਗਿਆ ਅਤੇ ਕੁੜੀ ਵਾਰੀ ਅਲੋਪ ਹੋ ਗਿਆ)

“ਪੁੱਤ ਉਹ ਤਾਂ ਮੁੰਡਾ ਹੋਣ ‘ਤੇ ਲਾਈਦੈ” “ਕਿਉਂ ਕੁੜੀ ਦਾ ਹੋਣਾ ਕੋਈ ਨਵੇਂ ਜੀਅ ਦਾ ਆਉਣਾ ਕਿਉਂ ਨਹੀਂ ? 

ਆਖਰ ਇਹਨਾਂ ਸਾਰੀਆਂ ਗੱਲਾਂ 'ਚ ਮੈਂ ਪੂਰਨੇ ਪਏ ਉਹਨਾਂ ਪ੍ਰਤੀਕਾਂ ਨਾਲ ਜੂਝ ਰਿਹਾ ਹਾਂ ਜੋ ਸਮਾਜ ਅੰਦਰ ‘ਲਿੰਗ ਸਮਾਨਤਾ’ ਨੂੰ ਢਾਅ ਲਾਉਂਦੇ ਹਨ।ਮੇਰੇ ਹੱਡਾਂ 'ਚ ਰਚਿਆ ਸਿੱਖ ਫਲਸਫਾ ਮੈਨੂੰ ਦੱਸਦਾ ਹੈ ਕਿ ਲਿੰਗ ਫਰਕ ਨਾ ਦੀ ਕੋਈ ਸ਼ੈਅ ਹੈ ਹੀ ਨਹੀਂ।ਸਿੰਘ ਦਾ ਅਰਥ ਵੀ ਸ਼ੇਰ ਅਤੇ ਕੌਰ ਦਾ ਅਰਥ ਵੀ ਸ਼ੇਰ ਹੈ।ਪਰ ਪੰਜਾਬ ਗ੍ਰੰਥਾਂ ‘ਚ ਜਾਂ ਪ੍ਰੋ ਪੂਰਨ ਸਿੰਘ ਦੇ ਪੰਜਾਬ ਜਿਊਂਦਾ ਗੁਰਾਂ ਦੇ ਨਾਮ ‘ਤੇ ਦੀ ਸ਼ਾਹਦੀ ਤਾਂ ਖੂਬ ਭਰਦਾ ਹੈ ਪਰ ਅਮਲੀ ਬਣਤਰ ਅਜੇ ਤੱਕ ਕਾਇਮ ਨਹੀਂ ਹੋਈ। “ਨਹੀਂ ਤਾਈ ਜੀ ਹੋਰਾਂ ਦਾ ਮੈਨੂੰ ਪਤਾ ਨਹੀਂ ਮੇਰੇ ਘਰ ਤਾਂ ਸ਼ਰੀਂ ਦੇ ਪੱਤੇ ਟੰਗੇ ਹੀ ਜਾਣਗੇ।ਪਿੰਡ 'ਚ ਭਾਜੀਆਂ ਵੀ ਵੰਡੀਆਂ ਜਾਣਗੀਆਂ।”

ਮਾਤਾ ਜੀ ਬੋਲੇ ਪੁੱਤ ਸ਼ਰੀਂ ਦੇ ਪੱਤੇ ਤਾਂ ਠੀਕ ਏ ਪਰ ਭਾਜੀ ਰਹਿਣ ਦੇ ਐਵੇਂ ਲੋਕ ਹੱਸਣਗੇ।ਮੇਰੇ ਮੰਨ 'ਚ ਉਸ ਸਮੇਂ ਇਹੋ ਆ ਰਿਹਾ ਸੀ ਕੀ ਮੈਨੂੰ ਸਮਾਜ ਅੰਦਰ ਪਈਆਂ ਪਿਰਤਾਂ ਦੀ ਪਰਵਾਹ ਕਰਨੀ ਚਾਹੀਦੀ ਹੈ? ਅਸਲ 'ਚ ਮੇਰੀ ਮਾਂ ਨੂੰ ਬਹੁਤ ਖੁਸ਼ੀ ਸੀ ਨਵੇਂ ਜੀਅ ਦੇ ਆਉਣ ਦੀ ਪਰ ਸਮਾਜ ਅੰਦਰਲੀਆਂ ਪਿਰਤਾਂ ਖਿਲਾਫ ਉਹ ਜਾਣਾ ਨਹੀਂ ਸੀ ਚਾਹੁੰਦੀ।ਉਸ ਸਮੇਂ ਮੈਨੂੰ ਸਿਰਫ ਬਾਬਾ ਨਾਨਕ ਯਾਦ ਆਇਆ ਅਤੇ ਇਹ ਵੀ ਜ਼ਰੂਰ ਸੋਚਿਆ ਕਿ ਮੈਂ ਤਾਂ ਇੱਕ ਛੋਟੀ ਜਿਹੀ ਗੱਲ ਨੂੰ ਮਨਾਉਣ ਲਈ ਏਨੀ ਜਦੋਜਹਿਦ ਕਰ ਰਿਹਾ ਹਾਂ ਬਾਬੇ ਨਾਨਕ ਨੇ ਤਾਂ ਹਜ਼ਾਰਾਂ ਪਿਰਤਾਂ ਨੂੰ ਤੋੜਿਆ ਆਖਰ ਏਨੀ ਮਗਜਮਾਰੀ ਸਮਾਜ ਨਾਲ ਕਰਨ ਲਈ ਕਿੰਨਾ ਜਿਗਰਾ ਚਾਹੀਦਾ ਹੋਵੇਗਾ।ਫਿਰ ਬਾਬਾ ਨਾਨਕ ਹੀ ਮੇਰੀ ਤਾਕਤ ਬਣਦੇ ਨੇ ਅਤੇ ਮੈਨੂੰ ਕਹਿੰਦੇ ਨੇ ਸਿੱਖੀ ਦਾ ਅਸਲ ਫਲਸਫਾ ਬਾਹਰੀ ਸਰੂਪ 'ਚ ਨਹੀਂ ਸਗੋਂ ਉਸ ਤੋਂ ਪਹਿਲਾਂ ਅੰਦਰਲੇ ਜਜ਼ਬੇ 'ਚ ਹੈ।ਮੈਂ ਦਾਅਵਾ ਨਹੀਂ ਕਰਦਾ ਕਿ ਮੈਂ ਸਮਾਜ ਅੰਦਰਲੀਆਂ ਹਰ ਨਾਸੂਰ ਹੋਏ ਪ੍ਰਤੀਕ ਖਤਮ ਕਰਨ ਦਾ ਦਮ ਰੱਖਦਾ ਹਾਂ ਪਰ ਕੁਝ ਨਾ ਹੋਣ ਨਾਲੋਂ ਚੰਗਾ ਹੈ ਕਿ ਕੁਝ ਕੁ ਹੋ ਜਾਣਾ।ਕੰਨਿਆਂ ਭਰੂਣ ਹੱਤਿਆ ਤੋਂ ਲੈਕੇ ਔਰਤਾਂ ਖਿਲਾਫ ਘਰੇਲੂ ਹਿੰਸਾ,ਬਲਾਤਕਾਰ,ਸ਼ੌਸ਼ਨ,ਦਾਜ ਪ੍ਰਥਾ ਆਦਿ ਦਾ ਇੱਕੋ ਹੱਲ ਇੱਥੇ ਹੀ ਹੈ ਕਿ ਅਸੀ ਕੁੜੀ ਦੇ ਜਨਮ ਨੂੰ ਮੁੱਢਲੇ ਰੂਪ ‘ਚ ਕਿੰਝ ਲੈਂਦੇ ਹਾਂ।ਜਿਸ ਦਿਨ ਮੁੰਡੇ ਜਾਂ ਕੁੜੀ ਦੇ ਜਾਲਿਆਂ ਨੂੰ ਅਸੀ ਸਾਫ ਕਰਕੇ ਲਿੰਗ ਸਮਾਨਤਾ ਦਾ ਜਜ਼ਬਾ ਸਮਝ ਗਏ ਉਸ ਦਿਨ ਸਾਨੂੰ ਬਹੁਤ ਸਾਰੇ ਪਹਿਲੂਆਂ ਦਾ ਹੱਲ ਮਿਲ ਜਾਵੇਗਾ।

ਮੇਰੀ ਬੇਟੀ ਨੂੰ ਮਿਲਣ ਆਉਣ ਵਾਲਿਆਂ ਦੇ ਅੰਬਾਰ ‘ਚ ਮੈਂ ਉਹੀ ਸੰਵਾਦ ਸੁਣ ਰਿਹਾ ਹਾ ਜੋ ਮੈਂ ਹਰ ਬੇਟੀ ‘ਤੇ ਹੋਣ ‘ਤੇ ਦੂਜਿਆਂ ਦੇ ਘਰੋਂ ਸੁਣਦਾ ਆਇਆ ਹਾਂ।

 “ਚਲੋ ਧੀਆਂ ਵੀ ਕਿਹੜੀਆਂ ਮਾੜੀਆਂ ਹੁੰਦੀਆਂ ਨੇ, ਸਾਡੇ ਘਰ ਲੱਛਮੀ ਆਈ ਏ, ਪੁੱਤਾਂ ਨਾਲੋਂ ਜ਼ਿਆਦਾ ਧੁੱਖ ਵੰਢਾਉਂਦੀਆਂ ਨੇ ਧੀਆਂ,

ਇਹਨਾਂ ਗੱਲਾਂ ‘ਚ ਧੀਆਂ ਨੂੰ ਲੈ ਕੇ ਕੀਤਾ ਜਾਣ ਵਾਲੀ ਕਥਨੀ ‘ਚ ਇੱਕ ਵੀ ਸਾਰਥਕ ਕਥਨ ਨਹੀਂ ਹੈ।ਇਹ ਸਾਰਿਆਂ ਚੋਂ ਪਰਗਟ ਹੋਣ ਵਾਲਾ ਜਜ਼ਬਾਤ ਇਹੋ ਹੈ ਕਿ ਉਮੀਦ ਤਾਂ ਅਸੀ ਮੁੰਡੇ ਦੀ ਕੀਤੀ ਸੀ ਚੱਲੋ ਕੋਈ ਨਾ ਇਹ ਵੀ ਚੰਗਾ ਹੈ।ਬੇਸ਼ੱਕ ਬੁਜ਼ਰਗਾਂ ਦੇ ਕਥਨ ‘ਚ ਅਜਿਹੇ ਜ਼ਿਕਰ ਨੂੰ ਬੁਰਾ ਨਹੀਂ ਮੰਨਦਾ ਜਦੋਂ ਉਹ ਇਹ ਕਹਿੰਦੇ ਹਨ ਕਿ ਉਹ ਨਾਰ ਸੁੱਲਖਣੀ ਜਿੰਨ੍ਹੇ ਪਹਿਲਾਂ ਜਾਈ ਲੱਛਮੀ।ਪਰ ਮੇਰੇ ਮਨ ‘ਚ ਇੱਕ ਗੱਲ ਸਾਫ ਹੈ।ਸਾਡੀ ਬੇਟੀ ਨੂੰ ਰੱਬ ਦੀ ਨਿਰਾਰਥਕ ਰਜ਼ਾ ਨਾ ਕਹੋ।ਉਹਦਾ ਹੋਣਾ ਉਹਦੀ ਆਪਣੀ ਇਬਾਰਤ ਹੋਵੇਗੀ।ਹਾਂ ਸਭ ਤੋਂ ਖਾਸ ਇਹ ਹੈ ਕਿ ਮੇਰੀ ਬੇਟੀ ਲੱਛਮੀ ਵੀ ਨਹੀਂ,ਮਾਈ ਭਾਗੋ ਵੀ ਨਹੀਂ ਉਹ 'ਰੂਪ ਇਨਾਇਤ ਕੌਰ' ਹੈ।ਉਹਦਾ ਆਪਣਾ ਵਜੂਦ ਹੈ ਅਤੇ ਆਪਣਾ ਨਾਮ ਹੈ।ਮੁੰਡੇ ਕੁੜੀ ਨੂੰ ਲੈਕੇ ਚੱਲਣ ਵਾਲੇ ਤਮਾਮ ਸੰਵਾਦ ਤਾਂ ਅਸੀ ਪਹਿਲੇ ਦਿਨੋਂ ਹੀ ਫਰਕ ਪਾਕੇ ਖੱੜ੍ਹੇ ਕਰ ਦਿੱਤੇ ਹਨ।ਸੋ ਜੋ ਮੇਰੀ ਬੇਟੀ ਦਾ ਅਫਸੋਸ ਕਰਨਾ ਚਾਹੁੰਦਾ ਹੈ ਉਹ ਬੇਸ਼ੱਕ ਘਰ ਨਾ ਆਵੇ।ਉਹਦਾ ਸਵਾਗਤ ਨਹੀਂ ਕੀਤਾ ਜਾਵੇਗਾ।

ਬਾਕੀ ਦੁਨੀਆ ਦੀ ਕੰਡੀਸ਼ਨਿੰਗ ਏਨੀ ਜ਼ਿਆਦਾ ਹੋ ਗਈ ਹੈ ਕਿ ਕੁੜੀ ਲਈ ਤਮਾਮ ਗੱਲਾਂ ਵੀ ਮੌਨਸੂਨੀ ਬਣਕੇ ਨਿਕਲ ਰਹੀਆਂ ਹਨ।ਇਹਨਾˆ ਦਿਨਾਂ 'ਚ ਮੀਂਹ ਵਾਲਾ ਮੌਸਮ ਬਣ ਰਿਹਾ ਹੈ।ਇਸ ਦੌਰਾਨ ਕੋਈ ਆਕੇ ਕਹਿ ਜਾਂਦਾ ਹੈ ਹਨੇਰੀ ਆ ਗਈ ਤਾਂ ਮੇਰੀ ਮਾਂ ਸਖਤੀ ਨਾਲ ਕਹਿ ਦਿੰਦੀ ਹੈ ਕਿ ਹਨੇਰੀ ਨਹੀਂ ਠੰਡਾ ਮੀਂਹ ਵਰ੍ਹਿਆ ਹੈ।

ਮੈਨੂੰ ਇੰਝ ਲੱਗਦਾ ਹੈ ਕਿ ਜਿਹੜੇ ਸੋਚਦੇ ਹਨ ਕਿ ਮੁੰਡੇ ਨਾਲ ਮੇਰੇ ਖਾਨਦਾਨ ਦਾ ਵਾਧਾ ਹੈ ਤਾਂ ਇੱਥੇ ਥੋੜ੍ਹਾ ਜਿਹਾ ਵਿਚਾਰਾਂ ਦਾ ਮੋੜ ਹੈ।ਵਿਰਾਸਤਾਂ ਇਹ ਨਹੀਂ ਹੁੰਦੀਆਂ।ਵਿਰਾਸਤਾਂ ਵਿਚਾਰਾਂ ਦੀਆਂ ਜਾਂ ਸ਼ਬਦ ਦੀਆਂ ਤੁਰਨੀਆਂ ਚਾਹੀਦੀਆਂ ਹਨ ਨਾਂ ਕਿ ਇਸ ਰੂਪ 'ਚ।ਮੈਂ ਆਪਣਾ ਨਾਮ ਆਪ ਕਮਾਕੇ ਜਾਵਾਂਗਾ…ਮੇਰਾ ਹੋਣਾ ਜਾਂ ਮੈਨੂੰ ਯਾਦ ਕਰਨਾ ਮੇਰੇ ਆਪਣੇ ਵਿਹਾਰ 'ਤੇ ਹੈ।ਮੇਰੇ ਮਾਂ ਪਿਓ ਦਾ ਮੇਰੇ 'ਤੇ ਕੋਈ ਕਰਜ਼ ਨਹੀਂ ਅਤੇ ਮੇਰੇ ਬੱਚਿਆ 'ਤੇ ਮੇਰਾ ਕੋਈ ਕਰਜ਼ ਨਹੀਂ।ਉਹਨਾਂ ਆਪਣੀ ਜ਼ਿੰਦਗੀ ਜਿਊਣੀ ਹੈ ਮੈਂ ਆਪਣੀ ਜਿਊਣੀ ਹੈ।ਮੈਨੂੰ ਨਹੀਂ ਪਤਾ ਕਿ ਮੇਰੇ ਪੜਾਦਾਦੇ ਤੋਂ ਪਹਿਲਾਂ ਕੌਣ ਸੀ।ਪਰ ਮੈਂ ਇਹ ਗੱਲਾਂ ਹੀ ਕਿਉਂ ਕਰ ਰਿਹਾ ਹਾਂ ਮੈਨੂੰ ਲੱਗਦਾ ਹੈ ਕਿ ਇਹ ਕੋਈ ਉਪਲਬਧੀ ਨਹੀਂ।ਤੁਹਾਡੇ ਵਿਚਾਰਾਂ ਨੇ ਸਮਾਜ ਨੂੰ ਕੀ ਨਵੀਂ ਉਮੀਦ ਦਿੱਤੀ ਇਹ ਅਸਲ ਉਪਲਬਧੀ ਹੈ।ਅਸਲ ‘ਚ ਸਾਰਾ ਖਾਸਾ ਹੀ ਅਜੀਬ ਹੈ।ਥੌੜ੍ਹਾ ਜਿਹਾ ਹੱਟਕੇ ਵੇਖਦਾ ਹਾਂ ਤਾਂ ਸਮਾਜ ਅੰਦਰ ਛੋਟੇ ਤੋਂ ਛੋਟਾ ਰੂਪ ਬਹੁਤ ਅਜੀਬੋ ਗਰੀਬ ਵਿਚਰ ਰਿਹਾ ਹੈ।ਇੱਕ ਸੋਢੀ ਨੂੰ ਇਸ ਲਈ ਰਸ਼ਕ ਹੈ ਕਿਉਂ ਕਿ ਗੁਰੂ ਗੋਬਿੰਦ ਸਿੰਘ ਜੀ ਸੋਢੀ ਸਨ ਜਾਂ ਸੰਧੂ ਨੂੰ ਇਸ ਕਰਕੇ ਰਸ਼ਕ ਹੈ ਕਿਉਂ ਕਿ ਭਗਤ ਸਿੰਘ ਸੰਧੂ ਸੀ।ਉਹ ਵਿਚਾਰ,ਉਹ ਫਲਸਫਾ,ਉਹ ਸੋਚ ਅਤੇ ਇਸ ਦੁਆਲੇ ਜੁਟੇ ਹੋਏ ਮਕਸਦ ਸਭ ਛਿੱਕੇ ‘ਤੇ ਟੰਗਕੇ ਸਮਾਜ ਅੰਦਰ ਵਰਤਾਰੇ ਚੱਲਦੇ ਆ ਰਹੇ ਹਨ।

ਗੌਰ ਕਰੋ ਮਨੁੱਖਤਾ ਦਾ ਖਾਨਦਾਨ ਤਾਂ ਔਰਤ ਤੋਂ ਹੀ ਚਲੇਗਾ। ਔਰਤ ਨਹੀਂ ਹੋਵੇਗੀ ਤਾਂ ਕਾਹਲੋਂ ਖਾਨਦਾਨ ਦੀ ਕਲਪਨਾ ਵੀ ਨਹੀਂ ਹੋ ਸਕਦੀ। ਤਮਾਮ ਅਲਾਮਤਾਂ ਨੂੰ ਦੂਰ ਕਰਨ ਲਈ ਸੋਚ ਨੂੰ ਵੱਡਾ ਕਰਨਾ ਪਵੇਗਾ ਅਤੇ ਇਸ ਲਈ ਕੋਈ ਪੱਛਮੀ ਵਿਚਾਰਧਾਰਾ ਪੱੜ੍ਹਣ ਦੀ ਲੋੜ ਨਹੀਂ ਜਾਂ ਨਾਰੀਵਾਦੀ ਹੋਣ ਦੀ ਲੋੜ ਨਹੀਂ।ਉਹਨਾਂ ਨਾਲੋਂ ਜ਼ਿਆਦਾ ਬੇਹਤਰ 'ਤੇ ਮਹਾਨ ਫਲਸਫਾ ਮੇਰੇ ਗੁਰਮਤਿ ਫਲਸਫੇ 'ਚ ਹੈ।ਮੇਰੇ ਪੰਜਾਬ ਦੇ ਗੂਰੂਆਂ ਪੀਰਾਂ ਨੇ ਦਿੱਤਾ ਹੋਇਆ ਹੈ। ਧੰਨਵਾਦ ਮੇਰੇ ਦਾਦਾ ਦਾਦੀ ਦਾ ਜਿੰਨ੍ਹਾਂ ਨੇ ਮੈਨੂੰ ਨਵੀਂ ਸੋਚ ਲਈ ਉਤਸ਼ਾਹਿਤ ਕੀਤਾ। ਕੁੜੀਆਂ ਨੂੰ ਬਰਾਬਰ ਰੱਖਣ ਲਈ ਜ਼ਰੂਰੀ ਹੈ ਕਿ ਗੁਰੂ ਸਾਹਬ ਦੇ ਫਲਸਫਿਆਂ ਨੂੰ ਗੌਰ ਨਾਲ ਵੇਖਿਆ ਜਾਵੇ।ਮੁੰਡੇ ਜਾਂ ਕੁੜੀ ਦੇ ਰੂਪ 'ਚ ਨਾ ਵੇਖਕੇ ਇੱਕ ਜ਼ਿੰਦਗੀ,ਇੱਕ ਮਨੁੱਖ ਦੀ ਤਰ੍ਹਾਂ ਵੇਖੀਏ।

ਅਖੀਰ ਵਿੱਚ…………………………

ਪਿਆਰੀ 'ਰੂਪ ਇਨਾਇਤ ਕੌਰ' 
ਮੇਰੇ ਸਾਹਵਾਂ ਦਾ ਹੋਣਾ ਮੇਰੇ ਪਿਓ ਲਈ ਕੀ, 
ਇਹ ਨਹੀਂ ਪਤਾ ਸੀ ਮੈਨੂੰ... 
ਤੇਰਾ ਸਾਹਵਾਂ ਦਾ ਹੋਣਾ ਮੈਨੂੰ ਆਪਣੇ ਪਿਓ ਦੇ ਜ਼ਿਆਦਾ ਨੇੜੇ ਕਰ ਗਿਆ 
 ਤੇਰਾ ਧੰਨਵਾਦ ਕਿ ਤੂੰ ਮੇਰਾ ਤੇ ਮੇਰੀ ਦਾ ਹੋਣਾ ਹੈ 
ਧੰਨਵਾਦ ਜਨਰੇਸ਼ਨ ਗੈਪ ਘਟਾਉਣ ਲਈ

ਹਰਪ੍ਰੀਤ ਸਿੰਘ ਕਾਹਲੋਂ 

Saturday, June 15, 2013

ਔਰਤ ਦੇ ਪਿੰਡੇ ਉੱਤੇ ਮੰਡੀ ਉਸਾਰਦਾ ਆਲਮੀਕਰਨ

ਦਿੱਲੀ ਜਬਰ-ਜਨਾਹ ਤੇ ਕਤਲ ਦੇ ਮਾਮਲੇ ਤੋਂ ਬਾਅਦ ਔਰਤਾਂ ਦੀ ਅਸੁਰੱਖਿਆ, ਹੋਂਦ ਅਤੇ ਸਮਾਜਕ ਹਾਲਤ ਬਾਰੇ ਜਨ ਸੰਚਾਰ ਸਾਧਨਾਂ ਅਤੇ ਸਮਾਜਕ ਘੇਰਿਆਂ ਵਿੱਚ ਬਹਿਸਾਂ, ਦਲੀਲਾਂ ਅਤੇ ਪੜਚੋਲ ਦਾ ਦੌਰ ਜਾਰੀ ਹੈ। ਜਦੋਂ ਇਨ੍ਹਾਂ ਸਾਰੇ ਮਸਲਿਆਂ ਨੂੰ ਅਸੀਂ ਔਰਤਾਂ ਦੇ ਸ਼ਹਿਰੀ ਅਤੇ ਮਨੁੱਖੀ ਹਕੂਕ ਨਾਲ ਜੋੜ ਕੇ ਦੇਖਦੇ ਹਾਂ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਔਰਤਾਂ ਵਿਰੁਧ ਹਿੰਸਾ ਜ਼ਿਆਦਾਤਰ ਉਨ੍ਹਾਂ ਘੇਰਿਆਂ ਵਿੱਚ ਹੁੰਦੀ ਹੈ, ਜਿੱਥੇ ਸੰਵਿਧਾਨ, ਕਾਨੂੰੰਨ ਅਤੇ ਰਾਜ ਸੱਤਾ ਦੇ ਬਾਕੀ ਢਾਂਚੇ ਸਿਰਫ਼ ਡੰਗ-ਟਪਾਉ ਪੱਧਰ 'ਤੇ ਕੰਮ ਕਰ ਰਹੇ ਹਨ। ਇਸ ਹਿੰਸਾ ਨੂੰ ਸਮਝਣ ਲਈ ਇਸ ਨਾਲ ਸਬੰਧਤ ਅਤੇ ਬਹੁਤ ਹੱਦ ਤੱਕ ਇਸ ਹਿੰਸਾ ਨੂੰ ਘੜਨ ਵਾਲੇ ਚਾਰ ਰੁਝਾਨਾਂ ਦੀਆਂ ਤੈਹਾਂ ਫਰੋਲਣੀਆਂ ਪੈਣੀਆਂ ਹਨ। ਇਹ ਚਾਰ ਰੁਝਾਨ ਨਾ ਸਿਰਫ਼ ਇੱਕ ਦੂਜੇ ਨਾਲ ਜੁੜੇ ਹੋਏ ਹਨ ਬਲਿਕ ਇਹ ਸਿੱਧੇ-ਅਸਿੱਧੇ ਢੰਗ ਨਾਲ ਮੌਜੂਦਾ ਹਿੰਸਾ ਦੀ ਸਿਆਸਤ ਦੀਆਂ ਚੂਲਾਂ ਹਨ।

ਸਭ ਤੋਂ ਪਹਿਲਾ ਤੇ ਮਹੱਤਵਪੂਰਨ ਰੁਝਾਨ ਆਲਮੀਕਰਨ ਦਾ ਹੈ ਜਿਸ ਨੂੰ ਬਹੁਤ ਵਾਰ ਆਰਥਿਕ ਜਾਂ ਸਿਆਸੀ ਪੱਖਾਂ ਤੱਕ ਮਹਿਦੂਦ ਕਰ ਦਿੱਤਾ ਜਾਂਦਾ ਹੈ। ਅਸਲ ਵਿੱਚ ਇਹ ਮੌਜੂਦਾ ਯੁੱਗ ਦਾ ਸਭ ਤੋਂ ਗੁੰਝਲਦਾਰ ਸਮਾਜਕ ਰੁਝਾਨ ਹੈ। ਇਹ ਇੱਕ ਪਾਸੇ ਤਾਂ ਪਹਿਲਾਂ ਤੋਂ ਹੀ ਵਿਕਿਸਤ ਤੇ ਵਿਕਾਸ ਕਰ ਰਹੇ ਮੁਲਕਾਂ ਵਿਚਾਲੇ ਆਰਥਿਕ-ਸਮਾਜਕ ਪਾੜੇ ਨੂੰ ਹੋਰ ਵਧਾ ਰਿਹਾ ਹੈ ਅਤੇ ਦੂਜੇ ਪਾਸੇ ਬੰਦੇ ਦੀ ਹੋਂਦ ਵੀ ਉਸ ਦੀ ਸਮਾਜਕ, ਸਿਆਸੀ, ਆਰਥਿਕ ਤੇ ਸੱਭਿਆਚਾਰਕ ਮੁਨਾਫਿਆਂ ਮੁਤਾਬਕ ਤੈਅ ਕਰਦਾ ਹੈ। ਸ਼ਹਿਰੀ ਵਜੋਂ ਔਰਤ ਦੀ ਹੋਂਦ ਅਤੇ ਵਿਚਰਨ ਦਾ ਸਾਰਾ ਦਾਰੋਮਦਾਰ ਪਹਿਲਾਂ ਹੀ ਉਸ ਦੀ ਸਮਾਜਕ, ਆਰਥਿਕ, ਸਿਆਸੀ ਤੇ ਸੱਭਿਆਚਾਰਕ ਪਛਾਣ ਨਾਲ ਜੁੜਿਆ ਹੈ। ਮਸਲਨ ਉਹ ਭਾਰਤੀ ਸ਼ਹਿਰੀ ਤਾਂ ਹੈ ਹੀ, ਪਰ ਕੀ ਉਹ ਦਲਿਤ ਵੀ ਹੈ, ਜਾਂ ਪੱਛੜੀ ਜਾਤੀ ਨਾਲ ਸਬੰਧਤ ਵੀ ਹੈ? ਜਾਂ ਉਹ ਗ਼ਰੀਬ ਪੇਂਡੂ ਵਿਧਵਾ ਹੈ? ਜਾਂ ਕਿਸੇ ਕੌਮਾਂਤਰੀ ਕੰਪਨੀ ਦੀ ਮੁਖੀ ਹੈ? ਇਹ ਵੀ ਬਹੁਤ ਵੱਡੇ ਸਵਾਲ ਹਨ। ਦੂਜਾ ਨੁਕਤਾ ਹੈ, ਜਿਸ ਮੁਲਕ ਦੀ ਉਹ ਸ਼ਹਿਰੀ ਹੈ, ਕੀ ਉਥੇ ਸਿਆਸੀ ਜਮਹੂਰੀਅਤ ਦੇ ਨਾਲ ਨਾਲ ਆਰਥਿਕ, ਸਮਾਜਕ, ਸਭਿਆਚਾਰਕ, ਧਾਰਮਿਕ ਅਤੇ ਮਰਦ-ਔਰਤ ਦੇ ਆਪਸੀ ਰਿਸ਼ਤਿਆਂ ਦਾ ਵੀ ਜਮਹੂਰੀਕਰਨ ਹੋਇਆ ਹੈ? ਇੱਥੇ ਮਰਦ-ਔਰਤ ਦੇ ਆਪਸੀ ਰਿਸ਼ਤਿਆਂ ਦਾ ਪਾਸਾਰ ਪਿਉ-ਧੀ ਦਾ ਰਿਸ਼ਤਾ, ਭੈਣ-ਭਰਾ ਦਾ ਰਿਸ਼ਤਾ ਵੀ ਹੈ ਅਤੇ ਸੱਸ-ਨੂੰਹ ਦਾ ਰਿਸ਼ਤਾ ਵੀ। ਇਸੇ ਦਲੀਲ ਨੂੰ ਥੋੜ੍ਹਾ ਹੋਰ ਵਿਸਥਾਰ ਦੇਈਏ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਔਰਤਾਂ ਨਾ ਤਾਂ ਕਿਸੇ ਇੱਕੋ ਜਿਹੇ ਹਾਲਾਤ ਅਤੇ ਸਾਧਨਾਂ ਦੀ ਮਾਲਕੀ ਵਾਲੇ ਮੇਲ ਦਾ ਨਾਂ ਹੈ ਅਤੇ ਨਾ ਹੀ ਔਰਤ ਦੀ ਕੋਈ ਇਕਹਿਰੀ ਪਛਾਣ ਹੈ। ਜਿੱਥੇ ਉਸ ਦੀ ਹਾਲਤ ਵੱਖ-ਵੱਖ ਆਰਥਿਕ, ਸਮਾਜਕ ਤੇ ਧਾਰਮਿਕ ਸਮੂਹਾਂ ਨਾਲ ਜੁੜ ਕੇ ਬਦਲ ਜਾਂਦੀ ਹੈ, ਉੱਥੇ ਸਭਿਆਚਾਰ ਤੇ ਇਲਾਕਾਈ ਪਛਾਣ ਦੇ ਮਸਲੇ ਉਸ ਦੇ ਜੀਵਨ ਦਾ ਮਿਆਰ ਤੈਅ ਕਰਦੇ ਹਨ। ਮਸਲਨ ਕੌਮਾਂਤਰੀ ਸੰਸਥਾ ਵਿੱਚ ਮੁਖੀ ਦੇ ਤੌਰ 'ਤੇ ਕੰਮ ਕਰ ਰਹੀ ਅਤੇ ਸੜਕ ਉੱਤੇ ਰੋੜੀ ਕੁੱਟ ਰਹੀ ਔਰਤ ਦੇ ਮਸਲੇ ਸਰੀਰਕ ਪੱਧਰ 'ਤੇ ਤਾਂ ਇੱਕੋ ਜਿਹੇ ਜਾਪ ਸਕਦੇ ਹਨ ਪਰ ਉਨ੍ਹਾਂ ਨਾਲ ਜੁੜੇ ਬਾਕੀ ਮਸਲਿਆਂ ਦੇ ਨਸਲ-ਮੁਖੀ, ਖਿੱਤਾ-ਮੁਖੀ, ਧਰਮ-ਮੁਖੀ, ਉਮਰ-ਮੁਖੀ ਪੱਖ ਵੀ ਜ਼ਰੂਰ ਹੁੰਦੇ ਹਨ ਜਿਸ ਨਾਲ ਨਾ ਸਿਰਫ਼ ਔਰਤਾਂ ਖ਼ਿਲਾਫ਼ ਹਿੰਸਾ ਦਾ ਹਵਾਲਾ ਬਦਲ ਜਾਂਦਾ ਹੈ, ਬਲਕਿ ਨਿਆਂ, ਜਮਹੂਰੀ ਕਦਰਾਂ-ਕੀਮਤਾਂ ਤੇ ਜੀਵਨ ਮੁੱਲਾਂ ਦੇ ਅਰਥ ਵੀ ਇੱਕੋ ਜਿਹੇ ਨਹੀਂ ਰਹਿੰਦੇ। ਅਗਲਾ ਨੁਕਤਾ ਇਹ ਹੈ ਕਿ ਔਰਤਾਂ ਵਿਰੁਧ ਹਿੰਸਾ ਦੀਆਂ ਕਈ ਪਰਤਾਂ, ਕਈ ਦਿਸ਼ਾਵਾਂ ਨੂੰ ਸਮਝੇ ਬਿਨਾਂ ਨਿਆਂ, ਬਰਾਬਰੀ ਤੇ ਕਾਨੂੰਨ ਦੇ ਅਰਥ ਬੇਮਾਅਨੇ ਹੋ ਜਾਂਦੇ ਹਨ। ਔਰਤ ਨਾਲ ਹਿੰਸਾ ਕਿਉਂ, ਕਿਵੇਂ ਤੇ ਕਿਹੜੇ ਹਾਲਾਤ ਵਿੱਚ ਹੁੰਦੀ ਹੈ; ਇਸ ਦਾ ਉਸ ਦੇ ਅਮੀਰ-ਗ਼ਰੀਬ ਹੋਣ, ਬਹੁਗਿਣਤੀ-ਘੱਟਗਿਣਤੀ ਹੋਣ, ਉਚ ਜਾਤ ਜਾਂ ਨੀਵੀਂ ਜਾਤ ਹੋਣ ਨਾਲ ਤਾਂ ਜੁੜਦਾ ਹੀ ਹੈ ਪਰ ਇਸ ਦਾ ਸਿੱਧਾ ਸਬੰਧ, ਰਾਜ, ਸਮਾਜ ਤੇ ਘਰਾਂ ਦੀਆਂ ਜਮਹੂਰੀ ਕਦਰਾਂ ਨਾਲ ਵੀ ਜੁੜਿਆ ਹੁੰਦਾ ਹੈ।

ਆਲਮੀਕਰਨ ਸਮਕਾਲੀ ਦੌਰ ਵਿੱਚ ਨਾ ਸਿਰਫ਼ ਆਲਮੀ ਨਾਬਰਾਬਰੀ ਵਧਾਉਣ ਦਾ ਅਮਲ ਹੈ, ਸਗੋਂ ਇਸ ਨੇ ਸਮਾਜਕ ਮੌਕਿਆਂ ਦੀ ਨਾਬਰਾਬਰੀ, ਸਰਕਾਰਾਂ/ਸਿਆਸੀ ਨੀਤੀਆਂ ਬਣਾਉਣ ਵਿੱਚ ਲੱਗੇ ਹੱਥਾਂ ਦੀ ਨਾਬਰਾਬਰੀ ਤੇ ਸਿਆਸੀ ਹਿੱਸੇਦਾਰੀ ਦੀ ਨਾਬਰਾਬਰੀ ਨੂੰ ਕਈ ਗੁਣਾਂ ਜਰਬ ਦਿੱਤੀ ਹੈ। ਆਲਮੀਕਰਨ ਦੇ ਇਸ ਦੂਜੇ ਦੌਰ ਵਿੱਚ ਔਰਤਾਂ ਨਾਲ ਕੀ ਵਾਪਰਿਆ ਹੈ? ਔਰਤਾਂ ਬਹੁਤ ਹੱਦ ਤੱਕ ਆਲਮੀਕਰਨ ਦੀ ਰੀੜ੍ਹ ਦੀ ਹੱਡੀ ਵਾਂਗ ਹਨ। ਤਾਜ਼ਾ ਅਧਿਐਨਾਂ ਮੁਤਾਬਕ ਇਸ ਸਮੇਂ ਭਾਰਤ ਵਿੱਚ 397 ਲੱਖ ਕਾਮੇ ਹਨ ਜਿਨ੍ਹਾਂ ਵਿੱਚੋਂ 123 ਲੱਖ ਔਰਤਾਂ ਹਨ। ਇਨ੍ਹਾਂ ਵਿੱਚੋਂ 96 ਫ਼ੀਸਦੀ ਔਰਤਾਂ ਗ਼ੈਰ-ਜਥੇਬੰਦ ਖੇਤਰ ਵਿੱਚ ਕੰਮ ਕਰਦੀਆਂ ਹਨ; ਮਤਲਬ ਔਰਤਾਂ ਆਲਮੀਕਰਨ ਦਾ ਕੱਚਾ ਮਾਲ ਹਨ। ਇਸ ਦੇ ਨਾਲ ਹੀ ਔਰਤਾਂ ਆਲਮੀਕਰਨ ਨਾਲ ਸਬੰਧਤ ਹਰ ਕਿਸਮ ਦੀ ਬਹਿਸ-ਚਰਚਾ ਵਿੱਚੋਂ ਗ਼ੈਰ-ਹਾਜ਼ਰ ਹਨ। ਇਨ੍ਹਾਂ ਨੂੰ ਘੱਟ ਤਨਖ਼ਾਹ ਦੇਣ ਨਾਲ ਸਰ ਜਾਂਦਾ ਹੈ। ਇਹ ਜਥੇਬੰਦ ਵੀ ਨਹੀਂ। ਇਹ ਸਿਆਸੀ ਤੌਰ 'ਤੇ ਚੇਤਨ ਤਬਕਾ ਨਹੀਂ। ਇਨ੍ਹਾਂ ਨੂੰ ਕੰਮ ਨਾਲ ਜੁੜੀਆਂ ਹੋਈਆਂ ਹੋਰ ਸਹੂਲਤਾਂ ਜਿਵੇਂ ਆਰਾਮ ਦੇ ਘੰਟੇ, ਮਨੋਰੰਜਨ ਦੇ ਸਥਾਨ ਅਤੇ ਸਮਾਜਕ ਸੁਰੱਖਿਆ ਭੱਤਾ ਦੇਣ ਦੀ ਵੀ ਜ਼ਰੂਰਤ ਨਹੀਂ ਪੈਂਦੀ। ਇਹ ਤਬਕਾ ਇਤਿਹਾਸਕ ਤੌਰ 'ਤੇ ਇਸੇ ਤਰ੍ਹਾਂ ਦੇ ਕੰਮ-ਸਭਿਆਚਾਰ ਦਾ ਆਦੀ ਬਣਾ ਦਿੱਤਾ ਗਿਆ ਹੈ। ਇਸ ਬਾਰੇ ਦੋ ਸਨਅਤਾਂ ਆਟੋ ਮੋਬਾਇਲ ਅਤੇ ਸੂਚਨਾ ਤਕਨਾਲੋਜੀ ਦੀ ਚਰਚਾ ਕੀਤੀ ਜਾ ਸਕਦੀ ਹੈ। ਇਨ੍ਹਾਂ ਸਨਅਤਾਂ ਨੂੰ ਅਕਸਰ ਆਧੁਨਿਕ ਕੰਮ-ਸਭਿਆਚਾਰ ਨਾਲ ਜੋੜ ਕੇ ਵੇਖਿਆ ਜਾ ਸਕਦਾ ਹੈ। ਇਨ੍ਹਾਂ ਸਨਅਤਾਂ ਵਿੱਚ ਕਾਮਿਆਂ ਦਾ ਵੱਡਾ ਹਿੱਸਾ ਔਰਤਾਂ ਹਨ। ਇਨ੍ਹਾਂ ਦੇ ਕੰਮ ਕਰਨ ਦੇ ਅੰਦਾਜ਼ਨ ਘੰਟੇ ਦਸ ਤੋਂ ਬਾਰ੍ਹਾਂ ਤੱਕ ਪ੍ਰਤੀ ਦਿਹਾੜੀ ਹਨ। ਇਹ ਘੰਟੇ ਕਈ ਵਾਰ ਚੌਦਾਂ ਤੋਂ ਸੌਲ੍ਹਾਂ ਤੱਕ ਵੀ ਚਲੇ ਜਾਂਦੇ ਹਨ। ਹੁਣ ਇਹ ਕਿਸੇ ਵੀ ਮੰਚ 'ਤੇ ਮਨੁੱਖੀ ਜਾਂ ਸ਼ਹਿਰੀ (ਸਿਵਲ) ਹਕੂਕ ਦਾ ਮੁੱਦਾ ਨਹੀਂ ਬਣਦਾ। ਆਖ਼ਰ ਸਿਰਫ਼ ਸਰੀਰਕ ਸ਼ੋਸ਼ਣ ਨੂੰ ਹੀ ਜ਼ਲਾਲਤ ਅਤੇ ਮਨੁੱਖੀ ਅਣਖ ਦਾ ਮਸਲਾ ਕਿਉਂ ਮੰਨਿਆ ਜਾਵੇ? ਜਾਂ ਦੂਜੇ ਅਰਥਾਂ ਵਿੱਚ ਬੌਧਿਕਤਾ ਨਾਲ ਜੁੜੇ ਖੇਤਰਾਂ ਵਿੱਚ ਹੁੰਦਾ ਸ਼ੋਸ਼ਣ ਅੱਖੋਂ ਪਰੋਖੇ ਕਿਉਂ ਕੀਤਾ ਜਾਵੇ?

ਅਗਲਾ ਨੁਕਤਾ ਨਿੱਜੀਕਰਨ ਅਤੇ ਸੰਸਥਾਗਤ ਹਿੰਸਾ ਦੇ ਆਪਸੀ ਰਿਸ਼ਤਾ ਦਾ ਹੈ। ਨਿੱਜੀਕਰਨ ਖ਼ਿਲਾਫ਼ ਅਹਿਮ ਦਲੀਲ ਹੈ ਕਿ ਇਹ ਰਾਜ ਤੇ ਸਮਾਜ ਦਾ ਚਰਿੱਤਰ ਬਦਲ ਦਿੰਦਾ ਹੈ। ਜੇ ਇਸ ਨੂੰ ਮਿਸਾਲ ਦੇ ਕੇ ਸਪੱਸ਼ਟ ਕਰਨਾ ਹੋਵੇ ਤਾਂ ਸਿਹਤ-ਤੰਤਰ ਦੇ ਨਿੱਜੀਕਰਨ ਦੀ ਮਿਸਾਲ ਦਿੱਤੀ ਜਾ ਸਕਦੀ ਹੈ। ਸਿਹਤ-ਤੰਤਰ ਮਨੁੱਖੀ ਜ਼ਿੰਦੜੀਆਂ ਦੀ ਸੰਭਾਲ ਦਾ ਖੇਤਰ ਹੈ। ਇਹ ਲੋਹੇ ਦੇ ਔਜ਼ਾਰ ਤਿਆਰ ਕਰਨ ਦੀ ਸਨਅਤ ਵਾਂਗ ਨਹੀਂ ਚੱਲ ਸਕਦਾ ਅਤੇ ਨਾ ਹੀ ਇਹ ਮੁਨਾਫ਼ਾ ਕਮਾਉਣ ਦਾ ਜ਼ਰੀਆ ਬਣਾ ਕੇ ਸਰਕਾਰੀ-ਜਮਹੂਰੀਅਤ ਦਾ ਦਾਅਵਾ ਕਰਨ ਜੋਗਾ ਰਹਿੰਦਾ ਹੈ ਪਰ ਸਿਹਤ-ਤੰਤਰ ਦਾ ਨਿੱਜੀਕਰਨ ਮਨੁੱਖੀ ਪੀੜ ਅਤੇ ਸੰਵੇਦਨਾ ਦੇ ਵਪਾਰ ਦਾ ਕਰੂਰ ਨਮੂਨਾ ਹੈ। ਭਾਰਤ ਵਿੱਚ ਸਿਰਫ਼ ਨਿੱਜੀਕਰਨ ਹੀ ਨਹੀਂ ਹੋਇਆ ਸਗੋਂ ਇਸ ਨੇ ਮਰੀਜ਼ ਨੂੰ ਮਹਿਜ਼ ਖ਼ਪਤਕਾਰ ਬਣਾ ਦਿੱਤਾ ਹੈ। ਤਾਮੀਰਦਾਰੀ ਨੂੰ ਬਾਜ਼ਾਰੀ ਵਸਤੂ ਦੇ ਤੌਰ 'ਤੇ ਸਥਾਪਿਤ ਕਰ ਦਿੱਤਾ ਹੈ। ਇਸ ਦਾ ਸਾਰਾ ਅਮਲ ਤੇ ਪ੍ਰਬੰਧ ਹੌਲੀ ਹੌਲੀ ਗਿਣਤੀ ਦੀਆਂ ਕੁਝ ਦਵਾ-ਕੰਪਨੀਆਂ ਅਤੇ ਮੈਡੀਕਲ ਟੂਰਜ਼ਿਮ ਸੰਸਥਾਵਾਂ ਦੇ ਹੱਥਾਂ ਵਿੱਚ ਆ ਚੁੱਕਿਆ ਹੈ। ਔਰਤਾਂ ਦੀ ਸਿਹਤ-ਤੰਤਰ ਤੱਕ ਪਹੁੰਚ ਦੇ ਸਾਰੇ ਪੁੱਲ, ਭਾਵੇਂ ਉਹ ਪਿੰਡ ਦੀ ਡਿਸਪੈਂਸਰੀ ਹੈ ਤੇ ਭਾਵੇਂ ਦਾਈਆਂ ਖ਼ਤਮ ਕਰ ਦਿੱਤੇ ਗਏ ਹਨ। ਇਲਾਜ ਦਾ ਖਰਚਾ ਅਜਿਹੀ ਮਦ ਹੈ ਜਿਸ ਨੇ ਨਾ ਸਿਰਫ਼ ਲੱਖਾਂ ਪਰਿਵਾਰਾਂ ਨੂੰ ਨੱਕੋ-ਨੱਕ ਗ਼ਰੀਬੀ ਵਿੱਚ ਧੱਕ ਦਿੱਤਾ ਹੈ ਬਲਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਵਿੱਚ ਵੀ ਮਾਰੂ ਭੂਮਿਕਾ ਨਿਭਾਈ ਹੈ। ਪਛੜੇ, ਗ਼ਰੀਬ ਖੇਤਰਾਂ ਦੀਆਂ ਸੱਤਾ ਦੇ ਕੇਂਦਰਾਂ ਤੋਂ ਦੂਰ ਔਰਤਾਂ ਦੀਆਂ ਬੀਮਾਰੀਆਂ ਨਿੱਜੀਕਰਨ ਤਹਿਤ ਸਰਕਾਰ ਵੱਲੋਂ ਦਿੱਤੀ ਸਜ਼ਾ ਦਾ ਐਲਾਨ ਹੈ।

ਸੰਨ 1991 ਤੋਂ ਬਾਅਦ ਜ਼ਿਆਦਾਤਰ ਅਰਧ ਵਿਕਸਿਤ ਮੁਲਕਾਂ ਵੱਲੋਂ ਅਪਣਾਈਆਂ ਗਈਆਂ ਨਵ-ਉਦਾਰਵਾਦੀ ਤੇ ਖੁੱਲ੍ਹੀ ਮੰਡੀ ਦੀ ਦਲੀਲ ਵਾਲੀਆਂ ਨੀਤੀਆਂ ਨੇ ਜਿੱਥੇ ਆਲਮੀ ਬੈਂਕ, ਆਲਮੀ ਮੁਦਰਾ ਫੰਡ (ਆਈ.ਐਮ.ਐਫ਼.) ਅਤੇ ਕਾਰਪੋਰੇਟ ਦੀ ਸਰਦਾਰੀ ਪੱਕੇ ਪੈਰੀਂ ਕਰ ਦਿੱਤੀ ਹੈ, ਉਥੇ ਆਲਮੀਕਰਨ ਦੀ ਦਰ ਨੂੰ ਵੀ ਜਰਬ ਦਿੱਤੀ ਹੈ। ਇਸ ਨੇ ਔਰਤਾਂ ਨੂੰ ਤਿੰਨ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਹੈ। ਪਹਿਲਾ, ਇਨ੍ਹਾਂ ਨੀਤੀਆਂ ਦਾ ਧੁਰਾ ਹੈ ਉਤਪਾਦਨ; ਜਿਸ ਦਾ ਮੰਤਰ 'ਮੁਨਾਫ਼ਾ ਵਧਾਓ ਤੇ ਕੀਮਤ ਘਟਾਓ' ਹੈ। ਇਸ ਦੀ ਦਲੀਲ ਇਹ ਹੈ ਕਿ ਕਿਸੇ ਵੀ ਪੱਧਰ 'ਤੇ ਜਿਹੜੀ ਮਨੁੱਖੀ ਪੂੰਜੀ ਹੈ ਜਾਂ ਮਨੁੱਖੀ ਸਮੂਹ ਹਨ, ਉਨ੍ਹਾਂ ਵਿੱਚ ਸਿਆਸੀ ਤੌਰ 'ਤੇ ਸਰਕਾਰ ਨੂੰ ਨਿਵੇਸ਼ ਕਰਨ ਦੀ ਕੋਈ ਜ਼ਰੂਰਤ ਨਹੀਂ। ਇਸ ਦਾ ਔਰਤਾਂ ਲਈ ਇਹ ਅਰਥ ਬਣਿਆ ਕਿ ਘਰ ਦਾ ਕੰਮ ਧੰਦਾ ਕਰਨ, ਬੱਚੇ ਪੈਦਾ ਕਰਨ ਤੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨ, ਬਜ਼ੁਰਗਾਂ ਦੀ ਸਾਂਭ ਸੰਭਾਲ ਬਾਰੇ ਸਰਕਾਰ ਦੀ ਕੋਈ ਜਵਾਬਦੇਹੀ ਨਹੀਂ ਬਣਦੀ ਅਤੇ ਨਾ ਹੀ ਕੋਈ ਜ਼ਿੰਮੇਵਾਰੀ ਤੈਅ ਕੀਤੀ ਜਾ ਸਕਦੀ ਹੈ। ਇਸ ਵਿੱਚ ਸਭ ਤੋਂ ਵੱਡੀ ਮਿਸਾਲ ਪ੍ਰਜਨਨ ਵਿਗਿਆਨ ਦੇ ਖੇਤਰਾਂ ਵਿੱਚ ਔਰਤਾਂ ਲਈ ਸੁਰੱਖਿਅਤ ਗਰਭ ਨਿਰੋਧਕਾਂ ਦੀ ਖੋਜ ਦੀ ਦਿੱਤੀ ਜਾ ਸਕਦੀ ਹੈ ਜਿਹੜੀ ਅੱਜ ਵੀ ਸਰਕਾਰ ਦੇ ਪਿਤਾ ਪੁਰਖੀ ਖਾਸੇ ਨੂੰ ਉਘਾੜਦੀ ਹੈ।

ਦੂਜਾ, ਇਨ੍ਹਾਂ ਨੀਤੀਆਂ ਅਤੇ ਆਲਮੀਕਰਨ ਦਾ ਰੁਝਾਨ ਔਰਤਾਂ ਅਤੇ ਮਰਦਾਂ ਵਿਚਲੇ ਸਮਾਜਕ, ਸੱਭਿਆਚਾਰਕ ਤੇ ਆਰਥਿਕ ਪਾੜੇ ਨੂੰ ਮੂਲੋਂ ਹੀ ਵਿਸਾਰ ਦਿੰਦਾ ਹੈ। ਹਰ ਖਾਸ ਤਬਕੇ ਜਾਂ ਨਸਲ ਜਾਂ ਕਬੀਲੇ ਵਾਂਗ। ਸਮੂਹ ਵਾਂਗ ਔਰਤਾਂ ਲਈ ਵੀ ਇਹ ਪਾੜਾ ਜਾਂ ਵੰਨ-ਸਵੰਨਤਾ ਹੀ ਉਨ੍ਹਾਂ ਦੀ ਕੰਮ ਦੀ ਕਿਸਮ ਤੈਅ ਕਰਦੀਆਂ ਹਨ। ਜਿੱਥੇ ਮਰਦਾਂ ਦੇ ਕੰਮ ਦੀ ਸਮਾਜਕ, ਸੱਭਿਆਚਾਰਕ ਤੇ ਆਰਥਿਕ ਵੁੱਕਅਤ ਤੇ ਵਟਕ ਹੁੰਦੀ ਹੈ, ਉੱਥੇ ਔਰਤਾਂ ਦਾ ਕੰਮ ਭਾਵੇਂ ਉਹ ਖਾਣਾ ਬਣਾਉਣ ਦਾ ਹੋਵੇ, ਬਾਲਣ ਇਕੱਠਾ ਕਰਨ ਦਾ ਜਾਂ ਪਾਣੀ ਭਰਨ ਦਾ; ਉਹਨੂੰ ਔਰਤਪੁਣੇ ਦੇ ਸਾਧਾਰਨ ਮਾਪ ਨਾਲ ਉਕਾ ਹੀ ਰੱਦ ਕਰ ਦਿੱਤਾ ਜਾਂਦਾ ਹੈ।

ਤੀਜਾ, ਆਲਮੀਕਰਨ ਦਾ ਰੁਝਾਨ ਮੁੱਖ ਰੂਪ ਵਿੱਚ ਚਾਰ ਸਮਾਜਕ ਅਦਾਰਿਆਂ ਦੇ ਦਮ 'ਤੇ ਟਿਕਿਆ ਹੋਇਆ ਹੈ; ਘਰ, ਸਰਕਾਰ, ਕੰਪਨੀਆਂ ਅਤੇ ਮੰਡੀ। ਹੁਣ ਜਦੋਂ ਆਲਮੀਕਰਨ ਦਾ ਰੁਝਾਨ ਔਰਤਾਂ ਦੇ ਸ਼ਕਤੀਕਰਨ ਦੀ ਗੱਲ ਕਰਦਾ ਹੈ ਜਾਂ ਉਨ੍ਹਾਂ ਨੂੰ ਸਰਵ-ਸਮਰੱਥਾਵਾਂ ਬਣਾਉਣ ਦੀ ਉਮੀਦ ਵੇਚਦਾ ਹੈ ਤਾਂ ਇਨ੍ਹਾਂ ਅਦਾਰਿਆਂ ਵਿੱਚ ਔਰਤਾਂ ਦੀ ਸਾਧਨਾਂ 'ਤੇ ਮਾਲਕੀ, ਖੁਦ ਫ਼ੈਸਲੇ ਕਰਨ ਦੀ ਸਮਰੱਥਾ, ਬੁਨਿਆਦੀ ਹਕੂਕ ਬਾਰੇ ਪਹੁੰਚ ਨੂੰ ਕੰਨੀਆਂ ਵਿੱਚ ਖਿਸਕਾ ਦਿੰਦਾ ਹੈ। ਨਤੀਜੇ ਵਜੋਂ ਆਲਮੀਕਰਨ, ਹਿੱਤਾਂ ਦੀ ਸਿਆਸਤ ਖੇਡਦਾ ਕਾਬਜ਼ ਤੇ ਮਾਰੂ ਧਿਰ ਦੇ ਹੱਕ ਵਿੱਚ ਭੁਗਤ ਜਾਂਦਾ ਹੈ। ਇਨ੍ਹਾਂ ਚਾਰਾਂ ਅਦਾਰਿਆਂ ਵਿੱਚ ਔਰਤ ਪ੍ਰਤੀ ਵਿਤਕਰੇ ਦਾ ਇਤਿਹਾਸ ਤੇ ਮਾਨਸਿਕਤਾ ਸਮਝੇ ਬਿਨਾਂ ਔਰਤ ਵਿਰੁਧ ਹਿੰਸਾ ਦੀ ਗੱਲ ਨਹੀਂ ਕੀਤੀ ਜਾ ਸਕਦੀ। ਇਸ ਤਰ੍ਹਾਂ ਇਹ ਮਸਲਾ ਇੱਕ ਪਾਸੇ ਤਾਂ ਔਰਤ-ਹਕੂਕ ਦੀ ਪ੍ਰਾਪਤੀ ਨਾਲ ਜਾ ਜੁੜਦਾ ਹੈ, ਦੂਜੇ ਪਾਸੇ ਇਹ ਇਨ੍ਹਾਂ ਅਦਾਰਿਆਂ ਵਿੱਚ ਔਰਤ-ਹਕੂਕ ਪ੍ਰਤੀ ਸੋਚ ਦੇ ਰੁਝਾਨ ਉੱਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।

ਔਰਤਾਂ ਵਿਰੁਧ ਹਿੰਸਾ ਅਤੇ ਉਦਾਰੀਕਰਨ/ਖੁੱਲ੍ਹੀ ਮੰਡੀ ਦੀਆਂ ਨੀਤੀਆਂ ਮਿਲ ਕੇ ਔਰਤਾਂ ਦੇ ਜਿਉਣ ਢਾਂਚੇ ਉੱਤੇ ਕਿਵੇਂ ਅਸਰ ਪਾਉਂਦੀਆਂ ਹਨ? ਇਨ੍ਹਾਂ ਦਾ ਸਭ ਤੋਂ ਗਹਿਰਾ ਅਸਰ ਘਰਾਂ 'ਤੇ ਪੈਂਦਾ ਹੈ। ਅੱਜ ਦੇ ਦੌਰ ਦੇ ਘਰ ਸਹਿਯੋਗ ਅਤੇ ਉਤਪਾਦਨ ਦੀਆਂ ਇਕਾਈਆਂ ਤਾਂ ਮੰਨ ਲਏ ਗਏ ਹਨ ਪਰ ਇਨ੍ਹਾਂ ਨੂੰ ਲਿੰਗਕ ਰਿਸ਼ਤਿਆਂ ਦੇ ਵਿਰੋਧ ਦੀ ਜਗ੍ਹਾ ਮੰਨਣ ਤੋਂ ਰਾਜ, ਸਮਾਜ ਤੇ ਸਿਆਸਤ ਮੁਨਕਰ ਹਨ। ਘਰ ਆਰਥਿਕ ਢਾਂਚੇ ਦੀ ਪਰਿਭਾਸ਼ਾ ਜੋ ਇਕੱਠੇ ਰਹਿ ਕੇ ਪੈਸਾ ਕਮਾਉਣ ਨਾਲ ਸਬੰਧਤ ਹੈ, ਮੁਤਾਬਕ ਪਰਿਭਾਸ਼ਿਤ ਹੋ ਗਏ ਹਨ। ਇਨ੍ਹਾਂ ਦੀ ਸਮਾਜਕ ਸਾਰਥਿਕਤਾ ਦਿਨੋ-ਦਿਨ ਖੁਰ ਰਹੀ ਹੈ। ਇਸ ਦਾ ਦੂਜਾ ਪਹਿਲੂ ਇਹ ਹੈ ਕਿ ਇਨ੍ਹਾਂ ਹੀ ਘਰਾਂ ਵਿੱਚ ਜਦੋਂ ਗ਼ਰੀਬੀ, ਬੇਰੁਜ਼ਗਾਰੀ, ਭੁੱਖ ਤੇ ਨਸ਼ਿਆਂ ਦਾ ਜ਼ਲਜ਼ਲਾ ਆਉਂਦਾ ਹੈ ਤਾਂ ਇਸ ਦਾ ਖਮਿਆਜ਼ਾ ਔਰਤਾਂ ਭੁਗਤਦੀਆਂ ਹਨ।

ਰੀਤੀ-ਰਿਵਾਜ਼ਾਂ ਵਿਚਲੀਆਂ ਔਰਤ ਵਿਰੋਧੀ ਰੁਚੀਆਂ ਨੂੰ ਵੀ ਆਲਮੀਕਰਨ ਅਤੇ ਖੁੱਲ੍ਹੀ ਮੰਡੀ ਸੱਭਿਆਚਾਰਕ ਵਸਤ ਦੇ ਤੌਰ 'ਤੇ ਵੇਚਦੀ ਹੈ। ਘਰਾਂ ਵਿੱਚ ਸਭ ਤੋਂ ਮਗਰੋਂ, ਸਭ ਤੋਂ ਘੱਟ ਖਾਣ ਦਾ ਰਿਵਾਜ਼ ਆਧੁਨਿਕਤਾ ਦੀਆਂ ਦਲੀਲਾਂ ਅੱਗੇ ਅੱਜ ਵੀ ਸਾਬਤ ਸਬੂਤ ਖੜ੍ਹਾ ਹੈ। ਆਲਮੀਕਰਨ ਇਸ ਸੱਭਿਆਚਾਰਕ 'ਦਰੁਸਤੀ' ਨੂੰ ਔਰਤਪੁਣੇ ਦਾ ਧੁਰਾ ਬਣਾ ਕੇ ਪੇਸ਼ ਕਰਦਾ ਹੈ। ਅਜਿਹੇ ਘੜੇ-ਘੜਾਏ ਸੱਭਿਆਚਾਰਕ ਖਾਚਿਆਂ ਵਿੱਚ ਔਰਤਾਂ ਜਾਣੇ-ਅਣਜਾਣੇ ਆਪਣੇ ਖ਼ਿਲਾਫ਼ ਹੀ ਭੁਗਤ ਜਾਂਦੀਆਂ ਹਨ। ਜਿਹੜੇ ਜਗੀਰੂ ਸਮਾਜਾਂ ਵਿੱਚ ਔਰਤਾਂ ਦੇ ਤਸੱਵਰ 'ਹੀਰਾਂ' ਤੇ 'ਸੋਹਣੀਆਂ' ਦੇ ਰੂਪ ਵਿੱਚ ਹੀ ਸਵੀਕਾਰੇ ਜਾਣ, ਤੇ ਆਮ ਔਰਤ ਦੇ ਘਰਾਂ/ਸਮੂਹਾਂ/ਸਮਾਜਾਂ ਲਈ ਕੁੱਟੀਆਂ ਚੂਰੀਆਂ ਅਤੇ ਢਾਕਾਂ 'ਤੇ ਢੋਏ ਘੜਿਆਂ ਦੇ ਪਾਣੀ ਚੇਤਿਆਂ ਵਿੱਚੋਂ ਕਿਰ ਜਾਣ, ਉਥੇ ਸਮਾਜਕ ਕਦਰਾਂ-ਕੀਮਤਾਂ ਦਾ ਨਰੋਈਆਂ ਤੇ ਨਿੱਗਰ ਹੋਣਾ ਸੁਪਨਾ ਹੀ ਬਣ ਕੇ ਰਹਿ ਸਕਦਾ ਹੈ। ਹੀਰਾਂ ਅਤੇ ਸੋਹਣੀਆਂ ਦੀਆਂ ਅਜਿਹੀਆਂ ਮਿੱਥਾਂ ਕਾਰਨ ਹੀ ਭਾਰਤੀ ਸਮਾਜ ਵਿੱਚ ਜਾਤ, ਧਰਮ ਤੇ ਬੋਲੀ ਤੋਂ ਵੀ ਵੱਡਾ ਨਸਲੀ ਵਿਤਕਰਾ ਔਰਤ ਦੀ ਨਸਲ ਨਾਲ ਉਸ ਦੇ ਰੰਗ, ਉਸ ਦੇ ਕੱਦ, ਉਸ ਦੇ ਵਾਲਾਂ, ਉਸ ਦੀ ਤੋਰ, ਉਸ ਦੇ ਹੱਸਣ-ਖੇਡਣ, ਮਿਲਣ-ਜੁਲਣ; ਅਰਥਾਤ ਉਸ ਦੇ ਸਾਹ ਲੈਣ ਤੱਕ ਦੇ ਢੰਗਾਂ ਨੂੰ ਲੈ ਕੇ ਲੱਖਾਂ ਘਰਾਂ ਵਿੱਚ ਵਾਪਰਦਾ ਹੈ। ਇਹ ਪਲੇਗ ਵਾਂਗੂੰ ਸੋਚਣ-ਸਮਝਣ ਨੂੰ ਖੁੰਢਾ ਅਤੇ ਮੌਲਣ ਵਿਗਸਣ ਨੂੰ ਬੌਣਾ ਬਣਾ ਦਿੰਦਾ ਹੈ। ਹੁਣ ਸਰਕਾਰ ਜਦੋਂ ਖ਼ੁਰਾਕ ਸਬਸਿਡੀਆਂ 'ਤੇ ਕਟੌਤੀ ਦਾ ਐਲਾਨ ਕਰਦੀ ਹੈ, ਜਾਂ ਜਦੋਂ ਕੋਈ ਧਾਰਮਿਕ ਨੇਤਾ ਸਲਵਾਰ ਕਮੀਜ਼ ਨੂੰ ਧਰਮ ਨਾਲ ਜੋੜ ਕੇ ਦੇਖਦਾ ਹੈ ਤਾਂ ਉਹ ਅਸਲ ਵਿੱਚ ਸਭਿਅਤਾ ਦੇ ਵਿਕਾਸ ਦੀ ਧੁਰੀ ਨੂੰ ਉਲਟਾ ਗੇੜ ਦੇਣ ਦੀ ਕੋਸ਼ਿਸ਼ ਕਰ ਰਿਹਾ ਹੁੰਦਾ ਹੈ।ਖ਼ੁਰਾਕ ਸਬਸਿਡੀ ਦੀ ਕਟੌਤੀ ਔਰਤ ਦੀ ਥਾਲੀ 'ਤੇ ਲੱਗਦੀ ਹੈ ਅਤੇ ਪਹਿਰਾਵੇ ਦਾ ਸੰਦ ਮਰਦਾਵੀਂ ਸੱਤਾ ਦੇ ਤਾਨਾਸ਼ਾਹੀ ਖ਼ਾਸੇ ਦੀ ਗਵਾਹੀ ਹੈ।

ਜੇ ਪੰਜਾਬੀ ਘਰਾਂ ਦੇ ਹਵਾਲੇ ਨਾਲ ਆਲਮੀਕਰਨ, ਖੁੱਲ੍ਹੀ ਮੰਡੀ ਅਤੇ ਨਵ-ਉਦਾਰਵਾਦ ਨੂੰ ਸਮਝਣਾ ਹੋਵੇ ਤਾਂ ਇਸ ਨੂੰ ਹਰੇ ਇਨਕਲਾਬ ਦੀ ਵਕਤੀ ਕਾਮਯਾਬੀ ਤੇ ਚਿਰਕਾਲੀ ਨਾਕਾਮਯਾਬੀ, ਸਮਾਜਕ ਢਾਂਚੇ ਦੀ ਉਥਲ-ਪੁਥਲ ਅਤੇ ਘਰਾਂ ਵਿੱਚ ਔਰਤਾਂ ਦੀ ਸਿਮਟ ਰਹੀ ਹੋਂਦ ਵਜੋਂ ਪੜ੍ਹਿਆ ਜਾ ਸਕਦਾ ਹੈ। ਪੰਜਾਬੀ ਔਰਤਾਂ ਵਿਕਾਸ ਦੇ ਇਸ ਨਵ-ਪੂੰਜੀਵਾਦੀ ਮਾਡਲ ਕਾਰਨ ਖੇਤੀ ਸੈਕਟਰ ਵਿੱਚੋਂ ਬਾਹਰ ਧੱਕ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਉਚ-ਜਾਤੀ ਦੀਆਂ ਵੱਡੀ ਕਿਸਾਨੀ ਵਾਲੇ ਘਰਾਂ ਦੀਆਂ ਔਰਤਾਂ ਤਾਂ ਸ਼ਾਮਲ ਹਨ ਹੀ, ਇਸ ਤੋਂ ਬਿਨਾਂ ਖੇਤੀ ਮਜ਼ਦੂਰਾਂ ਦੀਆਂ ਕੁੜੀਆਂ, ਵਹੁਟੀਆਂ ਅਤੇ ਮਾਂਵਾਂ-ਭੈਣਾਂ ਵੀ ਸ਼ਾਮਿਲ ਹਨ। 'ਉੱਚੇ' ਘਰਾਂ ਦੀਆਂ ਔਰਤਾਂ ਤੋਂ ਉਨ੍ਹਾਂ ਦੀ ਪਰੰਪਰਾਗਤ ਖੇਤੀ ਸਿਖਲਾਈ, ਸਮਝ ਤੇ ਸਿਆਣਪ ਖੋਹ ਲਈ ਗਈ ਹੈ। ਛੋਟੀ ਤੇ ਦਰਮਿਆਨੀ ਕਿਸਾਨੀ ਤੇ ਖੇਤ ਮਜ਼ਦੂਰ ਦੇ ਘਰਾਂ ਦੀਆਂ ਔਰਤਾਂ ਲਈ ਜਿਉਂਦੇ ਰਹਿ ਸਕਣਾ ਹੀ ਸਭ ਤੋਂ ਵੱਡਾ ਤਰੱਦਦ ਹੋ ਨਿਬੜਿਆ ਹੈ। ਖੇਤੀ ਦਾ ਮਸ਼ੀਨੀਕਰਨ ਪੂਰੀ ਤਰ੍ਹਾਂ ਪਿਤਾ-ਪੁਰਖੀ ਹੈ, ਖੁੱਲ੍ਹੀ ਮੰਡੀ ਦਾ ਰੁਝਾਨ ਮਰਦ-ਮੁਖੀ ਹੈ ਅਤੇ ਕਾਰਪੋਰੇਟ ਖੇਤੀ ਦਾ ਸਾਰਾ ਪ੍ਰਬੰਧ ਮਰਦਾਵੇਂ ਮੇਲ ਦੀ ਮਾਲਕੀ ਨੂੰ ਪੱਕਾ ਕਰਦਾ ਹੈ। ਉਪਰੋਂ ਸਮਾਜਕ ਤੌਰ 'ਤੇ ਦਾਜ ਦਹੇਜ, ਘਰੇਲੂ ਹਿੰਸਾ, ਮਾਨਸਿਕ ਤਸ਼ੱਦਦ ਅਤੇ ਘਰਦਿਆਂ ਨੂੰ ਵਿਦੇਸ਼ਾਂ ਵਿੱਚ ਪੱਕੇ ਕਰਨ ਦਾ ਬੋਝ ਸਮਾਜਕ ਅਰਾਜਕਤਾ ਨੂੰ ਜਨਮ ਦੇ ਚੁੱਕਿਆ ਹੈ। ਹੁਣ ਕਿਉਂਕਿ ਔਰਤਾਂ ਘਰਾਂ, ਮੰਡੀਆਂ, ਸਰਕਾਰਾਂ ਤੇ ਕੰਪਨੀਆਂ ਵਿੱਚ ਕੰਨੀਆਂ ਉੱਤੇ ਹਨ, ਉਨ੍ਹਾਂ ਦਾ ਸਰੀਰ ਹੀ ਇੱਕੋ ਇੱਕ ਅਜਿਹੀ ਜਾਇਦਾਦ ਹੈ ਜਿਸ ਦੀ ਨਵ-ਉਦਾਰਵਾਦੀ ਮੰਡੀ ਵਿੱਚ ਕੋਈ ਕੀਮਤ ਤੈਅ ਹੋ ਸਕਦੀ ਹੈ। ਮੈਰਿਜ ਪੈਲੇਸ ਵਿੱਚ ਨੱਚਦੀਆਂ ਮਜ਼ਦੂਰ ਕੁੜੀਆਂ ਅਤੇ ਮਾਮਿਆਂ, ਚਾਚਿਆਂ, ਭਰਾਵਾਂ, ਭਤੀਜਿਆਂ ਨਾਲ ਵਿਆਹ ਕਰਾ ਕੇ ਜਹਾਜ਼ੇ ਚੜ੍ਹਦੀਆਂ ਕੁੜੀਆਂ ਇੱਕੋ ਲੜੀ ਦੀਆਂ ਦੋ ਤੰਦਾਂ ਹਨ। ਇੱਕ ਵੱਡਾ ਖੱਪਾ ਉਸ ਬੇਲਾਗ਼ਪੁਣੇ ਅਤੇ ਸਮਾਜਕ ਗੈਰ-ਜ਼ਿੰਮੇਵਾਰੀ ਨੇ ਪੈਦਾ ਕੀਤਾ ਹੈ ਜਿਥੇ ਪੂੰਜੀ, ਸਾਰੀਆਂ ਬੌਧਿਕ ਤੇ ਸਮਾਜਕ ਕਾਰਗੁਜ਼ਾਰੀਆਂ ਦਾ ਧੁਰਾ ਹੋ ਨਿਬੜੀ ਹੈ।

ਸਰਕਾਰਾਂ ਦੇ ਪ੍ਰਸੰਗ ਵਿੱਚ ਖੁੱਲ੍ਹੀ ਮੰਡੀ, ਆਲਮੀਕਰਨ ਅਤੇ ਨਵ-ਉਦਾਰਵਾਦ ਕਿਵੇਂ ਕੰਮ ਕਰਦਾ ਹੈ, ਇਸ ਦਾ ਸਪੱਸ਼ਟ ਜਵਾਬ ਇਹੀ ਹੋ ਸਕਦਾ ਹੈ ਕਿ ਹੁਣ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਜਗਤ ਸਿਰਫ਼ ਸਰਕਾਰ ਦੇ ਸੂਤਰਧਾਰ ਨਹੀਂ, ਬਲਿਕ ਹੁਣ ਇਹ ਹੀ ਸਰਕਾਰ ਹਨ ਅਤੇ ਇਹ ਹੀ ਕਾਨੂੰੰਨ ਦੇ ਕਰਤਾ ਧਰਤਾ ਹਨ। ਨੀਤੀਆਂ ਭਾਵੇਂ ਉਹ ਸਿਆਸੀ ਹਨ, ਸਿਹਤ ਨਾਲ ਜੁੜੀਆਂ ਹੋਈਆਂ, ਸਿੱਖਿਆ ਨਾਲ ਸਬੰਧਤ ਜਾਂ ਔਰਤਾਂ ਦੇ ਮੁੱਦਿਆਂ ਬਾਰੇ ਹਨ, ਕਾਰਜਕਾਰੀ ਖਾਕਾ ਬਹੁਕੌਮੀ ਕੰਪਨੀਆਂ ਅਤੇ ਉਸ ਦੇ ਕਾਰਪੋਰੇਟ ਘਰਾਣੇ ਜਾਂ ਦਲਾਲ ਹੀ ਖਿੱਚਦੇ ਹਨ। ਇਸ ਦੀ ਔਰਤਾਂ ਪ੍ਰਤੀ ਕੀ ਪਹੁੰਚ ਹੈ? ਨੀਤੀਗਤ ਤੌਰ 'ਤੇ ਇਸ ਵਿੱਚ ਔਰਤਾਂ ਦੀ ਸਾਖ਼ਰਤਾ ਦਰ ਵਧਾਉਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਿਲ ਬਣਾਉਣ ਨੂੰ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਅੰਤਿਮ ਹੱਲ ਦੇ ਤੌਰ 'ਤੇ ਪੇਸ਼ ਕੀਤਾ ਜਾਂਦਾ ਹੈ। ਇਸ ਸਿੱਖਿਆ ਢਾਂਚੇ ਦਾ ਸਾਰਾ ਦਾਰੋਮਦਾਰ ਪ੍ਰਬੰਧਕੀ ਹੁਨਰ ਉੱਤੇ ਟਿਕਿਆ ਹੈ। ਪ੍ਰਬੰਧਕੀ ਹੁਨਰ ਭਾਵੇਂ ਇਹ ਆਰਥਿਕ ਖੇਤਰ ਵਿੱਚ ਹੈ, ਸਿਆਸੀ ਖੇਤਰ ਵਿੱਚ ਤੇ ਜਾਂ ਫਿਰ ਸਮਾਜਕ ਖੇਤਰ ਵਿੱਚ, ਇਹ ਨਿੱਜੀ ਭੋਗਵਾਦੀ ਹੁਨਰ ਹੈ। ਇਸ ਵਿੱਚੋਂ ਸਮਾਜਕ ਸਰੋਕਾਰਾਂ ਦੀ ਨੈਤਿਕਤਾ ਅਤੇ ਦਲੀਲ ਨਦਾਰਦ ਹਨ। ਇਹ ਇੱਕ ਤਰ੍ਹਾਂ ਨਾਲ ਅੰਕੜਿਆਂ ਜਾਂ ਤੱਥਾਂ ਦਾ ਸਮੂਹੀਕਰਨ ਹੈ। ਇਸ ਦਾ ਗਿਆਨ ਪ੍ਰਾਪਤੀ ਜਾਂ ਚੇਤਨਾ ਦੀ ਚਿਣਗ ਨਾਲ ਕੋਈ ਵਾਸਤਾ ਨਹੀਂ। ਇਹ ਸਿੱਧੇ-ਅਸਿੱਧੇ ਤਰੀਕੇ ਨਾਲ ਮੰਡੀ ਦਾ ਢਿੱਡ ਭਰਨ ਦੇ ਹੁਨਰ ਤੱਕ ਮਹਿਦੂਦ ਹੈ ਤੇ ਇੱਦਾਂ ਮਾੜੇ ਧੀੜਿਆਂ/ਨਿਤਾਣਿਆਂ ਦੇ ਹੱਕਾਂ ਦੀ ਚੀਕ ਸਿਰਫ਼ ਹਵਾ ਵਿੱਚ ਹੀ ਲਟਕ ਕੇ ਖ਼ਤਮ ਹੋ ਜਾਂਦੀ ਹੈ, ਕੋਈ ਇਤਿਹਾਸਕ ਦਸਤਾਵੇਜ਼ ਨਹੀਂ ਬਣਦੀ। ਇਨ੍ਹਾਂ ਦੀ ਅੱਧੀ ਆਬਾਦੀ ਔਰਤਾਂ ਹੀ ਹਨ।

ਮੰਡੀਆਂ ਦੇ ਸਬੰਧ ਵਿੱਚ ਇਸ ਨੂੰ ਵਿਕਾਸ ਮਾਡਲ ਦੀ ਤ੍ਰਾਸਦੀ ਹੀ ਕਿਹਾ ਜਾ ਸਕਦਾ ਹੈ ਕਿ ਇਹ ਮਾਡਲ ਇਹ ਮੰਨ ਕੇ ਚੱਲ ਰਿਹਾ ਕਿ ਸਾਰੀਆਂ ਸਮਾਜਕ ਸਮੱਸਿਆਵਾਂ ਦੇ ਹੱਲ ਖੁੱਲ੍ਹੀ ਮੰਡੀ ਕੋਲ ਹਨ। ਇਥੇ ਅਹਿਮ ਦਲੀਲ ਇਹ ਹੈ ਕਿ ਮੰਡੀ ਲਈ ਬਾਸ਼ਿੰਦੇ ਸ਼ਹਿਰੀ ਨਹੀਂ, ਸਗੋਂ ਖਪਤਕਾਰ ਹਨ। ਮੰਡੀ ਤੋਂ ਇਹ ਤਵੱਕੋ ਕਰਨੀ ਕਿ ਉਹ ਆਪਣੀ ਸਮਾਜਕ ਜ਼ਿੰਮੇਵਾਰੀ ਤੈਅ ਕਰੇ ਜਾਂ ਸ਼ੋਸ਼ਿਤ ਤਬਕਿਆਂ ਲਈ ਜਵਾਬਦੇਹ ਬਣੇ, ਆਪਣੇ-ਆਪ ਵਿੱਚ ਹਾਸੋਹੀਣੀ ਗੱਲ ਹੈ। ਜਿਹੜੀ ਖੁੱਲ੍ਹੀ ਮੰਡੀ ਅਤੇ ਨਵ-ਉਦਾਰਵਾਦੀ ਢਾਂਚਾ ਹੈ, ਉਸ ਵਿੱਚ ਮੁਨਾਫ਼ੇ ਦਾ ਸ਼ਿਕਾਰ ਸਿਰਫ਼ ਸਿਹਤ, ਸਿੱਖਿਆ ਅਤੇ ਹੋਰ ਮਨੁੱਖੀ ਅਧਿਕਾਰ ਹੀ ਨਹੀਂ ਹੁੰਦੇ, ਸਗੋਂ ਇਸ ਤੋਂ ਵੀ ਅਗਾਂਹ ਇਹ ਪਾਣੀ, ਹਵਾ ਅਤੇ ਧਰਤੀ ਨੂੰ ਵਸਤੂ ਵਿੱਚ ਬਦਲ ਕੇ ਮੰਡੀ ਵਿੱਚ ਭਾਅ ਤੈਅ ਕਰਦੀ ਹੈ। ਇੱਥੋਂ ਤੱਕ ਕਿ ਕੁਦਰਤ ਨੂੰ ਵੀ ਭੋਗਣ ਵਾਲੀ ਵਸਤ ਬਣਾਇਆ ਜਾਂਦਾ ਹੈ। ਜਿਨ੍ਹਾਂ ਮੁਲਕਾਂ ਵਿੱਚ ਖੁੱਲ੍ਹੀ ਮੰਡੀ ਵਾਲਾ ਨਵ-ਉਦਾਰਵਾਦੀ ਢਾਂਚਾ ਹੈ, ਉੱਥੋਂ ਦੇ ਅਧਿਐਨਾਂ ਮੁਤਾਬਕ ਨਾ ਸਿਰਫ਼ ਪ੍ਰਦੂਸ਼ਣ ਖ਼ਤਰਨਾਕ ਹੱਦ ਤੱਕ ਵਧਿਆ ਹੈ, ਬਲਕਿ ਉੱਥੋਂ ਦੂਜੇ ਖਿੱਤਿਆਂ ਵੱਲ ਪਰਵਾਸ ਹੋਣ ਦੀ ਦਰ ਵੀ ਵਧੀ ਹੈ। ਇਥੇ ਪ੍ਰਸਿੱਧ ਸਮਾਜ ਸ਼ਾਸਤਰੀ ਵੰਦਨਾ ਸ਼ਿਵਾ ਦੀ ਇਹ ਟਿੱਪਣੀ ਬਹੁਤ ਅਹਿਮ ਹੈ ਕਿ ਇਸ ਮੰਡੀ ਮੁਖੀ ਵਿਕਾਸ ਮਾਡਲ ਵਿੱਚ ਦੱਸੇ ਜਾਂਦੇ ਗ਼ਰੀਬ ਲੋਕ ਵਿਕਾਸ ਪੱਖੋਂ ਪਿੱਛੇ ਹੀ ਨਹੀਂ ਰਹੇ, ਬਲਕਿ ਉਨ੍ਹਾਂ ਨੂੰ ਹਰ ਪੱਧਰ 'ਤੇ ਲੁੱਟਿਆ ਤੇ ਨੋਚਿਆ ਗਿਆ ਹੈ। ਇਹ ਲੁੱਟ ਜੰਗਲ ਦੀ ਲੁੱਟ ਵੀ ਹੈ, ਜ਼ਮੀਨ ਦੀ ਵੀ, ਕਿਰਤ ਦੀ ਵੀ ਹੈ, ਇਥੋਂ ਤੱਕ ਕਿ ਵਿਚਾਰਾਂ ਦੀ ਵੀ।

ਔਰਤਾਂ ਖ਼ਿਲਾਫ਼ ਹਿੰਸਾ ਬਾਰੇ ਅਗਲਾ ਅਹਿਮ ਮੁੱਦਾ ਸੱਭਿਆਚਾਰਕ ਸਾਮਰਾਜਵਾਦ ਜਾਂ ਆਲਮੀਕਰਨ ਦੀ ਸੱਭਿਆਚਾਰਕ ਸਨਅਤ ਦਾ ਹੈ। ਇਸ ਦਾ ਜਿਹੜਾ ਸਭ ਤੋਂ ਮਾਰੂ ਅਸਰ ਵੱਖ-ਵੱਖ ਸਮੂਹਾਂ ਜਾਂ ਤਬਕਿਆਂ 'ਤੇ ਪਿਆ ਹੈ, ਉਸ ਨੇ ਵਿਰੋਧ ਕਰਨ ਦੀਆਂ ਰਵਾਇਤਾਂ ਹੀ ਖ਼ਤਮ ਕਰ ਦਿੱਤੀਆਂ ਹਨ। ਇਹ ਕੋਈ ਖਾਸ ਕਿਸਮ ਦਾ ਗਾਇਨ, ਕਲਾ ਜਾਂ ਨਵੀਆਂ ਸੰਚਾਰ ਪ੍ਰਣਾਲੀਆਂ ਰਾਹੀਂ ਰਾਤੋ-ਰਾਤ ਵਾਪਰੀ ਤ੍ਰਾਸਦੀ ਨਹੀਂ, ਸਗੋਂ ਇਸ ਦੀਆਂ ਜੜ੍ਹਾਂ ਸਿੱਖਿਆ ਢਾਂਚੇ, ਕੌਮੀ ਚੇਤਨਾ ਤੇ ਸੂਝ-ਬੂਝ ਘੜਨ ਦੇ ਢਾਂਚੇ ਅਤੇ ਜਮਹੂਰੀ ਕਦਰਾਂ-ਕੀਮਤਾਂ ਖ਼ਿਲਾਫ਼ ਭੁਗਤ ਰਹੀਆਂ ਸੱਭਿਆਚਾਰਕ ਇਕਾਈਆਂ ਵਿੱਚ ਹਨ। ਇਨ੍ਹਾਂ ਢਾਂਚਿਆਂ ਅਤੇ ਅਦਾਰਿਆਂ ਦਾ ਕਾਰ-ਵਿਹਾਰ ਅਤੇ ਕੰਮ-ਤੰਤਰ ਗਿਆਨ, ਕਲਾ, ਸੂਝ-ਬੂਝ ਅਤੇ ਚੇਤਨਾ ਨੂੰ ਉਤਪਾਦਨ ਦੀ ਕਿਸੇ ਵੀ ਹੋਰ ਵੰਨਗੀ ਵਾਂਗ ਹੀ ਪਰਖਦਾ ਹੈ। ਅੱਜ ਜਦੋਂ ਇਸ ਦਾ ਗੱਠਜੋੜ ਸਾਫ਼ਟ ਪਾਵਰ, ਅਰਥਾਤ ਨਵੀਂ ਸੰਚਾਰ ਪ੍ਰਣਾਲੀ ਨਾਲ ਹੋ ਚੁੱਕਿਆ ਹੈ ਤਾਂ ਕਈ ਮੰਦਭਾਗੇ ਰੁਝਾਨ ਸਾਹਮਣੇ ਆਏ ਹਨ। ਇਸ ਦਾ ਇੱਕ ਸਿਰਾ ਇਰਾਕ ਜੰਗ ਦੌਰਾਨ ਦਿਸਦਾ ਹੈ ਜਦੋਂ ਸੀ.ਐਨ.ਐਨ. ਅਤੇ ਬੀ.ਬੀ.ਸੀ. ਤੇਲ ਖਾਤਰ ਲੜੀ ਜਾ ਰਹੀ ਜੰਗ ਨੂੰ ਜਮਹੂਰੀਅਤ ਦੀ ਅਤੇ ਜਮਹੂਰੀਅਤ ਲਈ ਜੰਗ ਵਿੱਚ ਬਦਲ ਦਿੰਦੇ ਹਨ। ਔਰਤਾਂ ਦੇ ਮਾਮਲੇ ਵਿੱਚ ਇਸ ਦੀਆਂ ਪਰਤਾਂ ਹੋਰ ਵੀ ਗੁੰਝਲਦਾਰ ਹਨ। ਤੇਜ਼ੀ ਨਾਲ ਤਰੱਕੀ ਕਰ ਰਹੀ ਇਸ਼ਤਿਹਾਰਾਂ ਦੀ ਸਨਅਤ ਨੇ ਜਿੱਥੇ ਔਰਤਾਂ ਦੇ ਸਰੀਰ ਅਤੇ ਬੌਧਿਕਤਾ ਨਾਲ ਜੁੜੀਆਂ ਮਿੱਥਾਂ, ਧਾਰਨਾਵਾਂ ਅਤੇ ਵਿਤਕਰਿਆਂ ਨੂੰ ਹੂ-ਬ-ਹੂ ਕਾਇਮ ਰੱਖਿਆ ਹੈ, ਉੱਥੇ ਮੰਡੀ ਦੀਆਂ ਲੋੜਾਂ ਨਾਲ ਸਬੰਧਤ ਖ਼ਪਤਕਾਰ ਵਤੀਰੇ ਨੂੰ ਔਰਤ ਦੀ ਤਰੱਕੀ ਦਾ ਰਾਹ ਬਣਾ ਧਰਿਆ ਹੈ। ਇਸ ਖ਼ਪਤਕਾਰ ਵਤੀਰੇ ਦੀ ਸੰਰਚਨਾ ਔਰਤ ਸਰੀਰ ਨੂੰ ਤਸ਼ੱਦਦ ਦੀ ਹੱਦ ਤੱਕ ਡਿਜ਼ਾਈਨ ਤੇ ਅਸਾਧਾਰਨ ਹੱਦ ਤੱਕ 'ਖ਼ੂਬਸੂਰਤ' ਹੋਣ ਦੀ ਗ਼ੈਰ-ਜ਼ਰੂਰੀ ਧਾਰਨਾ ਨਾਲ ਜੁੜੀ ਹੁੰਦੀ ਹੈ। ਇਸ ਦੀਆਂ ਦੋ ਮਿਸਾਲਾਂ ਅਧਖੜ੍ਹ ਉਮਰ ਦੀ ਫ਼ਿਲਮੀ ਅਦਾਕਾਰਾ ਬਿਪਾਸ਼ਾ ਬਾਸੂ ਦੀ 'ਫਿੱਟ' ਰਹਿਣ ਦੀ ਯੋਗਤਾ ਅਤੇ ਕਰੀਨਾ ਕਪੂਰ ਦਾ 'ਸਾਈਜ਼ ਜ਼ੀਰੋ' ਰੂਪੀ ਪ੍ਰਚਾਰ ਸੀ। ਇਸ ਦੀ ਤੀਜੀ ਮਿਸਾਲ ਮਾਂ ਬਣਨ ਤੋਂ ਬਾਅਦ ਐਸ਼ਵਰਿਆ ਰਾਏ ਬਾਰੇ ਸਾਹਮਣੇ ਆਇਆ ਵਿਹਾਰ ਹੈ ਜੋ ਘਟੀਆਪਣ ਦੀ ਹੱਦ ਤੱਕ ਔਰਤ ਨੂੰ ਸਿਰਫ਼ ਸਰੀਰ ਦੇ ਚੌਖਟੇ ਤੱਕ ਮਹਿਦੂਦ ਕਰ ਦਿੰਦਾ ਹੈ। ਸਰੀਰ ਦਾ ਇਹ ਚੌਖਟਾ ਖਾਣ-ਪੀਣ ਤੋਂ ਲੈ ਕੇ ਸੋਚਣ ਤੱਕ ਲਈ ਮੰਡੀ ਦੇ ਬਣੇ-ਬਣਾਏ ਰੁਝਾਨ ਨੂੰ ਅਪਨਾਉਂਦਾ ਹੈ। ਮੰਡੀ ਸਿੱਧੀ-ਸਿੱਧੀ ਪਿੱਤਰ-ਮੁਖੀ ਤੱਕਣੀ ਅਤੇ ਮਰਦ ਦੀਆਂ ਸਰੀਰਕ ਲੋੜਾਂ ਦੀ ਇਸ਼ਤਿਹਾਰਬਾਜ਼ੀ ਦੀ ਮੰਡੀ ਹੈ। ਇੱਥੇ ਇਹ ਸਪੱਸ਼ਟ ਕਰਨਾ ਜ਼ਰੂਰੀ ਹੈ ਕਿ ਮਰਦ ਦਾ ਸਰੀਰ ਵੀ ਲੋੜ ਪੈਣ 'ਤੇ ਮੁਨਾਫ਼ੇ ਦੇ ਚਾਰੇ ਲਈ ਵਰਤਿਆ ਜਾਂਦਾ ਹੈ। ਇਹ ਮਨੁੱਖੀ ਤੱਕਣੀ ਨੂੰ ਖਪਤਕਾਰੀ ਤੱਕਣੀ ਵਿੱਚ ਤਬਦੀਲ ਕਰਨ ਦੀ ਮੰਡੀ ਹੈ, ਜਿੱਥੇ ਕੋਈ ਕਾਇਦਾ-ਕਾਨੂੰਨ ਨਹੀਂ। ਇਸ ਦੀ ਕੋਈ ਕਦਰ-ਕੀਮਤ ਨਹੀਂ।

ਇਸ 'ਸੱਭਿਆਚਾਰਕ' ਮੰਡੀ ਵਿੱਚ ਸਭ ਤੋਂ ਘੱਟ ਮੁੱਲ ਸੰਵੇਦਨਾ, ਮਮਤਾ, ਕਲਾ ਤੇ ਸੁਹਜ ਦਾ ਹੈ। ਜਿੱਦਾਂ ਆਰਥਿਕ ਤੌਰ 'ਤੇ ਨਵ-ਉਦਾਰਵਾਦੀ, ਆਲਮੀਕਰਨ ਮਨੁੱਖਾਂ ਦੇ ਸਰੀਰਾਂ ਨੂੰ ਨਪੀੜਦਾ ਹੈ, ਉਸੇ ਤਰ੍ਹਾਂ ਸੱਭਿਆਚਾਰਕ ਤੌਰ 'ਤੇ ਇਹ ਮਨੁੱਖਤਾ ਦੀ ਰੂਹ ਚੋਰੀ ਕਰ ਲੈਂਦੇ ਹਨ। ਹੁਣ 'ਪਿਆਰ' ਦਾ ਆਲਮੀਕਰਨ ਹੈ, 'ਦਰਦਮੰਦੀ' ਦਾ ਆਲਮੀਕਰਨ ਹੈ। 'ਸੋਚਣ' ਦਾ, 'ਥੀਣ' ਦਾ, 'ਜੀਣ' ਦਾ ਆਲਮੀਕਰਨ ਹੈ। ਸਭ ਤੋਂ ਵਧ ਕੇ ਇਹ ਮਨੁੱਖ 'ਹੋਣ ਦੀ ਭਾਵਨਾ' ਦਾ ਆਲਮੀਕਰਨ ਹੈ।

ਕੁਲਦੀਪ ਕੌਰ
ਲੇਖਿਕਾ ਔਰਤਾਂ ਨਾਲ ਜੁੜੇ ਸੰਵੇਦਨਸ਼ੀਲ ਮਸਲਿਆਂ ਬਾਰੇ ਲਗਾਤਾਰ ਲਿਖਦੇ ਰਹਿੰਦੇ ਹਨ। ਉਹ ਅੱਜਕਲ੍ਹ ਪੰਜਾਬੀ ਯੂਨੀਵਰਸਿਟੀ 'ਚ ਪੱਤਰਕਾਰੀ ਤੇ ਜਨ-ਸੰਚਾਰ ਵਿਭਾਗ ਦੇ ਰਿਸਰਚ ਸਕਾਲਰ ਹਨ।
 ਮੌਬਾਇਲ: 98554-04330

Sunday, June 9, 2013

ਦੱਬੇ-ਕੁਚਲਿਆਂ ਦੀ ਹਿੰਸਾ

(ਮਸ਼ਹੂਰ ਮੈਗਜ਼ੀਨ 'ਇਕਨਾਮਿਕ ਐਂਡ ਪੁਲੀਟੀਕਲ ਵੀਕਲੀ'(ਅੰਕ 8 ਜੂਨ 2013) ਦੀ ਸੰਪਾਦਕੀ 

ਮਾਓਵਾਦੀ ਹਿੰਸਾ ਦੇ ਖ਼ਿਲਾਫ਼ ਦਿਆਨਤਦਾਰ ਨਾਰਾਜ਼ਗੀ ਦਾ ਰਾਗ ਫਿਰ ਅਲਾਪਿਆ ਜਾਣਾ ਸ਼ੁਰੂ ਹੋ ਗਿਆ ਹੈ। ਵਪਾਰਕ ਮੀਡੀਆ ਮੁੜ 'ਖੱਬੇਪੱਖੀ ਅੱਤਵਾਦੀਆਂ' ਦੇ ਲਹੂ ਦਾ ਤਿਹਾਇਆ ਹੋ ਉਠਿਆ ਹੈ। ''ਮਨੁੱਖੀ ਅਧਿਕਾਰ ਜਥੇਬੰਦੀਆਂ ਮਾਓਵਾਦੀਆਂ ਵਲੋਂ ਵਿੱਢੀ ਗਈ ਦਹਿਸ਼ਤ ਦੀ ਨਿਖੇਧੀ ਕਿਉਂ ਨਹੀਂ ਕਰਦੀਆਂ? '' ਇਕ ਟੀ ਵੀ ਨਿਊਜ਼ ਐਂਕਰ ਚੀਕ ਉੱਠਿਆ। ''ਮਾਓਵਾਦੀ ਦਹਿਸ਼ਤ ਦੇ ਖ਼ਿਲਾਫ਼ ਸਰਕਾਰ ਦੀ ਲੜਾਈ ਲੀਹੋਂ ਕਿਉਂ ਲੱਥੀ? '' ਦੂਜਾ ਚੀਕਿਆ। ਉਹ ਆਪੋ ਆਪਣੇ ਸਟੂਡੀਓ ਦੇ ਮਹਿਫੂਜ਼ ਮਾਹੌਲ ਵਿਚ ਟੀ ਵੀ ਉੱਪਰ ਵੱਡੀਆਂ ਵੱਡੀਆਂ ਤੋਪਾਂ ਦਾਗ਼ਦੇ ਰਹੇ! ਉਨ੍ਹਾਂ ਨੂੰ ਮਾਓਵਾਦੀ ਛਾਪਾਮਾਰਾਂ ਦਾ ਇਕ ਕਾਮਯਾਬ ਘਾਤ-ਹਮਲਾ ਹਜਮ ਨਹੀਂ ਹੋ ਸਕਦਾ। ''ਇਹ ਆਪਰੇਸ਼ਨ ਗ੍ਰੀਨ ਹੰਟ ਦੇ ਲਈ ਇਕ ਵੱਡਾ ਧੱਕਾ ਹੈ'' (ਆਪਰੇਸ਼ਨ ਗ੍ਰੀਨ ਹੰਟ ਮਾਓਵਾਦ ਵਿਰੋਧੀ, ਵਿਦ੍ਰੋਹ ਖ਼ਿਲਾਫ਼ ਇਕ ਮੁਹਿੰਮ ਹੈ)। ''ਕੀ ਗ੍ਰੀਨ ਹੰਟ ਨੂੰ ਉੱਪਰ ਤੋਂ ਲੈ ਕੇ ਹੇਠਾਂ ਤਕ ਬਦਲ ਕੇ ਇਸ ਨੂੰ ਤੇਜ਼ ਨਹੀਂ ਕੀਤਾ ਜਾਣਾ ਚਾਹੀਦਾ? '' ਜਾਂ ਇਸ ਤੋਂ ਵੀ ਅੱਗੇ, ''ਬਸਤਰ ਦੇ ਮੋਰਚੇ ਉੱਪਰ ਕੀ ਫ਼ੌਜ ਨਹੀਂ ਲਗਾਈ ਜਾਣੀ ਚਾਹੀਦੀ? '' ਸਾਨੂੰ ਅਜਿਹੇ ਜਨੂੰਨੀ ਵਹਿਣ ਵਿਚ ਵਹਿਣ ਦੀ ਬਜਾਏ ਸ਼ਾਇਦ ਸਭ ਤੋਂ ਪਹਿਲਾਂ ਜੋ ਹੋਇਆ ਹੈ ਉਸ ਨੂੰ ਸਹੀ ਪ੍ਰਸੰਗ 'ਚ ਰੱਖਕੇ ਦੇਖਣਾ ਚਾਹੀਦਾ ਹੈ ਅਤੇ ਫਿਰ ਉਸ ਦਾ ਲੇਖਾ-ਜੋਖਾ ਕਰਨਾ ਚਾਹੀਦਾ ਹੈ। 

25 ਮਈ ਨੂੰ ਆਪਣੇ ਅਮਲੇ-ਫੈਲੇ ਅਤੇ ਜ਼ੈੱਡ ਪਲੱਸ ਤੇ ਹੋਰ ਸੁਰੱਖਿਆ ਲਾਮ-ਲਸ਼ਕਰ ਨਾਲ ਜਾ ਰਹੇ ਛੱਤੀਸਗੜ੍ਹ ਦੇ ਕਾਂਗਰਸੀ ਆਗੂਆਂ ਦੇ ਕਾਫ਼ਲੇ ਉੱਪਰ ਮਾਓਵਾਦੀ ਛਾਪਾਮਾਰਾਂ ਦੇ ਹਮਲੇ ਨੇ ਰਾਇਪੁਰ ਅਤੇ ਦਿੱਲੀ ਵਿਚ ਰਾਜ ਮਸ਼ੀਨਰੀ ਹਿਲਾਕੇ ਰੱਖ ਦਿੱਤੀ। ਇਸ ਹਮਲੇ ਦਾ ਨਿਸ਼ਾਨਾ ਸੂਬੇ ਦੇ ਕਾਂਗਰਸ ਦਾ ਮੁਖੀ ਤੇ ਸੂਬੇ ਦਾ ਸਾਬਕਾ ਗ੍ਰਹਿ ਮੰਤਰੀ ਨੰਦ ਕੁਮਾਰ ਪਟੇਲ ਅਤੇ ਰਾਜ ਵਲੋਂ ਬਣਾਏ ਹਥਿਆਰਬੰਦ ਨਿੱਜੀ ਕਾਤਲ ਗ੍ਰੋਹ ਸਲਵਾ ਜੁਡਮ ਦਾ ਮੋਢੀ ਮਹੇਂਦਰ ਕਰਮਾ ਸਨ। ਕਤਲ ਮੌਕੇ 'ਤੇ ਕੀਤੇ ਗਏ ਅਤੇ ਦੋ ਘੰਟਿਆਂ ਦੀ ਲੜਾਈ ਵਿਚ ਕਾਫ਼ਲੇ ਨਾਲ ਜਾ ਰਿਹਾ ਸਰਕਾਰੀ ਸੁਰੱਖਿਆ ਅਮਲਾ ਛਾਪਾਮਾਰਾਂ ਦੇ ਮੁਕਾਬਲੇ 'ਚ ਖੜ੍ਹ ਨਹੀਂ ਸਕਿਆ। ਕਾਫ਼ਲਾ ਦੱਖਣੀ ਛੱਤੀਸਗੜ੍ਹ ਵਿਚ ਬਸਤਰ ਖੇਤਰ ਅੰਦਰ ਸੁਕਮਾ ਦੀ ਪਰਿਵਰਤਨ ਯਾਤਰਾ ਤੋਂ ਮੁੜ ਰਿਹਾ ਸੀ ਅਤੇ ਮਾਓਵਾਦੀ ਨਾ ਸਿਰਫ਼ ਇਹ ਜਾਣਦੇ ਸਨ ਕਿ ਕਾਫ਼ਲੇ ਵਿਚ ਕਰਮਾ ਅਤੇ ਪਟੇਲ ਸਨ ਬਲਕਿ ਉਨ੍ਹਾਂ ਨੂੰ ਇਹ ਵੀ ਜਾਣਕਾਰੀ ਸੀ ਕਿ ਇਸ ਨੇ ਕਿਥੋਂ ਹੋਕੇ ਲੰਘਣਾ ਹੈ। 


ਲਗਦਾ ਹੈ ਕਿ ਕਾਂਗਰਸ ਹੋਰ ਵੱਧ ਕੇਂਦਰੀ ਨੀਮ-ਫ਼ੌਜੀ ਤਾਕਤਾਂ ਨੂੰ ਭੇਜ ਕੇ ਆਪਰੇਸ਼ਨ ਗ੍ਰੀਨ ਹੰਟ ਨੂੰ ਤੇਜ਼ ਕਰਨ 'ਤੇ ਤੁਲੀ ਹੋਈ ਹੈ। ਹਾਲਾਂਕਿ ਸੂਬੇ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਮਾਓਵਾਦੀਆਂ ਨਾਲ ਗੱਲਬਾਤ ਸ਼ੁਰੂ ਕਰਨ ਦਾ ਸੁਝਾਅ ਦਿੱਤਾ ਹੈ। ਇਸ ਉੱਪਰ ਗ਼ੌਰ ਕੀਤਾ ਜਾਣਾ ਚਾਹੀਦਾ ਹੈ ਕਿ ਮਾਓਵਾਦੀ ਹਮੇਸ਼ਾ ਗੱਲਬਾਤ ਲਈ ਤਿਆਰ ਰਹੇ ਹਨ। ਚਾਹੇ ਉਹ ਇਸ ਉੱਪਰ ਜ਼ੋਰ ਦਿੰਦੇ ਰਹੇ ਹਨ ਕਿ ਉਹ ਤਾਕਤ ਦਾ ਇਸਤੇਮਾਲ ਬੰਦ ਨਹੀਂ ਕਰਨਗੇ। ਇਸ ਦੇ ਬਾਵਜੂਦ, ਭਾਜਪਾ ਅੱਗੇ ਨਿਕਲਣ ਦੀ ਕੋਸ਼ਿਸ਼ 'ਚ ਕੁਝ ਵੀ ਸੁਝਾਅ ਦੇਵੇ, ਕਾਂਗਰਸ ਯਕੀਨਨ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਪੋਲਿਟ ਬਿਓਰੋ ਦੇ ਇਸ ਬਿਆਨ ਤੋਂ ਖ਼ੁਸ਼ ਹੋਵੇਗੀ ਜਿਸ ਵਿਚ ''ਇਨ੍ਹਾਂ ਮਾਓਵਾਦੀ ਤਬਾਹੀਆਂ'' ਦੇ ਖ਼ਾਤਮੇ ਲਈ ''ਸਖ਼ਤ ਕਾਰਵਾਈ'' ਦੀ ਮੰਗ ਕੀਤੀ ਗਈ ਹੈ ਅਤੇ ''ਮਾਓਵਾਦੀਆਂ ਦੀ ਹਿੰਸਾ ਦੀ ਸਿਆਸਤ ਨਾਲ ਲੜਨ ਲਈ ਸਾਰੀਆਂ ਜਮਹੂਰੀ ਤਾਕਤਾਂ'' ਨੂੰ ਅਪੀਲ ਕੀਤੀ ਗਈ ਹੈ। 

ਅਸੀਂ ਮਾਓਵਾਦੀ ਹਿੰਸਾ ਦੇ ਖ਼ਿਲਾਫ਼ ਇਸ ਦਿਆਨਤਦਾਰ ਨਾਰਾਜ਼ਗੀ ਦੇ ਰਾਗ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਦੇ ਹਾਂ। ਕਿਉਂ? ਪੀੜਤ ਲੋਕ ਇਨ੍ਹਾਂ ਅਖੌਤੀ ਦਹਿਸ਼ਤਵਾਦ ਵਿਰੋਧੀਆਂ ਦੀ ਰਗ ਰਗ ਤੋਂ ਜਾਣੂ ਹਨ, ਚਾਹੇ ਉਹ ਉੱਤਰੀ ਛੱਤੀਸਗੜ੍ਹ ਦੇ ਸਧਾਰਨ ਆਦਿਵਾਸੀ ਹੋਣ ਜਾਂ ਗੁਜਰਾਤ ਦੇ ਮੁਸਲਮਾਨ ਹੋਣ। ਇਹ ਅਖੌਤੀ ਦਹਿਸ਼ਤਵਾਦ ਵਿਰੋਧੀ ਇਕ ਅਜਿਹੀ ਦਹਿਸ਼ਤਗਰਦੀ ਦੇ ਮੁਜਰਮ ਹਨ ਜੋ 'ਮਨੁੱਖਤਾ ਖ਼ਿਲਾਫ਼ ਜੁਰਮ' ਦੇ ਦਾਇਰੇ 'ਚ ਆਉਂਦਾ ਹੈ। ਇਨ੍ਹਾਂ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਗੱਲ ਕਰਨ ਦਾ ਕੋਈ ਇਖ਼ਲਾਕੀ ਹੱਕ ਨਹੀਂ ਹੈ। ਕਾਂਗਰਸ ਦੀ ਅਗਵਾਈ ਵਾਲੇ ਸਾਂਝੇ ਪ੍ਰਗਤੀਸ਼ੀਲ ਗੱਠਜੋੜ ਵਲੋਂ ਉਸ ''ਸੁਰੱਖਿਆ ਸਬੰਧੀ ਖ਼ਰਚ'' ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਦਾ ਪੈਸਾ ਸਲਵਾ ਜੂਡਮ ਨੂੰ ਗਿਆ। ਉੱਧਰ ਰਾਜ ਦੀ ਭਾਜਪਾ ਸਰਕਾਰ ਨੇ ਇਥੇ ਉਜਾੜੇ ਗਏ ਲੋਕਾਂ ਦੇ ਕੈਂਪਾਂ ਲਈ ਰੱਖਿਆ ਪੈਸਾ ਸਲਵਾ ਜੂਡਮ ਆਗੂਆਂ ਦੀ ਝੋਲੀ ਪਾ ਦਿੱਤਾ। ਅਤੇ ਖਾਣ ਕੰਪਨੀਆਂ ਨੇ ਸਲਵਾ ਜੂਡਮ ਦੇ ਯੁੱਧ ਸਰਦਾਰਾਂ ਨਾਲ 'ਸੁਰੱਖਿਆ ਅਤੇ ਜ਼ਮੀਨ ਨੂੰ ਖਾਲੀ ਕਰਾਉਣ' ਲਈ ਉਨ੍ਹਾਂ ਦੀਆਂ ਸੇਵਾਵਾਂ ਲੈਣ ਲਈ ਸੌਦੇ ਕੀਤੇ। ਮਹੇਂਦਰ ਕਰਮਾ ਨੇ ਜਿਸ ਸਲਵਾ ਜੂਡਮ ਦੀ ਅਗਵਾਈ ਕੀਤੀ ਉਹ ''ਸਥਾਨਕ ਉਭਾਰ ਦੇ ਪਰਦੇ ਹੇਠੇ ਜ਼ਮੀਨ ਅਤੇ ਸੱਤਾ ਦੀ ਲੁੱਟਮਾਰ'' ਸੀ, ਜਿਵੇਂ ਕਿ ਡਾਇਲੈਕਟੀਕਲ ਐਂਥਰੋਪਾਲੋਜੀ ਨਾਂ ਦੇ ਰਸਾਲੇ ਵਿਚ ਲਿਖਦੇ ਹੋਏ ਜੇਸਨ ਮਿਕਲੀਅਨ ਨੇ ਇਸ ਬਾਰੇ ਕਿਹਾ (33, 2009, ਸਫ਼ਾ 456)।

ਛੱਤੀਸਗੜ੍ਹ ਵਿਚ ਦਾਂਤੇਵਾੜਾ, ਬਸਤਰ ਅਤੇ ਬੀਜਾਪੁਰ ਜ਼ਿਲ੍ਹਿਆਂ ਵਿਚ ਖਣਿਜ ਦੌਲਤ ਨਾਲ ਭਰਪੂਰ ਇਲਾਕੇ ਵਿਚ ਕਾਰਪੋਰੇਸ਼ਨਾਂ ਵਲੋਂ ਵੱਡੇ ਪੈਮਾਨੇ 'ਤੇ ਜ਼ਮੀਨ ਐਕਵਾਇਰ ਕਰਨ ਦੇ ਪ੍ਰਸੰਗ 'ਚ ਪੂਰੇ ਦੇ ਪੂਰੇ ਪਿੰਡ ਖਾਲੀ ਕਰਾ ਦਿੱਤੇ ਗਏ ਅਤੇ ਪਿੰਡ ਵਾਲਿਆਂ ਨੂੰ ਧੱਕੇ ਨਾਲ ਕੈਂਪਾਂ 'ਚ ਲਿਜਾਕੇ ਡੱਕ ਦਿੱਤਾ ਗਿਆ। ਇਨ੍ਹਾਂ ਕੈਂਪਾਂ ਵਿਚੋਂ ਜਿਹੜੇ ਲੋਕ ਭੱਜ ਗਏ ਉਨ੍ਹਾਂ ਨੂੰ ਮਾਓਵਾਦੀ ਐਲਾਨ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਅਸਲ ਵਿਚ ਸਲਵਾ ਜੂਡਮ, ਜਿਸ ਨੇ ਪਿੰਡਾਂ ਨੂੰ ਖਾਲੀ ਕਰਨ ਅਤੇ ਧੱਕੇ ਨਾਲ ਲੋਕਾਂ ਨੂੰ ਕੈਂਪਾਂ ਵਿਚ ਡੱਕਣ ਦਾ ਅਮਲ ਜਥੇਬੰਦ ਕੀਤਾ, ''(ਸੂਬਾ) ਸਰਕਾਰ ਵਲੋਂ ਜਥੇਬੰਦ ਅਤੇ ਉਤਸ਼ਾਹਤ ਕੀਤੀ ਗਈ ਸੀ ਅਤੇ ਇਸ ਲਈ ਕੇਂਦਰ ਸਰਕਾਰ ਵਲੋਂ ਹਥਿਆਰ ਅਤੇ ਸੁਰੱਖਿਆ ਤਾਕਤਾਂ ਦੀ ਕੁਮਕ ਦਿੱਤੀ ਗਈ ਸੀ।'' ਨਹੀਂ ਜਨਾਬ। ਇਹ ਮਿਸਾਲ ਇਸ ਮੁਲਕ ਦੀਆਂ ਸ਼ਹਿਰੀ ਹੱਕਾਂ ਅਤੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੀ ਕਿਸੇ ਰਿਪੋਰਟ ਵਿਚੋਂ ਨਹੀਂ ਲਈ ਗਈ ਸਗੋਂ ਇਹ 2009 ਦੀ ਉਸ ਖਰੜਾ ਰਿਪੋਰਟ ਦੇ ਕਾਂਡ ਚਾਰ ਵਿਚੋਂ ਲਈ ਗਈ ਹੈ, ਜੋ ਸਟੇਟ ਜ਼ਰੱਈ ਰਿਸ਼ਤੇ ਅਤੇ ਜ਼ਮੀਨੀ ਸੁਧਾਰਾਂ ਦਾ ਅਧੂਰਾ ਕਾਜ ਬਾਰੇ ਕਮੇਟੀ (ਭਾਰਤ ਦੇ ਪੇਂਡੂ ਵਿਕਾਸ ਮੰਤਰਾਲੇ ਵਲੋਂ ਬਣਾਈ ਗਈ ਕਮੇਟੀ - ਅਨੁਵਾਦਕ) ਦੇ ਉੱਪ ਗਰੁੱਪ ਚਾਰ ਵਲੋਂ ਲਿਖੀ ਗਈ ਸੀ। ਇਹ ਕਮੇਟੀ ''ਕੋਲੰਬਸ ਤੋਂ ਬਾਦ ਆਦਿਵਾਸੀ ਜ਼ਮੀਨ ਦੀ ਸਭ ਤੋਂ ਵੱਡੀ ਲੁੱਟਮਾਰ'' ਦਾ ਜ਼ਿਕਰ ਕਰਦੀ ਹੈ ਜਿਸ ਦੀ ਮੁੱਢਲੀ ਸਕਰਿਪਟ ''ਟਾਟਾ ਸਟੀਲ ਅਤੇ ਐੱਸਆਰ ਸਟੀਲ ਨੇ ਲਿਖੀ ਜਿਨ੍ਹਾਂ ਵਿਚੋਂ ਹਰੇਕ ਕੰਪਨੀ ਸੱਤ ਸੱਤ ਪਿੰਡ ਅਤੇ ਉਸ ਦੇ ਆਲੇ-ਦੁਆਲੇ ਦੀ ਜ਼ਮੀਨ ਲੈਣਾ ਚਾਹੁੰਦੀ ਸੀ ਤਾਂ ਕਿ ਭਾਰਤ ਵਿਚ ਹਾਸਲ ਕੱਚੇ ਲੋਹੇ ਦੇ ਸਭ ਤੋਂ ਭਰਪੂਰ ਭੰਡਾਰ ਨੂੰ ਖਾਣਾਂ ਖੋਦਕੇ ਹਥਿਆਇਆ ਜਾ ਸਕੇ।'' 

ਜੂਨ 2005 ਤੋਂ ਲੈਕੇ ਇਸ ਤੋਂ ਬਾਦ ਦੇ ਕਰੀਬ ਅੱਠ ਮਹੀਨੇ ਸਲਵਾ ਜੂਡਮ ਵਲੋਂ ਕੀਤੀ ਗਈ ਤਬਾਹੀ ਦੇ ਗਵਾਹ ਬਣੇ, ਜਿਸ ਦੀ ਮਦਦ ਰਾਜ ਦੀ ਸੁਰੱਖਿਆ ਤਾਕਤਾਂ ਨੇ ਕੀਤੀ - ਇਸ ਵਿਚ ਸੈਂਕੜੇ ਆਮ ਗੌਂਡੀ ਕਿਸਾਨਾਂ ਦੇ ਕਤਲ ਕੀਤੇ ਗਏ, ਸੈਂਕੜੇ ਪਿੰਡ ਤਬਾਹ ਕਰ ਦਿੱਤੇ ਗਏ ਅਤੇ ਲੋਕਾਂ ਨੂੰ ਧੱਕੇ ਨਾਲ ਕੈਂਪਾਂ ਵਿਚ ਡੱਕਿਆ ਗਿਆ, ਔਰਤਾਂ ਉੱਪਰ ਲਿੰਗਕ ਜ਼ੁਲਮ ਢਾਏ ਗਏ, ਖੇਤੀ ਦੀਆਂ ਜ਼ਮੀਨਾਂ ਦੇ ਵਿਸ਼ਾਲ ਟੁਕੜੇ ਖਾਲੀ ਪਏ ਰਹੇ, ਛੋਟੀਆਂ ਛੋਟੀਆਂ ਜੰਗਲੀ ਉਪਜਾਂ ਇਕੱਠੀਆਂ ਕਰਨ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ, ਹਫ਼ਤਾਵਾਰ ਬਜ਼ਾਰਾਂ 'ਚ ਆਕੇ ਖ਼ਰੀਦੋ-ਫ਼ਰੋਖ਼ਤ ਕਰਨਾ ਠੱਪ ਹੋ ਗਿਆ, ਸਕੂਲ ਪੁਲਿਸ ਕੈਂਪ ਬਣਾ ਦਿੱਤੇ ਗਏ ਅਤੇ ਲੋਕਾਂ ਦੇ ਹੱਕਾਂ ਨੂੰ ਪੂਰੀ ਤਰ੍ਹਾਂ ਕੁਚਲ ਦਿੱਤਾ ਗਿਆ। ਜਦੋਂ ਮਾਓਵਾਦੀਆਂ ਨੇ ਭੂਮਕਾਲ ਮਿਲੀਸ਼ੀਆ ਬਣਾਈ ਅਤੇ ਉਨ੍ਹਾਂ ਦੀ ਪੀਪਲਜ਼ ਲਿਬਰੇਸ਼ਨ ਗੁਰੀਲਾ ਆਰਮੀ ਨੇ ''ਦਾਅਪੇਚਕ ਮੋੜਵਾਂ ਵਾਰ ਮੁਹਿੰਮ'' ਦਾ ਸਿਲਸਿਲਾ ਵਿੱਢ ਦਿੱਤਾ, ਤਾਂ ਕਿਤੇ ਜਾ ਕੇ ਭਾਰਤੀ ਰਾਜ ਨੇ ਇਸ ਵਿਦਰੋਹ ਦੇ ਖ਼ਿਲਾਫ਼ ਆਪਣੀ ਰਣਨੀਤੀ ਉੱਪਰ ਮੁੜ ਵਿਚਾਰ ਕਰਨਾ ਸ਼ੁਰੂ ਕੀਤਾ, ਫਿਰ ਇਸ ਨੇ ਸਤੰਬਰ 2009 ਵਿਚ ਆਪਰੇਸ਼ਨ ਗ੍ਰੀਨ ਹੰਟ ਸ਼ੁਰੂ ਕੀਤਾ ਜੋ ਓਦੋਂ ਤੋਂ ਹੀ ਚਲ ਰਿਹਾ ਹੈ ਅਤੇ ਇਸ ਸਾਲ ਜਨਵਰੀ ਤੋਂ ਇਸ ਵਿਚ ਹੋਰ ਤੇਜ਼ ਲਿਆਂਦੀ ਗਈ ਹੈ। ਇਸ ਦੀ ਤਾਜ਼ਾ ਵੱਡੀ ਘਟਨਾ ਬੀਜਾਪੁਰ ਜ਼ਿਲ੍ਹੇ ਵਿਚ 17 ਮਈ ਨੂੰ ਇਡੇਸਮੇਟਾ ਪਿੰਡ ਵਿਚ ਰਾਤ ਨੂੰ ਵਾਪਰੀ ਜਿਥੇ ਸੀ ਆਰ ਪੀ ਐੱਫ ਦੀ ਕੋਬਰਾ ਬਟਾਲੀਅਨ ਦੇ ਜਵਾਨਾਂ ਨੇ ਇਕਤਰਫ਼ਾ ਅਤੇ ਅੰਨ੍ਹੇਵਾਹ ਗੋਲੀਆਂ ਚਲਾਕੇ ਅੱਠ ਆਮ ਆਦਿਵਾਸੀਆਂ ਨੂੰ ਕਤਲ ਕਰ ਦਿੱਤਾ, ਜਿਸ ਵਿਚ ਚਾਰ ਨਾਬਾਲਗ ਸ਼ਾਮਲ ਸਨ। ਇਨ੍ਹਾਂ ਵਿਚ ਕੋਈ ਵੀ ਮਾਓਵਾਦੀ ਨਹੀਂ ਸੀ। 

ਮਾਓਵਾਦੀ ਹਿੰਸਾ ਦੇ ਖ਼ਿਲਾਫ਼ ਦਿਆਨਤਦਾਰ ਨਾਰਾਜ਼ਗੀ ਦਾ ਇਹ ਰਾਗ ਕਿਥੇ ਸੀ ਜਦੋਂ ਸਲਵਾ ਜੂਡਮ ਮਨੁੱਖਤਾ ਖ਼ਿਲਾਫ਼ ਜੁਰਮ ਕਰ ਰਹੀ ਸੀ ਅਤੇ ਜਦੋਂ ਆਪਰੇਸ਼ਨ ਗ੍ਰੀਨ ਹੰਟ ਵੀ ਐਨ ਇਹੋ ਕੁਝ ਕਰ ਰਿਹਾ ਸੀ (ਅਤੇ ਕਰ ਰਿਹਾ ਹੈ)? ਅਸੀਂ ਜਾਣਦੇ ਹਾਂ ਕਿ ਇਕ ਸਹੀ ਰਾਜਸੀ ਵਿਹਾਰ ਕੀ ਹੁੰਦਾ ਹੈ, ਅਤੇ ਇਹ ਸਾਂਝਾ ਰਾਗ ਅਲਾਪਣ ਵਾਲੇ ਆਗੂਆਂ ਨਾਲੋਂ ਯਕੀਨਨ ਹੀ ਕਿਤੇ ਵੱਧ ਚੰਗੀ ਤਰ੍ਹਾਂ ਜਾਣਦੇ ਹਾਂ। ਪਰ ਜੋ ਹੋਇਆ ਉਸਦਾ ਵਿਸ਼ਲੇਸ਼ਣ ਅਸੀਂ ਖ਼ੁਦ ਕਰਨਾ ਹੈ, ਆਪਣੀ ਸੋਚ ਅਨੁਸਾਰ ਅਤੇ ਆਪਣੇ ਮਕਸਦਾਂ ਲਈ। ਕਿਉਂਕਿ ਹੁਣ ਤਕ ਸਾਹਮਣੇ ਆਈ ਜਾਣਕਾਰੀ ਅਧੂਰੀ ਹੈ, ਇਸ ਲਈ ਅਸੀਂ ਇਸ ਵਕਤ ਵੱਧ ਤੋਂ ਵੱਧ ਕੁਝ ਸਵਾਲ ਹੀ ਪੁੱਛ ਸਕਦੇ ਹਾਂ। ਜਿਨ੍ਹਾਂ ਪ੍ਰਸੰਗ ਅਤੇ ਹਾਲਾਤ ਦਾ ਖ਼ਾਕਾ ਅਸੀਂ ਪੇਸ਼ ਕੀਤਾ ਹੈ ਉਨ੍ਹਾਂ ਵਿਚ, ਅਤੇ ਇਸ ਤੱਥ ਦੀ ਰੌਸ਼ਨੀ 'ਚ ਕਿ ਸੰਵਿਧਾਨ ਅਤੇ ਕਾਨੂੰਨ ਪੀੜਤਾਂ ਨੂੰ ਨਿਆਂ ਦਿਵਾਉਣ 'ਚ ਨਾਕਾਮ ਰਹੇ, ਇਸ ਹਾਲਤ ਮਾਓਵਾਦੀਆਂ ਦੀ ਅਗਵਾਈ 'ਚ ਦੱਬੇ-ਕੁਚਲਿਆਂ ਦੀ ਇਹ ਹਿੰਸਾ ਕੀ ਇਕ ਜ਼ਰੂਰਤ ਨਹੀਂ ਸੀ? ਕੀ ਇਸ ਨੇ ਇਨਸਾਫ਼ ਦਾ ਮਕਸਦ ਪੂਰਾ ਨਹੀਂ ਕੀਤਾ ਹੈ? ਕੀ ਇਹ ਇਖ਼ਲਾਕੀ ਤੌਰ 'ਤੇ ਜਾਇਜ਼ ਨਹੀਂ ਸੀ? ਕੀ ਦੱਬੇ-ਕੁਚਲਿਆਂ ਕੋਲ ਉਸ ਹਿੰਸਾ ਨੂੰ ਚੁਣੌਤੀ ਦੇਣ ਤੋਂ ਬਿਨਾ ਕੋਈ ਹੋਰ ਰਾਹ ਵੀ ਸੀ, ਜੋ ਉਨ੍ਹਾਂ ਉੱਪਰ ਦਾਬੇ ਨੂੰ ਸੰਭਵ ਬਣਾਉਣ ਅਤੇ ਉਸ ਨੂੰ ਬਰਕਰਾਰ ਰੱਖਣ ਦਾ ਸਾਧਨ ਹੈ? ਪਰ ਦੱਬੇ-ਕੁਚਲਿਆਂ ਦੀ ਹਿੰਸਾ ਦੇ ਅਣਮਨੁੱਖੀ ਪੱਖਾਂ ਬਾਰੇ ਕੀ ਕਿਹਾ ਜਾਵੇ? ਕੀ ਇਨਕਲਾਬੀਆਂ ਨੂੰ ਆਪਣੀਆਂ ਤਾਕਤਾਂ ਦੀ ਵਰਤੋਂ ਨੂੰ ਕੁਝ ਖ਼ਾਸ ਸੀਮਤ ਸ਼ਰਤਾਂ ਤਹਿਤ ਨਹੀਂ ਲਿਆਉਣਾ ਚਾਹੀਦਾ, ਜਿਵੇਂ ਕਿ ਜਨੇਵਾ ਕਨਵੈਨਸ਼ਨ ਦੀ ਆਮ ਧਾਰਾ 3 ਅਤੇ ਪ੍ਰੋਟੋਕੋਲ 2, ਜੋ ਕਿ ਗ਼ੈਰ-ਕੌਮਾਂਤਰੀ ਹਥਿਆਰਬੰਦ ਟਕਰਾਵਾਂ ਨਾਲ ਸਬੰਧਤ ਹੈ? ਬੇਰਹਿਮੀ ਅਤੇ ਵਹਿਸ਼ਤ ਨੂੰ ਇਨਕਲਾਬ ਦੇ ਸਾਧਨਾਂ ਦਾ ਹਿੱਸਾ ਕਦੇ ਵੀ ਨਹੀਂ ਬਣਨ ਦੇਣਾ ਚਾਹੀਦਾ।25 ਮਈ ਦਾ ਮਾਓਵਾਦੀ ਛਾਪਾਮਾਰ ਹਮਲਾ ਦੱਬੇ-ਕੁਚਲਿਆਂ ਦੀ ਹਿੰਸਾ ਦੇ ਵਿਆਪਕ ਵਰਤਾਰੇ ਦਾ ਇਕ ਟੁਕੜਾ ਹੈ, ਜਿਸ ਦੇ ਪੈਦਾ ਹੋਣ ਅਤੇ ਭੜਕਣ ਦੀ ਵਜ੍ਹਾ ਸਦਾ ਹੀ ਦਬਾਉਣ ਵਾਲਿਆਂ ਦੀ ਹਿੰਸਾ ਹੁੰਦੀ ਹੈ। 

ਅਨੁਵਾਦ : ਬੂਟਾ ਸਿੰਘ
ਅਨੁਵਾਦਕ ਸਿਆਸੀ-ਸਮਾਜਿਕ ਕਾਰਕੁੰਨ ਹਨ।ਕਈ ਅਹਿਮ ਕਿਤਾਬਾਂ ਦਾ ਪੰਜਾਬੀ 'ਚ ਤਰਜ਼ਮਾ ਕਰ ਚੁੱਕੇ ਹਨ।ਪੰਜਾਬ 'ਚ ਅਪਰੇਸ਼ਨ ਗ੍ਰੀਨ ਹੰਟ' ਦੇ ਵਿਰੋਧ ਚ 'ਐਂਟੀ ਗ੍ਰੀਨ ਹੰਟ ਫੋਰਮ' ਬਣਾਉਣ ਦੀ ਪਹਿਲਕਦਮੀ ਕਰਨ ਵਾਲਿਆਂ ਚੋਂ ਇਕ ਹਨ। 
 ਫ਼ੋਨ:94634-74342

Sunday, June 2, 2013

'ਲੋਕ ਪਹਿਲਕਦਮੀ' ਫ਼ਿਲਮ 'ਜੈ ਭੀਮ ਕਾਮਰੇਡ' ਕਰੇਗੀ ਪਰਦਾਪੇਸ਼


ਬੁਲਾਰੇ: ਜਾਣੇ-ਪਛਾਣੇ ਪੱਤਰਕਾਰ ਅਨਿਲ ਚਮੜੀਆ ਤੇ ਸਿਆਸੀ ਚਿੰਤਕ ਪੋ:ਸਰੋਜ ਗਿਰੀ 

ਵਿਸ਼ਾ: ਫ਼ਿਲਮ,ਜਾਤ ਦਾ ਸਵਾਲ ਅਤੇ ਸੱਜੇ,ਖੱਬੇ,ਕੇਂਦਰਵਾਦੀ
ਸਥਾਨ: ਪ੍ਰੈਸ ਕਲੱਬ, ਸੈਕਟਰ 27,ਚੰਡੀਗੜ੍ਹ 
ਦਿਨ: ਐਤਵਾਰ(16 ਜੂਨ) 
ਸਮਾਂ: 11.30 ਤੋਂ 5 ਵਜੇ ਤੱਕ

'ਲੋਕ ਪਹਿਲਕਦਮੀ' ਤਨਜ਼ੀਮ 16 ਜੂਨ ਦਿਨ ਐਤਵਾਰ ਨੂੰ ਮਸ਼ਹੂਰ ਦਸਤਾਵੇਜ਼ੀ ਫ਼ਿਲਮਸਾਜ਼ ਆਨੰਦ ਪਟਵਰਧਨ ਦੀ ਫ਼ਿਲਮ 'ਜੈ ਭੀਮ ਕਾਮਰੇਡ' ਪਰਦਾਪੇਸ਼ ਕਰੇਗੀ ਤੇ ਇਸ ਤੋਂ ਬਾਅਦ ਫ਼ਿਲਮ ਦੇ ਸੰਦਰਭ 'ਚ ਜਾਤ ਦੇ ਸਵਾਲ 'ਤੇ ਵਿਚਾਰ ਚਰਚਾ ਕਰਵਾਏਗੀ।ਇਸ ਪ੍ਰੋਗਰਾਮ 'ਚ ਮੁੱਖ ਬਲਾਰਿਆਂ ਵਜੋਂ ਦਿੱਲੀ ਤੋਂ ਜਾਣੇ ਪਛਾਣੇ ਪੱਤਰਕਾਰ ਅਨਿਲ ਚਮੜੀਆ ਤੇ ਸਿਆਸੀ ਚਿੰਤਕ ਤੇ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਸਰੋਜ ਗਿਰੀ ਹਿੱਸਾ ਲੈਣਗੇ।ਚਮੜੀਆ ਮੀਡੀਆ ਤੇ ਹੋਰ ਖੇਤਰਾਂ 'ਚ ਉੱਚ ਜਾਤਾਂ ਦੇ ਦਬਦਬੇ ਬਾਰੇ ਕੀਤੇ ਸਰਵੇਖਣ ਵਜੋਂ ਜਾਣੇ ਜਾਂਦੇ ਹਨ।ਉਨ੍ਹਾਂ ਦੀ ਟੀਮ ਨੇ ਹੀ ਮੀਡੀਆ 'ਚ 90 ਫੀਸਦੀ ਬ੍ਰਹਮਣਾਂ ਦੀ ਮੌਜੂਦਗੀ ਦਾ ਸਰਵੇਖਣ ਕੀਤਾ ਸੀ।ਉਹ ਅੱਜਕਲ੍ਹ ਮਾਸ ਮੀਡੀਆ ਨਾਂਅ ਦੇ ਮੈਗਜ਼ੀਨ ਦੇ ਮੁੱਖ ਸੰਪਾਦਕ ਹਨ। ਸਰੋਜ ਗਿਰੀ ਜਾਤ ਦੇ ਮਸਲੇ ਤੇ ਸੰਸਾਰ ਭਰ ਦੀਆਂ ਲੋਕ ਲਹਿਰ ਬਾਰੇ ਡੂੰਘੇ ਲੇਖ ਲਿਖ ਚੁੱਕੇ ਹਨ।

ਇਹ ਫ਼ਿਲਮ ਬੇਹੱਦ ਮਹੱਤਵਪੂਰਨ ਹੋਣ ਦੇ ਬਾਵਜੂਦ ਚੰਡੀਗੜ੍ਹ 'ਚ ਕਿਸੇ ਵਲੋਂ ਪਰਦਾਪੇਸ਼ ਨਹੀਂ ਕੀਤੀ ਗਈ।'ਲੋਕ ਪਹਿਲਕਦਮੀ' ਨੇ ਪਹਿਲ ਕਰਦਿਆਂ ਸਭ ਤੋਂ ਪਹਿਲਾਂ ਮੁੰਬਈ ਰਹਿੰਦੇ ਫ਼ਿਲਮ ਨਿਰਦੇਸ਼ਕ ਅਨੰਦ ਪਟਵਰਧਨ ਨੂੰ ਸੱਦਾ ਦਿੱਤਾ ਤਾਂ ਕਿ ਫ਼ਿਲਮ ਦੇ ਡੂੰਘੇ ਤੇ ਉਲਝਵੇਂ ਪੱਖਾਂ 'ਤੇ ਸਿੱਧਾ ਚਾਨਣ ਪੈ ਸਕੇ।ਪਰ ਅਨੰਦ ਜ਼ਿਆਦਾ ਰੁਝੇਵੇਂ ਕਾਰਨ ਸਮਾਂ ਨਹੀਂ ਦੇ ਸਕੇ।ਜਿਸ ਤੋਂ ਬਾਅਦ ਨਵਾਂ ਪ੍ਰੋਗਰਾਮ ਘੜਿਆ ਗਿਆ।

'ਜੈ ਭੀਮ ਕਾਮਰੇਡ' ਦਲਿਤ ਸਵਾਲ ਪ੍ਰਤੀ ਖੱਬੇਪੱਖੀ ਤੇ ਸੱਜੇਪੱਖੀ ਪਹੁੰਚ ਨੂੰ ਛੋਂਹਦੀ ਹੈ।ਅਨੰਦ ਦਾ ਇਹ ਫ਼ਿਲਮੀ ਦਸਤਾਵੇਜ਼ ਦੱਸਦਾ ਹੈ ਕਿ 'ਬਦਲਵੀਂ ਕਲਾ ਦਾ ਬਦਲਵੀਂ ਸਿਆਸਤ ਨਾਲ ਕਿਸ ਤਰ੍ਹਾਂ ਦਾ ਅਲੋਚਨਾਤਮਕ ਦਵੰਦਵਾਦੀ ਰਿਸ਼ਤਾ ਹੋਣਾ ਚਾਹੀਦਾ ਹੈ ?ਓਹਦੀ ਕਲਾ 'ਸਾਬਾਸ਼ੀ ਥਾਪੜਾ ਸੱਭਿਆਚਾਰ' ਨੂੰ ਵੰਗਾਰਦੀ ਸਿਆਸਤ ਸਾਹਮਣੇ ਤਿੱਖੇ ਸਵਾਲ ਰੱਖਦੀ ਹੈ।ਅਨੰਦ ਫ਼ਿਲਮ ' ਚ 'ਸਬਲਟਰਜ਼' (ਕੰਨ੍ਹੀ 'ਤੇ ਪਏ ਲੋਕਾਂ) ਦੀ ਸਮਾਜਿਕਤਾ,ਸਿਆਸਤ ਤੇ ਸੱਭਿਆਚਾਰ ਨੂੰ ਅਮੀਰ ਪਹੁੰਚ ਨਾਲ ਫੜ੍ਹਦਾ ਹੈ।

'ਲੋਕ ਪਹਿਲਕਦਮੀ' ਬਹੁਪਰਤੀ ਸਿਹਤਮੰਦ ਵਿਚਾਰ ਚਰਚਾ 'ਚ ਯਕੀਨ ਰੱਖਣ ਵਾਲੇ ਸਾਰੇ ਦੋਸਤਾਂ-ਮਿੱਤਰਾਂ ਨੂੰ ਪ੍ਰੋਗਰਾਮ 'ਚ ਹਿੱਸਾ ਲੈਣ ਦਾ ਸੱਦਾ ਦਿੰਦੀ ਹੈ।

ਟੀਮ 'ਲੋਕ ਪਹਿਕਦਮੀ'

ਸੰਪਰਕ: ਨੈਨਇੰਦਰ ਸਿੰਘ: 98761-10958,ਗੰਗਵੀਰ ਰਠੌੜ: 98889-54521,ਜਸਦੀਪ ਜੋਗੇਵਾਲਾ: 9888638850